ਕੇਂਦਰ ਸਰਕਾਰ ਨੇ ਇਲੈਕਟ੍ਰਿਕ ਦੋਪਹੀਆ ਵਾਹਨਾਂ ’ਚ ਅੱਗ ਲੱਗਣ ਦੀਆਂ ਕਈ ਘਟਨਾਵਾਂ ’ਤੇ ਚਿੰਤਾ ਪ੍ਰਗਟਾਈ ਹੈ। ਇਸ ਦੇ ਨਾਲ ਹੀ ਕਿਹਾ ਹੈ ਕਿ ਇਸ ਸਬੰਧੀ ਛੇਤੀ ਹੀ ਸੁਰੱਖਿਆ ਦੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣਗੇ। ਸੜਕ ਤੇ ਟ੍ਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਇਲੈਕਟ੍ਰਿਕ ਵਾਹਨ ਨਿਰਮਾਤਾ ਕੰਪਨੀਆਂ ਨੂੰ ਫ਼ੌਰੀ ਤੌਰ ’ਤੇ ਆਪਣੇ ਖ਼ਰਾਬ (ਡਿਫੈਕਟਿਵ) ਵਾਹਨ ਬਾਜ਼ਾਰ ਤੋਂ ਵਾਪਸ ਮੰਗ ਲੈਣੇ ਚਾਹੀਦੇ ਹਨ। ਪਿਛਲੇ ਦੋ ਮਹੀਨਿਆਂ ਇਲੈਕਟ੍ਰਿਕ ਵਾਹਨਾਂ ਦੇ ਹਾਦਸੇ ਦੀਆਂ ਕਈ ਖ਼ਬਰਾਂ ਸਾਹਮਣੇ ਆਈਆਂ। ਇਨ੍ਹਾਂ ’ਚੋਂ ਕੁਝ ਲੋਕਾਂ ਦੀ ਜਾਨ ਚਲੀ ਗਈ ਤੇ ਕਈ ਜ਼ਖ਼ਮੀ ਹੋ ਗਏ।
ਨਿਤਿਨ ਗਡਕਰੀ ਨੇ ਇਹ ਵੀ ਕਿਹਾ ਕਿ ਇਲੈਕਟ੍ਰਿਕ ਵਾਹਨਾਂ ’ਚ ਅੱਗ ਲੱਗਣ ਦੇ ਮਾਮਲਿਆਂ ਦੀ ਜਾਂਚ ਲਈ ਮਾਹਰਾਂ ਦੀ ਕਮੇਟੀ ਬਣਾ ਕੇ ਦਿੱਤੀ ਗਈ ਹੈ, ਜਿਹੜੀ ਇਸ ਤਰ੍ਹਾਂ ਦੇ ਹਾਦਸਿਆਂ ਨੂੰ ਰੋਕਣ ਦੇ ਉਪਾਅ ਦੱਸਣਗੀਆਂ। ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਅੱਗ ਲੱਗਣ ਦੀਆਂ ਘਟਨਾ ਲਈ ਦੋਸ਼ੀ ਪਾਏ ਜਾਣ ਵਾਲੀਆਂ ਕੰਪਨੀਆਂ ਨੂੰ ਜ਼ਰੂਰੀ ਹੁਕਮ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ ਇਲੈਕਟ੍ਰਿਕ ਵਾਹਨਾਂ ਦੀ ਸੁਰੱਖਿਆ ਨਾਲ ਜੁੜੇ ਨਿਰਦੇਸ਼ ਜਾਰੀ ਕੀਤੇ ਜਾਣਗੇ। ਜੇਕਰ ਇਲੈਕਟ੍ਰਿਕ ਵਾਹਨ ਨਿਰਮਾਤਾ ਕੰਪਨੀਆਂ ਇਨ੍ਹਾਂ ਨਿਰਦੇਸ਼ਾਂ ਦਾ ਪਾਲਣ ਨਹੀਂ ਕਰਨਗੀਆਂ ਤਾਂ ਉਨ੍ਹਾਂ ’ਤੇ ਭਾਰੀ ਜੁਰਮਾਨਾ ਲਗਾਉਣ ਦੇ ਨਾਲ ਹੀ ਸਾਰੇ ਡਿਫੈਕਟਿਵ ਵਾਹਨ ਵਾਪਸ ਬੁਲਾਉਣ ਦੇ ਹੁਕਮ ਦਿੱਤੇ ਜਾਣਗੇ।