ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀ ਨਜਾਇਜ਼ ਹਥਿਆਰਾਂ ਸਮੇਤ ਕਾਬੂ

0
27

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਬਠਿੰਡਾ ਦੀ ਸੁਸ਼ਾਂਤ ਸਿਟੀ ਵਿਖੇ ਛਾਪੇਮਾਰੀ ਦੌਰਾਨ ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਰਾਜਨ ਭੱਟੀ ਗੁਰਦਾਸਪੁਰ ਦੇ ਪਿੰਡ ਮੁਸਤਫਾਬਾਦ ਜੱਟਾਂ ਦਾ ਰਹਿਣ ਵਾਲਾ ਹੈ ਅਤੇ ਕੈਨੇਡਾ ਅਧਾਰਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦਾ ਕਰੀਬੀ ਸਾਥੀ ਹੈ।

ਇਹ ਵੀ ਪੜ੍ਹੋ: ਗੈਂਗਸਟਰ ਦੀਪਕ ਟੀਨੂੰ ਦਾ ਪੁਲਿਸ ਨੂੰ ਮਿਲਿਆ 4 ਦਿਨ ਦਾ ਰਿਮਾਂਡ

ਗ੍ਰਿਫ਼ਤਾਰ ਗਏ ਵਿਅਕਤੀਆਂ ਦੀ ਪਛਾਣ ਹਰਜਸਨੀਤ ਸਿੰਘ (32) ਵਾਸੀ ਪਿੰਡ ਕੋਟ ਸ਼ਮੀਰ, ਬਠਿੰਡਾ ਅਤੇ ਕਮਲਜੀਤ ਸਿੰਘ (26) ਵਾਸੀ ਪਿੰਡ ਗੁਲਾਬਗੜ੍ਹ, ਬਠਿੰਡਾ ਵਜੋਂ ਹੋਈ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ .315 ਬੋਰ ਦੀ ਰਾਈਫਲ ਅਤੇ .30 ਬੋਰ ਦੀ ਸਟਾਰ ਮੇਕ ਪਿਸਤੌਲ ਸਮੇਤ ਗੋਲੀ ਸਿੱਕਾ ਵੀ ਬਰਾਮਦ ਕੀਤਾ।

ਵੇਰਵੇ ਦਿੰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਐਸ.ਏ.ਐਸ. ਅਸ਼ਵਨੀ ਕਪੂਰ ਨੇ ਦੱਸਿਆ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਵਿੱਚ ਲਖਬੀਰ ਲੰਡਾ ਖ਼ਿਲਾਫ਼ ਦਰਜ ਕੀਤੇ ਕੇਸ ਦੀ ਜਾਂਚ ਦੌਰਾਨ ਇੱਕ ਮੁਲਜ਼ਮ ਰਾਜਨ ਭੱਟੀ ਬਾਰੇ ਪਤਾ ਲੱਗਾ ਜੋ ਲਖਬੀਰ ਲੰਡਾ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਦੇ ਇਸ਼ਾਰੇ ’ਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਸੀ।

ਇਸ ਸਬੰਧੀ 23/08/2022 ਨੂੰ ਐਫ.ਆਈ.ਆਰ. ਨੰਬਰ 06 ਤਹਿਤ ਭਾਰਤੀ ਦੰਡਾਵਲੀ ਦੀ ਧਾਰਾ 153, 153-ਏ, 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਲਖਬੀਰ ਸਿੰਘ ਲੰਡਾ ਅਤੇ ਉਸਦੇ ਹੋਰ ਸਾਥੀਆਂ ਵਿਰੁੱਧ ਪੁਲਿਸ ਥਾਣਾ ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।

ਏ.ਆਈ.ਜੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮ ਰਾਜਨ ਭੱਟੀ, ਜਿਸ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਚੰਡੀਗੜ੍ਹ ਤੇ ਪੰਜਾਬ ਵਿੱਚ ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਤਹਿਤ ਇਰਾਦਾ ਕਤਲ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ, ਦੀ ਐਸ.ਐਸ.ਓ.ਸੀ. ਪੁਲੀਸ ਦੀਆਂ ਟੀਮਾਂ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਉਸ ਦੇ ਟਿਕਾਣਿਆਂ ’ਤੇ ਵਾਰ-ਵਾਰ ਛਾਪੇਮਾਰੀ ਕੀਤੀ ਜਾ ਰਹੀ ਸੀ।

ਉਨ੍ਹਾਂ ਦੱਸਿਆ ਕਿ ਭੱਟੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੀ ਸਪਲਾਈ ਵਿੱਚ ਲੰਡਾ ਦੀ ਮਦਦ ਕਰਦਾ ਹੈ।
ਏ.ਆਈ.ਜੀ. ਨੇ ਦੱਸਿਆ ਕਿ ਬੁੱਧਵਾਰ ਨੂੰ ਪੁਲਿਸ ਪਾਰਟੀ ਨੇ ਸੁਸ਼ਾਂਤ ਸਿਟੀ ਬਠਿੰਡਾ ਵਿਖੇ ਛਾਪੇਮਾਰੀ ਕੀਤੀ ਜਿੱਥੋਂ ਰਾਜਨ ਭੱਟੀ ਦੇ ਦੋ ਸਾਥੀਆਂ ਨੂੰ ਦੋ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਰਾਜਨ ਭੱਟੀ ਨੂੰ ਪਨਾਹ ਦੇਣ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਏ.ਆਈ.ਜੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਰਾਜਨ ਭੱਟੀ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ ਅਤੇ ਜਲਦ ਹੀ ਉਹ ਸਲਾਖਾਂ ਪਿੱਛੇ ਹੋਵੇਗਾ।

LEAVE A REPLY

Please enter your comment!
Please enter your name here