ਮੋਗਾ ਅੰਮ੍ਰਿਤਸਰ ਰੋਡ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਪਿੰਡ ਪੀਰ ਮੁਹੰਮਦ ਨੇੜੇ ਵਾਪਰਿਆ। ਇੱਥੇ ਲੱਕੜਾਂ ਨਾਲ ਭਰੀ ਟ੍ਰਾਲੀ ਦੀ ਕਾਰ ਨਾਲ ਟੱਕਰ ਹੋਈ। ਇਸ ਹਾਦਸੇ ਵਿੱਚ ਕਾਰ ਸਵਾਰ 2 ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਦੋ ਕਾਰ ਸਵਾਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਪਿੰਡ ਵਾਸੀ ਅਨੁਸਾਰ ਇਹ ਹਾਦਸਾ ਸਵੇਰੇ 4-5 ਵਜੇ ਦੇ ਕਰੀਬ ਵਾਪਰਿਆ ਹੈ। ਘਟਨਾ ਵਾਲੀ ਥਾਂ ਤੇ ਮੌਜੂਦ ਲੋਕਾਂ ਨੇ ਹਾਦਸੇ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਢਲੀ ਜਾਣਕਰੀ ਅਨੁਸਾਰ ਕਾਰ ਸਵਾਰ ਵਿਅਕਤੀ ਸਾਹਨੇਵਾਲ ਵਿਖੇ ਇੱਕ ਸਟੀਲ ਫ਼ੈਕਟਰੀ ਵਿੱਚ ਕੰਮ ਕਰਦੇ ਹਨ।
ਮੌਕੇ ‘ਤੇ ਪਹੁੰਚੇ ਤਫ਼ਤੀਸ਼ੀ ਅਫ਼ਸਰ ਨੇ ਦੱਸਿਆ ਕਿ ਕਾਰ ਸਵਾਰ ਲੋਕ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਖਾਲੜਾ ਤੋਂ ਲੁਧਿਆਣਾ ਵੱਲ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਗੱਡੀ ਪਿੰਡ ਪੀਰ ਮੁਹੰਮਦ ਨੇੜੇ ਸਾਈਡ ‘ਤੇ ਲੱਕੜ ਨਾਲ ਭਰੀ ਟ੍ਰਾਲੀ ਨਾਲ ਟਕਰਾ ਗਈ। ਜਿਸ ਕਾਰਨ ਦੋ ਕਾਰ ਸਵਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ, ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਬਾਕੀਆਂ ਦੀ ਜਾਂਚ ਕੀਤੀ ਜਾ ਰਹੀ ਹੈ।