Home Blog Page 2120

ਬੰਦ ਹੋ ਜਾਣਗੀਆਂ ਮੁਫ਼ਤ ਵਾਲੀਆਂ ਸਕੀਮਾਂ ! ਸੂਬਿਆਂ ਦੀ ਆਰਥਿਕ ਸਥਿਤੀ ਹੋ ਰਹੀ ਖਰਾਬ

0

ਪੀਐੱਮ ਮੋਦੀ ਦੀ ਸੀਨੀਅਰ ਅਧਿਕਾਰੀਆਂ ਨਾਲ ਸ਼ਨੀਵਾਰ ਨੂੰ ਬੈਠਕ ਹੋਈ ਤੇ ਜਿਸ ‘ਚ ਕੁਝ ਅਧਿਕਾਰੀਆਂ ਨੇ ਕਈ ਸੂਬਿਆਂ ਵਲੋਂ ਐਲਾਨੀਆਂ ਲੋਕਪ੍ਰਿਅ ਯੋਜਨਾਵਾਂ ‘ਤੇ ਚਿੰਤਾ ਜ਼ਾਹਰ ਕੀਤੀ ਤੇ ਦਾਅਵਾ ਕੀਤਾ ਕਿ ਉਹ ਆਰਥਿਕ ਤੌਰ ‘ਤੇ ਸਮਰੱਥ ਨਹੀਂ ਹਨ ਤੇ ਉਨ੍ਹਾਂ ਦੀ ਆਰਥਿਕ ਸਥਿਤੀ ਵੀ ਸ਼੍ਰੀਲੰਕਾ ਵਾਲੀ ਨਾ ਹੋ ਜਾਵੇ।

ਪੀਐਮ ਮੋਦੀ ਨੇ ਸ਼ਨਿੱਚਰਵਾਰ ਨੂੰ ਲੋਕ ਕਲਿਆਣ ਮਾਰਗ 7 ਸਥਿਤ ਆਪਣੀ ਰਿਹਾਇਸ਼ ‘ਤੇ ਸਾਰੇ ਵਿਭਾਗਾਂ ਦੇ ਸਕੱਤਰਾਂ ਨਾਲ ਚਾਰ ਘੰਟੇ ਲੰਬੀ ਬੈਠਕ ਕੀਤੀ। ਮੀਟਿੰਗ ‘ਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪੀਕੇ ਮਿਸ਼ਰਾ ਤੇ ਕੈਬਨਿਟ ਸਕੱਤਰ ਰਾਜੀਵ ਗਾਬਾ ਤੋਂ ਇਲਾਵਾ ਕੇਂਦਰ ਸਰਕਾਰ ਦੇ ਹੋਰ ਉੱਚ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ।

ਜਾਣਕਾਰੀ ਅਨੁਸਾਰ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਅਧਿਕਾਰੀਆਂ ਨੂੰ ਕਮੀਆਂ ਦੇ ਪ੍ਰਬੰਧਨ ਦੀ ਮਾਨਸਿਕਤਾ ਤੋਂ ਬਾਹਰ ਨਿਕਲਣ ਅਤੇ ਵਧੀਕੀਆਂ ਦੇ ਪ੍ਰਬੰਧਨ ਦੀ ਨਵੀਂ ਚੁਣੌਤੀ ਦਾ ਸਾਹਮਣਾ ਕਰਨ ਲਈ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਵੱਡੇ ਵਿਕਾਸ ਪ੍ਰੋਜੈਕਟਾਂ ਨੂੰ ਨਾ ਸ਼ੁਰੂ ਕਰਨ ਦੇ ਬਹਾਨੇ ‘ਗਰੀਬੀ’ ਦਾ ਹਵਾਲਾ ਦੇਣ ਦੀ ਪੁਰਾਣੀ ਕਹਾਣੀ ਨੂੰ ਛੱਡਣ ਅਤੇ ਇੱਕ ਵੱਡੀ ਪਹੁੰਚ ਅਪਣਾਉਣ ਲਈ ਕਿਹਾ। ਕੋਵਿਡ-19 ਮਹਾਮਾਰੀ ਦੌਰਾਨ ਸਕੱਤਰਾਂ ਨੇ ਜਿਸ ਤਰ੍ਹਾਂ ਨਾਲ ਮਿਲ ਕੇ ਇਕ ਟੀਮ ਦੀ ਤਰ੍ਹਾਂ ਕੰਮ ਕੀਤਾ, ਉਸ ਦਾ ਜ਼ਿਕਰ ਕਰਦੇ ਹੋਏ ਪੀਐੱਮ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤ ਸਰਕਾਰ ਦੇ ਸਕੱਤਰਾਂ ਦੇ ਰੂਪ ‘ਚ ਕੰਮ ਕਰਨਾ ਚਾਹੀਦਾ ਹੈ ਨਾ ਕਿ ਸਿਰਫ਼ ਆਪਣੇ ਸੰਬੰਧਤ ਵਿਭਾਗਾਂ ਦੇ ਸਕੱਤਰਾਂ ਦੇ ਰੂਪ ‘ਚ ਕੰਮ ਕਰਨਾ ਚਾਹੀਦਾ ਹੈ।

