Home Blog Page 1828

ਅਰੁਣਾਚਲ ਪ੍ਰਦੇਸ਼ ‘ਚ ਆਇਆ ਭੂਚਾਲ, ਰਿਕਟਰ ਪੈਮਾਨੇ ‘ਤੇ 3.8 ਤੀਬਰਤਾ

0

ਅਰੁਣਾਚਲ ਪ੍ਰਦੇਸ਼ ‘ਚ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਮਹਾਰਾਸ਼ਟਰ ਤੋਂ ਬਾਅਦ ਅੱਜ ਅਰੁਣਾਚਲ ਪ੍ਰਦੇਸ਼ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਅਰੁਣਾਚਲ ਪ੍ਰਦੇਸ਼ ‘ਚ ਬੁੱਧਵਾਰ ਸਵੇਰੇ 7.15 ਵਜੇ ਭੂਚਾਲ ਆਇਆ। ਭੂਚਾਲ ਦੇ ਝਟਕੇ ਅਰੁਣਾਚਲ ਪ੍ਰਦੇਸ਼ ਦੇ ਬਾਸਰ ਤੋਂ 58 ਕਿਲੋਮੀਟਰ ਉੱਤਰ-ਪੱਛਮ-ਉੱਤਰ ਵਿੱਚ ਮਹਿਸੂਸ ਕੀਤੇ ਗਏ।

ਕੇਂਦਰ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.8 ਮਾਪੀ ਗਈ ਹੈ। ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।

ਇਸ ਤੋਂ ਪਹਿਲਾਂ ਬੁੱਧਵਾਰ ਤੜਕੇ 4 ਵਜੇ ਮਹਾਰਾਸ਼ਟਰ ਦੇ ਨਾਸਿਕ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਭੂਚਾਲ ਦੀ ਤੀਬਰਤਾ 3.6 ਸੀ। ਭੂਚਾਲ ਨਾਸਿਕ ਤੋਂ 89 ਕਿਲੋਮੀਟਰ ਪੱਛਮ ਵੱਲ ਆਇਆ। ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 5 ਕਿਲੋਮੀਟਰ ਹੇਠਾਂ ਸੀ।

ਵਿਆਹ ‘ਚ ਹੋਈ ਫਾਇਰਿੰਗ, ਗੋਲੀ ਲੱਗਣ ਨਾਲ ਲਾੜੇ ਦੇ ਦੋਸਤ ਦੀ ਗਈ ਜਾਨ

0

ਬਿਹਾਰ: ਵਿਆਹ ‘ਚ ਹੋਈ ਫਾਇਰਿੰਗ ਨਾਲ ਲਾੜੇ ਦੇ ਦੋਸਤ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਬਿਹਾਰ ਦੇ ਬੇਗੂਸਰਾਏ ਜ਼ਿਲ੍ਹੇ ਦੇ ਬਲੀਆ ਥਾਣਾ ਖੇਤਰ ਵਿੱਚ ਇੱਕ ਵਿਆਹ ਦੇ ਰਿਸੈਪਸ਼ਨ ਸਮਾਰੋਹ ਦੌਰਾਨ ਹੋਈ ਫ਼ਾਇਰਿੰਗ ਦੌਰਾਨ ਲਾੜੇ ਦੇ ਦੋਸਤ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ।

ਬਲੀਆ ਥਾਣਾ ਮੁਖੀ ਅਭੈ ਸ਼ੰਕਰ ਨੇ ਦੱਸਿਆ ਕਿ ਗੋਲੀ ਚਲਾਉਣ ਵਾਲੇ ਦੀ ਪਛਾਣ ਕਰਨ ਲਈ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਦੀ ਮਦਦ ਲਈ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਖਗੜੀਆ ਜ਼ਿਲ੍ਹੇ ਦੇ ਰਵੀ ਕੁਮਾਰ ਵਜੋਂ ਹੋਈ ਹੈ। ਰਵੀ ਬਲੀਆ ਥਾਣਾ ਖੇਤਰ ਦੇ ਰਹਿਣ ਵਾਲੇ ਆਪਣੇ ਦੋਸਤ ਸੰਜੇ ਸ਼ਰਮਾ ਦੇ ਵਿਆਹ ਦੀ ਰਿਸੈਪਸ਼ਨ ‘ਚ ਸ਼ਾਮਲ ਹੋਣ ਆਇਆ ਸੀ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜ ਦਿੱਤਾ ਹੈ। ਜਦੋਂ ਰਵੀ ਲਾੜਾ-ਲਾੜੀ ਨਾਲ ਮੰਚ ‘ਤੇ ਸੀ ਤਾਂ ਕਿਸੇ ਨੇ ਲੜਕੀ ਦਾ ਸਵਾਗਤ ਕਰਨ ਲਈ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਦੌਰਾਨ ਇੱਕ ਗੋਲੀ ਰਵੀ ਦੀ ਛਾਤੀ ‘ਚ ਲੱਗੀ, ਅਤੇ ਉਸ ਦੀ ਮੌਤ ਹੋ ਗਈ।

ਪੰਜਾਬ ਪੁਲਿਸ ਸੂਬੇ ‘ਚ ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕੱਸਣ ਲਈ ਹਾਈਟੈਕ ਨਾਕਿਆਂ ਨੂੰ ਮੁੜ ਕਰੇਗੀ ਸੁਰਜੀਤ

0

ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਦੇ ਸਾਰੇ ਹਾਈਟੈਕ ਨਾਕਿਆਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ।

ਉਹਨਾਂ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਖਾਸ ਤੌਰ ’ਤੇ ਰਾਤ ਵੇਲੇ ਪੁਲਿਸ ਚੌਕੀਆਂ ਵਿੱਚ ਵਾਧਾ ਕਰਨ ਅਤੇ ਹਰੇਕ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ, ਜਿਸ ਨਾਲ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਦਰਮਿਆਨ ਇਸ ਤਰੀਕੇ ਨਾਲ ਤਾਲਮੇਲ ਕੀਤਾ ਜਾਣਾ ਚਾਹੀਦਾ ਹੈ ਕਿ ਕਿਸੇ ਵੀ ਘਟਨਾ ਦੀ ਸੂਚਨਾ ਮਿਲਣ ‘ਤੇ ਤੁਰੰਤ ਸਰਗਰਮ ਹੋ ਜਾਣ।

ਏਡੀਜੀਪੀ ਅਰਪਿਤ ਸ਼ੁਕਲਾ ਜਲੰਧਰ ਰੇਂਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਸਬੰਧੀ ਫਗਵਾੜਾ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਆਈ.ਜੀ.ਪੀ. ਜਲੰਧਰ ਰੇਂਜ ਗੁਰਸ਼ਰਨ ਸੰਧੂ ਅਤੇ ਐਸਐਸਪੀ ਕਪੂਰਥਲਾ ਨਵਨੀਤ ਬੈਂਸ ਵੀ ਹਾਜ਼ਰ ਸਨ।

ਉਨ੍ਹਾਂ ਸਮੂਹ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸਮਾਜ ਵਿਰੋਧੀ ਅਨਸਰਾਂ ’ਤੇ ਬਾਜ਼ ਅੱਖ ਰੱਖਣ ਅਤੇ ਚੌਕਸੀ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਮੀਟਿੰਗ ਦੌਰਾਨ ਅਮਨ-ਕਾਨੂੰਨ ਨਾਲ ਸਬੰਧਤ ਅਹਿਮ ਮਾਮਲਿਆਂ ਬਾਰੇ ਵੀ ਹਦਾਇਤਾਂ ਜਾਰੀ ਕੀਤੀਆਂ।

ਏ.ਡੀ.ਜੀ.ਪੀ. ਨੇ ਕਿਹਾ ਕਿ ਪੁਲਿਸ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਦਿਨ ਰਾਤ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ, ਰਾਜ ਵਿੱਚ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਵਿੱਚ ਕਾਫ਼ੀ ਸਫ਼ਲਤਾ ਮਿਲ ਰਹੀ ਹੈ।

ਵਿਜੀਲੈਂਸ ਨੇ ਵਣ ਗਾਰਡ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਕੀਤਾ ਕਾਬੂ

0

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜੰਗਲਾਤ ਵਿਭਾਗ ਦੇ ਵਣ ਗਾਰਡ ਇਕਬਾਲ ਸਿੰਘ, ਬੀਟ ਅਫਸਰ ਬੋਹਾ ਅਤੇ ਵਾਧੂ ਚਾਰਜ ਬਲਾਕ ਅਫਸਰ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 10, 000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ: ਜ਼ਿਲ੍ਹੇ ਦੇ ਪ੍ਰਾਇਮਰੀ ਹੈਲਥ ਸੈਂਟਰਾਂ ’ਚ ਸਥਾਪਤ ਕੀਤੇ ਜਾਣਗੇ 22 ਨਵੇਂ ਆਮ ਆਦਮੀ ਕਲੀਨਿਕ…

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਣ ਗਾਰਡ ਨੂੰ ਬਿੱਲੂ ਸਿੰਘ ਵਾਸੀ ਕਾਸਮਪੁਰ ਸ਼ੀਨਾ ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ ਦੀ ਸ਼ਿਕਾਇਤ ਉਤੇ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਬੱਕਰੀਆ ਚਾਰਨ ਅਤੇ ਮਿਹਨਤ ਮਜਦੂਰੀ ਕਰਦਾ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਿੱਲੂ ਸਿੰਘ ਨੇ ਦੱਸਿਆ ਕਿ ਕੁੱਝ ਮਹੀਨੇ ਪਹਿਲਾਂ ਬੀਟ ਬੋਹਾ ਦੇ ਵਣਗਾਰਡ ਇਕਬਾਲ ਸਿੰਘ ਨੇ ਉਸ ਉਪਰ ਸਰਕਾਰੀ ਟਾਹਲੀ ਚੋਰੀ ਲਾ ਕੇ 27, 000 ਰੁਪਏ ਦੇਣ ਲਈ ਕਿਹਾ। ਅਜਿਹਾ ਨਾ ਕਰਨ ਤੇ ਉਸ ਖਿਲਾਫ ਚੋਰੀ ਦਾ ਪਰਚਾ ਦਰਜ ਕਰਵਾ ਦਿੱਤਾ ਜਾਵੇਗਾ। ਉਸਨੇ ਇਹ ਵੀ ਦੱਸਿਆ ਕਿ ਸੌਦਾ 10, 000 ਰੁਪਏ ਵਿੱਚ ਤੈਅ ਹੋਇਆ ਹੈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਬਿਊਰੋ ਦੀ ਰੇਂਜ ਬਠਿੰਡਾ ਦੀ ਟੀਮ ਨੇ ਉਕਤ ਮੁਲਜਮ ਇਕਬਾਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 10, 000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਉਕਤ ਦੋਸ਼ੀ ਖਿਲਾਫ ਭ੍ਰਿਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਮੁਕੱਦਮਾਂ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਜ਼ਿਲ੍ਹੇ ਦੇ ਪ੍ਰਾਇਮਰੀ ਹੈਲਥ ਸੈਂਟਰਾਂ ’ਚ ਸਥਾਪਤ ਕੀਤੇ ਜਾਣਗੇ 22 ਨਵੇਂ ਆਮ ਆਦਮੀ ਕਲੀਨਿਕ : ਅਮਿਤ ਤਲਵਾੜ

0

ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਛੇਤੀ ਹੀ 22 ਨਵੇਂ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾਣਗੇ। ਇਨ੍ਹਾਂ ਨਵੇਂ ਕਲੀਨਿਕਾਨੰਕ ਸਥਾਪਿਤ ਕੀਤੇ ਜਾਣ ਸਬੰਧੀ ਮੁੱਢਲੀਆਂ ਤਿਆਰੀਆਂ ਦਾ ਜ਼ਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ, ਪੀ.ਡਬਲਿਊ.ਡੀ. , ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਪੁਰਾਣੇ ਬਣਾਏ ਗਏ ਆਮ ਆਦਮੀ ਕਲੀਨਿਕਾਂ ਤੋਂ ਇਲਾਵਾ 22 ਨਵੇਂ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਆਮ ਆਦਮੀ ਕਲੀਨਿਕ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਖੋਲੇ ਜਾਣਗੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮਜ਼, ਪੀ.ਡਬਲਿਊ.ਡੀ. ਵਿਭਾਗ ਨਾਲ ਸਬੰਧਤ ਐਕਸੀਅਨ ਅਤੇ ਐਸ.ਡੀ.ਓਜ਼ ਨੂੰ ਨਿੱਜੀ ਤੌਰ ਤੇ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਜਾ ਕੇ ਉਨ੍ਹਾਂ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾਣ ਲਈ ਲੋੜੀਂਦਾ ਫਰਨੀਚਰ, ਹੋਰ ਮੈਡੀਕਲ ਸਾਜੋ ਸਮਾਨ, ਬਿਲਡਿੰਗ ਦੀ ਰਿਪੇਅਰ ਸਬੰਧੀ ਇੱਕ ਵਿਸਥਾਰਕ ਰਿਪੋਰਟ ਤਿਆਰ ਕਰਕੇ ਤਿੰਨ ਦਿਨਾਂ ਦੇ ਅੰਦਰ-ਅੰਦਰ ਪੇਸ਼ ਕਰਨ ਦੀ ਹਦਾਇਤ ਕੀਤੀ ਤਾਂ ਜੋ ਛੇਤੀ ਹੀ ਕੰਮ ਸ਼ੁਰੂ ਕਰਵਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 31 ਦਸੰਬਰ 2022 ਤੱਕ ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਨੂੰ ਤਿਆਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਜਿਨ੍ਹਾਂ ਸਰਕਾਰੀ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਇਹ ਨਵੇਂ 22 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ ਉਨ੍ਹਾਂ ਵਿੱਚ ਬੂਥਗੜ੍ਹ, ਪਲਹੇੜੀ, ਖਿਜ਼ਰਾਬਾਦ, ਪੰਡਵਾਲਾ, ਖਿਜ਼ਰਗੜ੍ਹ, ਲਾਂਡਰਾ, ਬਿਸੌਲੀ , ਮਜਾਤ, ਚੰਦੋ, ਮੁੱਲਾਪੁਰ, ਪਾਪੜੀ, ਸਹੌੜਾ, ਫੇਜ਼-1, ਫੇਜ਼-3ਬੀ-1, ਫੇਜ਼-7, ਫੇਜ਼-9, ਫੇਜ਼ -11, ਘੜੂੰਆਂ, ਮੁੰਡੀ ਖਰੜ, ਬਲਟਾਣਾ, ਪ੍ਰੀਤ ਕਾਲੋਨੀ ਜੀਰਕਪੁਰ ਅਤੇ ਨਵਾਂ ਗਾਓ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਥੇ ਇਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨੀਕਲ ਸਹਾਇਕ ਅਤੇ ਹੈਲਪਰ ਸਮੇਤ ਚਾਰ ਅਧਿਕਾਰੀਆਂ/ਕਰਮਚਾਰੀਆਂ ਦਾ ਸਟਾਫ਼ ਤਾਇਨਾਤ ਕਰਨ ਤੋਂ ਇਲਾਵਾ 41 ਤਰ੍ਹਾਂ ਦੇ ਡਾਕਟਰੀ ਟੈਸਟ ਮੁਫ਼ਤ ਕੀਤੇ ਜਾਣਗੇ ਅਤੇ ਹੋਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਮੋਹਾਲੀ ਦੇ ਐਸ.ਡੀ.ਐਮ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ ਖਰੜ ਸ੍ਰੀ ਰਵਿੰਦਰ ਸਿੰਘ, ਐਸ.ਡੀ.ਐਮ ਡੇਰਾਬਸੀ ਸ੍ਰੀ ਹਿੰਮਾਂਸੂ ਗੁਪਤਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰਿਸ ਡੋਗਰਾ, ਐਸ.ਐਮ.ਓਜ਼, ਈ.ਓਜ਼ ਅਤੇ ਕਾਰਜਕਾਰੀ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।

ਸਾਲਾਨਾ ਸਮਾਗਮ ‘ਚ ਦਾਦਾ-ਦਾਦੀ ਦੀ ਐਂਟਰੀ ਬੈਨ ਕਰਨ ਵਾਲੇ ਸਕੂਲ ਨੂੰ ਨੋਟਿਸ ਕੀਤਾ ਜਾਰੀ

0

ਪੰਜਾਬ ਰਾਜ ਦੇ ਸਕੂਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦੇ ਮੋਹਨਪੁਰ ਵਿਚ ਸਥਿਤ ਇਕ ਨਿੱਜੀ ਸਕੂਲ ਗ੍ਰੀਨ ਗਰੋਵ ਪਬਲਿਕ ਸਕੂਲ ਨੂੰ ਸਾਲਾਨਾ ਸਮਾਗਮ ਵਿੱਚ ਦਾਦਾ ਦਾਦੀ ਦੀ ਐਂਟਰੀ ਬੈਨ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਮਿਤੀ 20-11-2022 ਨੂੰ ਕਰਵਾਏ ਗਏ ਸਾਲਾਨਾ ਸਮਾਗਮ ਵਿਚ ਕੇਵਲ ਮਾਪਿਆ ਨੂੰ ਹੀ ਬੁਲਾਇਆ ਗਿਆ ਸੀ ਅਤੇ ਸਾਲਾਨਾ ਸਮਾਗਮ ਦੇ ਕਾਰਡ ਨਾਲ ਵਿਦਿਆਥੀਆਂ ਦੇ ਮਾਪਿਆ ਲਈ ਨੱਥੀ ਸਲਿੱਪ ਰਾਹੀਂ ਸਮਾਗਮ ਵਿੱਚ ਦਾਦਾ ਦਾਦੀ ਦੀ ਐਂਟਰੀ ਦੀ ਮਨਾਹੀ ਕੀਤੀ ਗਈ ਸੀ, ਜੋ ਕਿ ਸਾਡੇ ਸਤਿਕਾਰਤ ਬਜ਼ੁਰਗਾਂ ਪ੍ਰਤੀ ਅਨਾਦਰ ਦੀ ਭਾਵਨਾ ਦਰਸਾਉਦਾ ਹੈ।

ਸ. ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਸ ਸਬੰਧੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਹਰਕਤ ਕੋਈ ਹੋਰ ਨਿੱਜੀ ਸਕੂਲ ਨਾ ਕਰ ਸਕੇ।

ਵਿਭਾਗ ਵੱਲੋਂ ਇਸ ਮਾਮਲੇ ਸਬੰਧੀ ਸਬੰਧਤ ਸਕੂਲ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਲੁਧਿਆਣਾ ਰਾਹੀ ਇਸ ਦਫਤਰ ਨੂੰ ਸਪਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਹਨ।

ਵਿਜੀਲੈਂਸ ਵੱਲੋਂ ਲੁਧਿਆਣਾ ਟੈਂਡਰ ਘੁਟਾਲੇ ‘ਚ 2 ਅਧਿਕਾਰੀ ਗ੍ਰਿਫਤਾਰ

0

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ ਵਿੱਚ ਸ਼ਾਮਲ ਦੋ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰਾਂ (ਡੀਐਫਐਸਸੀ) ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਸਮੇਤ ਪੰਕਜ ਕੁਮਾਰ ਉਰਫ ਮੀਨੂ ਮਲਹੋਤਰਾ ਅਤੇ ਇੰਦਰਜੀਤ ਸਿੰਘ ਉਰਫ ਇੰਦੀ, ਦੋਵੇਂ ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਹਾਇਕ, ਨੂੰ ਭਗੌੜਾ ਕਰਾਰ ਦੇਣ ਵਿਰੁੱਧ ਅਦਾਲਤੀ ਕਾਰਵਾਈ ਅਰੰਭ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ, ਸੰਦੀਪ ਭਾਟੀਆ ਅਤੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕਾਂ/ਭਾਈਵਾਲਾਂ ਸਮੇਤ ਪੰਜਾਬ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਅਨਾਜ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰ ਅਲਾਟ ਕਰਨ ਲਈ ਸਬੰਧਤ ਖਰੀਦ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੇ ਵਿਰੁੱਧ ਐਫਆਈਆਰ ਨੰਬਰ 11 ਮਿਤੀ 16-08-2022, ਆਈਪੀਸੀ ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 12, 13(2) ਤਹਿਤ ਪਹਿਲਾਂ ਹੀ ਕੇਸ ਦਰਜ ਕੀਤਾ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਮੁਲਜ਼ਮ ਤੇਲੂ ਰਾਮ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਕ੍ਰਿਸ਼ਨ ਲਾਲ ਧੋਤੀਵਾਲਾ ਅਤੇ ਅਨਿਲ ਜੈਨ (ਦੋਵੇਂ ਆੜਤੀਏ) ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਅਤੇ ਨਿਆਂਇਕ ਹਿਰਾਸਤ ਵਿੱਚ ਹਨ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ ਅਤੇ ਕ੍ਰਿਸ਼ਨ ਲਾਲ ਵਿਰੁੱਧ ਲੁਧਿਆਣਾ ਦੀ ਸਮਰੱਥ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ਦੀ ਤਫਤੀਸ਼ ਦੌਰਾਨ ਵਿਜੀਲੈਂਸ ਬਿਊਰੋ ਨੇ ਅੱਜ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚ ਸੁਖਵਿੰਦਰ ਸਿੰਘ ਗਿੱਲ ਤਤਕਾਲੀ ਡੀਐਫਐਸਸੀ ਲੁਧਿਆਣਾ ਪੱਛਮੀ ਅਤੇ ਹਰਵੀਨ ਕੌਰ ਤਤਕਾਲੀ ਡੀਐਫਐਸਸੀ ਲੁਧਿਆਣਾ ਪੂਰਬੀ ਸਨ ਜੋ ਇਸ ਸਮੇਂ ਸੁਖਵਿੰਦਰ ਸਿੰਘ ਗਿੱਲ ਡੀਐਫਐਸਸੀ ਫਰੀਦਕੋਟ ਅਤੇ ਹਰਵੀਨ ਕੌਰ ਡੀਐਫਐਸਸੀ ਜਲੰਧਰ ਤਾਇਨਾਤ ਹਨ।

ਉਨ੍ਹਾਂ ਕਿਹਾ ਕਿ ਉਕਤ ਟੈਂਡਰਾਂ ਦੀ ਅਲਾਟਮੈਂਟ ਸਮੇਂ ਇਹ ਦੋਸ਼ੀ ਜ਼ਿਲ੍ਹਾ ਟੈਂਡਰ ਕਮੇਟੀ ਦੇ ਮੈਂਬਰ/ਕਨਵੀਨਰ ਸਨ। ਉਹ ਕਮੇਟੀ ਦੇ ਹੋਰ ਮੈਂਬਰਾਂ ਦੇ ਨਾਲ ਟੈਂਡਰਾਂ ਨਾਲ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਕਰਨ ਲਈ ਜ਼ਿੰਮੇਵਾਰ ਸਨ, ਜਿਸ ਵਿੱਚ ਟਰਾਂਸਪੋਰਟ ਵਾਹਨਾਂ ਦੀ ਸੂਚੀ ਵੀ ਸ਼ਾਮਲ ਸੀ ਪਰ ਉਨ੍ਹਾਂ ਨੇ ਜਾਣਬੁੱਝ ਕੇ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਤਸਦੀਕ ਨਹੀਂ ਕਰਵਾਈ ਕਿਉਂਕਿ ਵਾਹਨਾਂ ਦੀ ਨੱਥੀ ਸੂਚੀ ਵਿੱਚ ਸਕੂਟਰਾਂ, ਮੋਟਰਸਾਈਕਲਾਂ ਆਦਿ ਦੇ ਨੰਬਰ ਲਿਖੇ ਗਏ ਸਨ। ਉਨ੍ਹਾਂ ਕਿਹਾ ਕਿ ਠੇਕੇਦਾਰਾਂ ਵੱਲੋਂ ਗਲਤ ਦਸਤਾਵੇਜ਼ ਪੇਸ਼ ਕਰਨ ਦੇ ਬਾਵਜੂਦ ਉਪਰੋਕਤ ਅਧਿਕਾਰੀਆਂ ਨੇ ਆਪਣੇ ਚਹੇਤੇ ਵਿਅਕਤੀਆਂ/ਠੇਕੇਦਾਰਾਂ ਤੋਂ ਰਿਸ਼ਵਤ ਲੈ ਕੇ ਟੈਂਡਰ ਅਲਾਟ ਕਰ ਦਿੱਤੇ।

ਬੁਲਾਰੇ ਨੇ ਅੱਗੇ ਦੱਸਿਆ ਕਿ ਤਫਤੀਸ਼ ਅਨੁਸਾਰ ਸੁਖਵਿੰਦਰ ਸਿੰਘ ਡੀਐਫਐਸਸੀ ਨੇ 2 ਲੱਖ ਰੁਪਏ ਅਤੇ ਇੱਕ ਆਈਫੋਨ ਰਿਸ਼ਵਤ ਵਜੋਂ ਲਿਆ ਸੀ ਅਤੇ ਹਰਵੀਨ ਕੌਰ ਡੀਐਫਐਸਸੀ ਨੇ ਮੁਲਜ਼ਮ ਤੇਲੂ ਰਾਮ ਠੇਕੇਦਾਰ ਤੋਂ ਠੇਕੇਦਾਰਾਂ/ਟੈਂਡਰਰਾਂ ਦਾ ਪੱਖ ਪੂਰਨ ਲਈ 3 ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬਿਉਰੋ ਵੱਲੋਂ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਪੰਜਾਬ ਸਰਕਾਰ ਮੁਹਾਲੀ ਦੇ ਸੁੰਦਰੀਕਰਨ ਤੇ ਵਿਕਾਸ ਕਾਰਜਾਂ ‘ਤੇ ਖਰਚੇਗੀ 11.21 ਕਰੋੜ ਰੁਪਏ: ਇੰਦਰਬੀਰ ਸਿੰਘ ਨਿੱਜਰ

0

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੁਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਇਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ. ਨਗਰ (ਮੁਹਾਲੀ) ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਤਕਰੀਬਨ 11.21 ਕਰੋੜ ਰੁਪਏ ਦਾ ਖਰਚਾ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸਬੰਧ ਵਿਚ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਵਿਚ ਮੁਹਾਲੀ ਦੇ ਜੋਨ-1 ਅਤੇ 2 ਅਧੀਨ ਸਥਿਤ ਵੱਖ-ਵੱਖ ਟਾਇਲਟ ਬਲਾਕਾਂ ਦੇ ਸੰਚਾਲਨ ਅਤੇ ਰੱਖ-ਰਖਾਅ ਦਾ ਕੰਮ ਕੀਤੇ ਜਾਣਗੇ। ਇਸੇ ਤਰ੍ਹਾਂ ਹੀ ਜੋਨ-3 ਅਤੇ 4 ਵਿਚ ਸਥਿਤ ਟਾਇਲਟ ਬਲਾਕਾਂ ਦੇ ਸੰਚਾਲਨ ਅਤੇ ਰੱਖ-ਰਖਾਅ ਦੇ ਕੰਮ ਵੀ ਕੀਤੇ ਜਾਣਗੇ।

ਇਸ ਤੋਂ ਇਲਾਵਾ ਮੁਹਾਲੀ ਦੇ ਜ਼ੋਨ-1 ਅਤੇ ਜੋਨ- 2 ਲਈ ਹੈਵੀ ਮਸ਼ੀਨ ਵਹੀਕਲ ਨਾਲ ਰੁੱਖਾਂ ਦੀ ਕਟਾਈ ਲਈ ਮੈਨ ਪਲੇਟਫਾਰਮ ਮੁਹੱਈਆ ਕਰਵਾਉਣ, ਸੈਕਟਰ-70 ਦੇ ਵਾਰਡ ਨੰਬਰ- 34 ਵਿਖੇ ਵੱਖ-ਵੱਖ ਥਾਵਾਂ ਤੇ ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਅਤੇ ਮੁਹਾਲੀ ਦੇ ਜੋਨ- 2 ਵਿਚ ਵੱਖ-ਵੱਖ ਵਾਰਡਾਂ ਵਿਖੇ ਪੈਚ ਵਰਕ/ਰਿਪੇਅਰ ਦਾ ਕੰਮ ਵੀ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਹਨਾਂ ਕੰਮਾਂ ਤੋਂ ਇਲਾਵਾ ਗੁਰੂ ਰਵਿਦਾਸ ਗਰਾਉਂਡ ਫੇਸ 7 ਵਿਖੇ ਅੰਬੇਡਕਰ ਲਾਇਬ੍ਰੇਰੀ ਦਾ ਨਿਰਮਾਣ ਕਰਨਾ ਅਤੇ ਐਸ.ਏ.ਐਸ.ਨਗਰ ਦੀ ਲਾਇਬ੍ਰੇਰੀ ਵਿੱਚ ਸਪਲਿਟ ਏਅਰ ਕੰਡੀਸ਼ਨਰਾਂ ਅਤੇ ਹੋਰ ਇਲੈਕਟ੍ਰੀਕਲ ਕੰਮਾਂ ਦੀ ਸਪਲਾਈ/ਇੰਸਟਾਲੇਸ਼ਨ ਆਦਿ ਕੰਮਾਂ ਨੂੰ ਕੀਤਾ ਜਾਵੇਗਾ। ਉਹਨਾਂ ਨੇ ਦੱਸਿਆ ਕਿ ਮਿੰਨੀ ਸੁਪਰ ਚੂਸਣ ਮਸ਼ੀਨ ਅਤੇ ਸੀਵਰ ਜੈਟਿੰਗ ਮਸ਼ੀਨ ਦੇ ਸੰਚਾਲਨ ਅਤੇ ਰੱਖ-ਰਖਾਅ ਦਾ ਕੰਮ ਵੀ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣਾ ਅਤੇ ਉਹਨਾਂ ਦਾ ਜੀਵਨ ਬਿਹਤਰ ਤੇ ਸੁਖਾਲਾ ਬਣਾਉਣਾ ਹੀ ਮੁੱਖ ਤਰਜੀਹ ਹੈ।

