ਵਿਜੀਲੈਂਸ ਬਿਊਰੋ ਦੀ ਜਾਂਚ ਸੂਚੀ ਵਿਚ ਕਾਂਗਰਸ ਦੇ ਸਾਬਕਾ ਵਿਧਾਇਕ ਅਮਿਤ ਵਿੱਜ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਵਿਜੀਲੈਂਸ ਨੇ ਪਠਾਨਕੋਟ ਨਗਰ ਨਿਗਮ ਵਿਚ ਕੀਤੀਆਂ ਗਈਆਂ ਬੇਨਿਯਮੀਆਂ ਦੀ ਸ਼ਿਕਾਇਤ ’ਤੇ ਅਮਿਤ ਵਿੱਜ ਖਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਅਮਿਤ ਵਿੱਜ ਇਸ ਸਮੇਂ ਪ੍ਰਦੇਸ਼ ਕਾਂਗਰਸ ਦੇ ਖਜ਼ਾਨਚੀ ਵੀ ਹਨ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਬੈਂਕ ਖਾਤਿਆਂ ਦੀ ਜਾਂਚ ਕੀਤੀ ਸੀ।
ਜਾਣਕਾਰੀ ਅਨੁਸਾਰ ਪਠਾਨਕੋਟ ਦੇ ਸਾਬਕਾ ਵਿਧਾਇਕ ਅਮਿਤ ਵਿੱਜ ਖ਼ਿਲਾਫ਼ ਵਿਜੀਲੈਂਸ ਨੂੰ ਸ਼ਿਕਾਇਤ ਮਿਲੀ ਹੈ। ਇਸ ਸ਼ਿਕਾਇਤ ਵਿਚ ਸਾਬਕਾ ਵਿਧਾਇਕ ‘ਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮਿਲ ਕੇ ਘੁਟਾਲੇ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਵਿਜੀਲੈਂਸ ਨੇ ਨਿਗਮ ਦੇ ਅਧਿਕਾਰੀਆਂ ਖ਼ਿਲਾਫ਼ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਿਜੀਲੈਂਸ ਅਜੇ ਤੱਕ ਕਾਂਗਰਸ ਦੇ 6 ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਖ਼ਿਲਾਫ਼ ਜਾਂਚ ਕਰ ਰਹੀ ਹੈ। ਹਾਲਾਂਕਿ ਸਾਬਕਾ ਮੰਤਰੀਆਂ ਵਿਚੋਂ ਸੁੰਦਰ ਸ਼ਾਮ ਅਰੋੜਾ ਭਾਜਪਾ ਵਿਚ ਚਲੇ ਗਏ ਹਨ। ਸੁੰਦਰ ਸ਼ਾਮ ਅਰੋੜਾ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਮਾਮਲੇ ਵਿਚ ਅਤੇ ਭਾਰਤ ਭੂਸ਼ਣ ਆਸ਼ੂ ਮੰਡੀਆਂ ਵਿਚ ਆਪਣੇ ਨਜ਼ਦੀਕੀਆਂ ਨੂੰ ਲਾਭ ਪਹੁੰਚਾਉਣ ਦੇ ਮਾਮਲੇ ਵਿਚ ਜੇਲ੍ਹ ‘ਚ ਹੈ। ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਨੂੰ ਜ਼ਮਾਨਤ ਮਿਲ ਚੁੱਕੀ ਹੈ। ਕਾਂਗਰਸ ਦੀ ਟਿਕਟ ’ਤੇ ਦਾਖਾ ਵਿਧਾਨ ਸਭਾ ਸੀਟ ਤੋਂ ਚੋਣ ਲੜ ਚੁੱਕੇ ਕੈਪਟਨ ਸੰਦੀਪ ਸੰਧੂ ਖ਼ਿਲਾਫ਼ ਵਿਜੀਲੈਂਸ ਨੇ ਮਾਮਲਾ ਦਰਜ ਕੀਤਾ ਹੋਇਆ ਹੈ। ਹਾਲਾਂਕਿ ਕੈਪਟਨ ਸੰਧੂ ਹਾਲੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।