ਉਨ੍ਹਾਂ ਨੇ ਸਕੱਤਰਾਂ ਨੂੰ ਫੀਡਬੈਕ ਦੇਣ ਅਤੇ ਸਰਕਾਰ ਦੀਆਂ ਨੀਤੀਆਂ ‘ਚ ਕਮੀਆਂ ਦਾ ਸੁਝਾਅ ਦੇਣ ਲਈ ਵੀ ਕਿਹਾ, ਜਿਨ੍ਹਾਂ ਵਿੱਚ ਉਹ ਸ਼ਾਮਲ ਹਨ ਜਿਹੜੇ ਉਨ੍ਹਾਂ ਦੇ ਸੰਬੰਧਤ ਮੰਤਰਾਲਿਆਂ ਨਾਲ ਸੰਬੰਧਤ ਨਹੀਂ ਹਨ। ਜਾਣਕਾਰੀ ਅਨੁਸਾਰ ਸਕੱਤਰਾਂ ਨੇ ਆਪਣੇ ਵਿਚਾਰ ਪੀਐੱਮ ਨੂੰ ਦੱਸੇ।

ਉਨ੍ਹਾਂ ਨੇ ਹੋਰ ਸੂਬਿਆਂ ‘ਚ ਵੀ ਅਜਿਹੀਆਂ ਯੋਜਨਾਵਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਹ ਆਰਥਿਕ ਤੌਰ ‘ਤੇ ਟਿਕਾਊ ਨਹੀਂ ਹਨ ਤੇ ਸੂਬਿਆਂ ਨੂੰ ਸ੍ਰੀਲੰਕਾ ਦੇ ਰਾਹ ‘ਤੇ ਲੈ ਜਾ ਸਕਦੀਆਂ ਹਨ।

ਦੱਸ ਦਈਏ ਕਿ ਸ਼੍ਰੀਲੰਕਾ ਇਸ ਸਮੇਂ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਲੋਕਾਂ ਨੂੰ ਬਾਲਣ, ਰਸੋਈ ਗੈਸ ਲਈ ਲੰਮੀਆਂ ਲਾਈਨਾਂ ‘ਚ ਖੜ੍ਹਨਾ ਪੈਂਦਾ ਹੈ, ਜ਼ਰੂਰੀ ਵਸਤਾਂ ਦੀ ਸਪਲਾਈ ਘੱਟ ਹੁੰਦੀ ਹੈ।  ਬਿਜਲੀ ਦੇ ਲੰਬੇ ਕੱਟਾਂ ਕਾਰਨ ਲੋਕ ਹਫ਼ਤਿਆਂ ਤੋਂ ਪਰੇਸ਼ਾਨ ਹਨ। ਅਜਿਹੀਆਂ ਮੀਟਿੰਗਾਂ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਸ਼ਾਸਨ ‘ਚ ਸਮੁੱਚੇ ਸੁਧਾਰ ਲਈ ਨਵੇਂ ਵਿਚਾਰ ਸੁਝਾਉਣ ਲਈ ਸਕੱਤਰਾਂ ਦੇ 6 ਖੇਤਰੀ ਗਰੁੱਪਾਂ ਦਾ ਵੀ ਗਠਨ ਕੀਤਾ ਹੈ।

