Home Blog Page 1866

ਸਰਕਾਰ ਰਾਮ ਰਹੀਮ ਦੀਆਂ ਗਤੀਵਿਧੀਆਂ ’ਤੇ ਲਗਾਵੇ ਰੋਕ: ਐਡਵੋਕੇਟ ਧਾਮੀ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਵੱਲੋਂ ਪੰਜਾਬ ਦੇ ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਪ੍ਰਤੀਕਿਰਿਆ ਦਿੰਦਿਆਂ ਸਰਕਾਰ ਪਾਸੋਂ ਇਸ ਦੀਆਂ ਗਤੀਵਿਧੀਆਂ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਕਿਰਦਾਰ ਗੈਰ ਸਮਾਜਿਕ ਹੈ ਅਤੇ ਉਸ ’ਤੇ ਲੱਗੇ ਦੋਸ਼ ਬੇਹੱਦ ਸੰਗੀਨ ਹਨ। ਬਲਾਤਕਾਰ ਅਤੇ ਹੱਤਿਆ ਦੇ ਮਾਮਲਿਆਂ ਵਿਚ ਸਜ਼ਾਜਾਫਤਾ ਰਾਮ ਰਹੀਮ ਬੇਅਦਬੀ ਮਾਮਲਿਆਂ ਵਿਚ ਵੀ ਮੁੱਖ ਦੋਸ਼ੀ ਹੈ।

ਉਨ੍ਹਾਂ ਆਖਿਆ ਕਿ ਇਸ ਵਿਵਾਦਤ ਵਿਅਕਤੀ ਵੱਲੋਂ ਪੰਜਾਬ ਅੰਦਰ ਡੇਰਾ ਖੋਲ੍ਹਣ ਦੇ ਐਲਾਨ ਨਾਲ ਸਿੱਖ ਭਾਵਨਾਵਾਂ ਨੂੰ ਭਾਰੀ ਸੱਟ ਵੱਜੀ ਹੈ ਅਤੇ ਇਸ ਨਾਲ ਪੰਜਾਬ ਦਾ ਸ਼ਾਂਤ ਮਾਹੌਲ ਖਰਾਬ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਬੇਹੱਦ ਸੰਜੀਦਾ ਮਾਮਲੇ ’ਤੇ ਜ਼ੁੰਮੇਵਾਰੀ ਨਾਲ ਆਪਣੀ ਭੂਮਿਕਾ ਨਿਭਾਵੇ ਅਤੇ ਇਹ ਸੰਕਲਪ ਕਰੇ ਕਿ ਡੇਰਾ ਸਿਰਸਾ ਦੀ ਕੋਈ ਵੀ ਸ਼ਾਖਾ ਪੰਜਾਬ ਵਿਚ ਨਾ ਬਣੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਪਣੇ ਘਟੀਆ ਕਿਰਦਾਰ ਅਤੇ ਗਤੀਵਿਧੀਆਂ ਕਰਕੇ ਜੇਲ੍ਹ ਅੰਦਰ ਬੰਦ ਰਾਮ ਰਹੀਮ ਨੂੰ ਪਹਿਲਾਂ ਹੀ ਬਾਰ-ਬਾਰ ਪੈਰੋਲ ਦੇ ਕੇ ਸਿੱਖ ਮਾਨਸਿਕਤਾ ਨੂੰ ਸੱਟ ਮਾਰੀ ਜਾ ਰਹੀ ਹੈ ਅਤੇ ਹੁਣ ਉਸ ਵੱਲੋਂ ਮਾਨਸਾ ਅੰਦਰ ਡੇਰਾ ਖੋਲ੍ਹਣ ਦਾ ਐਲਾਨ ਕਰਨਾ ਸਾਜ਼ਿਸ਼ੀ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਉਸ ਦੀ ਇਸ ਹਰਕਤ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਦੀ ਇਜਾਜ਼ਤ ਨਾ ਦੇਵੇ। ਉਨ੍ਹਾਂ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੰਜਾਬ ਅੰਦਰ ਕਿਸੇ ਵੀ ਗਤੀਵਿਧੀ ਨੂੰ ਪ੍ਰਵਾਨ ਨਹੀਂ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਸ ਵਿਅਕਤੀ ਦੇ ਪੈਰੋਲ ’ਤੇ ਆਉਣ ਮੌਕੇ ਸੰਬੋਧਨ ਕਰਨ ’ਤੇ ਵੀ ਰੋਕ ਲਗਾਉਣ ਦੀ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਮੰਗ ਕੀਤੀ।

ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਮੌਤ

0

ਉੱਤਰ ਪ੍ਰਦੇਸ਼ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਅਨੁਸਾਰ ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਯਾਤਰੀ ਬੱਸ ਹਾਦਸਾਗ੍ਰਸਤ ਹੋ ਗਈ ਹੈ। ਇਸ ਹਾਦਸੇ ਵਿਚ 4 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 42 ਦੇ ਕਰੀਬ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।

ਇਸ ਹਾਦਸੇ ਦੇ ਸ਼ਿਕਾਰ ਹੋਏ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟ ਅਨੁਸਾਰ ਬੱਸ ਹਾਦਸਾ ਸੈਫ਼ਈ ਥਾਣਾ ਖੇਤਰ ਵਿਚ ਵਾਪਰਿਆ। ਜ਼ਖ਼ਮੀ ਯਾਤਰੀਆਂ ਨੂੰ ਸੈਫ਼ਈ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸਥਾਨਕ ਪ੍ਰਸ਼ਾਸਨ ਨੇ ਵੀ ਹਾਦਸੇ ਦੀ ਪੁਸ਼ਟੀ ਕੀਤੀ ਹੈ।

ਏਡੀਐਮ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਲੀਪਰ ਬੱਸ ਗੋਰਖਪੁਰ ਤੋਂ ਅਜਮੇਰ ਜਾ ਰਹੀ ਸੀ। ਜਦੋਂ ਯਾਤਰੀਆਂ ਨਾਲ ਭਰੀ ਬੱਸ ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਸੀ ਤਾਂ ਸੈਫਈ ਥਾਣਾ ਖੇਤਰ ਨੇੜੇ ਹਾਦਸਾਗ੍ਰਸਤ ਹੋ ਗਈ।

ਏਡੀਐਮ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਸੈਫ਼ਈ ਦੇ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਆਗਰਾ-ਲਖਨਊ ਐਕਸਪ੍ਰੈੱਸ ਵੇਅ ਉਤੇ ਰਾਤ ਕਰੀਬ 2 ਵਜੇ ਡਬਲ ਡੈਕਰ ਬੱਸ ਚੱਲਦੇ ਕੰਟੇਨਰ ਨਾਲ ਟਕਰਾ ਗਈ। ਹਾਦਸੇ ਵਿੱਚ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ।

ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 31 ਜੂਨੀਅਰ ਸਹਾਇਕਾਂ ਨੂੰ ਤਰੱਕੀ ਦਾ ਤੋਹਫਾ ਦਿੰਦਿਆਂ ਸੀਨੀਅਰ ਸਹਾਇਕ ਬਣਾਇਆ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮੁਲਾਜ਼ਮਾਂ ਦੀਆਂ ਤਰੱਕੀਆਂ ਸਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ।

ਇਸ ਮੌਕੇ ਪਦਉੱਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਊਟੀ ਨਿਭਾਉਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਸਰਕਾਰ ਈਮਾਨਦਾਰੀ ਦੀ ਨੀਂਹ ’ਤੇ ਬਣੀ ਹੈ, ਇਸ ਲਈ ਸਭ ਤੋਂ ਜ਼ਰੂਰੀ ਹੈ ਕਿ ਲੋਕਾਂ ਤੱਕ ਇਹ ਸੁਨੇਹਾ ਪਹੁੰਚੇ ਕਿ ਵਿਭਾਗ ਦੇ ਕਰਮਚਾਰੀ ਈਮਾਨਦਾਰੀ ਨਾਲ ਕੰਮ ਕਰਦਿਆਂ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 31 ਸੀਨੀਅਰ ਸਹਾਇਕਾਂ ’ਚ ਤਿੰਨ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਿਤ ਅਤੇ ਦੋ ਅੰਗਹੀਣ ਮੁਲਾਜ਼ਮ ਵੀ ਸ਼ਾਮਲ ਹਨ।

