ਬਲਾਤਕਾਰ ਮਾਮਲੇ ਦੇ ਆਰੋਪੀ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦਾ ਲੁਧਿਆਣਾ ਪੁਲਿਸ ਨੇ 3 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਲੋਕ ਇਨਸਾਫ਼ ਪਾਰਟੀ ਦੇ ਮੁਖੀ ਬੈਂਸ ਅਤੇ ਚਾਰ ਹੋਰ ਦੋਸ਼ੀਆਂ ਪਰਮਜੀਤ ਸਿੰਘ ਪੰਮਾ, ਪ੍ਰਦੀਪ ਸ਼ਰਮਾ ਗੋਗੀ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਨੇ ਸੋਮਵਾਰ ਸਵੇਰੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕੀਤਾ ਅਤੇ ਅਦਾਲਤ ਨੇ ਸਾਰਿਆਂ ਨੂੰ 3 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ।
ਪੀੜਤ ਦੇ ਵਕੀਲ ਪਰਮਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ 5 ਦਿਨ ਦਾ ਰਿਮਾਂਡ ਮੰਗਿਆ ਸੀ, ਪਰ 3 ਦਿਨ ਦਾ ਰਿਮਾਂਡ ਮਿਲਿਆ ਹੈ। ਇਸ ਦੌਰਾਨ ਮੁਲਜ਼ਮ ਕਿੱਥੇ ਲੁਕੇ ਹੋਏ ਸਨ, ਇਸ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ। ਜਿਨ੍ਹਾਂ ਨੇ ਦੋਸ਼ੀਆਂ ਨੂੰ ਪਨਾਹ ਦਿੱਤੀ ਸੀ, ਉਨ੍ਹਾਂ ‘ਤੇ ਵੀ ਸ਼ਿਕੰਜ਼ਾ ਕੱਸਿਆ ਜਾਵੇਗਾ। ਇਸ ਦੇ ਨਾਲ ਹੀ ਪੁਲੀਸ ਨੇ ਮੁਲਜ਼ਮਾਂ ਦੇ ਪਾਸਪੋਰਟ ਵੀ ਕਬਜ਼ੇ ਵਿੱਚ ਲਏ ਜਾਣਗੇ ਤਾਂ ਜੋ ਇਹ ਪਤਾ ਲੱਗ ਸਕੇ ਕਿ ਮੁਲਜ਼ਮ ਭਗੌੜਾ ਕਰਾਰ ਦੇਣ ਮਗਰੋਂ ਵਿਦੇਸ਼ ਤਾਂ ਨਹੀਂ ਗਏ ਸੀ।
ਬੈਂਸ ਦਾ ਭਰਾ ਕਰਮਜੀਤ ਸਿੰਘ ਅਤੇ ਪੀਏ ਸੁਖਚੈਨ ਸਿੰਘ ਪਹਿਲਾਂ ਹੀ ਪੁਲਿਸ ਹਿਰਾਸਤ ਵਿੱਚ ਹਨ। ਦੱਸ ਦੇਈਏ ਕਿ ਬੈਂਸ ਦੀ ਜ਼ਮਾਨਤ ਅਰਜ਼ੀ ਲੁਧਿਆਣਾ ਜ਼ਿਲ੍ਹਾ ਅਦਾਲਤ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤੀ ਸੀ। ਬੈਂਸ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ । 3 ਦਿਨਾਂ ਦੇ ਸਮੇਂ ਦੌਰਾਨ ਬਲਾਤਕਾਰ ਦੇ ਮਾਮਲੇ ‘ਚ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ।