ਹੁਸ਼ਿਆਰਪੁਰ ‘ਚ ਕੈਬਨਿਟ ਮੰਤਰੀ ਨੇ ਦਿੱਤਾ 23 ਲੱਖ ਦਾ ਤੋਹਫਾ
ਹੁਸ਼ਿਆਰਪੁਰ ਵਿੱਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 45 ਵਿੱਚ 23 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਖੇਤਰ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਤੇਜ਼ੀ ਨਾਲ ਵਿਕਾਸ ਕਾਰਜਾਂ ਨੂੰ ਅੱਗੇ ਵਧਾ ਰਹੀ ਹੈ। ਮਹਿਜ਼ ਢਾਈ ਸਾਲਾਂ ਦੇ ਕਾਰਜਕਾਲ ਵਿੱਚ ਸ਼ਹਿਰ ਵਿੱਚ ਕਰੀਬ 30 ਕਰੋੜ ਰੁਪਏ ਦੇ ਵਿਕਾਸ ਕਾਰਜ ਮੁਕੰਮਲ ਕੀਤੇ ਗਏ ਹਨ।
ਇਲਾਕਾ ਵਾਸੀਆਂ ਦੀ ਚਿਰੋਕਣੀ ਮੰਗ ਹੋਵੇਗੀ ਪੂਰੀ
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰ ਕੋਨੇ ਤੱਕ ਵਿਕਾਸ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰ: 45 ਵਿੱਚ ਚੱਲ ਰਹੇ ਇਸ ਨਿਰਮਾਣ ਕਾਰਜ ਨਾਲ ਇਲਾਕਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ ਅਤੇ ਇਲਾਕਾ ਵਾਸੀਆਂ ਨੂੰ ਵਧੀਆ ਸਹੂਲਤਾਂ ਮਿਲਣਗੀਆਂ।
ਇਹ ਵੀ ਪੜ੍ਹੋ : ਜਲੰਧਰ ‘ਚ ਆਈਸ ਫੈਕਟਰੀ ‘ਚ ਅਮੋਨੀਆ ਗੈਸ ਲੀਕ ਹੋਣ ਦਾ ਮਾਮਲਾ, ਪੁਲਿਸ ਨੇ FIR ਕੀਤੀ ਦਰਜ
ਕੋਈ ਵੀ ਸਥਾਨ ਵਿਕਾਸ ਤੋਂ ਵਾਂਝਾ ਨਾ ਰਹੇ
ਬ੍ਰਹਮ ਸ਼ੰਕਰ ਜਿੰਪਾ ਨੇ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ, ਚਾਹੇ ਉਹ ਸ਼ਹਿਰੀ ਹੋਵੇ ਜਾਂ ਪੇਂਡੂ ਖੇਤਰ। ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਸਥਾਨ ਵਿਕਾਸ ਤੋਂ ਵਾਂਝਾ ਨਾ ਰਹੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਬਰਾਬਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਹਰ ਨਾਗਰਿਕ ਨੂੰ ਵਧੀਆ ਸਹੂਲਤਾਂ ਮਿਲ ਸਕਣ ਅਤੇ ਪੰਜਾਬ ਵਿਕਾਸ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵੱਧ ਸਕੇ।