ਏਆਈਜੀ ਨੂੰ ਰਿਸ਼ਵਤ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਐਤਵਾਰ ਨੂੰ ਗ੍ਰਿਫਤਾਰ ਕੀਤੇ ਗਏ ਸੁੰਦਰ ਸ਼ਾਮ ਅਰੋੜਾ ਨੂੰ ਅੱਜ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੋਂ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਅਰੋੜਾ ਨੂੰ ਗ੍ਰਿਫਤਾਰ ਕਰਕੇ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ 16 ਅਕਤੂਬਰ ਨੂੰ ਪੰਜਾਬ ਦੀ ਕਾਂਗਰਸ ਸਰਕਾਰ ‘ਚ ਮੰਤਰੀ ਰਹਿ ਚੁੱਕੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਜ਼ੀਰਕਪੁਰ ਤੋਂ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਇਕ ਕੇਸ ਨੂੰ ਰਫਾ-ਦਫਾ ਕਰਵਾਉਣ ਲਈ ਏਆਈਜੀ ਮਨਮੋਹਨ ਕੁਮਾਰ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੇਣ ਦੀ ਪੇਸ਼ਕਸ਼ ਕੀਤੀ ਸੀ। ਉਹ 50 ਲੱਖ ਰੁਪਏ ਦੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਿਜੀਲੈਂਸ ਅਧਿਕਾਰੀਆਂ ਨੂੰ ਦੇਣ ਲਈ ਜ਼ੀਰਕਪੁਰ ਦੇ ਇੱਕ ਹੋਟਲ ਵਿੱਚ ਪਹੁੰਚਿਆ ਸੀ। ਜਿੱਥੇ ਵਿਜੀਲੈਂਸ ਨੇ ਸੁੰਦਰ ਸ਼ਾਮ ਅਰੋੜਾ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਸੀ।