ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਅਦਾਲਤ ਨੇ ਸੰਮਨ ਭੇਜਿਆ ਹੈ। ਮੋਗਾ ਦੀ ਅਦਾਲਤ ਨੇ ਚੀਮਾ ਨੂੰ 15 ਨਵੰਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਸੰਮਨ ਸਾਬਕਾ ਵਿਧਾਇਕ ਹਰਜੋਤ ਸਿੰਘ ਕਮਲ ਦੀ ਸ਼ਿਕਾਇਤ ਤੋਂ ਬਾਅਦ ਭੇਜਿਆ ਹੈ। ਦਰਅਸਲ ਹਰਜੋਤ ਕਮਲ ਨੇ ਹਰਪਾਲ ਚੀਮਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕੀ ਹਰਪਾਲ ਚੀਮਾ ਨੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਹਰਜੋਤ ਕਮਲ ਨੇ ਆਖਿਆ ਕਿ ਦੋ ਸਾਲ ਪਹਿਲਾਂ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਉਨ੍ਹਾਂ ’ਤੇ ਕਰੋੜਾਂ ਰੁਪਏ ਇਕੱਠੇ ਕਰਨ ਦੇ ਦੋਸ਼ ਲਗਾਏ ਸਨ।
ਇਹ ਵੀ ਪੜ੍ਹੋ : CBI ਨੇ ਮਨੀਸ਼ ਸਿਸੋਦੀਆ ਨੂੰ ਭੇਜਿਆ ਸੰਮਨ
ਹਰਜੋਤ ਕਮਲ ਨੇ ਇਹ ਵੀ ਕਿਹਾ ਕਿ ਹਰਪਾਲ ਚੀਮਾ ਨੇ ਉਨ੍ਹਾਂ ’ਤੇ ਇਹ ਵੀ ਦੋਸ਼ ਲਗਾਏ ਸਨ ਕਿ ਉਨ੍ਹਾਂ ਨੇ ਮਿਲੀਭੁਗਤ ਕਰਕੇ ਖੇਤੀਬਾੜੀ ਵਾਲੀ ਜ਼ਮੀਨ ਨੂੰ ਵਪਾਰਕ ਜ਼ਮੀਨ ਵਿਚ ਤਬਦੀਲ ਕੀਤਾ ਹੈ। ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਹਰਜੋਤ ਕਮਲ ਨੇ ਕਿਹਾ ਕਿ ਚੀਮਾ ਨੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਦੇ ਚੱਲਦੇ ਉਨ੍ਹਾਂ ਨੇ ਚੀਮਾ ਖ਼ਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਪਾਲ ਚੀਮਾ ਵਲੋਂ ਉਨ੍ਹਾਂ ’ਤੇ ਜਿਹੜੇ ਦੋਸ਼ ਲਗਾਏ ਗਏ ਹਨ, ਨਾ ਤਾਂ ਉਨ੍ਹਾਂ ਵਿਚ ਕੋਈ ਸੱਚਾਈ ਹੈ ਅਤੇ ਨਾ ਹੀ ਉਨ੍ਹਾਂ ਕੋਲ ਕੋਈ ਸਬੂਤ ਹਨ। ਚੀਮਾ ਉਨ੍ਹਾਂ ’ਤੇ ਲਗਾਏ ਦੋਸ਼ਾਂ ਨੂੰ ਸਾਬਤ ਕਰਕੇ ਵਿਖਾਉਣ।