 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਦੋ ਵਿਭਾਗਾਂ ਨੂੰ ਰਲਾਉਣ ਵਾਲੇ ਫੈਸਲੇ ’ਤੇ ਰੋਕ ਲਗਾਉਣ ਦੀ ਕੀਤੀ ਮੰਗ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪੰਜਾਬ ਇਤਿਹਾਸ ਅਧਿਐਨ ਵਿਭਾਗ ਅਤੇ ਇਤਿਹਾਸ ਵਿਭਾਗ ਦਾ ਰਲੇਵਾਂ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਮੁੜ ਵਿਚਾਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸਿੰਡੀਕੇਟ ਦੀ ਮੀਟਿੰਗ ਵਿਚ ਇਨ੍ਹਾਂ ਦੋਹਾਂ ਵਿਭਾਗਾਂ ਨੂੰ ਇਕ ਕਰਨ ਦਾ ਫੈਸਲਾ ਤਰਕਸੰਗਤ ਨਹੀਂ ਹੈ ਅਤੇ ਇਸ ਫੈਸਲੇ ਨਾਲ ਖੋਜ ਦੀਆਂ ਵਸੀਹ ਸੰਭਾਵਨਾਵਾਂ ਸੀਮਤ ਹੋ ਜਾਣਗੀਆਂ ਅਤੇ ਖਾਸ ਕਰਕੇ ਸਿੱਖ ਇਤਿਹਾਸਕਾਰ ਡਾ. ਗੰਡਾ ਸਿੰਘ ਦੀ ਨਿਸ਼ਾਨੀ ਪੰਜਾਬ ਇਤਿਹਾਸ ਅਧਿਐਨ ਵਿਭਾਗ ਦੀ ਹੋਂਦ ਖ਼ਤਮ ਕਰਕੇ ਹੋਰ ਵਿਭਾਗ ਵਿਚ ਰਲਾਉਣਾ ਸਿੱਖ ਵਿਰਾਸਤ ਨੂੰ ਤਬਾਹ ਕਰਨ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਸਿੱਖਾਂ ਦਾ ਇਤਿਹਾਸ ਹੈ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਬਿਨਾਂ ਇਸ ਖਿੱਤੇ ਦੇ ਇਤਿਹਾਸ ਦੀਆਂ ਖੋਜ ਤਰਜ਼ੀਹਾਂ ਸੰਭਵ ਨਹੀਂ ਰਹਿ ਜਾਣਗੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਇਤਿਹਾਸ ਅਤੇ ਸੱਭਿਆਚਾਰ ਨੂੰ ਪ੍ਰਭਾਵਿਤ ਕਰਨ ਵਾਲਾ ਹੈ, ਜਿਸ ਨੂੰ ਤੁਰੰਤ ਬਦਲਿਆ ਜਾਣਾ ਚਾਹੀਦਾ ਹੈ।

ਐਡਵੋਕੇਟ ਧਾਮੀ ਨੇ ਆਖਿਆ ਕਿ ਯੂਨੀਵਰਸਿਟੀਆਂ ਵੱਲੋਂ ਖੋਜ ਕਾਰਜਾਂ ਨੂੰ ਹੋਰ ਪ੍ਰਚੰਡ ਕਰਨ ਲਈ ਨਵੇਂ ਵਿਭਾਗ ਸਥਾਪਤ ਕਰਨ ਦੀ ਥਾਂ ਪਹਿਲਾਂ ਚੱਲ ਰਹੇ ਵਿਭਾਗਾਂ ਖ਼ਤਮ ਕਰਨ ਦਾ ਫੈਸਲਾ ਹੈਰਾਨੀਜਨਕ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਇਤਿਹਾਸ, ਵਿਰਾਸਤ, ਇਥੋਂ ਦੀ ਧਾਰਮਿਕਤਾ, ਮਨੁੱਖੀ ਭਾਈਚਾਰੇ ਦਾ ਸੁਨੇਹਾ, ਦੇਸ਼ ਲਈ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਵੱਲੋਂ ਪਾਏ ਯੋਗਦਾਨ ਆਦਿ ਪਹਿਲੂਆਂ ਦੀ ਮੁਕੰਮਲ ਖੋਜ ਲਈ ਤੇਜ਼ੀ ਲਿਆਉਣਾ ਸਮੇਂ ਦੀ ਵੱਡੀ ਲੋੜ ਹੈ ਅਤੇ ਅਜਿਹਾ ਤਾਂ ਹੀ ਸੰਭਵ ਹੈ, ਜੇਕਰ ਇਨ੍ਹਾਂ ਖੋਜਾਂ ਨਾਲ ਸਬੰਧਤ ਸਾਰੇ ਵਿਭਾਗ ਗਤੀਸ਼ੀਲ ਰਹਿਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿਭਾਗਾਂ ਦਾ ਰਲੇਵਾਂ ਕਰਨ ਵਾਲੇ ਫੈਸਲੇ ’ਤੇ ਮੁੜ ਵਿਚਾਰ ਕਰਕੇ ਇਤਿਹਾਸ ਦੀ ਸੰਭਾਲ ਦੇ ਨਾਲ-ਨਾਲ ਇਤਿਹਾਸਕ ਵਿਭਾਗਾਂ ਦੀ ਹੋਂਦ ਨੂੰ ਬਣਾਈ ਰੱਖਣਾ ਚਾਹੀਦਾ ਹੈ।

