ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਇਆ ਗਿਆ ਗੁਰਮਤਿ ਸਮਾਗਮ

0
73
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਨੇੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਪ੍ਰਚਾਰਕ ਭਾਈ ਸਤਵੰਤ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਪ੍ਰਚਾਰਕ ਭਾਈ ਸਤਵੰਤ ਸਿੰਘ ਨੇ ਸੰਗਤਾਂ ਨਾਲ ਭਗਤ ਨਾਮਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਸਾਂਝ ਪਾਈ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਦਾ ਜੀਵਨ ਕਿਰਤ ਕਰਨ ਅਤੇ ਨਾਮ ਸਿਮਰਨ ਦੀ ਪ੍ਰੇਰਣਾ ਦਿੰਦਾ ਹੈ। ਭਗਤ ਨਾਮਦੇਵ ਜੀ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਵਿੱਚੋਂ ਰੱਬੀ ਅਤੇ ਮਨੁੱਖੀ ਏਕਤਾ ਦੀ ਸੇਧ ਮਿਲਦੀ ਹੈ। ਉਨ੍ਹਾਂ ਸੰਗਤਾਂ ਨੂੰ ਭਗਤ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਮਲਕੀਤ ਸਿੰਘ ਬਹਿੜਵਾਲ, ਸ. ਮੇਜਰ ਸਿੰਘ, ਸ. ਬਗੀਚਾ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਜੱਫਰਵਾਲ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here