ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕਪੂਰਥਲਾ ਦੇ ਐਡੀਸ਼ਨਲ ਸ਼ੈਸ਼ਨ ਜੱਜ ਰਾਕੇਸ਼ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਫੈਸਲਾ ਹਾਈਕੋਰਟ ਦੀ ਕਾਰਜਕਾਰੀ ਚੀਫ ਜਸਟਿਸ ਰਿਤੂ ਬਾਹਰੀ ਦੀ ਅਗਵਾਈ ਵਿੱਚ ਫੁੱਲ ਕੋਰਟ ਮੀਟਿੰਗ ਵਿੱਚ ਲਿਆ ਗਿਆ ਹੈ। ਮੁਅੱਤਲੀ ਦੌਰਾਨ ਰਾਕੇਸ਼ ਕੁਮਾਰ ਨੂੰ ਮਾਨਸਾ ਮੁੱਖ ਦਫਤਰ ਵਿੱਚ ਰਿਪੋਰਟ ਕਰਨੀ ਹੋਵੇਗੀ ਅਤੇ ਮਾਨਸਾ ਸ਼ੈਸ਼ਨ ਜੱਜ ਦੀ ਪ੍ਰਵਾਨਗੀ ਤੋਂ ਬਿਨਾਂ ਬਾਹਰ ਜਾਣ ਦੀ ਛੋਟ ਨਹੀਂ ਹੋਵੇਗੀ।
ਹਾਈਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਰਿਤੂ ਬਾਹਰੀ ਤੇ ਹਾਈ ਕੋਰਟ ਦੇ ਹੋਰਨਾਂ ਜੱਜਾਂ ਦੀ ਮੁਕੰਮਲ ਬੈਂਚ ਦੀ ਬੈਠਕ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਦੇ ਰਾਜਪਾਲ ਨੇ ਹਾਈ ਕੋਰਟ ਦੀ ਸਿਫ਼ਾਰਸ਼ ’ਤੇ ਫ਼ਾਜ਼ਿਲਕਾ ਦੇ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨਲ ਪ੍ਰਦੀਪ ਸਿੰਘਲ ਨੂੰ ਬਰਖ਼ਾਸਤ ਕਰ ਦਿੱਤਾ ਹੈ। ਰਜਿਸਟਰਾਰ ਵਿਜੀਲੈਂਸ ਨੇ ਉਨ੍ਹਾਂ ਖ਼ਿਲਾਫ਼ ਜਾਂਚ ਕੀਤੀ ਸੀ ਤੇ ਜਾਂਚ ਤੋਂ ਬਾਅਦ ਮੁਕੰਮਲ ਬੈਂਚ ਨੂੰ ਆਪਣੀ ਰਿਪੋਰਟ ਸੌਂਪੀ ਸੀ। ਇਸੇ ਰਿਪੋਰਟ ਦੇ ਆਧਾਰ ’ਤੇ ਹਾਈ ਕੋਰਟ ਨੇ ਰਾਜਪਾਲ ਨੂੰ ਸਿਫ਼ਾਰਸ਼ ਸੌਂਪੀ ਸੀ।