ਕੇਂਦਰ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਲਿਆ ਵੱਡਾ ਐਕਸ਼ਨ
ਪੰਜਾਬ ਭਰ ਵਿੱਚ ਝੋਨੇ ਦੀ ਕਟਾਈ ਹੋਈ ਹੈ ਜਿਸ ਕਾਰਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੀ ਵਾਧਾ ਹੋਇਆ ਹੈ ਅਤੇ ਇਸ ਦੇ ਨਾਲ ਹੀ ਪ੍ਰਦੂਸ਼ਣ ਵਿੱਚ ਵੀ ਵਾਧਾ ਦੇਖਣ ਨੂੰ ਮਿਲਿਆ ਹੈ | ਜਿਸ ਕਾਰਨ ਕੇਂਦਰ ਸਰਕਾਰ ਨੇ ਹੁਣ ਹੋਰ ਸਖ਼ਤਾਈ ਵਧਾ ਦਿੱਤੀ ਹੈ | ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਕੇਂਦਰ ਸਰਕਾਰ ਨੇ ਹੁਣ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਵੱਡਾ ਐਕਸ਼ਨ ਲੈਂਦਿਆਂ ਕਿਸਾਨਾਂ ‘ਤੇ ਜੁਰਮਾਨੇ ਦੀ ਰਕਮ ਦੁੱਗਣੀ ਕਰ ਦਿੱਤੀ ਹੈ।
ਨੋਟੀਫਿਕੇਸ਼ਨ ਜਾਰੀ
ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਸੋਧ ਨਿਯਮ- 2024 ਰਾਸ਼ਟਰੀ ਰਾਜਧਾਨੀ ਅਤੇ ਆਸਪਾਸ ਦੇ ਖੇਤਰਾਂ ਵਿੱਚ ਪ੍ਰਭਾਵੀ ਹੋਵੇਗਾ। ਕੇਂਦਰ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਮੁਤਾਬਕ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਦੋ ਏਕੜ ਤੋਂ ਘੱਟ ਹੈ, ਉਨ੍ਹਾਂ ਨੂੰ 5000 ਰੁਪਏ ਦਾ ਵਾਤਾਵਰਨ ਮੁਆਵਜ਼ਾ ਦੇਣਾ ਪਵੇਗਾ।
ਪੰਜ ਏਕੜ ਤੋਂ ਵੱਧ ਜ਼ਮੀਨ ਦੇ ਮਾਲਕ ਕਿਸਾਨਾਂ ਨੂੰ 30,000 ਰੁਪਏ ਦਾ ਜ਼ੁਰਮਾਨਾ
ਇਸ ਦੇ ਨਾਲ ਹੀ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਦੋ ਏਕੜ ਜਾਂ ਇਸ ਤੋਂ ਵੱਧ ਹੈ ਪਰ ਪੰਜ ਏਕੜ ਤੋਂ ਘੱਟ ਹੈ, ਉਨ੍ਹਾਂ ਨੂੰ 10,000 ਰੁਪਏ ਦਾ ਵਾਤਾਵਰਨ ਮੁਆਵਜ਼ਾ ਦੇਣਾ ਪਵੇਗਾ। ਪੰਜ ਏਕੜ ਤੋਂ ਵੱਧ ਜ਼ਮੀਨ ਦੇ ਮਾਲਕ ਕਿਸਾਨਾਂ ਨੂੰ 30,000 ਰੁਪਏ ਦਾ ਵਾਤਾਵਰਨ ਮੁਆਵਜ਼ਾ ਦੇਣਾ ਪਵੇਗਾ। ਇਸ ਦੇ ਨਾਲ ਹੀ ਪਰਾਲੀ ਸਾੜਨ ‘ਤੇ ਮੁਕੰਮਲ ਪਾਬੰਦੀ ਲਾਗੂ ਰਹੇਗੀ।
ਕੇਂਦਰ ਸਰਕਾਰ ਦੇ ‘ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ’ ਨੇ ਰਾਸ਼ਟਰੀ ਰਾਜਧਾਨੀ ਅਤੇ ਇਸ ਦੇ ਆਸਪਾਸ ਦੇ ਖੇਤਰਾਂ ਵਿਚ ‘Environmental Compensation for Stubble Burning Amendment Act’ ਦੇ ਉਪਬੰਧਾਂ ਨੂੰ ਲਾਗੂ ਕੀਤਾ ਹੈ। ਇਸ ਕਾਨੂੰਨ ਵਿੱਚ ਪਰਾਲੀ ਸਾੜਨ ਲਈ ਜੁਰਮਾਨੇ ਅਤੇ ਫੰਡਾਂ ਦੀ ਵਰਤੋਂ ਦੀਆਂ ਵਿਵਸਥਾਵਾਂ ਦਾ ਜ਼ਿਕਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨਿਗਮ ਚੋਣਾਂ ਨੂੰ ਲੈ ਕੇ ਜਾਰੀ ਕਰ ਦਿੱਤੇ ਹੁਕਮ
ਸੁਪਰੀਮ ਕੋਰਟ ਨੇ ਲਗਾਈ ਸੀ ਫਟਕਾਰ
ਧਿਆਨਯੋਗ ਹੈ ਕਿ ਹਾਲ ਹੀ ‘ਚ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ‘ਚ ਨਾਕਾਮ ਰਹਿਣ ‘ਤੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਫਟਕਾਰ ਲਗਾਈ ਸੀ। ਸੁਪਰੀਮ ਕੋਰਟ ਨੇ ਹਵਾ ਕੁਆਲਿਟੀ ਕਮਿਸ਼ਨ ਨੂੰ ਪਰਾਲੀ ਸਾੜਨ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਪੰਜਾਬ ਅਤੇ ਹਰਿਆਣਾ ਸਰਕਾਰ ਦੇ ਅਧਿਕਾਰੀਆਂ ਵਿਰੁੱਧ ਦੰਡਕਾਰੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ।