ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮ ਰਹੇ ਸਨ ਤਿੰਨ ਨੌਜਵਾਨ, ਪੁਲਿਸ ਨੇ ਕੀਤੇ ਕਾਬੂ
ਲੁਧਿਆਣਾ ਦੇ ਕ੍ਰਾਈਮ ਬਰਾਂਚ 3 ਦੀ ਟੀਮ ਨੇ ਦੋ ਦੇਸੀ ਪਿਸਤੌਲਾਂ ਅਤੇ ਦੋ ਜਿੰਦਾ ਕਾਰਤੂਸਾਂ ਸਮੇਤ ਤਿੰਨ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਦੇ ਮੁਤਾਬਕ ਮੁਲਜ਼ਮਾਂ ਨੂੰ ਉਸ ਵੇਲੇ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਭਾਮੀਆਂ ਇਲਾਕੇ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮ ਰਹੇ ਸਨ । ਜਾਣਕਾਰੀ ਦਿੰਦਿਆਂ ਏਐਸਆਈ ਬਲਕਾਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗਾਂਧੀਨਗਰ ਭਿੰਡੀਆਂ ਵਾਲਾ ਅੱਡਾ ਅੰਮ੍ਰਿਤਸਰ ਦੇ ਵਾਸੀ ਗੁਰਪ੍ਰੀਤ ਸਿੰਘ, ਪਿੰਡ ਅਰੋਖੇ ਲੈ ਕੇ ਜਾਣਾ ਅਜਨਾਲਾ ਅੰਮ੍ਰਿਤਸਰ ਦੇ ਵਾਸੀ ਲਵਪ੍ਰੀਤ ਸਿੰਘ ਅਤੇ ਪਿੰਡ ਪੰਜਗਰਾਈ ਅੰਮ੍ਰਿਤਸਰ ਦੇ ਰਹਿਣ ਵਾਲੇ ਗੁਰਸੇਵਕ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਦਿੰਦਿਆਂ ਕ੍ਰਾਈਮ ਬਰਾਂਚ ਦੀ ਟੀਮ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਹੁੰਦਲ ਚੌਂਕ ਭਾਮੀਆਂ ਕਲਾਂ ਮੌਜੂਦ ਸੀ। ਇਸੇ ਦੌਰਾਨ ਮੁਖ਼ਬਰ ਖਾਸ ਕੋਲੋਂ ਇਤਲਾਹ ਮਿਲੀ ਕਿ ਤਿੰਨੋਂ ਮੁਲਜ਼ਮ ਮੋਟਰਸਾਈਕਲ ਤੇ ਸਵਾਰ ਹੋ ਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਭਾਮੀਆਂ ਖੁਰਦ ਇਲਾਕੇ ਵਿੱਚ ਘੁੰਮ ਰਹੇ ਹਨ। ਸੂਚਨਾ ਤੋਂ ਬਾਅਦ ਪੁਲਿਸ ਪਾਰਟੀ ਨੇ ਭਾਮੀਆਂ ਖੁਰਦ ਦੇ ਗਰਾਊਂਡ ਦੇ ਕੋਲ ਨਾਕਾਬੰਦੀ ਕਰਕੇ ਤਿੰਨਾਂ ਮੁਲਜ਼ਮਾਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ। ਕਰਾਈਮ ਬਰਾਂਚ ਦੀ ਟੀਮ ਨੇ ਮੁਲਜ਼ਮਾਂ ਦੇ ਖ਼ਿਲਾਫ਼ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।