ਭੁਪਿੰਦਰ ਸਿੰਘ ਹਨੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਹਨੀ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਹਨੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰ ਕੇ ਨਿਯਮਤ ਜ਼ਮਾਨਤ ਦੀ ਮੰਗ ਕੀਤੀ ਸੀ। ਵੀਰਵਾਰ ਨੂੰ ਜਸਟਿਸ ਅਰਵਿੰਦ ਸਾਂਗਵਾਨ ਨੇ ਹਨੀ ਐਂਡ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਬਿਪਿਨ ਘਈ ਦਾ ਪੱਖ ਸੁਣਨ ਤੋਂ ਬਾਅਦ ਭੁਪਿੰਦਰ ਸਿੰਘ ਹਨੀ ਨੇ ਦਾਇਰ ਇਸ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਦੱਸ ਦੇਈਏ ਕਿ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ 2018 ‘ਚ ਦਰਜ ਹੋਏ ਇਕ ਕੇਸ ‘ਚ ਈਡੀ ਨੇ ਭੁਪਿੰਦਰ ਸਿੰਘ ਹਨੀ ਖਿਲਾਫ਼ ਪਿਛਲੇ ਸਾਲ 30 ਨਵੰਬਰ ਨੂੰ ਕੇਸ ਦਰਜ ਕੀਤਾ ਸੀ। ਮਾਮਲੇ ਦੀ ਦੋ ਮਹੀਨਿਆਂ ਤੋਂ ਵੱਧ ਜਾਂਚ ਤੋਂ ਬਾਅਦ ਜਦੋਂ ਈਡੀ ਨੇ ਛਾਪੇਮਾਰੀ ਕੀਤੀ ਤਾਂ 10 ਕਰੋੜ ਰੁਪਏ ਸਮੇਤ ਕਈ ਹੋਰ ਦਸਤਾਵੇਜ਼ ਜ਼ਬਤ ਕਰ ਲਏ ਗਏ। ਇਸ ਤੋਂ ਬਾਅਦ ਈਡੀ ਨੇ 3 ਫਰਵਰੀ ਨੂੰ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫਤਾਰ ਕਰ ਲਿਆ ਸੀ।