ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਰਾਜਪਾਲ ਪੰਜਾਬ ਵਿਚਕਾਰ ਚੱਲ ਰਿਹਾ ਰੇੜਕਾ ਖਤਮ ਹੋ ਗਿਆ ਹੈ ਅਤੇ ਰਾਜਪਾਲ ਵੱਲੋਂ 27 ਸਤੰਬਰ ਦੇ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਦੇ ਰਾਜਪਾਲ ਵਿਧਾਨ ਸਭਾ ਦਾ ਤੀਜਾ ਸੈਸ਼ਨ 27 ਸਤੰਬਰ ਨੂੰ ਸਵੇਰੇ 11 ਵਜੇ ਕਰਵਾਉਣ ਲਈ ਸਹਿਮਤ ਹੋ ਗਏ ਹਨ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣਾ ਵਤੀਰਾ ਨਰਮ ਕਰ ਦਿੱਤਾ ਹੈ।
ਸਰਕਾਰ ਦੇ ਨੁਮਾਇੰਦਿਆਂ ਨੇ ਰਾਜਪਾਲ ਨੂੰ ਸੂਚਿਤ ਕੀਤਾ ਕਿ ਇਸ ਸੈਸ਼ਨ ਵਿਚ ਪਰਾਲੀ ਸਾੜਨ, ਜੀਐਸਟੀ ਤੇ ਬਿਜਲੀ ਨਾਲ ਸਬੰਧਤ ਮੁੱਦੇ ਵਿਚਾਰੇ ਜਾਣਗੇ। ਦੱਸਣਾ ਬਣਦਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਣ ਨੂੰ ਲੈ ਕੇ ਰਾਜਪਾਲ ਤੇ ਆਪ ਸਰਕਾਰ ਵਿਚ ਸ਼ਬਦੀ ਜੰਗ ਤੇਜ਼ ਹੋ ਗਈ ਸੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਭਰੋਸਗੀ ਮਤੇ ‘ਤੇ ਰੱਖੇ ਇਜਲਾਸ ਨੂੰ ਰਾਜਪਾਲ ਵੱਲੋਂ ਰੱਦ ਕਰ ਦਿੱਤਾ ਗਿਆ ਸੀ।