Home Blog Page 2086

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ ਆਯੋਜਤ

0

ਪਿਛਲੇ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਹੋਈਆਂ। ਅਰਦਾਸ ਸਮਾਗਮ ਸਮੇਂ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਅਨੇਕਾਂ ਸਿੰਘਾਂ ਨੂੰ ਉਮਰ ਕੈਦ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਬਿਤਾਉਣ ਦੇ ਬਾਵਜੂਦ ਵੀ ਰਿਹਾਅ ਨਾ ਕਰਨਾ ਸਰਕਾਰਾਂ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ।

ਉਨ੍ਹਾਂ ਆਖਿਆ ਕਿ ਸਰਕਾਰਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਇਨ੍ਹਾਂ ਬੰਦੀ ਸਿੰਘਾਂ ਨੇ ਹਾਲਾਤਾਂ ਦੇ ਮੱਦੇਨਜ਼ਰ ਹੀ ਕਦਮ ਚੁੱਕਿਆ ਸੀ, ਕਿਉਂਕਿ ਉਸ ਵਕਤ ਸਿੱਖਾਂ ਦੇ ਪਾਵਨ ਗੁਰਧਾਮਾਂ ਨੂੰ ਸਰਕਾਰ ਵੱਲੋਂ ਨਿਸ਼ਾਨਾ ਬਣਾਇਆ ਗਿਆ ਸੀ। ਕੋਈ ਵੀ ਸੱਚਾ ਸਿੱਖ ਆਪਣੇ ਗੁਰਧਾਮਾਂ ਅਤੇ ਕੌਮ ’ਤੇ ਹਮਲੇ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬ ਸਮਰੱਥ ਹਨ ਅਤੇ ਸਿੱਖ ਪੰਥ ਦੀ ਅਰਦਾਸ ਬੇਨਤੀ ਜ਼ਰੂਰ ਪ੍ਰਵਾਨ ਹੋਵੇਗੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਵਿਚ ਫਿਰਕੂ ਨਫ਼ਰਤ ਪੈਦਾ ਕਰਨ ਵਾਲੇ ਲੋਕਾਂ ਨੂੰ ਕਾਬੂ ਹੇਠ ਕਰਨ ਲਈ ਸਰਕਾਰ ਨੂੰ ਠੋਸ ਕਦਮ ਚੁੱਕਣ ਦੀ ਵੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਸਿੱਖ ਕੌਮ ਵਿਰੁੱਧ ਕੂੜ ਪ੍ਰਚਾਰ ਕਰਨ ਵਾਲਿਆਂ ਖਿਲਾਫ ਸਰਕਾਰ ਨੂੰ ਸਖ਼ਤ ਕਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਪੰਜਾਬ ਦਾ ਮਾਹੌਲ ਸ਼ਾਂਤ ਰਹੇ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਅੰਤ੍ਰਿੰਗ ਕਮੇਟੀ ਦੇ ਮੈਂਬਰ ਭਾਈ ਹਰਜਾਪ ਸਿੰਘ ਸੁਲਤਾਨਵਿੰਡ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਅਮਰਜੀਤ ਸਿੰਘ ਭਲਾਈਪੁਰ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਅਜਾਇਬ ਸਿੰਘ ਅਭਿਆਸੀ, ਸ. ਗੁਰਨਾਮ ਸਿੰਘ ਜੱਸਲ, ਬੀਬੀ ਜੋਗਿੰਦਰ ਕੌਰ, ਅਕਾਲੀ ਆਗੂ ਸ. ਰਵਿੰਦਰ ਸਿੰਘ ਬ੍ਰਹਮਪੁਰਾ, ਸ. ਗੁਰਪ੍ਰਤਾਪ ਸਿੰਘ ਟਿੱਕਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਡਾ. ਪਰਮਜੀਤ ਸਿੰਘ ਸਰੋਆ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਕੱਤਰ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਮੀਤ ਸਿੰਘ ਬੁੱਟਰ, ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ ਆਦਿ ਹਾਜ਼ਰ ਸਨ।

ਸ਼੍ਰੋਮਣੀ ਕਮੇਟੀ ਵੱਲੋਂ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸਰਵਣ ਕਰਵਾਇਆ। ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ਇਤਿਹਾਸ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਸਰਦਾਰ ਹਰੀ ਸਿੰਘ ਨਲਵਾ ਦਾ ਸਿੱਖ ਰਾਜ ਦੀ ਸਥਾਪਤੀ ਲਈ ਵਿਸ਼ੇਸ਼ ਯੋਗਦਾਨ ਸੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਮੀਤ ਸਿੰਘ ਬੁੱਟਰ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਜਸਪਾਲ ਸਿੰਘ ਢੱਡੇ ਆਦਿ ਮੌਜੂਦ ਸਨ।

