ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਮਨੀ ਲਾਂਡਰਿੰਗ ਮਾਮਲੇ ਵਿੱਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਤੋਂ ਦਿੱਲੀ ਵਿੱਚ ਪੁੱਛਗਿੱਛ ਕਰ ਰਹੀ ਹੈ। ਹੁੱਡਾ ‘ਤੇ ਜਦੋਂ ਉਹ ਮੁੱਖ ਮੰਤਰੀ ਸਨ ਉਦੋਂ ਗੁੜਗਾਓਂ ਦੇ ਨਾਲ ਲੱਗਦੇ ਮਾਨੇਸਰ ‘ਚ ਪ੍ਰਾਈਵੇਟ ਬਿਲਡਰਾਂ ਨੂੰ ਲਾਭ ਦੇਣ ਦਾ ਦੋਸ਼ ਹੈ।
ਇਸ ਤੋਂ ਪਹਿਲਾਂ ਈਡੀ ਦੀ ਟੀਮ ਨੇ ਹਰਿਆਣਾ ਦੇ ਮਾਨੇਸਰ ਵਿੱਚ ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਦੂਜੀ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਸੀ। ਈਡੀ ਨੇ ਚਾਰਜਸ਼ੀਟ ਵਿੱਚ ਕਈ ਵੱਡੇ ਬਿਲਡਰਾਂ ਦੇ ਨਾਂ ਵੀ ਸ਼ਾਮਲ ਕੀਤੇ ਹਨ। ਇਸ ਪੂਰੇ ਮਾਮਲੇ ‘ਚ ਸਭ ਤੋਂ ਖਾਸ ਗੱਲ ਇਹ ਹੈ ਕਿ ਗੁਰੂਗ੍ਰਾਮ ਪੁਲਸ ਅਤੇ ਬਾਅਦ ‘ਚ ਸੀਬੀਆਈ ਵੱਲੋਂ ਦਰਜ ਐੱਫਆਈਆਰ ਤੋਂ ਬਾਅਦ ਈਡੀ ਨੇ ਆਪਣੀ ਜਾਂਚ ਸ਼ੁਰੂ ਕੀਤੀ ਸੀ।
ਸੀਬੀਆਈ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਸਮੇਤ 34 ਲੋਕਾਂ ਨੂੰ ਮੁਲਜ਼ਮ ਬਣਾਇਆ ਸੀ। ਜਿਸ ਤੋਂ ਬਾਅਦ ਈਡੀ ਨੇ ਇਸ ਵਿੱਚ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਸੀ। ਹੁਣ ਤੱਕ 108.79 ਕਰੋੜ ਰੁਪਏ ਦੀਆਂ ਜਾਇਦਾਦਾਂ ਵੀ ਅਟੈਚ ਕੀਤੀਆਂ ਜਾ ਚੁੱਕੀਆਂ ਹਨ।