ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਵੱਖ-ਵੱਖ ਮੁੱਦਿਆਂ ‘ਤੇ ਹੋਈ ਮੀਟਿੰਗ, CM ਮਾਨ ਨੇ ਰੱਖਿਆ ਕਿਸਾਨਾਂ ਦਾ ਪੱਖ

0
127

CM ਮਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਪਹਿਲੇ ਦੌਰ ਦੀ ਗੱਲਬਾਤ ਦੌਰਾਨ ਵੱਖ-ਵੱਖ ਮੁੱਦਿਆਂ ‘ਤੇ ਸਹਿਮਤੀ ਬਣੀ। ਇਸ ਮੀਟਿੰਗ ਵਿੱਚ ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਤੋਂ ਇਲਾਵਾ ਮੁੱਖ ਮੰਤਰੀ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦੇ ਹਾਜ਼ਰ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਗੱਲਬਾਤ ਦੇ ਪਹਿਲੇ ਗੇੜ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਗਏ ਕੇਸਾਂ ਨੂੰ ਵਾਪਸ ਲੈਣ ਬਾਰੇ ਆਮ ਸਹਿਮਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਵਿਚਾਰ-ਵਟਾਂਦਰਾ ਸੁਖਾਵੇਂ ਮਾਹੌਲ ਵਿੱਚ ਹੋਇਆ ਅਤੇ ਕੇਂਦਰੀ ਮੰਤਰੀਆਂ ਨੇ ਕਿਸਾਨਾਂ ਦੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਸਿਧਾਂਤਕ ਤੌਰ ‘ਤੇ ਪ੍ਰਵਾਨਗੀ ਦੇ ਦਿੱਤੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਨਕਲੀ ਬੀਜਾਂ ਦੇ ਉਤਪਾਦਕਾਂ ਵਿਰੁੱਧ ਮਿਸਾਲੀ ਸਜ਼ਾ ਦੀ ਮੰਗ ਕੀਤੀ ਗਈ ਤਾਂ ਜੋ ਅਨਾਜ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ।

CM ਮਾਨ ਨੇ ਕਿਸਾਨਾਂ ਦੇ ਮਸਲੇ ਜ਼ੋਰਦਾਰ ਢੰਗ ਨਾਲ ਪੇਸ਼ ਕਰਦੇ ਹੋਏ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰੱਖਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਮਹਿਫੂਜ਼ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਵਾਪਸ ਲੈਣਾ ਸਿਰਫ਼ ਉਨ੍ਹਾਂ ਅਰਥ ਸ਼ਾਸਤਰੀਆਂ ਦੀਆਂ ਕਿਆਸਅਰਾਈਆਂ ਹਨ ਜੋ ਜ਼ਮੀਨੀ ਹਕੀਕਤਾਂ ਦੀ ਪਰਵਾਹ ਕੀਤੇ ਬਿਨਾਂ ਕੌਮੀ ਰਾਜਧਾਨੀ ਵਿੱਚ ਆਪਣੇ ਆਰਾਮਦਾਇਕ ਦਫ਼ਤਰਾਂ ਵਿੱਚ ਬੈਠੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਨੂੰ ਬੰਦ ਕਰਨ ਦਾ ਅਜਿਹਾ ਕੋਈ ਵੀ ਕਦਮ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਖਤਰੇ ਵਿੱਚ ਪਾਵੇਗਾ ਅਤੇ ਕਿਸੇ ਤਰ੍ਹਾਂ ਦੇਸ਼ ਦੇ ਹਿੱਤ ਵਿੱਚ ਨਹੀਂ ਹੋਵੇਗਾ।

ਇੱਕ ਹੋਰ ਮੁੱਦੇ ‘ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਦੇਸ਼ ਵਿੱਚ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਲਈ ਵੀ ਜ਼ੋਰ ਦਿੱਤਾ ਕਿਉਂਕਿ ਇਹ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗਾ।

ਉਨ੍ਹਾਂ ਕਿਹਾ ਕਿ ਭਾਰਤ ਮੌਜ਼ੰਬੀਕ ਆਦਿ ਦੇਸ਼ਾਂ ਤੋਂ ਦਾਲਾਂ ਦੀ ਦਰਾਮਦ ਕਰਦਾ ਹੈ ਜਦਕਿ ਜੇਕਰ ਕਿਸਾਨਾਂ ਨੂੰ ਲਾਹੇਵੰਦ ਭਾਅ ਮਿਲੇ ਤਾਂ ਉਹ ਇਨ੍ਹਾਂ ਦਾਲਾਂ ਦਾ ਉਤਪਾਦਨ ਇੱਥੇ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਦੇਸ਼ ਦੀ ਬੱਚਤ ਹੋਣ ਦੇ ਨਾਲ-ਨਾਲ ਕਿਸਾਨਾਂ ਨੂੰ ਝੋਨੇ ਦੇ ਚੱਕਰ ‘ਚੋਂ ਬਾਹਰ ਕੱਢਣ ਦੇ ਨਾਲ-ਨਾਲ ਸੂਬੇ ਦੇ ਕੀਮਤੀ ਪਾਣੀ ਦੀ ਵੀ ਬਚਤ ਹੋਵੇਗੀ।

ਕਿਸਾਨਾਂ ਦੇ ਮਸਲਿਆਂ ਨੂੰ ਵਿਚਾਰਨ ਲਈ ਗੱਲਬਾਤ ਕਰਨ ਵਾਸਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਦਿਆਂ ਦੇ ਹੱਲ ਲਈ ਇਹ ਸਹੀ ਅਤੇ ਢੁਕਵਾਂ ਮੰਚ ਹੈ। ਉਨ੍ਹਾਂ ਕਿਹਾ ਕਿ ਅਸੀਂ ਵੀ ਨਹੀਂ ਚਾਹੁੰਦੇ ਕਿ ਇਨ੍ਹਾਂ ਮੁੱਦਿਆਂ ‘ਤੇ ਅੰਦੋਲਨ ਹੋਵੇ, ਸਗੋਂ ਇਨ੍ਹਾਂ ਮੁੱਦਿਆਂ ਨੂੰ ਦੁਵੱਲੀ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਅਤੇ ਲੋਕਾਂ ਦੇ ਵਡੇਰੇ ਹਿੱਤਾਂ ਵਿੱਚ ਅਜਿਹੀਆਂ ਹੋਰ ਵੀ ਵਿਚਾਰ-ਚਰਚਾਵਾਂ ਹੋਣਗੀਆਂ।

LEAVE A REPLY

Please enter your comment!
Please enter your name here