ਤਰਨਤਾਰਨ ਕੱਪੜਾ ਵਪਾਰੀ ਕਤਲ ਮਾਮਲੇ ਦੇ ਦੋਵੇਂ ਸ਼ੂਟਰ ਗ੍ਰਿਫ਼ਤਾਰ

0

ਤਰਨਤਾਰਨ ‘ਚ ਕੁੱਝ ਦਿਨ ਪਹਿਲਾਂ ਇੱਕ ਕੱਪੜਾ ਵਪਾਰੀ ਦਾ ਦੁਕਾਨ ‘ਚ ਵੜ ਕੇ ਦੋ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਇਸ ਮਾਮਲੇ ‘ਚ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ 1 ਅਕਤੂਬਰ ਨੂੰ ਪਿੰਡ ਰਸੂਲਪੁਰ ‘ਚ ਦੁਕਾਨਦਾਰ ਗੁਰਜੰਟ ਸਿੰਘ ਦਾ ਕਤਲ ਕਰਨ ਵਾਲੇ ਦੋਵੇਂ ਸ਼ੂਟਰ (two shooters) ਅਜ਼ਮੀਤ ਸਿੰਘ ਅਤੇ ਗੁਰਕੀਰਤ ਸਿੰਘ ਨੂੰ ਤਰਨਤਾਰਨ ਪੁਲਿਸ ਨੇ ਅੰਮ੍ਰਿਤਸਰ ਤੋਂ ਕਾਬੂ ਕਰ ਲਿਆ। ਅੰਮ੍ਰਿਤਸਰ ਪੁਲਿਸ ਨੇ ਵੀ ਇਸ ਕਾਰਵਾਈ ਵਿੱਚ ਅਹਿਮ ਭੂਮਿਕਾ ਨਿਭਾਈ। ਦੋਵਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਕੈਨੇਡਾ ‘ਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਵਾਸੀ ਪਿੰਡ ਹਰੀਕੇ ਨੇ ਗੁਰਜੰਟ ਸਿੰਘ ਦੇ ਪਿਤਾ ਅਜੈਬ ਸਿੰਘ ਤੋਂ 20 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਸੀ ਪਰ ਅਜੈਬ ਸਿੰਘ ਨੇ ਫਿਰੌਤੀ ਨਹੀਂ ਦਿੱਤੀ, ਜਿਸ ਤੋਂ ਬਾਅਦ ਚਾਰ ਮਹੀਨੇ ਬਾਅਦ (11 ਅਕਤੂਬਰ ਨੂੰ) ਲੰਡਾ ਨੇ ਪਿੰਡ ਨੌਸ਼ਹਿਰਾ ਪੰਨੂਆ ਵਾਸੀ ਅਜਮੀਤ ਸਿੰਘ ਉਰਫ ਮੀਤਾ ਤੇ ਪਿੰਡ ਸ਼ੇਰ ਵਾਸੀ ਗੁਰਕੀਰਤ ਸਿੰਘ ਉਰਫ਼ ਘੁੱਗੀ ਤੋਂ ਗੁਰਜੰਟ ਸਿੰਘ ਦਾ ਕਤਲ ਕਰਵਾ ਦਿੱਤਾ। ਲਖਬੀਰ ਲੰਡਾ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।

ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਦਾ ਲਾਭ ਦੇਣ ਸਬੰਧੀ ਕਾਰਵਾਈ ਚਲ ਰਹੀ ਹੈ : ਹਰਜੋਤ ਬੈਂਸ

0

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਥੇ ਕਿਹਾ ਕਿ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਗਰੇਡ ਪੇਅ ਅਤੇ ਸਰਵਿਸ ਰੂਲਜ ਲਾਗੂ ਕਰਨ ਸਬੰਧੀ ਕਾਰਵਾਈ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਇਸ ਇਸ ਸਬੰਧੀ ਸਿੱਖਿਆ ਵਿਭਾਗ ਵਲੋਂ ਆਪਣੇ ਨਾਲ ਸਬੰਧਤ ਕੰਮ ਪੂਰਾ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਲਈ ਫਾਈਲ ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਨੂੰ ਭੇਜੀ ਗਈ ਹੈ।

ਉਨ੍ਹਾਂ ਕਿਹਾ ਕਿ ਵਿੱਤ ਅਤੇ ਪ੍ਰਸੋਨਲ ਵਿਭਾਗ ਤੋਂ ਪ੍ਰਵਾਨਗੀ ਜਲਦ ਮਿਲਣ ਦੀ ਸੰਭਾਵਨਾ ਹੈ ਜਿਸ ਨਾਲ ਕੰਪਿਊਟਰ ਅਧਿਆਪਕਾਂ ਨੂੰ ਲਾਭ ਦੇਣ ਸਬੰਧੀ ਐਲਾਨ ਬਹੁਤ ਜਲਦ ਕਰ ਦਿੱਤਾ ਜਾਵੇਗਾ।

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਗਰੇਡ ਪੇਅ ਅਤੇ ਸਰਵਿਸ ਰੂਲਜ ਲਾਗੂ ਕਰਨ ਲਈ ਵਿੱਤ ਅਤੇ ਪ੍ਰਸੋਨਲ ਵਿਭਾਗ ਦੀ ਪ੍ਰਵਾਨਗੀ ਲੈਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਕਾਰਵਾਈ ਦੀ ਉਹ ਖੁਦ ਲਗਾਤਾਰ ਨਿਗਰਾਨੀ ਕਰ ਰਹੇ ਹਨ ਅਤੇ ਇਸ ਮਾਮਲੇ ਸਬੰਧੀ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਸੰਪਰਕ ਵਿਚ ਹਨ।

ਉਨ੍ਹਾਂ ਕਿਹਾ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਵੇਂ ਪਹਿਲਾਂ ਕੱਚੇ ਮੁਲਾਜ਼ਮਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਨੀਤੀ ਬਣਾਈ ਗਈ ਸੀ ਜਿਸ ਤਹਿਤ ਬੀਤੇ ਕੱਲ੍ਹ ਹੀ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਲਈ ਅਰਜ਼ੀ ਪ੍ਰਾਪਤ ਕਰਨ ਲਈ ਪੋਰਟਲ ਖੋਲਿਆਂ ਗਿਆ ਹੈ। ਇਸ ਤਰ੍ਹਾਂ ਹੀ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਜੇਕਰ ਸਿੱਖਿਆ ਵਿਭਾਗ ਦਾ ਕੋਈ ਕਰਮਚਾਰੀ ਸਰਕਾਰ ਦੀ ਨਵੀਂ ਨੀਤੀ ਲਾਗੂ ਹੋਣ ਤੋਂ ਬਾਅਦ ਵੀ ਪੱਕੇ ਹੋਣ ਤੋਂ ਰਹਿ ਜਾਂਦਾ ਹੈ ਤਾਂ ਉਸ ਨੂੰ ਪੱਕਾ ਕਰਨ ਲਈ ਸਾਡੀ ਸਰਕਾਰ ਵਚਨਬੱਧ ਹੈ।

PM ਮੋਦੀ ਨੇ ਰੁਜ਼ਗਾਰ ਮੇਲੇ ਦੀ ਕੀਤੀ ਸ਼ੁਰੂਆਤ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10 ਲੱਖ ਲੋਕਾਂ ਨੂੰ ਭਰਤੀ ਕਰਨ ਦੀ ਮੁਹਿੰਮ ਲਈ ਅੱਜ ‘ਰੁਜ਼ਗਾਰ ਮੇਲੇ’ ਦੀ ਸ਼ੁਰੂਆਤ ਕੀਤੀ।ਪ੍ਰਧਾਨ ਮੰਤਰੀ ਨੇ ਕਿਹਾ ਕਿ ਮੇਲਾ ਪਿਛਲੇ ਅੱਠ ਸਾਲਾਂ ਵਿੱਚ ਰੁਜ਼ਗਾਰ, ਸਵੈਰੁਜ਼ਗਾਰ ਲਈ ਸਰਕਾਰ ਦੀਆਂ ਕੋਸ਼ਿਸ਼ਾਂ ’ਚ ਮੀਲ ਦਾ ਪੱਥਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅੱਜ 75,000 ਤੋਂ ਵੱਧ ਲੋਕਾਂ ਨੂੰ ਨਿਯੁਕਤੀ ਪੱਤਰ ਸੌਂਪੇਗੀ।

ਸਰਕਾਰ ਇਸ ਮੁਹਿੰਮ ਤਹਿਤ ਅਗਲੇ 18 ਮਹੀਨਿਆਂ ਵਿੱਚ ਇਨ੍ਹਾਂ ਸਾਰੀਆਂ ਖਾਲੀ ਅਸਾਮੀਆਂ ਨੂੰ ਭਰੇਗੀ। ਕੇਂਦਰ ਦੇ ਸਾਰੇ ਵਿਭਾਗ ਇਸ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੇ ਹਨ। ਜੂਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਦੇ ਸਾਰੇ ਮੰਤਰਾਲਿਆਂ ਅਤੇ ਵਿਭਾਗਾਂ ਨੂੰ ਇਸ ਦਿਸ਼ਾ ਵਿੱਚ ਕੰਮ ਕਰਨ ਦੇ ਨਿਰਦੇਸ਼ ਦਿੱਤੇ ਸਨ। ਰੁਜ਼ਗਾਰ ਮੇਲੇ ਤਹਿਤ ਦੇਸ਼ ਭਰ ਵਿੱਚੋਂ ਚੁਣੇ ਗਏ ਨੌਜਵਾਨਾਂ ਨੂੰ ਭਾਰਤ ਸਰਕਾਰ ਦੇ 38 ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਨਿਯੁਕਤ ਕੀਤਾ ਜਾਵੇਗਾ। ਨਵੇਂ ਭਰਤੀ ਕੀਤੇ ਮੁਲਾਜ਼ਮ ਵੱਖ-ਵੱਖ ਪੱਧਰਾਂ ‘ਤੇ ਕੇਂਦਰ ਸਰਕਾਰ ‘ਚ ਸ਼ਾਮਲ ਹੋਣਗੇ।ਇਨ੍ਹਾਂ ਵਿੱਚ ਗਰੁੱਪ-ਏ, ਗਰੁੱਪ-ਬੀ (ਗਜ਼ਟਿਡ), ਗਰੁੱਪ-ਬੀ (ਨਾਨ-ਗਜ਼ਟਿਡ) ਅਤੇ ਗਰੁੱਪ-ਸੀ ਨਿਯੁਕਤੀਆਂ ਦੇ ਨਾਲ-ਨਾਲ ਕੇਂਦਰੀ ਹਥਿਆਰਬੰਦ ਬਲਾਂ ਦੇ ਕਰਮਚਾਰੀ, ਸਬ-ਇੰਸਪੈਕਟਰ, ਕਾਂਸਟੇਬਲ, ਜੂਨੀਅਰ ਕਲਰਕ (ਐਲਡੀਸੀ), ਸਟੈਨੋ, ਪੀ.ਏ., ਆਮਦਨ ਟੈਕਸ ਇੰਸਪੈਕਟਰ, MTS ਵਰਗੀਆਂ ਰੇਲਵੇ ਪੋਸਟਾਂ ਸ਼ਾਮਲ ਹਨ।

ਫੌਜ ਦਾ ਹੈਲੀਕਾਪਟਰ ਹੋਇਆ ਕ੍ਰੈਸ਼, 4 ਜਵਾਨ ਹੋਏ ਸ਼ਹੀਦ

0

ਅਰੁਣਾਚਲ ਪ੍ਰਦੇਸ਼ ‘ਚ ਬੀਤੇ ਦਿਨੀ ਸੈਨਾ ਦਾ ਹੈਲੀਕਾਪਟਰ ਕ੍ਰੈਸ਼ ਹੋ ਗਿਆ ਸੀ। ਉਸ ਸਮੇਂ ਹੈਲੀਕਾਪਟਰ ਦੇ ਕ੍ਰੈਸ਼ ਹੋਣ ਤੋਂ ਬਾਅਦ ਸਰਚ ਅਭਿਆਨ ਸ਼ੂਰੂ ਕੀਤਾ ਗਿਆ। ਦੱਸ ਦਈਏ ਕਿ ਹੁਣ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਫੌਜ ਦੇ 4 ਜਵਾਨ ਸ਼ਹੀਦ ਹੋ ਗਏ ਹਨ। ਹੈਲੀਕਾਪਟਰ ‘ਚ ਫੌਜ ਦੇ 5 ਜਵਾਨ ਸਵਾਰ ਸਨ ਤੇ ਉਹ ਰੁਟੀਨ ਉਡਾਣ ‘ਤੇ ਸੀ।

ਰੱਖਿਆ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸਵੇਰੇ 10:43 ਵਜੇ ਦੇ ਕਰੀਬ ਦੀ ਸੀ। ਉਨ੍ਹਾਂ ਨੇ ਦੱਸਿਆ ਕਿ ਹੈਲੀਕਾਪਟਰ ‘ਚ ਫੌਜ ਦੇ 5 ਜਵਾਨ ਸਵਾਰ ਸਨ। ਜਿਨ੍ਹਾਂ ‘ਚੋਂ ਚਾਰ ਜਵਾਨਾਂ ਦੀ ਮੌਤ ਹੋ ਗਈ ਹੈ। ਪੰਜਵੇਂ ਜਵਾਨ ਦੀ ਭਾਲ ਜਾਰੀ ਹੈ।

ਸੂਬੇ ਭਰ ਦੀਆਂ ਮੰਡੀਆਂ ਵਿੱਚ 50 ਲੱਖ ਮੀਟਰਿਕ ਟਨ ਝੋਨੇ ਦੀ ਹੋਈ ਆਮਦ

0

ਪੰਜਾਬ ਦੇ ਮੁੱਖ ਮੰਤਰੀ ਨੇ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਦੇਰੀ ਦੇ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਖਰੀਦ ਅਤੇ ਚੁਕਾਈ ਕੀਤੀ ਜਾਵੇ। ਭਗਵੰਤ ਮਾਨ ਨੇ ਇਸ ਗੱਲ `ਤੇ ਤਸੱਲੀ ਪ੍ਰਗਟਾਈ ਕਿ ਸੂਬੇ ਭਰ ਦੀਆਂ ਮੰਡੀਆਂ ਵਿੱਚ ਲਗਭਗ 50 ਲੱਖ ਮੀਟਰਿਕ ਟਨ ਝੋਨਾ ਆ ਚੁੱਕਾ ਹੈ ਅਤੇ ਕਿਸਾਨਾਂ ਨੂੰ 7307.93 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਖ਼ਰੀਦ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾਵੇ।

ਇਕ ਹੋਰ ਏਜੰਡੇ `ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਮਨੁੱਖੀ ਜੀਵਨ ਨੂੰ ਵੀ ਭਾਰੀ ਖ਼ਤਰਾ ਪੈਦਾ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਇਸ ਦੀ ਰੋਕਥਾਮ ਲਈ ਹਰ ਸੰਭਵ ਯਤਨ ਕਰਨ ਦੀ ਲੋੜ ਹੈ।

ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਇਸ ਗੱਲ `ਤੇ ਤਸੱਲੀ ਪ੍ਰਗਟਾਈ ਕਿ ਰੋਜ਼ਾਨਾ 7500 ਮਰੀਜ਼ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਮਿਆਰੀ ਇਲਾਜ ਸਹੂਲਤਾਂ ਮੁਹੱਈਆ ਕਰਵਾ ਕੇ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਭਗਵੰਤ ਮਾਨ ਨੇ ਸਿਹਤ ਵਿਭਾਗ ਨੂੰ ਸੂਬੇ ਭਰ ਦੇ 400 ਹੋਰ ਸਿਹਤ ਸੰਭਾਲ ਕੇਂਦਰਾਂ ਨੂੰ ਮਜ਼ਬੂਤ ਕਰਨ ਲਈ ਵੀ ਕਿਹਾ।

ਸੂਬੇ ਵਿੱਚ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾਂਦੀਆਂ ਸੇਵਾਵਾਂ ਲਈ ਕੀਤੀ ਜਾਣ ਵਾਲੀ ਵਾਧੂ ਵਸੂਲੀ ਸਬੰਧੀ ਸ਼ਿਕਾਇਤਾਂ ਉਤੇ ਤੁਰੰਤ ਕਾਰਵਾਈ ਕਰਨ ਲਈ ਆਖਿਆ। ਉਨ੍ਹਾਂ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ 531 ਸੇਵਾ ਕੇਂਦਰਾਂ ਵਿੱਚ ਨਾਗਰਿਕ ਕੇਂਦਰਿਤ ਸੇਵਾਵਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਭ੍ਰਿਸ਼ਟਾਚਾਰ ਵਿਰੁੱਧ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇੰਜਨੀਅਰਿੰਗ ਵਿੰਗ ਦੇ ਅਨੁਮਾਨਾਂ ਵਿੱਚ ਕੋਈ ਵਾਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਅਨੁਮਾਨ ਸਾਰਥਿਕ ਹੋਣੇ ਚਾਹੀਦੇ ਹਨ ਅਤੇ ਗਲਤ ਕੰਮਾਂ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ `ਤੇ ਵਿਕਾਸ ਕਾਰਜਾਂ ਦੀ ਖ਼ੁਦ ਚੈਕਿੰਗ ਅਤੇ ਪੜਤਾਲ ਯਕੀਨੀ ਬਣਾਉਣ ਲਈ ਵੀ ਆਖਿਆ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੇਂਦਰ ਵੱਲੋਂ ਸਪਾਂਸਰਡ ਸਕੀਮਾਂ ਤਹਿਤ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਸੂਬੇ ਵਿੱਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਲਈ ਕੀਤੀ ਜਾਵੇ। ਭਗਵੰਤ ਮਾਨ ਨੇ ਵਿੱਤ ਵਿਭਾਗ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਰਕਾਰ ਦੇ ਪੱਧਰ ਉਤੇ ਕੋਈ ਵੀ ਬਿੱਲ ਬਕਾਇਆ ਨਾ ਰਹੇ।

ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਥੋੜ ਚਿਰੇ ਅਤੇ ਲੰਮੇ ਸਮੇਂ ਦੇ ਟੀਚਿਆਂ ਦੀ ਪਛਾਣ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਸਰਕਾਰੀ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਨਿਰਵਿਘਨ ਅੰਤਰ-ਵਿਭਾਗੀ ਤਾਲਮੇਲ ਬਣਾਉਣ ਲਈ ਕਿਹਾ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਨਿਰਪੱਖਤਾ ਅਤੇ ਪਾਰਦਰਸ਼ੀ ਢੰਗ ਨਾਲ ਨਿਭਾਉਣ ਲਈ ਆਖਿਆ।

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਘਟੀਆ ਦਰਜੇ ਦੀਆਂ ਮਠਿਆਈਆਂ ਅਤੇ ਨਕਲੀ ਦੁੱਧ ਤੋਂ ਬਣੇ ਪਦਾਰਥਾਂ ਨੂੰ ਠੱਲ੍ਹ ਪਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਲੋਕਾਂ ਦੀਆਂ ਕੀਮਤੀ ਜਾਨਾਂ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਆਪਣੇ ਮੁਨਾਫ਼ੇ ਲਈ ਲੋਕਾਂ ਦੀ ਜਾਨ ਦਾਅ ’ਤੇ ਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਕੌਮੀ ਮਾਰਗਾਂ ਦੇ ਪ੍ਰਾਜੈਕਟਾਂ ਲਈ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਕਿਸਾਨਾਂ ਨੂੰ ਮੁਆਵਜ਼ਾ ਦੇ ਕੇ ਛੇਤੀ ਤੋਂ ਛੇਤੀ ਮੁਕੰਮਲ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਭਰ ’ਚ ਚੱਲ ਰਹੇ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵੀ ਤਾਕੀਦ ਕੀਤੀ। ਭਗਵੰਤ ਮਾਨ ਨੇ ਉਸਾਰੀ ਦੇ ਕੰਮ ਦੌਰਾਨ ਗੁਣਵੱਤਾ ਦੇ ਉੱਚ ਮਿਆਰੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਮਾਲ, ਸਥਾਨਕ ਸਰਕਾਰਾਂ ਅਤੇ ਸ਼ਹਿਰੀ ਇਕਾਈਆਂ ਨੂੰ ਜ਼ਮੀਨਾਂ ਦੀ ਵਿਕਰੀ-ਨਾਮਿਆਂ (ਸੇਲ ਡੀਡਜ਼) ‘ਤੇ ਲੱਗੀ ਰੋਕ ਹਟਵਾਉਣ ਲਈ ਰਣਨੀਤੀ ਬਣਾਉਣ ਵਾਸਤੇ ਇਕਜੁੱਟ ਹੋ ਕੇ ਕੰਮ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਨੂੰ ਇਸ ਮਾਮਲੇ ਨੂੰ ਛੇਤੀ ਨਿਪਟਾਉਣ ਲਈ ਕਾਨੂੰਨੀ ਰਾਇ ਲੈਣੀ ਚਾਹੀਦੀ ਹੈ। ਭਗਵੰਤ ਮਾਨ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਸ ਨੇਕ ਕਾਰਜ ਲਈ ਸਾਰੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ।