IPS ਗੌਰਵ ਯਾਦਵ ਪੰਜਾਬ CM ਦੇ ਬਣੇ ਸਪੈਸ਼ਲ ਪ੍ਰਿੰਸੀਪਲ ਸਕੱਤਰ

0

ਪੰਜਾਬ ਸਰਕਾਰ ਨੇ ਸੀਨੀਅਰ ਆਈਪੀਐਸ ਅਫ਼ਸਰ ਗੌਰਵ ਯਾਦਵ ਨੂੰ ਨਵੀਂ ਜ਼ਿੰਮੇਵਾਰੀ ਸੌਪੀ ਹੈ। ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਗੌਰਵ ਯਾਦਵ 1992 ਬੈਚ ਦੇ ਆਈਪੀਐਸ ਅਫ਼ਸਰ ਹਨ। ਉਨ੍ਹਾਂ ਨੂੰ ਵਿਸ਼ੇਸ ਪ੍ਰਿੰਸੀਪਲ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਚੰਡੀਗੜ੍ਹ ਪੰਜਾਬ ਦਾ ਸੀ ਤੇ ਪੰਜਾਬ ਦਾ ਹੀ ਰਹੇਗਾ: ਨਵਜੋਤ ਸਿੱਧੂ

0

ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਹੈ। ਇਸ ਮੁੱਦੇ ’ਤੇ ਜਿੱਥੇ ਕੇਂਦਰ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ, ਉਥੇ ਹੀ ਇਸ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚ ਵੀ ਸ਼ਬਦੀ ਜੰਗ ਜਾਰੀ ਹੈ। ਨਵਜੋਤ ਸਿੱਧੂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਪੰਜਾਬ ਦੇ 27 ਪਿੰਡ ਉਜਾੜ ਕੇ ਬਣਾਇਆ ਗਿਆ ਚੰਡੀਗੜ੍ਹ ਪੰਜਾਬ ਦਾ ਸੀ ਅਤੇ ਪੰਜਾਬ ਦਾ ਹੀ ਰਹੇਗਾ।ਉਨ੍ਹਾਂ ਨੇ ਆਪਣੇ ਸ਼ਾਇਰਾਨਾ ਅੰਦਾਜ਼ ‘ਚ ਅੱਗੇ ਲਿਖਦੇ ਹੋਏ ਕਿਹਾ ਕਿ ਕਹੀ ਪੇ ਨਿਗਾਹੇਂ ਕਹੀ ਪੇ ਨਿਸ਼ਾਨਾ …. ਚੰਡੀਗੜ੍ਹ ਤਾਂ ਬਹਾਨਾ ਹੈ, ਪੰਜਾਬ ਦੇ ਦਰਿਆਈ ਪਾਣੀਆਂ ’ਤੇ ਨਿਸ਼ਾਨਾ ਹੈ।

ਇਥੇ ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਮੁੱਦੇ ’ਤੇ ਪੰਜਾਬ ਅਤੇ ਹਰਿਆਣਾ ਦਰਮਿਆਨ ਟਕਰਾਅ ਚੱਲ ਰਿਹਾ ਹੈ। ਇਸ ਦੀ ਸ਼ੁਰੂਆਤ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਦੇ ਕਰਮਚਾਰੀਆਂ ’ਤੇ ਕੇਂਦਰੀ ਨਿਯਮ ਲਾਗੂ ਕਰਨ ਨਾਲ ਹੋਈ ਹੈ। ਜਿਸ ਤੋਂ ਬਾਅਦ ਇਕ ਅਪ੍ਰੈਲ ਨੂੰ ਪੰਜਾਬ ਦੀ ‘ਆਪ’ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਚੰਡੀਗੜ੍ਹ ’ਤੇ ਮਤਾ ਵੀ ਪਾਸ ਕਰ ਦਿੱਤਾ। ਇਸ ਸਭ ਦਰਮਿਆਨ ਹਰਿਆਣਾ ਸਰਕਾਰ ਨੇ ਵੀ ਕੈਬਨਿਟ ਮੀਟਿੰਗ ਕੀਤੀ ਅਤੇ ਕੱਲ੍ਹ ਵਿਧਾਨ ਸਭਾ ਦਾ ਇਕ ਦਿਨਾਂ ਵਿਸ਼ੇਸ਼ ਸੈਸ਼ਨ ਬੁਲਾਇਆ ਹੈ।

CM ਭਗਵੰਤ ਮਾਨ ਨੇ ਕਣਕ ਖਰੀਦ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

0

CM ਭਗਵੰਤ ਮਾਨ ਨੇ ਅੱਜ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਤੇ ਵੱਡੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਪੰਜਾਬ ਵਿਚ ਸ਼ੁਰੂ ਹੋ ਚੁੱਕੀ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਬਾਰੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕਿਸੀ ਪ੍ਰਕਾਰ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਪੰਜਾਬ ਭਵਨ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਕਿਹਾ ਕਿ ਮੰਡੀਆਂ ਵਿੱਚ ਸਾਰੇ ਪ੍ਰਬੰਧ ਕੀਤੇ ਜਾਣ। ਅਧਿਕਾਰੀ ਖੁਦ ਸਫਾਈ ਦੇ ਨਾਲ ਖਰੀਦ ‘ਤੇ ਨਜ਼ਰ ਰੱਖਣ। ਇਸ ਤੋਂ ਇਲਾਵਾ ਕਿਸਾਨਾਂ ਨੂੰ ਫਸਲ ਦੀ ਅਦਾਇਗੀ 24 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾਵੇ। ਇਸ ਦੇ ਨਾਲ ਹੀ ਗੁਆਂਢੀ ਰਾਜਾਂ ਦੀ ਕਣਕ ਪੰਜਾਬ ਵਿੱਚ ਨਾ ਵਿਕਣ ਨੂੰ ਯਕੀਨੀ ਬਣਾਉਣ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਪੰਜਾਬ ਦੇ ਖੁਰਾਕ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਦੇ ਲਈ ਅਧਿਕਾਰੀਆਂ ਨੂੰ ਪੰਜਾਬ ਦੀਆਂ ਸਰਹੱਦਾਂ ਸੀਲ ਕਰਨ ਲਈ ਕਿਹਾ ਗਿਆ ਹੈ। ਦਰਅਸਲ ਕਈ ਰਾਜਾਂ ਵਿੱਚ ਕਣਕ ‘ਤੇ ਐਮਐਸਪੀ ਉਪਲਬਧ ਨਹੀਂ ਹੈ, ਇਸ ਲਈ ਉਹ ਇਸ ਨੂੰ ਵੇਚਣ ਲਈ ਪੰਜਾਬ ਲਿਆਉਂਦੇ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਆਮਦ ਘੱਟ ਹੈ। ਸੀਜ਼ਨ 2-4 ਦਿਨਾਂ ਵਿੱਚ ਸਿਖਰ ‘ਤੇ ਹੋਵੇਗਾ। ਬਾਹਰੋਂ ਆਉਣ ਵਾਲੀ ਕਣਕ ਨੂੰ ਰੋਕਣ ਲਈ ਨਾਕਾਬੰਦੀ ਕੀਤੀ ਜਾਵੇਗੀ।

