ਕਪੂਰਥਲਾ ਜ਼ਿਲੇ ‘ਚ ਇਕ ਵੱਡੀ ਘਟਨਾ ਸਾਹਮਣੇ ਆਈ ਹੈ। ਇੱਥੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਸੁਖਬੀਰ ਸਿੰਘ (28 ਸਾਲ) ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਸੁਖਬੀਰ ਸਿੰਘ ਦੀ ਲਾਸ਼ ਉਨ੍ਹਾਂ ਦੀ ਕਾਰ ਵਿੱਚੋਂ ਮਿਲੀ। ਸੁਖਬੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਗਿੱਲ ਥਾਣਾ ਸਦਰ ਨਕੋਦਰ ਦਾ ਰਹਿਣ ਵਾਲਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਕੱਲ੍ਹ ਪਿੰਡ ਡੱਲਾ (ਸੁਲਤਾਨਪੁਰ ਲੋਧੀ) ਵਿਖੇ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਿਆ ਸੀ।ਬੀਤੀ ਰਾਤ ਕਰੀਬ 11.30 ਵਜੇ ਹਲਕਾ ਭੁਲੱਥ ਵਿੱਚ ਇੱਕ ਰਾਹਗੀਰ ਨੇ ਇੱਕ ਕਾਰ ਸੜਕ ਤੋਂ ਹੇਠਾਂ ਉਤਰੀ ਹੋਈ ਦੇਖੀ। ਰਾਹਗੀਰਾਂ ਨੇ ਸੁਖਬੀਰ ਦੇ ਫੋਨ ਤੋਂ ਉਸ ਦੇ ਘਰ ਫੋਨ ਕੀਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਭੁਲੱਥ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਚਓ ਸਰਜਿੰਦਰ ਸਿੰਘ ਨੇ ਦੱਸਿਆ ਕਿ ਰਾਹਗੀਰਾਂ ਨੇ ਸੁਖਬੀਰ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।