Home Blog Page 1853

ਮੱਧ ਪ੍ਰਦੇਸ਼ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 11 ਲੋਕਾਂ ਦੀ ਮੌਤ

0

ਮੱਧ ਪ੍ਰਦੇਸ਼ ਦੇ ਬੈਤੁਲ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ।  ਬੈਤੁਲ ਜ਼ਿਲੇ ਦੇ ਝੱਲਰ ਥਾਣਾ ਖੇਤਰ ‘ਚ ਇਕ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਤੋਂ ਟੱਕਰ ਹੋ ਗਈ, ਜਿਸ ‘ਚ 11 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਇਕ ਯਾਤਰੀ ਜ਼ਖਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਬੈਤੂਲ ਦੇ ਐਸਪੀ ਸ਼ਿਮਲਾ ਪ੍ਰਸਾਦ ਨੇ ਇਸ ਹਾਦਸੇ ਦੀ ਜਾਣਕਾਰੀ ਦਿੱਤੀ ਹੈ।

ਮੀਡੀਆ ਰਿਪੋਰਟ ਅਨੁਸਾਰ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋਈ ਅਤੇ ਕਾਰ ਚਕਨਾਚੂਰ ਹੋ ਗਈ। ਮੰਨਿਆ ਜਾ ਰਿਹਾ ਹੈ ਕਿ ਕਾਰ ‘ਚ ਸਵਾਰ ਜ਼ਿਆਦਾਤਰ ਯਾਤਰੀਆਂ ਦੀ ਮੌਤ ਹੋ ਗਈ ਹੈ। ਬੱਸ ਦਾ ਸਿਰਫ਼ ਅਗਲਾ ਹਿੱਸਾ ਹੀ ਨੁਕਸਾਨਿਆ ਗਿਆ ਹੈ।

ਇਸ ਤੋਂ ਪਹਿਲਾਂ 21 ਅਕਤੂਬਰ ਦੀ ਰਾਤ ਨੂੰ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਹੋਇਆ ਸੀ। ਦੀਵਾਲੀ ਤੋਂ 2 ਦਿਨ ਪਹਿਲਾਂ ਹੀ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ ਸੀ, ਜਿਸ ‘ਚ 15 ਲੋਕਾਂ ਦੀ ਜਾਨ ਚਲੀ ਗਈ ਸੀ। ਬੱਸ ਵਿੱਚ ਮਜ਼ਦੂਰ ਸਵਾਰ ਸਨ, ਜੋ ਹੈਦਰਾਬਾਦ ਤੋਂ ਯੂਪੀ ਦੀ ਰਾਜਧਾਨੀ ਲਖਨਊ ਆ ਰਹੇ ਸਨ।

 

ਸਿੱਧੂ ਮੂਸੇਵਾਲਾ ਮਾਮਲੇ ‘ਚ ਹੋਈ ਇੱਕ ਹੋਰ ਗ੍ਰਿਫ਼ਤਾਰੀ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਾਮਲੇ ਵਿੱਚ ਪੁਲਿਸ ਵਲੋਂ ਇੱਕ ਹੋਰ ਗ੍ਰਿਫਤਾਰੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਸਰਵਜੋਤ ਸਿੰਘ ਨਾਂ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋਣ ਵਾਲੇ ਗੈਂਗਸਟਰ ਦੀਪਕ ਟੀਨੂੰ ਦੀ ਨਿਸ਼ਾਨਦੇਹੀ ‘ਤੇ ਇਹ ਗ੍ਰਿਫਤਾਰੀ ਹੋਈ ਹੈ। ਜਾਣਕਾਰੀ ਅਨੁਸਾਰ ਸਰਵਜੋਤ ਸਿੰਘ ਨੂੰ ਮਾਨਸਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਸਦੇ ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਦੀਪਕ ਟੀਨੂੰ ਨੇ ਸਰਵਜੋਤ ਸਿੰਘ ਤੋਂ ਗੱਡੀ ਵੀ ਮੰਗੀ ਸੀ। ਸਰਵਜੋਤ ਸਿੰਘ ਤੋਂ ਇਸ ਕੇਸ ‘ਚ ਵੱਡੇ ਖੁਲਾਸੇ ਹੋ ਸਕਦੇ ਹਨ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਨੇ ਸੁਖਬੀਰ ਬਾਦਲ, ਪ੍ਰਕਾਸ਼ ਸਿੰਘ ਬਾਦਲ ਤੇ ਡਾ. ਦਲਜੀਤ ਚੀਮਾ ਖਿਲਾਫ ਚੱਲ…

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ ਨੂੰ ਬੀਤੇ ਦਿਨ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਮਾਣਯੋਗ ਅਦਾਲਤ ਨੇ ਦੀਪਕ ਟੀਨੂੰ ਨੂੰ 9 ਨਵੰਬਰ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ, ਪੁਲਿਸ ਵਲੋਂ ਹੁਣ ਦੀਪਕ ਟੀਨੂੰ ਤੋਂ ਲਗਾਤਾਰ ਪੁੱਛਗਿੱਛ ਕੀਤੀ ਗਈ। ਇਸ ਰਿਮਾਂਡ ਦੌਰਾਨ ਵੱਡੇ ਖੁਲਾਸੇ ਹੋਏ ਹਨ।

ਪੰਜਾਬ ਪੁਲਿਸ ਨੂੰ ਪਟਿਆਲਾ ਹਾਊਸ ਕੋਰਟ ਤੋਂ ਗੈਂਗਸਟਰ ਦੀਪਕ ਟੀਨੂੰ ਦਾ ਟਰਾਂਜ਼ਿਟ ਰਿਮਾਂਡ ਮਿਲਿਆ ਸੀ। ਗੈਂਗਸਟਰ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਹਿਰਾਸਤ ‘ਚੋਂ ਫ਼ਰਾਰ ਹੋ ਗਿਆ ਸੀ। 19 ਅਕਤੂਬਰ ਨੂੰ ਦਿੱਲੀ ਪੁਲਿਸ ਨੇ ਦੀਪਕ ਟੀਨੂੰ ਨੂੰ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ: ਸਟੇਟ ਆਪ੍ਰੇਸ਼ਨ ਸੈੱਲ ਨੇ ਗੈਂਗਸਟਰ ਦੀਪਕ ਟੀਨੂੰ ਦਾ ਸਾਥੀ ਕੁਲਦੀਪ ਕੀਤਾ ਕਾਬੂ …

ਜਿਕਰਯੋਗ ਹੈ ਕਿ ਗੈਂਗਸਟਰ ਦੀਪਕ ਟੀਨੂ ਨੂੰ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ’ਤੇ ਲਿਆ ਕੇ ਬੀਤੇ ਦਿਨੀ ਮਾਨਸਾ ਪੁਲੀਸ ਨੇ ਸਿਵਲ ਹਸਪਤਾਲ ਵਿੱਚ ਡਾਕਟਰੀ ਮੁਆਇਨਾ ਕਰਾਉਣ ਤੋਂ ਬਾਅਦ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿੱਚ ਪੇਸ਼ ਕਰਕੇ 8 ਦਿਨ ਦਾ ਰਿਮਾਂਡ ਪ੍ਰਾਪਤ ਕਰ ਲਿਆ ਹੈ।

ਸਟੇਟ ਆਪ੍ਰੇਸ਼ਨ ਸੈੱਲ ਨੇ ਗੈਂਗਸਟਰ ਦੀਪਕ ਟੀਨੂੰ ਦਾ ਸਾਥੀ ਕੁਲਦੀਪ ਕੀਤਾ ਕਾਬੂ …

0

ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ‘ਚ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਗੈਂਗਸਟਰ ਕੁਲਦੀਪ ਕੋਹਲੀ ਨੂੰ ਟੀਨੂੰ ਦੇ ਫਰਾਰ ਹੋਣ ਬਾਰੇ ਕਾਫੀ ਜਾਣਕਾਰੀ ਸੀ। ਉਸਨੇ ਟੀਨੂੰ ਦੀ ਮਦਦ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਉਸਨੇ ਟੀਨੂੰ ਨੂੰ ਕੱਪੜੇ ਤੇ ਰੁਪਏ ਮੁਹੱਈਆ ਕਰਵਾਏ ਸਨ। ਗੈਂਗਸਟਰ ਕੁਲਦੀਪ ਕੋਹਲੀ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 3 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਇਹ ਰਿਮਾਂਡ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਦਿੱਤਾ ਗਿਆ।

ਦੱਸ ਦਈਏ ਕਿ ਗੈਂਗਸਟਰ ਕੁਲਦੀਪ ਕੋਹਲੀ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਗੈਂਗਸਟਰ ਦੀਪਕ ਟੀਨੂੰ ਨੂੰ ਪੁਲਿਸ ਹਿਰਾਸਤ ‘ਚੋਂ ਭੱਜਣ ‘ਚ ਮਦਦ ਕੀਤੀ ਸੀ। ਇਸ ਨਾਲ ਦੋ ਹੋਰ ਗੈਂਗਸਟਰ ਵੀ ਸ਼ਾਮਲ ਸਨ। ਤਿੰਨਾਂ ਨੂੰ ਪੰਜਾਬ ਪੁਲਿਸ ਨੇ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਸੀ ਅਤੇ ਇੱਕ ਕਾਲੇ ਰੰਗ ਦੀ ਸਕੋਡਾ ਕਾਰ ਵੀ ਬਰਾਮਦ ਕੀਤੀ ਹੈ।

ਕੈਨੇਡਾ ਸਰਕਾਰ ਨੇ 2025 ਤੱਕ ਹਰ ਸਾਲ ਪੰਜ ਲੱਖ ਪ੍ਰਵਾਸੀਆਂ ਨੂੰ ਸੱਦਣ ਦਾ ਕੀਤਾ ਐਲਾਨ

0

ਕੈਨੇਡਾ ਸਰਕਾਰ ਨੇ 2025 ਤੱਕ ਪ੍ਰਤੀ ਸਾਲ 500,000 ਪ੍ਰਵਾਸੀਆਂ ਦਾ ਸਵਾਗਤ ਕਰਨ ਦੀ ਯੋਜਨਾ ਦਾ ਖੁਲਾਸਾ ਕੀਤਾ ਹੈ । ਫੈਡਰਲ ਸਰਕਾਰ 2025 ਤੱਕ ਹਰ ਸਾਲ 500,000 ਲੋਕਾਂ ਨੂੰ ਪਹੁੰਚਣ ਦੇ ਟੀਚੇ ਦੇ ਨਾਲ ਕੈਨੇਡਾ ‘ਚ ਦਾਖਲ ਹੋਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਵਿੱਚ ਵੱਡੇ ਵਾਧੇ ਦੀ ਯੋਜਨਾ ਬਣਾ ਰਹੀ ਹੈ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਨੇ ਸੁਖਬੀਰ ਬਾਦਲ, ਪ੍ਰਕਾਸ਼ ਸਿੰਘ ਬਾਦਲ ਤੇ ਡਾ. ਦਲਜੀਤ ਚੀਮਾ ਖਿਲਾਫ ਚੱਲ…

ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਮੰਗਲਵਾਰ ਨੂੰ ਨਵੇਂ ਟੀਚਿਆਂ ਦਾ ਖੁਲਾਸਾ ਕਰਦੇ ਹੋਏ ਕਿਹਾ ਕਿ ਇਹ ਕਦਮ ਕੈਨੇਡਾ ਦੀ ਆਰਥਿਕ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਹੈ।

ਕੈਨੇਡੀਅਨ ਉਦਯੋਗਾਂ ਨੂੰ ਮਜ਼ਦੂਰਾਂ ਦੀ ਵੱਡੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੇਸ਼ ਭਰ ‘ਚ ਲਗਪਗ 10 ਲੱਖ ਨੌਕਰੀਆਂ ਖਾਲੀ ਹਨ। ਨਵੀਂ ਯੋਜਨਾ ਉਨ੍ਹਾਂ ਪ੍ਰਵਾਸੀਆਂ ਦੀ ਗਿਣਤੀ ਵਧਾਉਣ ‘ਤੇ ਜ਼ੋਰ ਦਿੰਦੀ ਹੈ, ਜਿਨ੍ਹਾਂ ਨੂੰ ਅਗਲੇ ਤਿੰਨ ਸਾਲਾਂ ਦੌਰਾਨ ਉਨ੍ਹਾਂ ਦੇ ਕੰਮ ਦੇ ਹੁਨਰ ਜਾਂ ਅਨੁਭਵ ਦੇ ਆਧਾਰ ‘ਤੇ ਦਾਖਲਾ ਦਿੱਤਾ ਜਾਵੇਗਾ। ਸਰਕਾਰ ਪਰਿਵਾਰ ਦੇ ਮੈਂਬਰਾਂ ਦੀ ਗਿਣਤੀ ‘ਚ ਇੱਕ ਮੱਧਮ ਵਾਧੇ ਦੀ ਯੋਜਨਾ ਬਣਾ ਰਹੀ ਹੈ, ਜੋ ਦੇਸ਼ ‘ਚ ਦਾਖਲ ਹੋਣਗੇ ਅਤੇ ਸ਼ਰਨਾਰਥੀਆਂ ਦੀ ਗਿਣਤੀ ਵਿੱਚ ਕਮੀ। ਨਵੀਂ ਯੋਜਨਾ ਅਨੁਸਾਰ ਸਟੈਟਿਸਟਿਕਸ ਕੈਨੇਡਾ ਦੀ ਰਿਪੋਰਟ ਦੇ ਕੁਝ ਦਿਨ ਬਾਅਦ ਆਈ ਹੈ, ਜਦੋਂ ਦੇਸ਼ ਵਿੱਚ ਰਿਕਾਰਡ 23 ਫ਼ੀਸਦੀ ਲੋਕ ਲੈਂਡਡ ਇਮੀਗ੍ਰੈਂਟ ਜਾਂ ਸਥਾਈ ਨਿਵਾਸੀ ਹਨ।

ਉਹਨਾਂ ਨੇ ਅੱਗੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਅਸੀਂ ਵਿਸ਼ਵ ਪੱਧਰ ‘ਤੇ ਸੈਟਲ ਕੀਤੇ ਗਏ ਸ਼ਰਨਾਰਥੀਆਂ ਦੀ ਕੁੱਲ ਗਿਣਤੀ ਦੇ ਇੱਕ ਤਿਹਾਈ ਤੋਂ ਵੱਧ ਨੂੰ ਮੁੜ ਵਸਾਇਆ ਹੈ।ਕੈਨੇਡਾ ਵਿੱਚ UNHCR ਦੀ ਪ੍ਰਤੀਨਿਧੀ ਰੀਮਾ ਜੈਮਸ ਇਮਸੀਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਸੰਯੁਕਤ ਰਾਸ਼ਟਰ ਸ਼ਰਨਾਰਥੀ ਏਜੰਸੀ ਆਪਣੀ ਸਮੁੱਚੀ ਇਮੀਗ੍ਰੇਸ਼ਨ ਵਿਕਾਸ ਯੋਜਨਾ ਦੇ ਹਿੱਸੇ ਵਜੋਂ ਸ਼ਰਨਾਰਥੀ ਮੁੜ ਵਸੇਬੇ ਲਈ ਕੈਨੇਡਾ ਦੀ ਨਿਰੰਤਰ ਵਚਨਬੱਧਤਾ ਦਾ ਸੁਆਗਤ ਕਰਦੀ ਹੈ।

ਇਹ ਵੀ ਪੜ੍ਹੋ: ਐਲੋਨ ਮਸਕ ਦਾ ਐਲਾਨ, ਟਵਿੱਟਰ ‘ਤੇ ਬਲੂ ਟਿੱਕ ਲਈ ਕਰਨਾ ਪਵੇਗਾ ਭੁਗਤਾਨ

ਕੈਨੇਡੀਅਨ ਉਦਯੋਗ ਦਾ ਹੁੰਗਾਰਾ ਵਧੇਰੇ ਮਿਸ਼ਰਤ ਸੀ, ਕੈਨੇਡਾ ਦੀ ਬਿਜ਼ਨਸ ਕੌਂਸਲ ਨੇ ਦਲੀਲ ਦਿੱਤੀ ਕਿ ਸਰਕਾਰ ਦੀ ਯੋਜਨਾ ਦੇਸ਼ ਦੀ ਬੇਮਿਸਾਲ ਮਜ਼ਦੂਰਾਂ ਦੀ ਘਾਟ ਨੂੰ ਹੱਲ ਕਰਨ ਲਈ ਕਾਫੀ ਨਹੀਂ ਹਨ। ਵਿਰੋਧੀ ਕੰਜ਼ਰਵੇਟਿਵ ਇਮੀਗ੍ਰੇਸ਼ਨ ਆਲੋਚਕ ਟੌਮ ਕੇਮੀਕ ਨੇ ਵੀ ਕੈਨੇਡਾ ਵਿੱਚ ਨਵੇਂ ਆਉਣ ਵਾਲਿਆਂ ਦੀ ਗਿਣਤੀ ਵਿੱਚ ਨਾਟਕੀ ਢੰਗ ਨਾਲ ਵਾਧਾ ਕਰਨ ਦੀ ਯੋਜਨਾ ਦਾ ਸਵਾਗਤ ਕੀਤਾ, ਪਰ ਸਵਾਲ ਕੀਤਾ ਕੀ ਸਰਕਾਰ ਅਸਲ ਵਿੱਚ ਆਪਣੇ ਟੀਚਿਆਂ ਨੂੰ ਪੂਰਾ ਕਰਨ ਦੇ ਯੋਗ ਹੋਵੇਗੀ।

 

ਸੁਪਰੀਮ ਕੋਰਟ ਨੇ ਸੁਖਬੀਰ ਬਾਦਲ, ਪ੍ਰਕਾਸ਼ ਸਿੰਘ ਬਾਦਲ ਤੇ ਡਾ. ਦਲਜੀਤ ਚੀਮਾ ਖਿਲਾਫ ਚੱਲ ਰਹੇ ਕੇਸ ’ਤੇ ਲਗਾਈ ਰੋਕ

0

ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦੇ ਵਿਵਾਦ ਦੇ ਸਬੰਧ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ, ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾ ਦੇ ਖਿਲਾਫ ਹੁਸ਼ਿਆਰਪੁਰ ਦੀ ਅਦਾਲਤ ਵਿਚ ਦਾਇਰ ਕੀਤੇ ਜਾਅਲਸਾਜ਼ੀ ਤੇ ਧੋਖਾਧੜੀ ਦੇ ਕੇਸ ਦੀ ਸੁਣਵਾਈ ’ਤੇ ਰੋਕ ਲਗਾ ਦਿੱਤੀ ਹੈ।

ਹੁਸ਼ਿਆਰਪੁਰ ਵਾਸੀ ਬਲਵੰਤ ਸਿੰਘ ਖੇੜਾ ਨੇ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ 2009 ਵਿਚ ਫੌਜਦਾਰੀ ਕੇਸ ਦਾਇਰ ਕਰ ਕੇ ਅਕਾਲੀ ਦਲ ਦੇ ਦੋ ਸੰਵਿਧਾਨ ਰੱਖਣ ਦੇ ਦੋਸ਼ ਲਗਾਏ ਸਨ ਤੇ ਕਿਹਾ ਸੀ ਕਿ ਗੁਰਦੁਆਰਾ ਚੋਣ ਕਮਿਸ਼ਨ ਕੋਲ ਵੱਖਰਾ ਸੰਵਿਧਾਨ ਹੈ ਅਤੇ ਭਾਰਤੀ ਚੋਣ ਕਮਿਸ਼ਨ ਕੋਲੋਂ ਮਾਨਤਾ ਲੈਣ ਲਈ ਵੱਖਰਾ ਸੰਵਿਧਾਨ ਪੇਸ਼ਕੀਤਾ ਗਿਆ ਤੇ ਹਲਫੀਆ ਬਿਆਨ ਦਿੱਤਾ ਗਿਆ ਕਿ ਪਾਰਟੀ ਸੰਵਿਧਾਨ ਵਿਚ ਅੰਕਿਤ ਧਰਮ ਨਿਰਪੱਖਤਾ ਦੇ ਸਿਧਾਂਤਾਂ ਦੀ ਪਾਲਣਾ ਕਰੇਗੀ ਜਦੋਂ ਕਿ ਇਸ ਵੱਲੋਂ ਧਾਰਮਿਕ ਪਾਰਟੀ ਵੱਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜੀਆਂ ਜਾਂਦੀਆਂ ਹਨ।

ਸਰਦਾਰ ਬਾਦਲ ਵੱਲੋਂ ਪੇਸ਼ ਵਕੀਲਾਂ ਨੇ ਅਦਾਲਤ ਵਿਚ ਦਲੀਲ ਦਿੱਤੀ ਕਿ ਧਾਰਮਿਕ ਚੋਣਾ ਧਰਮ ਨਿਰਪੱਖਤਾ ਦੇ ਸਿਧਾਂਤਾਂ ਦੇ ਉਲਟ ਨਹੀਂ ਹੈ ਤੇ ਕਿਉਂਕਿ ਇਕ ਸਿਆਸੀਪਾਰਟੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਲੜਦੀ ਹੈ, ਇਸਦਾ ਇਹ ਮਤਲਬ ਨਹੀਂ ਹੈ ਕਿ ਉਹ ਧਰਮ ਨਿਰਪੱਖ ਨਹੀਂ ਹੈ। ਇਸ ਲਈ ਪਾਰਟੀ ਵੱਲੋਂ ਭਾਰਤੀ ਚੋਣ ਕਮਿਸ਼ਨ ਤੇ ਗੁਰਦੁਆਰਾ ਚੋਣ ਕਮਿਸ਼ਨ ਕੋਲ ਸੰਵਿਧਾਨ ਦੇ ਮਾਮਲੇ ਵਿਚ ਦਾਇਰ ਜਾਅਲਸਾਜ਼ੀ ਤੇ ਧੋਖਾਧੜੀ ਦੇ ਦੋਸ਼ ਲਗਾ ਕੇ ਕੇਸ ਕਰਨ ਦੀ ਕੋਈ ਤੁੱਕ ਨਹੀਂ ਬਣਦੀ।

ਅੱਜ ਮਾਣਯੋਗ ਜਸਟਿਸ ਐਸ ਅਬਦੁਲ ਨਜ਼ੀਰ ਤੇ ਮਾਣਯੋਗ ਜਸਟਿਸ ਵੀ ਸੁਬਰਾਮਨੀਅਮ ਦੀ ਬੈਂਚ ਨੇ ਫੌਜਦਾਰੀਕੇਸ ਖਾਰਜ ਕਰਨ ਦੀ ਮੰਗ ਕਰਦੀਆਂ ਪਟੀਸ਼ਨਾਂ ’ਤੇ ਸੁਣਵਾਈ ਕੀਤੀ ਅਤੇ ਇਸਦਾ ਨੋਟਿਸ ਜਾਰੀ ਕਰਦਿਆਂ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਹੁਸ਼ਿਆਰਪੁਰ ਦੀ ਅਦਾਲਤ ਵਿਚ ਚਲ ਰਹੀ ਫੌਜਦਾਰੀ ਸ਼ਿਕਾਇਤ ਦੀ ਸੁਣਵਾਈ ’ਤੇ ਰੋਕ ਲਗਾ ਦਿੱਤੀ।

ਸੀਨੀਅਰ ਵਕੀਲ ਸ੍ਰੀ ਆਰ ਐਸ ਚੀਮਾ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪੇਸ਼ ਹੋਏ, ਸੀਨੀਅਰ ਵਕੀਲ ਕੇ ਵੀ ਵਿਸ਼ਵਨਾਥਨ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੇਸ਼ ਹੋਏ ਜਦੋਂ ਕਿ ਸੰਦੀਪ ਕਪੂਰ ਡਾ. ਦਲਜੀਤ ਸਿੰਘ ਚੀਮਾ ਵੱਲੋਂ ਪੇਸ਼ ਹੋਏ ਤੇ ਇੰਦਰਾ ਉਨੀਅਰ ਸ਼ਿਕਾਇਤਕਰਤਾ ਵੱਲੋਂ ਪੇਸ਼ ਹੋਏ। ਪਟੀਸ਼ਨਾਂ ‘ਕਰਨਜਾਵਾਲਾ ਐਂਡ ਕੰਪਨੀ’ ਨੇ ਦਾਇਰ ਕੀਤੀਆਂ ਸਨ।

ਸ਼ਿਕਾਇਤਕਰਤਾ ਬਲਵੰਤ ਸਿੰਘ ਖੇੜਾ ਵੱਲੋਂ ਪੇਸ਼ ਹੁੰਦਿਆਂ ਵਕੀਲ ਇੰਦਰਾ ਉਨੀਆਰ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਉਹ ਉਹਨਾਂ ਨੂੰ ਦਲੀਲਾਂ ਪੇਸ਼ ਕਰਨ ਦੀ ਆਗਿਆ ਦੇਵੇ। ਅਦਾਲਤ ਨੇ ਸੰਕੇਤ ਦਿੱਤਾ ਕਿ ਉਹ ਆਪਣਾ ਜਵਾਬ ਦਾਇਰ ਕਰ ਸਕਦੇ ਹਨ ਜਿਹਨਾਂ ਦੀ ਸੁਣਵਾਈ ਅਗਲੀ ਤਾਰੀਕ ’ਤੇ ਕੀਤੀ ਜਾਵੇਗੀ।

ਰਿਸਪੋਂਡੈਂਟਸ ਨੂੰ ਨੋਟਿਸ ਜਾਰੀ ਕਰਦਿਆਂ ਅਦਾਲਤ ਨੇ ਹੁਸ਼ਿਆਰਪੁਰ ਅਦਾਲਤ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ, ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾ ਦੇ ਖਿਲਾਫ ਚਲਰਹੇ ਕੇਸ ਦੀ ਸੁਣਵਾਈ ’ਤੇ ਰੋਕ ਲਗਾ ਦਿੱਤੀ।

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

0

ਲੁਧਿਆਣਾ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਅਨੁਸਾਰ ਹਾਈਵੇਅ ’ਤੇ ਖੜ੍ਹੇ ਖ਼ਰਾਬ ਟਰੱਕ ’ਚ ਪਿੱਛੋਂ ਆਈ ਬਲੈਰੋ ਕਾਰ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ’ਚ ਬੈਠੇ 2 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਤੀਜਾ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕਾਂ ‘ਚ ਰਾਜਸਥਾਨ ਦਾ ਰਹਿਣ ਵਾਲਾ ਸਤਪਾਲ ਅਤੇ ਹਰਿਆਣਾ ਦਾ ਬੰਟੀ ਕੁਮਾਰ ਹੈ, ਜਦੋਂ ਕਿ ਜ਼ਖਮੀ ਦੀ ਪਛਾਣ ਯੋਗੇਸ਼ ਕੁਮਾਰ ਵਜੋਂ ਹੋਈ ਹੈ। ਸੂਚਨਾ ਤੋਂ ਬਾਅਦ ਥਾਣਾ ਟਿੱਬਾ ਤਹਿਤ ਚੌਂਕੀ ਸੁਭਾਸ਼ ਨਗਰ ਦੀ ਪੁਲਿਸ ਨੇ ਟਰੱਕ ਨੂੰ ਕਬਜ਼ੇ ’ਚ ਲੈ ਕੇ ਮੁਲਜ਼ਮ ਡਰਾਈਵਰ ਰਾਹੁਲ ਪਾਲ ਨੂੰ ਕਾਬੂ ਕਰ ਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰ ਕੇ ਪੁਲਸ ਨੇ ਉਸ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਹੈ। ਚੌਂਕੀ ਸੁਭਾਸ਼ ਨਗਰ ਦੇ ਇੰਚਾਰਜ ਏ. ਐੱਸ. ਆਈ. ਗੁਰਦਿਆਲ ਸਿੰਘ ਨੇ ਦੱਸਿਆ ਕਿ ਇਹ ਘਟਨਾ ਤੜਕੇ ਕਰੀਬ 3 ਵਜੇ ਦੀ ਹੈ। ਬੰਟੀ, ਸਤਪਾਲ ਅਤੇ ਯੋਗੇਸ਼ ਤਿੰਨੇ ਸੜਕ ਬਣਾਉਣ ਵਾਲੀ ਕੰਪਨੀ ’ਚ ਕੰਮ ਕਰਦੇ ਸਨ। ਕੰਪਨੀ ਕੋਲ ਜੰਮੂ-ਕਸ਼ਮੀਰ ’ਚ ਸੜਕਾਂ ਬਣਾਉਣ ਦਾ ਠੇਕਾ ਹੈ। ਦੇਰ ਰਾਤ ਨੂੰ ਤਿੰਨੋਂ ਬਲੈਰੋ ਕਾਰ ’ਚ ਸਵਾਰ ਹੋ ਕੇ ਨੋਇਡਾ ਸਥਿਤ ਕੰਪਨੀ ਦੇ ਮੁੱਖ ਦਫ਼ਤਰ ਜਾ ਰਹੇ ਸਨ। ਜਦੋਂ ਉਹ ਬਸਤੀ ਜੋਧੇਵਾਲ ਤੋਂ ਸਮਰਾਲਾ ਚੌਂਕ ਵੱਲ ਜਾ ਰਹੇ ਸਨ ਤਾਂ ਟਿੱਬਾ ਰੋਡ ਤੋਂ ਕੁੱਝ ਪਿੱਛੇ ਸੜਕ ‘ਤੇ ਟਰੱਕ ਖੜ੍ਹਾ ਹੋਇਆ ਸੀ।

