ਤਾਪਮਾਨ ‘ਚ 1.4 ਡਿਗਰੀ ਦੀ ਆਈ ਗਿਰਾਵਟ, ਪੰਜਾਬ ‘ਚ ਮੀਂਹ ਦਾ ਅਲਰਟ ਜਾਰੀ
ਅੱਤ ਦੀ ਗਰਮੀ ਤੋਂ ਬਾਅਦ ਹੁਣ ਲੋਕਾਂ ਨੂੰ ਥੋੜੀ ਰਾਹਤ ਮਿਲੀ ਹੈ। ਮੀਂਹ ਪੈਣ ਕਾਰਨ ਪੰਜਾਬ ਦਾ ਮੌਸਮ ਠੰਡਾ ਹੋ ਗਿਆ ਹੈ। ਮਾਨਸੂਨ ਦੇ ਆਉਣ ਨਾਲ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਔਸਤ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਧੇ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਵਿਭਾਗ ਦੇ ਤਾਜ਼ਾ ਅਲਰਟ ਅਨੁਸਾਰ ਸੰਗਰੂਰ, ਮਾਨਸਾ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਤਰਨਤਾਰਨ, ਲੁਧਿਆਣਾ, ਰੂਪਨਗਰ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਵਿੱਚ ਅੱਠ ਵਜੇ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਅੱਜ ਵੀ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ 5 ਜੁਲਾਈ ਦਿਨ ਸ਼ਨੀਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ‘ਚ ਮੀਂਹ ਦਾ ਯੈਲੋ ਅਲਰਟ ਹੈ। ਇਸ ਦੇ ਨਾਲ ਹੀ ਬੀਤੀ ਸ਼ਾਮ ਤੱਕ ਐਸਬੀਐਸ ਨਗਰ ਵਿੱਚ 15 ਐਮਐਮ, ਰੋਪੜ ਵਿੱਚ 9 ਐਮਐਮ ਅਤੇ ਮੁਹਾਲੀ ਵਿੱਚ 2 ਐਮਐਮ ਮੀਂਹ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਖੇਤ ‘ਚ ਪਾਣੀ ਲਾਉਣ ਗਏ ਕਿਸਾਨ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ || Punjab News
ਉੱਥੇ ਹੀ ਤਾਪਮਾਨ ਦੀ ਗੱਲ ਕਰੀਏ ਤਾਂ ਪੰਜਾਬ ਦੇ ਫ਼ਿਰੋਜ਼ਪੁਰ ਅਤੇ ਬਠਿੰਡਾ ਨੂੰ ਛੱਡ ਕੇ ਪੂਰੇ ਸੂਬੇ ਵਿੱਚ ਤਾਪਮਾਨ 40 ਡਿਗਰੀ ਤੋਂ ਹੇਠਾਂ ਹੈ। ਬੀਤੀ ਸ਼ਾਮ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 44.1 ਡਿਗਰੀ ਅਤੇ ਫ਼ਿਰੋਜ਼ਪੁਰ ਵਿੱਚ 40.2 ਡਿਗਰੀ ਦਰਜ ਕੀਤਾ ਗਿਆ। ਪਰ ਹਵਾ ਵਿੱਚ ਨਮੀ ਦੀ ਮਾਤਰਾ ਵਧਣ ਨਾਲ ਸੂਬੇ ਵਿੱਚ ਨਮੀ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।