ਉਹਨਾਂ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਹਨਾਂ ਕੰਮਾਂ ਲਈ ਪੰਜਾਬ ਸਰਕਾਰ ਦੀ ਵੈਬਸਾਈਟ www.eproc.punjab.gov.in ‘ਤੇ ਪਹਿਲਾਂ ਹੀ ਈ-ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਉਹਨਾਂ ਨੇ ਇਹ ਵੀ ਦੱਸਿਆ ਕਿ ਜੇਕਰ ਇਹਨਾਂ ਟੈਂਡਰਾਂ ਵਿਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਇਸਦਾ ਵੇਰਵਾ ਇਸੇ ਹੀ ਵੈਬਸਾਈਟ ਤੇ ਉਪਲਬਧ ਹੋਵੇਗਾ।

ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਸ ਲਈ ਉਹਨਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣੀ ਯਕੀਨੀ ਬਣਾਈ ਜਾਵੇ।

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਦੀ ਰੂਪ ਰੇਖਾ ਉਲੀਕੀ

0

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਦੀ ਰੂਪ-ਰੇਖਾ ਉਲੀਕਦਿਆਂ ਇਸ ਲਹਿਰ ਨੂੰ ਦੇਸ਼ ਦੇ ਕੋਨੇ ਕੋਨੇ ਤੱਕ ਫੈਲਾਉਣ ਦਾ ਫੈਸਲਾ ਕੀਤਾ ਗਿਆ। ਲੰਘੀ 9 ਨਵੰਬਰ ਨੂੰ ਨਵੀਂ ਚੁਣੀ ਗਈ ਕਾਰਜਕਾਰਨੀ ਕਮੇਟੀ ਦੀ ਇਹ ਪਲੇਠੀ ਬੈਠਕ ਸੀ, ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ।

ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 1 ਦਸੰਬਰ 2022 ਤੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਰਗਰਮ ਮੁਹਿੰਮ ਅੱਗੇ ਵਧਾਈ ਜਾਵੇਗੀ। ਇਸ ਤਹਿਤ ਬੰਦੀ ਸਿੰਘਾਂ ਦੇ ਕੇਸਾਂ ਅਤੇ ਭੁਗਤੀਆਂ ਸਜ਼ਾਵਾਂ ਬਾਰੇ ਸੰਗਤ ਨੂੰ ਜਾਗਰੂਕਤਾ ਦੇ ਨਾਲ-ਨਾਲ ਪ੍ਰੋਫਾਰਮੇ ਭਰਵਾਏ ਜਾਣਗੇ। ਇਸ ਲਹਿਰ ਨੂੰ ਦੇਸ਼ ਵਿਆਪੀ ਬਣਾਉਣ ਲਈ ਪੰਜਾਬ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨਾਂ ਅਤੇ ਗੁਰਦੁਆਰਾ ਕਮੇਟੀਆਂ ਰਾਹੀਂ ਵੱਖ-ਵੱਖ ਸੂਬਿਆਂ ਤੱਕ ਪਹੁੰਚ ਬਣਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਕੇਂਦਰ ਸ਼੍ਰੋਮਣੀ ਕਮੇਟੀ ਦਫ਼ਤਰ ਹੋਵੇਗਾ, ਜਦਕਿ ਪੰਜਾਬ ਦੇ ਹਰ ਜ਼ਿਲ੍ਹੇ ਅਤੇ ਪੰਜਾਬ ਤੋਂ ਬਾਹਰ ਸਿੱਖ ਮਿਸ਼ਨਾਂ ਵਿਖੇ ਸਬ-ਕੇਂਦਰ ਸਥਾਪਤ ਕੀਤੇ ਜਾਣਗੇ। ਖ਼ਾਸਕਰ ਪੰਜਾਬ ਅੰਦਰ ਗੁਰਦੁਆਰਾ ਸਾਹਿਬਾਨਾਂ, ਵਿੱਦਿਅਕ ਅਦਾਰਿਆਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਸ਼ਹਿਰਾਂ-ਕਸਬਿਆਂ ਦੇ ਅਹਿਮ ਚੌਰਾਹਿਆਂ ’ਤੇ ਕੈਂਪ ਲਗਾ ਕੇ ਪ੍ਰੋਫਾਰਮੇ ਭਰੇ ਜਾਣਗੇ। ਐਡਵੋਕੇਟ ਧਾਮੀ ਨੇ ਦੱਸਿਆ ਕਿ ਪ੍ਰੋਫਾਰਮੇ ਭਰਵਾਉਣ ਦਾ ਕੰਮ ਮੁਕੰਮਲ ਕਰਨ ਬਾਅਦ ਚੰਡੀਗੜ੍ਹ ਵਿਖੇ ਸਮੁੱਚੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਇਕ ਦਿਨਾਂ ਰੋਸ ਧਰਨਾ ਹੋਵੇਗਾ ਅਤੇ ਸਾਰੇ ਪ੍ਰੋਫਾਰਮੇ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰੋਫਾਰਮੇ ਭਰਵਾਉਣ ਦੌਰਾਨ ਨਾਲੋ-ਨਾਲ ਸਾਰਾ ਰਿਕਾਰਡ ਲਿਖਤੀ ਤੇ ਡਿਜੀਟਲ ਰੂਪ ਵਿਚ ਸੰਭਾਲਣ ਦਾ ਕਾਰਜ ਵੀ ਕੀਤਾ ਜਾਵੇਗਾ।