ਦੁਬਈ ਤੋਂ ਅੰਮ੍ਰਿਤਸਰ ਏਅਰਪੋਰਟ ਪਹੁੰਚੇ ਯਾਤਰੀ ਕੋਲੋਂ ਬਰਾਮਦ ਹੋਇਆ 21 ਲੱਖ ਰੁਪਏ ਦਾ ਸੋਨਾ

0

ਦੁਬਈ ਤੋਂ ਅੰਮ੍ਰਿਤਸਰ ਏਅਰਪੋਰਟ ਪਹੁੰਚੇ ਯਾਤਰੀ ਕੋਲੋਂ ਸੋਨਾ ਬਰਾਮਦ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਹਵਾਈ ਅੱਡੇ ’ਤੇ ਪੁੱਜੇ ਇਕ ਯਾਤਰੀ ਤੋਂ ਕਸਟਮ ਵਿਭਾਗ ਦੀ ਟੀਮ ਨੇ 21 ਲੱਖ ਰੁਪਏ ਦੀ ਕੀਮਤ ਦਾ ਸੋਨਾ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸਪਾਈਸ ਜੈੱਟ ਹਵਾਈ ਕੰਪਨੀ ਦੀ ਇਕ ਉਡਾਣ ਦੁਬਈ ਤੋਂ ਅੰਮ੍ਰਿਤਸਰ ਆਈ ਸੀ। ਇਸ ਹਵਾਈ ਉਡਾਣ ਰਾਹੀਂ ਅੰਮ੍ਰਿਤਸਰ ਏਅਰਪੋਰਟ ਪੁੱਜੇ ਇਕ ਯਾਤਰੀ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਤਾਂ ਉਸ ਕੋਲੋਂ ਸੋਨਾ ਬਰਾਮਦ ਹੋਇਆ ਹੈ।

ਉਨ੍ਹਾਂ ਨੇ ਦੱਸਿਆ ਕਿ ਯਾਤਰੀ ਸੋਨੇ ਨੂੰ ਪੇਸਟ ਫੋਰਮ ਵਿਚ ਲੈ ਕੇ ਆਇਆ ਸੀ, ਜਿਸ ਦਾ ਭਾਰ 497 ਗ੍ਰਾਮ ਸੀ। ਇਹ ਦੋ ਛੋਟੇ ਪੈਕੇਟਾਂ ਦੇ ਰੂਪ ਵਿੱਚ ਸੀ ਜਿਸ ਨੂੰ ਯਾਤਰੀ ਨੇ ਲੁਕਾਇਆ ਹੋਇਆ ਸੀ। ਕਸਟਮ ਵਿਭਾਗ ਨੇ ਉਕਤ ਸੋਨੇ ਨੂੰ ਜ਼ਬਤ ਕਰਦੇ ਹੋਏ ਯਾਤਰੀ ਦੇ ਹੋਰ ਸਾਥੀਆਂ ਦੀ ਵੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਦੀ ਮਿਤੀ ਦਾ ਐਲਾਨ

0

ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਹ ਪ੍ਰੀਖਿਆ ਦਸੰਬਰ 2022 ਦੇ ਦੂਜੇ ਐਤਵਾਰ ਨੂੰ ਲੈਣ ਦਾ ਫੈਸਲਾ ਕੀਤਾ ਗਿਆ ਹੈ। ਇਸਦੇ ਨਾਲ ਹੀ ਦੱਸਿਆ ਗਿਆ ਹੈ ਕਿ ਜੇਕਰ ਇਸ ਤਾਰੀਖ ‘ਚ ਕੋਈ ਵੀ ਤਬਦੀਲੀ ਹੁੰਦੀ ਹੈ ਤਾਂ ਵਿਭਾਗ ਦੀ ਵੈਬਸਾਈਟ ‘ਤੇ ਦੱਸ ਦਿੱਤਾ ਜਾਵੇਗਾ।