ਬਲੈਰੋ ਟਰੱਕ ਦੇ ਸਾਈਡ ’ਤੇ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੀ ਛੱਤ ਹੀ ਉੱਡ ਗਈ ਅਤੇ ਤਿੰਨੇ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਲੋਕ ਐਂਬੂਲੈਂਸ ਬੁਲਾ ਕੇ ਤਿੰਨਾਂ ਜ਼ਖਮੀਆਂ ਨੂੰ ਹਸਪਤਾਲ ਲੈ ਗਏ, ਜਿੱਥੇ ਇਲਾਜ ਦੌਰਾਨ ਬੰਟੀ ਅਤੇ ਸਤਪਾਲ ਦੀ ਮੌਤ ਹੋ ਗਈ, ਜਦੋਂਕਿ ਯੋਗੇਸ਼ ਦੀ ਹਾਲਤ ਅਜੇ ਵੀ ਗੰਭੀਰ ਹੈ।

ਸੁਖਨਾ ਝੀਲ ‘ਚੋਂ ਮਿਲੀ ਬੱਚੇ ਦੀ ਮ੍ਰਿਤਕ ਦੇਹ

0

ਸੁਖਨਾ ਝੀਲ ‘ਚੋਂ ਅੱਜ ਇੱਕ ਬੱਚੇ ਦੀ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲਿਸ ਨੇ ਲਾਸ਼ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿੱਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੇਰ ਸ਼ਾਮ ਤੱਕ ਮ੍ਰਿਤਕ ਬੱਚੇ ਦੀ ਪਛਾਣ ਨਹੀਂ ਹੋ ਸਕੀ, ਉਸ ਦੀ ਉਮਰ 6-7 ਸਾਲ ਦੇ ਕਰੀਬ ਦੱਸੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਪੁਲਿਸ ਨੂੂੰ ਸੁਖਨਾ ਝੀਲ ਦੇ ਰੈਗੂਲੇਟਰੀ ਐਂਡ ’ਤੇ ਬੱਚੇ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਤਾਂ ਪੁਲਿਸ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਬੱਚੇ ਦੇ ਸਰੀਰ ’ਤੇ ਕੋਈ ਕੱਪੜਾ ਨਹੀਂ ਸੀ ਅਤੇ ਨਾ ਹੀ ਉਸ ਦੇ ਸਰੀਰ ’ਤੇ ਸੱਟ ਵੱਜਣ ਦੇ ਕੋਈ ਨਿਸ਼ਾਨ ਸੀ। ਪੁਲਿਸ ਨੇ ਮੁੱਢਲੀ ਜਾਂਚ ਵਿੱਚ ਬੱਚਿਆ ਦੇ ਲਾਪਤਾ ਹੋਣ ਸਬੰਧੀ ਸ਼ਿਕਾਇਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਸੁਖਨਾ ਝੀਲ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰੇ ਵੀ ਖੰਘਾਲ ਰਹੀ ਹੈ।

ਦੱਸਣਯੋਗ ਹੈ ਕਿ ਸੁਖਨਾ ਝੀਲ ’ਤੇ 5 ਦਿਨਾਂ ਵਿੱਚ ਇਹ ਤੀਜੀ ਘਟਨਾ ਵਾਪਰੀ ਹੈ। ਇਸ ਤੋਂ ਪਹਿਲਾਂ ਇੱਥੇ 28 ਅਕਤੂਬਰ ਨੂੰ 21 ਸਾਲਾਂ ਲੜਕੀ ਦੀ ਲਾਸ਼ ਬਰਾਮਦ ਹੋਈ ਸੀ ਜਿਸ ਨੂੰ ਉਸ ਦੇ ਪ੍ਰੇਮੀ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ 30 ਅਕਤੂਬਰ ਨੂੰ ਬੀ ਕਾਮ ਦੇ ਵਿਦਿਆਰਥੀ ਵੱਲੋਂ ਸੁਖਨਾ ਝੀਲ ’ਚ ਛਾਲ ਮਾਰ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਪਰ ਝੀਲ ’ਤੇ ਸੈਰ ਕਰ ਰਹੇ ਲੋਕਾਂ ਨੇ ਵਿਦਿਆਰਥੀ ਨੂੰ ਬਚਾ ਲਿਆ।

ਵਿਜੀਲੈਂਸ ਬਿਊਰੋ ਨੇ ਆਪਣੇ ਹੀ ਇੰਸਪੈਕਟਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

0

ਸੂਬੇ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਿਊਰੋ ਦੇ ਰੇਂਜ ਦਫਤਰ ਅੰਮ੍ਰਿਤਸਰ ਵਿਖੇ ਤਾਇਨਾਤ ਆਪਣੇ ਹੀ ਇੱਕ ਇੰਸਪੈਕਟਰ ਅਮੋਲਕ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਵਿਜੀਲੈਂਸ ਇੰਸਪੈਕਟਰ ਨੂੰ ਪ੍ਰਭਮੇਸ਼ ਮੋਹਨ ਵਾਸੀ ਨਿਊ ਮਹਿੰਦਰਾ ਕਲੋਨੀ,ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਨਲਾਈਨ ਸ਼ਿਕਾਇਤ ਨੰਬਰ ‘ਤੇ ਇੱਕ ਵੀਡੀਓ ਅਪਲੋਡ ਕਰਕੇ ਦੋਸ਼ ਲਗਾਇਆ ਹੈ ਕਿ ਉਸਨੂੰ ਅਤੇ ਉਸਦੀ ਪਤਨੀ, ਜੋ ਕਿ ਨਗਰ ਨਿਗਮ ਅੰਮਿ੍ਰਤਸਰ ਵਿੱਚ ਕਰਮਚਾਰੀ ਹੈ, ਨੂੰ ਬਿਊਰੋ ਦੁਆਰਾ 2021 ਵਿੱਚ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਗਿ੍ਰਫਤਾਰ ਕੀਤਾ ਗਿਆ ਸੀ ਅਤੇ ਅਦਾਲਤ ਨੇ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਅਮੋਲਕ ਸਿੰਘ ਇਸ ਮਾਮਲੇ ਦਾ ਤਫਤੀਸ਼ੀ ਅਫਸਰ ਹੋਣ ਦੇ ਨਾਤੇ ਉਸ ਤੋਂ 5000 ਰੁਪਏ ਬਤੌਰ ਰਿਸ਼ਵਤ ਵਜੋਂ ਮੰਗ ਰਿਹਾ ਸੀ ਅਤੇ ਬਹਾਨਾ ਉਨਾਂ ਦੇ ਕੇਸ ਵਿੱਚ ਨਮੂਨੇ ਵਜੋਂ ਉਸਦੀ ਆਵਾਜ ਰਿਕਾਰਡ ਕਰਨ ਦਾ ਲਾਇਆ ਗਿਆ ਸੀ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਇਸ ਗੱਲਬਾਤ ਨੂੰ ਆਪਣੇ ਫੋਨ ‘ਤੇ ਰਿਕਾਰਡ ਕਰਕੇ ਵਿਜੀਲੈਂਸ ਨੂੰ ਵੀ ਸੌਂਪ ਦਿੱਤਾ ਹੈ।

ਸ਼ਿਕਾਇਤ ਵਿਚਲੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਉਕਤ ਇੰਸਪੈਕਟਰ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕਰ ਲਿਆ।

ਇਸ ਸਬੰਧ ਵਿਚ ਦੋਸ਼ੀ ਪੁਲਿਸ ਅਧਿਕਾਰੀ ਦੇ ਖਿਲਾਫ ਵਿਜੀਲੈਂਸ ਦੇ ਉਡਣ ਦਸਤਾ-1 ਪੰਜਾਬ, ਥਾਣਾ ਐਸ.ਏ.ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਗਈ ਹੈ।