ਐਡਵੋਕੇਟ ਧਾਮੀ ਨੇ ਹੋਰ ਫੈਸਲਿਆਂ ਦੀ ਤਫਸੀਲ ਦਿੰਦਿਆਂ ਦੱਸਿਆ ਕਿ ਬੀਤੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ, ਜਿਸ ਨੂੰ ਲੈ ਕੇ ਅੱਜ ਮੁੜ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇਹ ਫੈਸਲਾ ਲਾਗੂ ਕਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸਿੱਖ ਇਤਿਹਾਸ ਦਾ ਅਹਿਮ ਪੰਨਾ ਹੈ, ਜਿਸ ਨੂੰ ਸਿੱਖ ਵਿਰਸੇ ਅਤੇ ਗੁਰਮਤਿ ਦੀ ਭਾਵਨਾ ਅਨੁਸਾਰ ਹੀ ਮਨਾਇਆ ਜਾਣਾ ਚਾਹੀਦਾ ਹੈ। ਇਸ ਲਈ ਭਾਰਤ ਸਰਕਾਰ ਇਸ ਦਿਹਾੜੇ ਦਾ ਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਕਮੇਟੀ ਦੇ ਸੁਝਾਅ ਅਨੁਸਾਰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਦੇ ਤੌਰ ’ਤੇ ਮਨਾਉਣ ਦਾ ਐਲਾਨ ਕਰੇ। ਉਨ੍ਹਾਂ ਸੂਬਿਆਂ ਦੀਆਂ ਸਰਕਾਰਾਂ ਨੂੰ ਵੀ ਕਿਹਾ ਕਿ ਉਹ ਆਪਣੇ ਤੌਰ ’ਤੇ ਵੀ ਇਸੇ ਭਾਵਨਾ ਅਨੁਸਾਰ ਹੀ ਸਮਾਗਮ ਉਲੀਕਣ, ਨਾ ਕਿ ‘ਵੀਰ ਬਾਲ ਦਿਵਸ’ ਵਜੋਂ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਭਵਿੱਖ ਵਿਚ ਸਿਰੋਪਾਓ ਦੀ ਸੁਚੱਜੀ ਵਰਤੋਂ ਲਈ ਵੀ ਨਿਯਮ ਨਿਰਧਾਰਤ ਕੀਤੇ ਗਏ ਹਨ। ਹੁਣ ਹਰ ਵਿਦਿਅਕ ਅਦਾਰੇ ਅੰਦਰ ਸਿਰੋਪਾਓ, ਲੋਈ ਅਤੇ ਸਨਮਾਨ ਚਿੰਨ੍ਹ ਦੀ ਥਾਂ ਕੇਵਲ ਪੁਸਤਕਾਂ ਦੇਣ ਦਾ ਫੈਸਲਾ ਕੀਤਾ ਗਿਆ ਹੈ। ਗੁਰਦੁਆਰਾ ਸਾਹਿਬਾਨ ਵਿਖੇ ਵੀ ਸਿਰੋਪਾਓ ਦੇ ਸੰਕੋਚ ਕੇ ਗੁਰਮਤਿ ਭਾਵਨਾਵਾਂ ਅਨੁਸਾਰ ਵਰਤੋਂ ਲਾਜ਼ਮੀ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਆਖਿਆ ਕਿ ਕੇਵਲ ਪੰਥਕ ਕਾਰਜਾਂ ਲਈ ਯੋਗਦਾਨ ਪਾਉਣ ਵਾਲਿਆਂ ਨੂੰ ਸਿਰੋਪਾਓ ਦਿੱਤਾ ਜਾਵੇਗਾ, ਜਦਕਿ ਬਾਕੀ ਸਤਿਕਾਰਤ ਸ਼ਖ਼ਸੀਅਤਾਂ ਨੂੰ ਪੁਸਤਕਾਂ ਭੇਟ ਕੀਤੀਆਂ ਜਾਣਗੀਆਂ।

ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਅੰਦਰ ਅਗਲੇ 6 ਮਹੀਨਿਆਂ ਲਈ ਭਰਤੀ ’ਤੇ ਮੁਕੰਮਲ ਰੋਕ ਲਗਾਉਣ ਦਾ ਫੈਸਲਾ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਵਲ ਵੱਡੇ ਜੋੜ ਮੇਲਿਆਂ ਮੌਕੇ ਲੋੜ ਅਨੁਸਾਰ ਆਰਜੀ ਲੇਬਰ ਹੀ ਲਗਾਈ ਜਾ ਸਕੇਗੀ। ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਕਾਰਜਾਂ ਨੂੰ ਨਿਯਮਤ ਰੂਪ ਵਿਚ ਸੰਗਤ ਤੱਕ ਲਿਜਾਣ ਲਈ 24 ਘੰਟੇ ਦੀਆਂ ਸੇਵਾਵਾਂ ਵਾਲਾ ਯੂ-ਟਿਊਬ ਚੈਨਲ ਚਲਾਉਣ ਦੀ ਵੀ ਜਾਣਕਾਰੀ ਦਿੱਤੀ।

ਅੰਤ੍ਰਿੰਗ ਕਮੇਟੀ ਦੀ ਇਸ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਸ. ਮੋਹਨ ਸਿੰਘ ਬੰਗੀ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਗੁਰਨਾਮ ਸਿੰਘ ਜੱਸਲ, ਸ. ਪਰਮਜੀਤ ਸਿੰਘ ਖਾਲਸਾ, ਸ. ਸ਼ੇਰ ਸਿੰਘ ਮੰਡਵਾਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਸ. ਭੁਪਿੰਦਰ ਸਿੰਘ ਅਸੰਧ ਤੇ ਸ. ਮਲਕੀਤ ਸਿੰਘ ਚੰਗਾਲ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਐਕਸੀਅਨ ਸ. ਪਰਮਜੀਤ ਸਿੰਘ, ਸ. ਜਤਿੰਦਰਪਾਲ ਸਿੰਘ, ਇੰਚਾਰਜ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਕਾਰਜ ਸਿੰਘ, ਸ. ਹਰਪਾਲ ਸਿੰਘ, ਸ. ਤਰਸੇਮ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਸੁਖਰਾਜ ਸਿੰਘ ਆਦਿ ਮੌਜੂਦ ਸਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਹੋਏ ਸੇਵਾਮੁਕਤ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਅ ਰਹੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸੇਵਾਮੁਕਤ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਦੀ ਥਾਂ ਵਧੀਕ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ ਅਗਲਾ ਪ੍ਰਬੰਧ ਹੋਣ ਤੱਕ ਮੁੱਖ ਗ੍ਰੰਥੀ ਦੀ ਸੇਵਾ ਨਿਭਾਉਣਗੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਆਪਣੀਆਂ ਸੇਵਾਵਾਂ ਪੰਥਕ ਭਾਵਨਾਵਾਂ ਅਨੁਸਾਰ ਨਿਭਾਈਆਂ ਹਨ, ਜਿਸ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਦੇ ਸਤਿਕਾਰ ਵਜੋਂ 26 ਨਵੰਬਰ 2022 ਨੂੰ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

IND vs NZ 3rd T20: ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 161 ਦੌੜਾਂ ਦਾ ਟੀਚਾ, 9 ਓਵਰਾਂ ‘ਚ ਭਾਰਤ ਨੇ ਬਣਾਈਆਂ 75 ਦੌੜਾਂ

0

ਨੇਪੀਅਰ ਵਿੱਚ ਖੇਡੇ ਜਾ ਰਹੇ ਤੀਜੇ T20 ਮੈਚ ਵਿੱਚ ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 160 ਦੌੜਾਂ ਬਣਾਈਆਂ। ਨਿਊਜ਼ੀਲੈਂਡ ਲਈ ਗਲੇਨ ਫਿਲਿਪਸ ਅਤੇ ਡੇਵੋਨ ਕੋਨਵੇ ਨੇ ਸ਼ਾਨਦਾਰ ਅਰਧ ਸੈਂਕੜੇ ਲਗਾਏ। ਭਾਰਤ ਲਈ ਮੁਹੰਮਦ ਸਿਰਾਜ ਨੇ ਸਰਵੋਤਮ ਗੇਂਦਬਾਜ਼ੀ ਕੀਤੀ ਅਤੇ ਚਾਰ ਓਵਰਾਂ ਵਿੱਚ ਸਿਰਫ਼ 17 ਦੌੜਾਂ ਦੇ ਕੇ ਚਾਰ ਵਿਕਟਾਂ ਲਈਆਂ। ਇਹ ਸਿਰਾਜ ਦੇ ਟੀ-20 ਅੰਤਰਰਾਸ਼ਟਰੀ ਕਰੀਅਰ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਰਿਹਾ ਹੈ। ਅਰਸ਼ਦੀਪ ਸਿੰਘ ਨੇ ਵੀ ਚਾਰ ਵਿਕਟਾਂ ਆਪਣੇ ਨਾਂ ਕੀਤੀਆਂ।

ਨਿਊਜ਼ੀਲੈਂਡ ਦੀ ਸ਼ੁਰੂਆਤ ਖਰਾਬ ਰਹੀ

ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਨਿਊਜ਼ੀਲੈਂਡ ਦੀ ਸ਼ੁਰੂਆਤ ਬੇਹੱਦ ਖ਼ਰਾਬ ਰਹੀ ਅਤੇ ਉਸ ਨੇ ਸਿਰਫ਼ ਨੌਂ ਦੌੜਾਂ ‘ਤੇ ਆਪਣਾ ਪਹਿਲਾ ਵਿਕਟ ਗੁਆ ਦਿੱਤਾ। ਇਸ ਤੋਂ ਬਾਅਦ ਮਾਰਕ ਚੈਪਮੈਨ ਅਤੇ ਡੇਵੋਨ ਕੋਨਵੇ ਨੇ ਦੂਜੇ ਵਿਕਟ ਲਈ 35 ਦੌੜਾਂ ਦੀ ਸਾਂਝੇਦਾਰੀ ਕਰਕੇ ਆਪਣੀ ਟੀਮ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ। ਪਾਵਰਪਲੇਅ ਦੇ ਆਖ਼ਰੀ ਓਵਰ ਵਿੱਚ ਚੈਪਮੈਨ ਵੀ ਆਊਟ ਹੋ ਗਿਆ ਅਤੇ ਕੀਵੀ ਟੀਮ ਨੇ 44 ਦੌੜਾਂ ਉੱਤੇ ਦੂਜਾ ਵਿਕਟ ਗੁਆ ਦਿੱਤਾ

ਕੀਵੀ ਟੀਮ 19.4 ਓਵਰਾਂ ‘ਚ 160 ਦੌੜਾਂ ‘ਤੇ ਆਲ ਆਊਟ ਹੋ ਗਈ। ਡੇਵੋਨ ਕੋਨਵੇ ਨੇ ਸਭ ਤੋਂ ਵੱਧ 59 ਦੌੜਾਂ ਦੀ ਪਾਰੀ ਖੇਡੀ। ਇਸ ਦੇ ਨਾਲ ਹੀ ਗਲੇਨ ਫਿਲਿਪਸ ਨੇ 54 ਦੌੜਾਂ ਬਣਾਈਆਂ।

ਟੀਮ ਇੰਡੀਆ ਵੱਲੋਂ ਅਰਸ਼ਦੀਪ ਸਿੰਘ ਅਤੇ ਮੁਹੰਮਦ ਸਿਰਾਜ ਨੇ ਸਭ ਤੋਂ ਵੱਧ 4-4 ਵਿਕਟਾਂ ਲਈਆਂ। ਨਿਊਜ਼ੀਲੈਂਡ ਦੀਆਂ ਆਖਰੀ 7 ਵਿਕਟਾਂ 14 ਦੌੜਾਂ ‘ਤੇ ਡਿੱਗ ਗਈਆਂ।

ਟੀਮ ਇੰਡੀਆ ਨੇ ਜਵਾਬ ‘ਚ 9 ਓਵਰਾਂ ‘ਚ 4 ਵਿਕਟਾਂ ਗੁਆ ਕੇ 75 ਦੌੜਾਂ ਬਣਾ ਲਈਆਂ ਹਨ। ਮੀਂਹ ਕਾਰਨ ਮੈਚ ਰੁਕਿਆ ਹੋਇਆ ਹੈ।