ਪੰਜਾਬ ‘ਚ ਕਣਕ ਦੀ ਖਰੀਦ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਇਸ ਦੇ ਲਈ ਅਧਿਕਾਰੀਆਂ ਨੇ ਦਾਣਾ ਮੰਡੀਆਂ ਵਿੱਚ ਮੁਕੰਮਲ ਪ੍ਰਬੰਧਾਂ ਦਾ ਦਾਅਵਾ ਵੀ ਕੀਤਾ ਹੈ। ਹਾਲਾਂਕਿ ਅਜੇ ਤੱਕ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਨਾਲ ਨਹੀਂ ਪੁੱਜੀ ਹੈ। ਸਰਕਾਰ ਦਾ ਦਾਅਵਾ ਹੈ ਕਿ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਅਦਾਇਗੀ ਕਰ ਦਿੱਤੀ ਜਾਵੇਗੀ। ਪੰਜਾਬ ‘ਚ 10 ਅਪ੍ਰੈਲ ਤੋਂ ਬਾਅਦ ਮੰਡੀਆਂ ‘ਚ ਕਣਕ ਦੀ ਆਮਦ ਵਧਣ ਦੀ ਸੰਭਾਵਨਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਜਾਰੀ ਕੀਤਾ ਇਹ ਸੰਦੇਸ਼

0

ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਅੱਜ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਸਖ਼ਤ ਤਾੜਨਾ ਕੀਤੀ ਹੈ ਕਿ ਬਿਜਲੀ ਯੰਤਰਾਂ ਦਾ ਸਹੀ ਉਪਯੋਗ ਨਾ ਕਰਨ ਨਾਲ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨੀ ਭੇਟ ਹੋਣ ਦੀਆਂ ਦੁਖਦਾਈ ਘਟਨਾਵਾਂ ਦਿਨੋਂ-ਦਿਨ ਵੱਧ ਰਹੀਆਂ ਹਨ। ਬੀਤੇ ਦਿਨੀ ਜਗਰਾਉਂ ਦੇ ਗੁਰਦੁਆਰਾ ਅਜੀਤਸਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਾਹਿਬ ਗਿਧੌਰ, ਮਜੌਲਾ ਜ਼ਿਲ੍ਹਾ ਪੀਲੀਭੀਤ ਵਿਖੇ ਬਿਜਲੀ ਦਾ ਸ਼ਾਰਟ ਸ਼ਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ਹਨ, ਜੋ ਕਿ ਬਹੁਤ ਹੀ ਦੁਖਦਾਈ ਹੈ। ਇਸ ਘਟਨਾ ਨਾਲ ਹਰ ਸਿੱਖ ਦੇ ਹਿਰਦੇ ਨੂੰ ਠੇਸ ਪਹੁੰਚੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਵਾਰ-ਵਾਰ ਕਹਿਣ ਦੇ ਬਾਵਜੂਦ ਵੀ ਅਜਿਹੇ ਹਾਦਸੇ ਰੁਕ ਨਹੀਂ ਰਹੇ। ਜੇਕਰ ਹਰੇਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਆਪਣੀ ਜ਼ਿੰਮੇਵਾਰੀ ਸੁਹਿਰਦਤਾ ਨਾਲ ਨਿਭਾਏ ਤਾਂ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ।

 

ਇਮਰਾਨ ਖਾਨ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤੇ ਨੂੰ ਖ਼ਾਰਜ ਕਰਨ ‘ਤੇ ਅੱਜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ

0

ਪਾਕਿਸਤਾਨ ਦੀ ਸਰਕਾਰ ਨੂੰ ਲੈ ਕੇ ਅਗਲਾ ਨਵਾਂ ਮੋੜ ਕੀ ਆਵੇਗਾ ਇਸ ਦਾ ਫੈਸਲਾ ਅੱਜ ਸੁਪਰੀਮ ਕੋਰਟ ਕਰੇਗੀ। ਇਸ ਮਾਮਲੇ ਦੀ ਅੱਜ ਸੁਣਵਾਈ ਹੋਵੇਗੀ। ਜਿਸ ਉੱਪਰ ਦੁਨੀਆ ਭਰ ਦੀਆਂ ਨਜ਼ਰਾਂ ਹਨ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਐਤਵਾਰ ਨੂੰ ਰਾਸ਼ਟਰਪਤੀ ਆਰਿਫ਼ ਅਲਵੀ ਵੱਲੋਂ ਕੌਮੀ ਅਸੈਂਬਲੀ ਭੰਗ ਕਰਨ ਦੇ ਫੈਸਲੇ ਦਾ ਨੋਟਿਸ ਲੈਂਦਿਆਂ ਸਾਰੀਆਂ ਸਰਕਾਰੀ ਸੰਸਥਾਵਾਂ ਨੂੰ ‘ਸੰਵਿਧਾਨ ਬਾਹਰੀ’ ਫੈਸਲੇ ਲੈਣ ਤੋਂ ਵਰਜ ਦਿੱਤਾ ਸੀ।