ਪਟਿਆਲਾ ‘ਚ ਵਾਪਰੀ ਘਟਨਾ ਤੋਂ ਬਾਅਦ DSP ਤੇ 2 ਐੱਸ.ਐੱਚ.ਓ ਦਾ ਵੀ ਕੀਤਾ ਤਬਾਦਲਾ

0

ਪਟਿਆਲਾ ‘ਚ ਬੀਤੇ ਦਿਨੀ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਲਗਾਤਾਰ ਐਕਸ਼ਨ ਪ੍ਰਕਿਰਿਆ ‘ਚ ਹੈ। ਪੰਜਾਬ ਸਰਕਾਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਰਹੀ ਹੈ। ਸਰਕਾਰ ਵਲੋਂ ਪਹਿਲਾਂ ਆਈਜੀ, ਐੱਸਐੱਸਪੀ ਪਟਿਆਲਾ ਤੇ ਐੱਸਪੀ ਸਿਟੀ ਦਾ ਤਬਾਦਲਾ ਕੀਤਾ ਗਿਆ ਹੈ। ਮੁਖਵਿੰਦਰ ਸਿੰਘ ਨਵੇਂ ਆਈਜੀ ਪਟਿਆਲਾ ਵਜੋਂ ਜ਼ਿੰਮੇਵਾਰੀ ਨਿਭਾਉਣਗੇ। ਜਦੋਂ ਕਿ ਦੀਪਕ ਪਾਰਿਕ ਐੱਸਐੱਸਪੀ ਅਤੇ ਵਜ਼ੀਰ ਸਿੰਘ ਐੱਸਪੀ ਸਿਟੀ ਲਗਾਏ ਗਏ ਹਨ। ਇਸੇ ਸੰਬੰਧ ‘ਚ ਹੁਣ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ ਕਿ ਇੱਕ ਡੀਐੱਸ.ਪੀ ਤੇ 2 ਐੱਸ.ਐੱਚ.ਓ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਪਟਿਆਲਾ ਦੇ ਡੀਐਸਪੀ ਅਸ਼ੋਕ ਕੁਮਾਰ ਦਾ ਤਬਾਦਲਾ ਕਰ ਦਿੱਤਾ ਹੈ।

IPL 2022: ਬੈਂਗਲੁਰੂ ਟੀਮ ਨੂੰ ਲੱਗਾ ਝਟਕਾ, ਕਪਤਾਨ ਡੁਪਲੇਸਿਸ ਹੋਏ ਆਊਟ

0

ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦਾ 43ਵਾਂ ਮੈਚ ਅੱਜ ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਦਰਮਿਆਨ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਇਸ ਮੈਚ ‘ਚ ਬੈਂਗਲੁਰੂ ਟੀਮ ਨੇ ਗੁਜਰਾਤ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਨ ਆਈ ਬੈਂਗਲੁਰੂ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਟੀਮ ਦੀ ਪਹਿਲੀ ਵਿਕਟ ਕਪਤਾਨ ਡੁਪਲੇਸਿਸ ਦੇ ਤੌਰ ‘ਤੇ ਡਿੱਗੀ। ਡੁਪਲੇਸਿਸ ਆਪਣਾ ਖ਼ਾਤਾ ਵੀ ਨਾ ਖੋਲ ਸਕੇ ਤੇ ਸਾਂਗਵਾਨ ਦੀ ਗੇਂਦ ‘ਤੇ ਸਾਹਾ ਹੱਥੋਂ ਕੈਚ ਆਊਟ ਹੋਏ। ਖ਼ਬਰ ਲਿਖੇ ਜਾਣ ਸਮੇਂ ਤਕ ਬੈਂਗਲੁਰੂ ਨੇ 1 ਵਿਕਟ ਦੇ ਨੁਕਸਾਨ ‘ਤੇ 11 ਦੌੜਾਂ ਬਣਾ ਲਈਆਂ ਸਨ।

ਗੁਜਰਾਤ ਦੀ ਗੱਲ ਕਰੀਏ ਤਾਂ 8 ਮੁਕਾਬਲੇ ਖੇਡ ਕੇ ਇਹ ਟੀਮ 7 ਮੈਚ ਜਿੱਤ ਚੁੱਕੀ ਹੈ। ਦੂਜੇ ਪਾਸੇ ਬੈਂਗਲੁਰੂ ਨੇ 9 ਮੁਕਾਬਲੇ ਖੇਡੇ ਹਨ ਤੇ 5 ਵਾਰ ਜਿੱਤ ਦਰਜ ਕੀਤੀ ਹੈ।

ED ਨੇ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀ 7.27 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ

0

ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਜੇਲ੍ਹ ਵਿੱਚ ਬੰਦ ਅਪਰਾਧੀ ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀ 7.27 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਇਹ ਸੰਪਤੀ ਇੱਕ ਫਿਕਸਡ ਡਿਪਾਜ਼ਿਟ ਹੈ। ਦੱਸ ਦੇਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਹ ਕਾਰਵਾਈ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਦੇ ਖਿਲਾਫ ਕਰੀਬ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਕੀਤੀ ਹੈ।

ਇਸ ਤੋਂ ਪਹਿਲਾਂ 5 ਦਸੰਬਰ 2021 ਨੂੰ ਦੇਸ਼ ਤੋਂ ਬਾਹਰ ਜਾਣ ਦੀ ਕੋਸ਼ਿਸ਼ ਕਰ ਰਹੀ ਅਦਾਕਾਰਾ ਨੂੰ ਮੁੰਬਈ ਏਅਰਪੋਰਟ ‘ਤੇ ਰੋਕ ਲਿਆ ਗਿਆ ਸੀ। ਈਡੀ ਨੇ ਉਸ ਦੇ ਖਿਲਾਫ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਹੈ। ਈਡੀ ਦੀ ਟੀਮ ਇਸ ਮਾਮਲੇ ‘ਚ ਅਭਿਨੇਤਰੀ ਤੋਂ 3 ਵਾਰ ਪੁੱਛਗਿੱਛ ਕਰ ਚੁੱਕੀ ਹੈ। ਜੈਕਲੀਨ ਫਰਨਾਂਡੀਜ਼ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਾਂ ਨੂੰ ਲੈ ਕੇ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਵੀ ਪੁੱਛਗਿੱਛ ਕੀਤੀ ਹੈ।

 

ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਕਰੇਗੀ ਮਦਦ

0

ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਹੈ। ਮਾਨ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਮਦਦ ਕਰਨ ਦਾ ਫੈਸਲਾ ਕੀਤਾ ਹੈ।

ਪੰਜਾਬ ਸਰਕਾਰ ਅਜਿਹੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਦੇਵੇਗੀ। ਕਿਸਾਨ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰ ਸਕਦੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਲਾਹੇਵੰਦ ਹੋਵੇਗੀ।

ਹੇਟ ਸਪੀਚ ਕਰਨ ਵਾਲਿਆਂ ਖਿਲਾਫ਼ ਹੋਵੇਗੀ ਸਖਤ ਕਾਰਵਾਈ, ਸੋਸ਼ਲ ਮੀਡੀਆ ’ਤੇ ਰੱਖੀ ਜਾਵੇਗੀ ਨਜ਼ਰ: ਕੈਬਨਿਟ ਮੰਤਰੀ ਜਿੰਪਾ

0

ਮਾਲ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਹਰ ਹਾਲ ਅਮਨ-ਸ਼ਾਂਤੀ ਤੇ ਭਾਈਚਾਰਾ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਨੀਤਿਕ ਦਲਾਂ ਦੀ ਵਿਚਾਰਧਾਰਾ ਵੱਖ-ਵੱਖ ਹੋ ਸਕਦੀ ਹੈ, ਪਰੰਤੂ ਸਾਰੇ ਦਲ ਅਮਨ-ਸ਼ਾਂਤੀ ਤੇ ਆਪਸੀ ਭਾਈਚਾਰੇ ਨੂੰ ਪਹਿਲ ਦਿੰਦੇ ਹਨ। ਉਹ ਅੱਜ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਹਾਜ਼ਰੀ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਬੀਤੇ ਦਿਨ ਪਟਿਆਲਾ ਵਿਚ ਹੋਈ ਘਟਨਾ ਸਬੰਧੀ ਆਲ ਪਾਰਟੀ ਪੀਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਦੌਰਾਨ ਸਾਰੇ ਰਾਜਨੀਤਿਕ ਦਲਾਂ ਦੇ ਨੇਤਾਵਾਂ ਨੇ ਜ਼ਿਲ੍ਹੇ ਵਿਚ ਅਮਨ-ਸ਼ਾਂਤੀ ਤੇ ਭਾਈਚਾਰਾ ਬਣਾਏ ਰੱਖਣ ਦਾ ਸੰਕਲਪ ਵੀ ਲਿਆ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਯੋਜਿਤ ਇਸ ਮੀਟਿੰਗ ਵਿਚ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ, ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਸਾਬਕਾ ਮੰਤਰੀ ਤੀਕਸ਼ਨ ਸੂਦ, ਵਧੀਕ ਡਿਪਟੀ ਕਮਿਸ਼ਨਰ ਸੰਦੀਪ ਸਿੰਘ ਤੋਂ ਇਲਾਵਾ ਸਿਵਲ-ਪੁਲਿਸ ਅਧਿਕਾਰੀ ਅਤੇ ਵੱਖ-ਵੱਖ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧ ਹਾਜ਼ਰ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਬੀਤੇ ਦਿਨ ਪਟਿਆਲਾ ਵਿਚ ਹੋਈ ਘਟਨਾ ਮੰਦਭਾਗੀ ਸੀ, ਪਰੰਤੂ ਪੰਜਾਬ ਸਰਕਾਰ ਸੂਬੇ ਵਿਚ ਅਮਨ-ਸ਼ਾਂਤੀ ਤੇ ਭਾਈਚਾਰੇ ਦਾ ਮਾਹੌਲ ਬਣਾਏ ਰੱਖਣ ਲਈ ਵਚਨਬੱਧ ਹੈ ਅਤੇ ਸਾਰੇ ਧਰਮ ਅਤੇ ਰਾਜਨੀਤਿਕ ਦਲਾਂ ਦੇ ਸਹਿਯੋਗ ਨਾਲ ਸੂਬੇ ਵਿਚ ਆਪਸੀ ਸਦਭਾਵਨਾ ਨੂੰ ਠੇਸ ਨਹੀਂ ਪਹੁੰਚਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਨੇ ਕਈ ਮਾੜੇ ਦੌਰ ਦੇਖੇ ਹਨ ਪਰੰਤੂ ਕਦੇ ਆਪਣਾ ਭਾਚੀਚਾਰਾ ਨਹੀਂ ਗਵਾਇਆ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹਾ ਬਹੁਤ ਸ਼ਾਂਤ ਹੈ ਅਤੇ ਇਥੋਂ ਦੇ ਲੋਕ ਸਾਰੇ ਧਰਮਾਂ ਦਾ ਆਦਰ ਕਰਦੇ ਹਨ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਸੋਸ਼ਲ ਮੀਡੀਆ ’ਤੇ ਵਿਸ਼ੇਸ਼ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਸਾਰੇ ਧਰਮਾਂ ਦਾ ਆਦਰ ਕਰਦੇ ਹੋਏ ਸੂਬੇ ਵਿਚ ਇਕ ਸ਼ਾਂਤੀਪੂਰਨ ਮਾਹੌਲ ਬਣਾਇਆ ਜਾਵੇਗਾ। ਉਨ੍ਹਾਂ ਹੁਸ਼ਿਆਰਪੁਰ ਦੇ ਸਾਰੇ ਰਾਜਨੀਤਿਕ ਦਲਾਂ ਦੇ ਨੇਤਾਵਾਂ ਨੂੰ ਸ਼ਰਾਰਤੀ ਅਨਸਰਾਂ ਤੋਂ ਸਾਵਧਾਨ ਰਹਿੰਦੇ ਹੋਏ ਸੂਬੇ ਵਿਚ ਸਦਭਾਵਨਾ ਬਣਾਏ ਰੱਖਣ ਲਈ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।

ਮੀਟਿੰਗ ਵਿਚ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ, ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਸਾਬਕਾ ਮੰਤਰੀ ਸ੍ਰੀ ਤੀਕਸ਼ਨ ਸੂਦ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁਲੇਵਾਲਰਾਠਾਂ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਦਲੀਪ ਓਹਰੀ, ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁੰਨ ਸ਼ਰਮਾ, ਸ਼੍ਰੋੋਮਣੀ ਅਕਾਲੀ ਦਲ (ਅ) ਤੋਂ ਸ੍ਰੀ ਗੁਰਨਾਮ ਸਿੰਘ, ਸੀ.ਪੀ.ਆਈ. ਤੋਂ ਸ੍ਰੀ ਗੁਰਮੇਸ਼ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੁਲਾਈ ਇਸ ਮੀਟਿੰਗ ਦੀ ਸਰਾਹਨਾ ਕਰਦੇ ਹੋਏ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ-ਆਪਣੇ ਰਾਜਨੀਤਿਕ ਦਲਾਂ ਰਾਹੀਂ ਜਿਲ੍ਹੇ ਵਿਚ ਅਮਨ-ਸ਼ਾਂਤੀ ਤੇ ਆਪਸੀ ਭਾਈਚਾਰਾ ਬਣਾਏ ਰੱਖਣ ਵਿਚ ਜਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲ ਵਿਚ ਹੁਸ਼ਿਆਰਪੁਰ ਵਿਚ ਸ਼ਾਂਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕੈਬਨਿਟ ਮੰਤਰੀ ਪੰਜਾਬ, ਸਾਬਕਾ ਮੰਤਰੀ, ਸਾਬਕਾ ਵਿਧਾਇਕ ਅਤੇ ਵੱਖ-ਵੱਖ ਰਾਜਨੀਤਿਕ ਦਲਾਂ ਦੇ ਨੇਤਾਵਾਂ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਜ਼ਿਲ੍ਹੇ ਵਿਚ ਕਿਸੇ ਵੀ ਕੀਮਤ ’ਤੇ ਅਮਨ-ਕਾਨੂੰਨ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸ਼ਾਂਤੀ ਬਣਾਏ ਰੱਖਣਾ ਹੀ ਸਾਡੀ ਸਾਰਿਆਂ ਦੀ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਸ਼ਰਾਰਤੀ ਅਨਸਰਾਂ ਨਾਲ ਸਖਤੀ ਨਾਲ ਨਿਪਟੇਗਾ। ਉਨ੍ਹਾਂ ਜਿਥੇ ਜ਼ਿਲ੍ਹਾ ਵਾਸੀਆਂ ਨੂੰ ਅਫ਼ਵਾਹਾਂ ਤੋਂ ਸਾਵਧਾਨ ਰਹਿਣ ਲਈ ਕਿਹਾ, ਉਥੇ ਅਪੀਲ ਕੀਤੀ ਕਿ ਸੋਸ਼ਲ ਮੀਡੀਆਂ ’ਤੇ ਕੋਈ ਵੀ ਭੜਕਾਊ ਜਾਂ ਇਸ ਤਰ੍ਹਾਂ ਦੇ ਸੰਦੇਸ਼ ਨਾ ਪਾਇਆ ਜਾਵੇ, ਜਿਸ ਨਾਲ ਵੱਖ-ਵੱਖ ਸੰਪਰਦਾਵਾਂ ਵਿਚ ਨਫਰਤ ਪੈਦਾ ਹੁੰਦੀ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਸੋਸ਼ਲ ਮੀਡੀਆ ਵਿਚ ਕੋਈ ਭੜਕਾਊ ਪੋਸਟ ਪਾਈ ਤਾਂ ਪੁਲਿਸ ਵਲੋਂ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।

