ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਭਾਜਪਾ ਪਾਰਟੀ ਨੇ ਜ਼ਿੰਮੇਵਾਰੀ ਸੌਂਪੀ ਹੈ। ਭਾਜਪਾ ਹਾਈਕਮਾਂਡ ਨੇ ਪੱਛਮੀ ਬੰਗਾਲ ਵਿੱਚ ਪਾਰਟੀ ਵਰਕਰਾਂ ਦੀ ਕੁੱਟਮਾਰ ਦੀ ਜਾਂਚ ਲਈ ਪੰਜ ਮੈਂਬਰੀ ਕਮੇਟੀ ਬਣਾਈ ਹੈ, ਜਿਸ ਵਿੱਚ ਸੁਨੀਲ ਜਾਖੜ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਭਾਜਪਾ ਦੇ ਕੌਮੀ ਸਕੱਤਰ ਅਰੁਣ ਸਿੰਘ ਨੇ ਕਿਹਾ ਕਿ ਪਾਰਟੀ ਮੁਖੀ ਜੇਪੀ ਨੱਡਾ ਨੇ ਪੱਛਮੀ ਬੰਗਾਲ ਵਿੱਚ ਹਿੰਸਾ ਦੀ ਜਾਂਚ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
ਜਾਣਕਾਰੀ ਅਨੁਸਾਰ ਰਾਜ ਸਭਾ ਮੈਂਬਰ ਬ੍ਰਿਜਲਾਲ ਦੀ ਅਗਵਾਈ ਵਾਲੀ ਕਮੇਟੀ ਵਿੱਚ ਰਾਜਵਰਧਨ ਰਾਠੌਰ, ਸੰਸਦ ਮੈਂਬਰ ਅਪਰਾਜਿਤਾ ਸਾਰੰਗੀ, ਸੰਸਦ ਮੈਂਬਰ ਸਮੀਰ ਓਰਾਉਂ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਮੈਂਬਰ ਹੋਣਗੇ। ਕਮੇਟੀ ਹਿੰਸਾ ਵਾਲੀ ਥਾਂ ਦਾ ਦੌਰਾ ਕਰੇਗੀ ਅਤੇ ਜਲਦੀ ਹੀ ਪਾਰਟੀ ਪ੍ਰਧਾਨ ਨੂੰ ਆਪਣੀ ਰਿਪੋਰਟ ਸੌਂਪੇਗੀ।
ਪਾਰਟੀ ਨੇ ਹਿੰਸਾ ਦੀ ਨਿੰਦਾ ਕੀਤੀ ਹੈ ਅਤੇ ਇਸ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਅਰੁਣ ਸਿੰਘ ਨੇ ਕਿਹਾ ਹੈ ਕਿ ਭਾਜਪਾ ਪੱਛਮੀ ਬੰਗਾਲ ‘ਚ ਵਰਕਰਾਂ ਦੀ ਬੇਰਹਿਮੀ ਨਾਲ ਕੁੱਟਮਾਰ ਵਰਗੀ ਹਿੰਸਕ ਘਟਨਾ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦੀ ਹੈ ਅਤੇ ਪੱਛਮੀ ਬੰਗਾਲ ਸਰਕਾਰ ਤੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕਰਦੀ ਹੈ। ਜ਼ਿਕਰਯੋਗ ਹੈ ਕਿ ਭਾਜਪਾ ਦੀ ਸੂਬਾ ਸਰਕਾਰ ਖਿਲਾਫ ਚਲਾਈ ਜਾ ਰਹੀ ‘ਨਬੰਨਾ ਚਲੋ ਮੁਹਿੰਮ’ ਤਹਿਤ ਪਾਰਟੀ ਵਰਕਰਾਂ ‘ਤੇ ਹਮਲੇ ਹੋਏ ਹਨ।