ਬਠਿੰਡਾ, 24 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ।
ਹੋਰ ਕੀ ਕੀ ਆਖਿਆ ਹੈ ਮੁੱਖ ਮੰਤਰੀ ਮਾਨ ਨੇ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਵਲੋਂ ਅੱਜ ਸਪੱਸ਼ਟ ਕੀਤਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਸੰਸਥਾ ਦੀ ਦੁਰਵਰਤੋਂ ਕਰਨ ਦੀ ਕੋਸਿ਼ਸ਼ ਕਰ ਰਹੇ ਹਨ । ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਹੁਣ ਧਾਰਮਿਕ ਸੰਸਥਾਵਾਂ ਨੂੰ ਉਨ੍ਹਾਂ ਲੋਕਾਂ ਦੇ ਗਲਬੇ ਵਿੱਚ ਰਹਿਣ ਦੇਣ ਦਾ ਹੋਰ ਬੋਝ ਬਰਦਾਸ਼ਤ ਨਹੀਂ ਕਰ ਸਕਦਾ, ਜਿਨ੍ਹਾਂ ਨੇ ਸਿਆਸੀ ਲਾਹਾ ਲੈਣ ਲਈ ਆਸਥਾ ਦਾ ਸ਼ੋਸ਼ਣ ਕੀਤਾ ਅਤੇ ਸੂਬੇ ਨੂੰ ਨਿਵਾਣਾਂ ਵੱਲ ਧੱਕਣ ਵਾਲੇ ਮਾਫੀਆ ਦੀ ਪੁਸ਼ਤਪਨਾਹੀ ਕੀਤੀ ।
ਨਹਿਰੀ ਸਿੰਚਾਈ ਤੇ ਬਿਜਲੀ ਸਪਲਾਈ ਰਾਹੀਂ ਕਿਸਾਨਾਂ ਨੂੰ ਕੀਤਾ ਜਾ ਰਿਹੈ ਸੁਰੱਖਿਅਤ
ਮੌੜ ਹਲਕੇ ਦੇ ਇਤਿਹਾਸਕ ਪਿੰਡ ਮੰਡੀ ਕਲਾਂ ਵਿਖੇ ਵਿਸ਼ਾਲ ‘ਲੋਕ ਮਿਲਣੀ`ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਉਨ੍ਹਾਂ ਦੀ ਪੰਜਾਬ ਸਰਕਾਰ (Punjab Government) ਨੇ ਬੇਅਦਬੀ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2026’ ਬਣਾਇਆ ਹੈ, ਉੱਥੇ ਦੂਜੇ ਪਾਸੇ `ਮਾਵਾਂ ਧੀਆਂ ਸਤਿਕਾਰ ਯੋਜਨਾ`ਰਾਹੀਂ ਔਰਤਾਂ ਨੂੰ ਸਸ਼ਕਤ ਬਣਾਇਆ ਜਾ ਰਿਹਾ ਹੈ, ਨਹਿਰੀ ਸਿੰਚਾਈ ਦੇ ਵਿਸਥਾਰ ਅਤੇ ਦਿਨ ਵੇਲੇ ਬਿਜਲੀ ਸਪਲਾਈ ਰਾਹੀਂ ਕਿਸਾਨਾਂ ਨੂੰ ਸੁਰੱਖਿਅਤ ਕੀਤਾ ਜਾ ਰਿਹਾ ਹੈ ਅਤੇ ਸਿੱਖਿਆ ਵਿੱਚ ਸੁਧਾਰ ਕਰਕੇ ਪੰਜਾਬ ਨੂੰ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਇਆ ਜਾ ਰਿਹਾ ਹੈ । ਉਨ੍ਹਾਂ ਪਿੰਡ ਦੇ ਵਿਕਾਸ ਲਈ 50 ਲੱਖ ਰੁਪਏ ਦੀ ਗ੍ਰਾਂਟ ਦੇਣ, ਨਵੀਂ ਲਾਇਬ੍ਰੇਰੀ ਖੋਲ੍ਹਣ ਅਤੇ ਪਿੰਡ ਦੀ 55 ਸਾਲ ਪੁਰਾਣੀ ਧਰਮਸ਼ਾਲਾ ਦੇ ਨਵੀਨੀਕਰਨ ਦਾ ਐਲਾਨ ਵੀ ਕੀਤਾ ।
ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਪਵਿੱਤਰ ਹੈ : ਭਗਵੰਤ ਮਾਨ
ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਪਵਿੱਤਰ ਹੈ ਅਤੇ ਇਸ ਨੂੰ ਕੌਮ ਦਾ ਸਰਵਉੱਚ ਤਖ਼ਤ ਮੰਨਿਆ ਜਾਂਦਾ ਹੈ । ਇਹ ਇੱਕ ਬਹੁਤ ਹੀ ਪੂਜਨੀਕ ਅਸਥਾਨ ਹੈ, ਜਿੱਥੋਂ ਹਰ ਸਿੱਖ ਇਲਾਹੀ ਸ਼ਾਂਤੀ ਅਤੇ ਸ਼ਕਤੀ ਪ੍ਰਾਪਤ ਕਰਦਾ ਹੈ । ਹਾਲਾਂਕਿ ਕੁਝ ਗਲਤ ਅਨਸਰਾਂ ਨੇ ਇਸ ਪਵਿੱਤਰ ਸੰਸਥਾ ‘ਤੇ ਕਬਜ਼ਾ ਕਰ ਲਿਆ ਹੈ ਅਤੇ ਇਹ ਅਹਿਸਾਸ ਕੀਤੇ ਬਿਨਾਂ ਫੈਸਲੇ ਲੈ ਰਹੇ ਹਨ ਕਿ ਇਹ ਸਾਡਾ ਪਵਿੱਤਰ ਅਸਥਾਨ ਹੈ । ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਇਸ ਲਈ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖਾਂ ਲਈ ਸਰਵਉੱਚ ਹੈ। ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ।









