ਰਵਾਇਤੀ ਪਾਰਟੀਆਂ ਦੀ ਮਿਲੀਭੁਗਤ ਕਾਰਨ ਨੌਜਵਾਨਾ ਨੂੰ ਬਾਹਰ ਜਾਣਾ ਪਿਆ : ਮਾਨ

0
10
Bhagwant mann

ਅਜਨਾਲਾ, 20 ਜਨਵਰੀ, 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਕਾਂਗਰਸ-ਅਕਾਲੀ ਦਲ ਤੇ ਭਾਜਪਾ ਦੀ ਆਪਸੀ ਮਿਲੀਭੁਗਤ ਨਾਲ ਪੰਜਾਬ ਦੇ ਨੌਜਵਾਨਾਂ ਦੀ ਲੁੱਟ ਕੀਤੇ ਜਾਣ ਕਾਰਨ ਸੂਬੇ ਵਿਚੋਂ ਬਾਹਰ ਜਾਣ ਲਈ ਮਜ਼ਬੂਰ ਦਾ ਦੋਸ਼ ਲਗਾਇਆ । ਇਹ ਵਿਚਾਰ ਉਨ੍ਹਾਂ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਇਲਾਕੇ ਅਜਨਾਲਾ ਵਿਖੇ ਅੱਜ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਣ ਮੌਕੇ ਪ੍ਰਗਟ ਕੀਤੇ ।

ਹਰ ਪੰਜਾਬੀ ਪਾਵੇ ਸਮਰੱਥਾ ਮੁਤਾਬਕ ਰੰਗਲਾ ਪੰਜਾਬ ਬਣਾਉਣ ਵਿਚ ਆਪਣਾ ਯੋਗਦਾਨ

ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸੂਬਾ ਸਰਕਾਰ (State Government) ਹਰ ਸੰਭਵ ਸਹੂਲਤਾਂ ਅਤੇ ਸੰਸਥਾਗਤ ਸਹਾਇਤਾ ਪ੍ਰਦਾਨ ਕਰੇਗੀ, ਉਥੇ ਹਰ ਪੰਜਾਬੀ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾਉਣ ਤਾਂ ਜੋ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ (Rangla Punjab) ਬਣਾਇਆ ਜਾ ਸਕੇ ਅਤੇ ਸਾਡੇ ਬੱਚੇ ਚੰਗੇ ਭਵਿੱਖ ਦੀ ਭਾਲ ਵਿੱਚ ਦੇਸ਼ ਛੱਡਣ ਲਈ ਮਜਬੂਰ ਨਾ ਹੋਣ । ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਕਾਲਜ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਿੱਖਿਆ ਨੂੰ ਮਜ਼ਬੂਤ ਕਰਨ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਲੋਕ ਭਾਗੀਦਾਰੀ ਰਾਹੀਂ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ । ਉਨ੍ਹਾਂ ਐਲਾਨ ਕੀਤਾ ਕਿ ਕਾਲਜ ਦਾ ਨਾਂ ਸਤਿਕਾਰਯੋਗ ਸ਼ਖ਼ਸੀਅਤ ਬਾਬਾ ਗਾਮਚੱਕ ਜੀ ਮਹਾਰਾਜ ਦੇ ਨਾਂ ’ਤੇ ਰੱਖਿਆ ਜਾਵੇਗਾ ।

ਰਵਾਇਤੀ ਪਾਰਟੀਆਂ ਕੋਲ ਜਨਤਾ ਦੀ ਭਲਾਈ ਲਈ ਕੋਈ ਠੋਸ ਏਜੰਡਾ ਨਹੀਂ

ਇਸ ਮੌਕੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਰਵਾਇਤੀ ਪਾਰਟੀਆਂ ਦੀ ਆਪਸੀ ਕਲੇਸ਼ ਸਿਖਰਾਂ ‘ਤੇ ਹੈ ਕਿਉਂਕਿ ਇਨ੍ਹਾਂ ਕੋਲ ਜਨਤਾ ਦੀ ਭਲਾਈ ਲਈ ਕੋਈ ਠੋਸ ਏਜੰਡਾ ਨਹੀਂ ਹੈ । ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ । ਉਹ ਸੂਬੇ ਦੇ ਲੋਕਾਂ ਅਤੇ ਵਸੀਲਿਆਂ ਨੂੰ ਲੁੱਟਣ ਲਈ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ । ਇਨ੍ਹਾਂ ਦੇ ਮਨਸੂਬਿਆਂ ਨੂੰ ਕਦੇ ਪੂਰਾ ਨਹੀਂ ਕੀਤਾ ਜਾਵੇਗਾ ਕਿਉਂਕਿ ਪੰਜਾਬ ਦੇ ਲੋਕ ਸਿਆਣੇ ਅਤੇ ਬਹਾਦਰ ਹਨ ਅਤੇ ਅਜਿਹੇ ਆਗੂਆਂ ਦੇ ਸ਼ੱਕੀ ਕਿਰਦਾਰ ਨੂੰ ਪੂਰੀ ਤਰ੍ਹਾਂ ਪਛਾਣਦੇ ਹਨ ।

ਕਾਲਜ ਬਣਨ ਨਾਲ ਮਿਲੇਗਾ ਨੇੜਲੇ 50 ਪਿੰਡਾਂ ਦੇ ਨੌਜਵਾਨਾਂ ਨੂੰ ਲਾਭ

ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਨਾਲ ਨੇੜਲੇ 50 ਪਿੰਡਾਂ ਦੇ ਨੌਜਵਾਨਾਂ ਨੂੰ ਲਾਭ ਮਿਲੇਗਾ ਅਤੇ ਆਉਣ ਵਾਲੇ ਸਾਲਾਂ ਵਿੱਚ ਇੱਥੇ 2000 ਤੋਂ ਵੱਧ ਵਿਦਿਆਰਥੀਆਂ ਦੇ ਦਾਖਲੇ ਹੋਣ ਦੀ ਉਮੀਦ ਹੈ । ਉਨ੍ਹਾਂ ਕਿਹਾ ਕਿ ਇੱਥੇ ਆਰਟਸ, ਸਾਇੰਸ, ਕਾਮਰਸ, ਕੰਪਿਊਟਰ ਸਾਇੰਸ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਿਜੀਟਲ ਐਜੂਕੇਸ਼ਨ ਦੇ ਕੋਰਸ ਕਰਵਾਏ ਜਾਣਗੇ, ਜਿਸ ਨਾਲ ਸਰਹੱਦੀ ਖੇਤਰਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਈ ਜਾਵੇਗੀ । ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਦੀਆਂ ਖਾਹਿਸ਼ਾਂ ਅਤੇ ਸੁਪਨੇ ਉੱਚੇ ਹਨ ਅਤੇ ਸੂਬਾ ਸਰਕਾਰ ਲਗਾਤਾਰ ਸਹਿਯੋਗ ਰਾਹੀਂ ਇਨ੍ਹਾਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। “ਸਾਡਾ ਧਿਆਨ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ‘ਤੇ ਹੈ, ਤਾਂ ਜੋ ਪੰਜਾਬ ਵਿਕਾਸ ਅਤੇ ਖੁਸ਼ਹਾਲੀ ਦੇ ਰਾਹ ‘ਤੇ ਅੱਗੇ ਵਧ ਸਕੇ। ਸਮਾਜ ਦੇ ਹਰ ਵਰਗ ਦੀ ਭਲਾਈ ਸਾਡਾ ਮੁੱਖ ਉਦੇਸ਼ ਹੈ ।

ਕੈਬਨਿਟ ਮੰਤਰੀ ਨੇ ਪਾਇਆ ਸਰਕਾਰ ਦੀਆਂ ਪ੍ਰਾਪਤੀਆਂ ਤੇ ਚਾਣਨਾਂ

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਸਿੱਖਿਆ ਖੇਤਰ ਵਿੱਚ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਪੰਜਾਬ ਦੇਸ਼ ਪੱਧਰ ‘ਤੇ ਮੋਹਰੀ ਬਣ ਕੇ ਉਭਰਿਆ ਹੈ । ਉਨ੍ਹਾਂ ਕਿਹਾ ਕਿ ਆਉਣ ਵਾਲਾ ਪ੍ਰਾਜੈਕਟ ਇਸ ਸਰਹੱਦੀ ਜ਼ਿਲ੍ਹੇ ਦੇ ਨੌਜਵਾਨਾਂ ਦੀ ਤਕਦੀਰ ਬਦਲ ਦੇਵੇਗਾ । ਇਹ ਇਤਿਹਾਸਕ ਦਿਨ ਹੈ ਜੋ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਦੀ ਦੂਰਅੰਦੇਸ਼ੀ ਸੋਚ ਦੇ ਨਤੀਜੇ ਵਜੋਂ ਸੰਭਵ ਹੋਇਆ ਹੈ ।

Read More : ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖਿਆ ਸਰਕਾਰੀ ਡਿੱਗਰੀ ਕਾਲਜ ਦਾ ਨੀਂਹ ਪੱਥਰ

LEAVE A REPLY

Please enter your comment!
Please enter your name here