ਡਰੈਗਨ ਫਰੂਟ ਪਾਚਨ ਤੰਤਰ ਨੂੰ ​​ਬਣਾਉਂਦਾ ਹੈ ਮਜ਼ਬੂਤ, ਜਾਣੋ ਹੋਰ ਫਾਇਦੇ

0

ਡਰੈਗਨ ਸਿਹਤ ਲਈ ਬਹੁਤ ਹੀ ਫਾਇਦੇਮੰਦ ਮੰਨਿਆ ਜਾਂਦਾ ਹੈ। ਡਰੈਗਨ ਦੇ ਸੇਵਨ ਨਾਲ ਕਈ ਸਿਹਤ ਸਮੱਸਿਆ ਵੀ ਦੂਰ ਹੁੰਦੀਆਂ ਹਨ। ਇਹ ਐਂਟੀ-ਆਕਸੀਡੈਂਟ ਗੁਣ, ਫਾਈਬਰ, ਫਲੇਵੋਨੋਇਡਜ਼, ਫੀਨੋਲਿਕ ਐਸਿਡ, ਐਸਕੋਰਬਿਕ ਐਸਿਡ, ਅਤੇ ਐਂਟੀ-ਇਨਫਲੇਮੇਟਰੀ ਗੁਣ, ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ। ਇਹ ਫਲ ਸ਼ੂਗਰ, ਦਿਲ ਦੇ ਰੋਗ ਅਤੇ ਕੈਂਸਰ ਵਰਗੀਆਂ ਬੀਮਾਰੀਆਂ ਨਾਲ ਲੜਨ ‘ਚ ਬਹੁਤ ਫਾਇਦੇਮੰਦ ਹੁੰਦਾ ਹੈ।

ਜਾਣੋ ਡ੍ਰੈਗਨ ਫਰੂਟ ਖਾਣ ਨਾਲ ਸਰੀਰ ਨੂੰ ਕੀ ਹੁੰਦੇ ਹਨ ਫਾਇਦੇ-

ਡਰੈਗਨ ਫਰੂਟ ਪਾਚਨ ਤੰਤਰ ਨੂੰ ਸਭ ਤੋਂ ਮਜ਼ਬੂਤ ​​ਬਣਾਉਂਦਾ ਹੈ

ਇਮਿਊਨਿਟੀ ਵਧਾਏ: ਇਸ ਦਾ ਸੇਵਨ ਇਮਿਊਨਿਟੀ ਲਈ ਬਹੁਤ ਵਧੀਆ ਹੈ। ਇਸ ‘ਚ ਐਂਟੀਆਕਸੀਡੈਂਟ ਅਤੇ ਐਂਟੀ-ਵਾਇਰਲ ਗੁਣ ਹੁੰਦੇ ਹਨ ਜੋ ਵਾਇਰਲ ਇਨਫੈਕਸ਼ਨ ਤੋਂ ਬਚਾਉਣ ‘ਚ ਮਦਦ ਕਰ ਸਕਦੇ ਹਨ।

ਕੋਲੇਸਟ੍ਰੋਲ ਨੂੰ ਘੱਟ ਕਰਨ ‘ਚ ਮਦਦਗਾਰ: ਵਧਿਆ ਹੋਇਆ ਬੈਡ ਕੋਲੇਸਟ੍ਰੋਲ ਸਟ੍ਰੋਕ, ਹਾਰਟ ਅਟੈਕ ਦਾ ਖ਼ਤਰਾ ਵੱਧ ਸਕਦਾ ਹੈ। ਅਜਿਹੇ ‘ਚ ਡਰੈਗਨ ਫਰੂਟ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਲਾਲ ਡ੍ਰੈਗਨ ਫਲ ਦਾ ਸੇਵਨ ਕੁੱਲ ਕੋਲੈਸਟ੍ਰੋਲ, ਟ੍ਰਾਈਗਲਿਸਰਾਈਡ ਅਤੇ ਘੱਟ ਘਣਤਾ ਵਾਲੇ ਲਿਪੋਪ੍ਰੋਟੀਨ ਕੋਲੇਸਟ੍ਰੋਲ ਨੂੰ ਘਟਾਉਂਦਾ ਹੈ। ਇਸ ਦੇ ਨਾਲ ਹੀ ਇਹ ਚੰਗੇ ਕੋਲੈਸਟ੍ਰੋਲ ਨੂੰ ਵਧਾਉਣ ‘ਚ ਵੀ ਫਾਇਦੇਮੰਦ ਹੁੰਦਾ ਹੈ।

ਪੇਟ ਸੰਬੰਧੀ ਸਮੱਸਿਆਵਾਂ ਲਈ: ਡਰੈਗਨ ਫਰੂਟ ਦਾ ਸੇਵਨ ਪਾਚਨ ਤੰਤਰ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦਾ ਹੈ। ਇਸ ‘ਚ ਮੌਜੂਦ ਪ੍ਰੀਬਾਇਓਟਿਕ ਗੁਣ ਅੰਤੜੀਆਂ ‘ਚ ਹੈਲਥੀ ਬੈਕਟੀਰੀਆ ਨੂੰ ਵਧਾਉਂਦੇ ਹਨ।

ਸ਼ੂਗਰ ਰੋਗੀਆਂ ਲਈ: ਇਸ ਬਿਮਾਰੀ ‘ਚ ਮਰੀਜ਼ਾਂ ਨੂੰ ਕਈ ਚੀਜ਼ਾਂ ਤੋਂ ਪਰਹੇਜ਼ ਕਰਨਾ ਹੁੰਦਾ ਹੈ ਅਜਿਹੇ ‘ਚ ਕਈ ਫਲਾਂ ਦਾ ਸੇਵਨ ਵੀ ਮਨ੍ਹਾ ਕੀਤਾ ਜਾਂਦਾ ਹੈ। ਪਰ ਡਰੈਗਨ ਫਲ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਇਹ ਫਲ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ‘ਚ ਮਦਦਗਾਰ ਹੁੰਦਾ ਹੈ।

ਹਵਾਰਾ ਮਾਮਲੇ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਇਆ ਜੁਰਮਾਨਾ

0

ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ਮਾਮਲੇ ਉਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 5 ਹਜ਼ਾਰ ਦਾ ਜੁਰਮਾਨਾ ਲਗਾਇਆ ਹੈ। ਤਿੰਨ ਸੁਣਵਾਈਆਂ ‘ਤੇ ਜਵਾਬ ਦਾਖਲ ਨਾ ਕਰਨ ਅਤੇ ਹਰ ਵਾਰ ਸਮਾਂ ਮੰਗਣ ‘ਤੇ ਹਾਈਕੋਰਟ ਨੇ ਕਾਫੀ ਨਾਰਾਜ਼ਗੀ ਜ਼ਾਹਿਰ ਕੀਤੀ।

ਹਾਈਕੋਰਟ ਨੇ ਅਗਲੀ ਸੁਣਵਾਈ ਤੋਂ ਪਹਿਲਾਂ ਇਸ ਨੂੰ ਪੀ.ਜੀ.ਆਈ ਦੇ ਗਰੀਬ ਮਰੀਜ਼ ਫੰਡ ‘ਚ ਜਮ੍ਹਾ ਕਰਵਾਉਣ ਦੇ ਹੁਕਮ ਦਿੱਤੇ ਹਨ ਅਤੇ ਸਰਕਾਰ ਨੂੰ ਜੁਰਮਾਨੇ ਦੀ ਇਹ ਰਕਮ ਦੋਸ਼ੀ ਅਧਿਕਾਰੀਆਂ ਤੋਂ ਵਸੂਲਣ ਲਈ ਕਿਹਾ ਹੈ, ਜਿਸ ਕਾਰਨ ਇਸ ਮਾਮਲੇ ਵਿੱਚ ਜਵਾਬ ਦਾਖਲ ਕਰਨ ਵਿੱਚ ਦੇਰੀ ਹੋਈ ਹੈ।

ਸਰਕਾਰ ਨੂੰ ਜੁਰਮਾਨੇ ਦੀ ਇਹ ਰਕਮ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਤੋਂ ਵਸੂਲਣ ਲਈ ਕਿਹਾ ਗਿਆ ਹੈ। ਜਿਸ ਕਾਰਨ ਇਸ ਮਾਮਲੇ ਵਿੱਚ ਜਵਾਬ ਦਾਖ਼ਲ ਕਰਨ ਵਿੱਚ ਦੇਰੀ ਹੋ ਰਹੀ ਹੈ। ਜਗਤਾਰ ਹਵਾਰਾ ਨੇ ਹਾਈਕੋਰਟ ‘ਚ ਦਾਇਰ ਪਟੀਸ਼ਨ ‘ਚ ਕਿਹਾ ਹੈ ਕਿ ਉਸ ਨੇ ਮੋਹਾਲੀ ਦੇ ਸੋਹਾਣਾ ਥਾਣੇ ਵਿੱਚ 1998 ਵਿੱਚ ਦਰਜ ਐਫਆਈਆਰ ਵਿੱਚ ਜ਼ਮਾਨਤ ਦੀ ਮੰਗ ਕੀਤੀ ਸੀ।

ਹਵਾਰਾ ਖਿਲਾਫ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਸੀ। ਹਵਾਰਾ ਨੂੰ ਵੀ 2019 ਵਿੱਚ ਤਿਹਾੜ ਜੇਲ੍ਹ ਵਿੱਚ ਇਸ ਐਫਆਈਆਰ ਬਾਰੇ ਪਤਾ ਲੱਗਾ ਸੀ। ਇਸ ਤੋਂ ਬਾਅਦ ਜਦੋਂ ਉਸ ਨੇ ਜ਼ਮਾਨਤ ਦੀ ਮੰਗ ਕੀਤੀ ਤਾਂ ਹਾਈਕੋਰਟ ਨੇ ਇਸ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ।

ਅਦਾਲਤਾਂ ਸਥਾਨਕ ਭਾਸ਼ਾਵਾਂ ‘ਤੇ ਦੇਣ ਜ਼ੋਰ : PM ਮੋਦੀ

0

PM ਨਰਿੰਦਰ ਮੋਦੀ ਨੇ ਅੱਜ ਵਿਗਿਆਨ ਭਵਨ ’ਚ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਹਾਈ ਕੋਰਟਾਂ ਦੇ ਚੀਫ਼ ਜਸਟਿਸ ਦੇ ਸਾਂਝੇ ਸੰਮੇਲਨ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮੁੱਖ ਮੰਤਰੀ ਕੇਜਰੀਵਾਲ, ਛੱਤੀਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਸਮੇਤ ਹੋਰ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਹਾਈ ਕੋਰਟਾਂ ਦੇ ਚੀਫ਼ ਜਸਟਿਸ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀਆਂ ਅਤੇ ਜੱਜਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਾਡੇ ਦੇਸ਼ ਵਿਚ ਵੀ ਕਾਨੂੰਨੀ ਸਿੱਖਿਆ ਕੌਮਾਂਤਰੀ ਮਾਪਦੰਡਾਂ ਮੁਤਾਬਕ ਹੋਵੇ, ਇਹ ਸਾਡੀ ਜ਼ਿੰਮੇਵਾਰੀ ਹੈ। ਸਾਡੀਆਂ ਅਦਾਲਤਾਂ ’ਚ ਸਥਾਨਕ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ।

ਇਸ ਦੌਰਾਨ ਪੀਐੱਮ ਨੇ ਕਿਹਾ- ਸਾਨੂੰ ਕੋਰਟ ‘ਚ ਸਥਾਨਕ ਭਾਸ਼ਾਵਾਂ ਨੂੰ ਵਧਾਵਾ ਦੇਣ ਦੀ ਲੋੜ ਹੈ।ਇਸ ਨਾਲ ਦੇਸ਼ ਦੇ ਆਮ ਨਾਗਰਿਕਾਂ ਦਾ ਨਿਆਂ ਪ੍ਰਣਾਲੀ ‘ਚ ਭਰੋਸਾ ਵਧੇਗਾ, ਉਹ ਉਸ ਨਾਲ ਜੁੜਿਆ ਹੋਇਆ ਮਹਿਸੂਸ ਕਰਨਗੇ। ਦੇਸ਼ ‘ਚ 3.5 ਲੱਖ ਕੈਦੀ ਅੰਡਰ ਟ੍ਰਾਇਲ ਹਨ, ਇਨ੍ਹਾਂ ਦੇ ਮਸਲਿਆਂ ਨੂੰ ਨਜਿੱਠਣ ‘ਤੇ ਜੋਰ ਦਿੱਤਾ ਜਾਵੇ। ਮੈਂ ਸਾਰੇ ਮੁੱਖ ਮੰਤਰੀਆਂ ਅਤੇ ਹਾਈਕੋਰਟ ਦੇ ਜੱਜਾਂ ਨਾਲ ਇਸ  ‘ਤੇ ਧਿਆਨ ਦੇਣ ਦੀ ਅਪੀਲ ਕਰਦਾ ਹਾਂ।

ਇਸ ਤੋਂ ਪਹਿਲਾਂ ਸੀਜੇਆਈ ਐਨਵੀ ਰਮਨਾ ਨੇ ਕਿਹਾ – ਨਿਆਂ ਦਾ ਮੰਦਰ ਹੋਣ ਦੇ ਨਾਤੇ, ਅਦਾਲਤ ਨੂੰ ਲੋਕਾਂ ਦਾ ਸੁਆਗਤ ਕਰਨਾ ਚਾਹੀਦਾ ਹੈ, ਅਦਾਲਤ ਨੂੰ ਲੋੜੀਂਦੀ ਸ਼ਾਨ ਅਤੇ ਆਭਾ ਹੋਣੀ ਚਾਹੀਦੀ ਹੈ। ਲੋਕ ਹਿੱਤ ਪਟੀਸ਼ਨਾਂ ਨੂੰ ਹੁਣ ਨਿੱਜੀ ਹਿੱਤਾਂ ਲਈ ਵਰਤਿਆ ਜਾ ਰਿਹਾ ਹੈ। ਅਫਸਰਾਂ ਨੂੰ ਡਰਾਉਣ ਦਾ ਜ਼ਰੀਆ ਬਣ ਗਿਆ ਹੈ। ਜਨਹਿੱਤ ਪਟੀਸ਼ਨ ਸਿਆਸੀ ਅਤੇ ਕਾਰਪੋਰੇਟ ਵਿਰੋਧੀਆਂ ਦੇ ਖਿਲਾਫ ਇੱਕ ਸਾਧਨ ਬਣ ਗਈ ਹੈ।

ਮਸ਼ਹੂਰ ਗਾਇਕ ਤਰਸੇਮ ਸਿੰਘ ਸੈਣੀ ਉਰਫ ਤਾਜ ਦਾ ਹੋਇਆ ਦਿਹਾਂਤ

0

ਮਸ਼ਹੂਰ ਗਾਇਕ ਤਰਸੇਮ ਸਿੰਘ ਸੈਣੀ ਉਰਫ ਤਾਜ ਦਾ ਦਿਹਾਂਤ ਹੋ ਗਿਆ ਹੈ। ਤਾਜ ਦੇ ਦਿਹਾਂਤ ਦੀ ਖ਼ਬਰ ਗਾਇਕ ਤੇ ਸੰਗੀਤਕਾਰ ਸੁਖਸ਼ਿੰਦਰ ਸ਼ਿੰਦਾ ਨੇ ਟਵਿਟਰ ’ਤੇ ਸਾਂਝੀ ਕੀਤੀ ਹੈ।

ਆਪਣੇ ਟਵੀਟ ’ਚ ਸੁਖਸ਼ਿੰਦਰ ਸ਼ਿੰਦਾ ਲਿਖਦੇ ਹਨ, ‘ਇਹ ਜਾਣ ਕੇ ਬੇਹੱਦ ਦੁਖੀ ਹਾਂ ਕਿ ਮੇਰੇ ਭਰਾ ਤੇ ਪੌਪ ਗਾਇਕ ਤਾਜ ਸਟੀਰੀਓ ਨੇਸ਼ਨ ਉਰਫ ਜੌਨੀ ਜ਼ੀ ਦਾ ਅੱਜ ਦਿਹਾਂਤ ਹੋ ਗਿਆ ਹੈ। ਪ੍ਰਮਾਤਮਾ ਉਸ ਦੀ ਆਤਮਾ ਨੂੰ ਸ਼ਾਂਤੀ ਦੇਵੇ ਤੇ ਪਰਿਵਾਰ ਨੂੰ ਬਲ ਬਖਸ਼ੇ।’

ਦੱਸ ਦੇਈਏ ਕਿ ਤਾਜ ਨੇ 90 ਦੇ ਦਹਾਕੇ ’ਚ ਸੁਪਰਹਿੱਟ ਗੀਤ ਦਿੱਤੇ ਸਨ। ‘ਨੱਚਾਂਗੇ ਸਾਰੀ ਰਾਤ’, ‘ਥੋੜ੍ਹਾ ਦਾਰੂ ਵਿਚ ਪਿਆਰ ਮਿਲਾ ਦੇ’ ਤੇ ‘ਗੱਲਾਂ ਗੋਰੀਆਂ’ ਉਨ੍ਹਾਂ ਦੇ ਮਸ਼ਹੂਰ ਗੀਤ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਰਿਤਿਕ ਰੌਸ਼ਨ ਦੀ ਫ਼ਿਲਮ ‘ਕੋਲੀ ਮਿਲ ਗਿਆ’ ਦੇ ਗੀਤ ‘ਇਟਸ ਮੈਜਿਕ’ ਨੂੰ ਵੀ ਗਾਇਆ।

ਤਾਜ ਦੇ ਦਿਹਾਂਤ ’ਤੇ ਸਚਿਨ ਆਹੂਜਾ, ਹਨੀ ਸਿੰਘ, ਰੋਚ ਕਿਲਾ, ਜੱਸੀ ਸਿੱਧੂ, ਬੈਲੀ ਸਾਗੂ, ਅਦਨਾਨ ਸਾਮੀ ਤੇ ਅਮਾਲ ਮਲਿਕ ਸਮੇਤ ਕਈ ਗਾਇਕਾਂ ਨੇ ਸ਼ਰਧਾਂਜਲੀ ਦਿੱਤੀ ਹੈ। ਦੱਸ ਦੇਈਏ ਕਿ ਤਰਸੇਮ ਸਿੰਘ ਸੈਣੀ ਉਰਫ ਤਾਜ ਸਟੀਰੀਓ ਨੇਸ਼ਨ ਨੂੰ ਪਹਿਲਾਂ ਜੌਨੀ ਜ਼ੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਸੀ।