ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ ਜਨਰਲ ਇਜਲਾਸ ਸ਼ੁਰੂ ਹੋ ਗਿਆ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਹਨ। ਇਜਲਾਸ ਵਿਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ਼ੋਕ ਮਤੇ ਪੜ੍ਹੇ।
ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਦੁਬਾਰਾ ਉਮੀਦਵਾਰ ਬਣਾਇਆ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਚੋਣ ਮੈਦਾਨ ਵਿਚ ਉਤਰਨ ਦਾ ਐਲਾਨ ਕੀਤਾ ਹੋਇਆ ਹੈ। ਬੀਬੀ ਜਗੀਰ ਕੌਰ ਤੇ ਹਰਜਿੰਦਰ ਸਿੰਘ ਧਾਮੀ ਇਸ ਪ੍ਰਧਾਨਗੀ ਲਈ ਆਹਮੋ ਸਾਹਮਣੇ ਹਨ।
ਸ਼੍ਰੋਮਣੀ ਕਮੇਟੀ ਦੇ 157 ਮੈਂਬਰਾਂ ਵਿਚੋਂ 79 ਵੋਟਾਂ ਪ੍ਰਧਾਨਗੀ ਦੀ ਚੋਣ ਜਿੱਤਣ ਲਈ ਚਾਹੀਦੀਆਂ ਹਨ। ਚੋਣਾਂ ਲਈ ਬੈਲਟ ਪੇਪਰ ਵੀ ਤਿਆਰ ਹਨ। ਜਾਣਕਾਰੀ ਅਨੁਸਾਰ ਇਜਲਾਸ ‘ਚ 146 ਮੈਂਬਰ ਹਾਜ਼ਰ ਹਨ। ਵੋਟਿੰਗ ਕਰਵਾਉਣ ਲਈ ਪ੍ਰਬੰਧ ਮੁਕੰਮਲ ਹੋ ਗਏ ਹਨ। ਕੁਝ ਸਮੇਂ ਬਾਅਦ ਸਮੂਹ ਮੈਂਬਰ ਵੋਟਾਂ ਪਾਉਣਗੇ। ਚੋਣ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਜਨਰਲ ਸਕੱਤਰ ਤੇ ਹੋਰ ਆਹੁਦੇਦਾਰਾਂ ਦੀ ਵੀ ਚੋਣ ਹੋਵੇਗੀ।