ਪਾਕਿਸਤਾਨ ਦੇ ਚੀਫ਼ ਜਸਟਿਸ ਉਮਰ ਅਤਾ ਬੰਡਿਆਲ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਸੁਣਵਾਈ ਕਰਦਿਆਂ ਕਿਹਾ ਸੀ ਕਿ ਅਮਨ ਤੇ ਕਾਨੂੰਨ ਦੀ ਕਾਇਮੀ ਨੂੰ ਹਰ ਹਾਲ ਯਕੀਨੀ ਬਣਾਇਆ ਜਾਵੇ ਤੇ ਮੁਲਕ ਦੇ ਮੌਜੂਦਾ ਸਿਆਸੀ ਹਾਲਾਤ ਨੂੰ ਦੇਖਦਿਆਂ ਸਰਕਾਰੀ ਅਧਿਕਾਰੀ ‘ਸੰਵਿਧਾਨ ਤੋਂ ਬਾਹਰੀ’ ਫ਼ੈਸਲੇ ਨਾ ਲੈਣ। ਸਿਖਰਲੀ ਅਦਾਲਤ ਨੇ ਮੁਲਕ ਦੇ ਅਟਾਰਨੀ ਜਨਰਲ ਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਦਿਆਂ ਸੋਮਵਾਰ ਤੱਕ ਲਈ ਸੁਣਵਾਈ ਮੁਲਤਵੀ ਕਰ ਦਿੱਤੀ ਸੀ।

ਚੀਫ਼ ਜਸਟਿਸ ਬੰਡਿਆਲ ਐਤਵਾਰ ਪੂਰਾ ਦਿਨ ਸੁਪਰੀਮ ਕੋਰਟ ਵਿੱਚ ਮੌਜੂਦ ਰਹੇ। ਐਤਵਾਰ ਨੂੰ ਅਸਾਧਾਰਨ ਘਟਨਾਕ੍ਰਮ ਦੀ ਰੋਸ਼ਨੀ ਵਿੱਚ ਸਿਖਰਲੀ ਅਦਾਲਤ ਨੂੰ ਵਿਸ਼ੇਸ਼ ਤੌਰ ’ਤੇ ਖੋਲ੍ਹਿਆ ਗਿਆ ਸੀ। ਸੁਪਰੀਮ ਕੋਰਟ ਦੇ ਤਰਜਮਾਨ ਨੇ ਕਿਹਾ ਕਿ ਚੀਫ਼ ਜਸਟਿਸ ਬੰਡਿਆਲ ਨੇ ਮੁਲਕ ਦੇ ਮੌਜੂਦਾ ਸਿਆਸੀ ਹਾਲਾਤ ਦਾ ਖ਼ੁਦ ਨੋਟਿਸ ਲਿਆ। ਉਧਰ ਪਾਕਿਸਤਾਨ ਦੀ ਵਿਰੋਧੀ ਧਿਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰਕੇ ਡਿਪਟੀ ਸਪੀਕਰ ਕਾਸਿਮ ਸੂਰੀ ਦੇ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

ਗਰਮੀ ਨੇ ਤੋੜਿਆ ਰਿਕਾਰਡ, ਪੰਜਾਬ ਦੇ ਇਨ੍ਹਾਂ ਸ਼ਹਿਰਾਂ ‘ਚ 41 ਡਿਗਰੀ ਪਹੁੰਚਿਆ ਪਾਰਾ

0

ਪੰਜਾਬ ‘ਚ ਗਰਮੀ ਦਾ ਪ੍ਰਕੋਪ ਬਰਕਰਾਰ ਹੈ। ਮਾਰਚ ਵਿੱਚ ਰਿਕਾਰਡ ਤੋੜ ਗਰਮੀ ਪੈਣ ਤੋਂ ਬਾਅਦ ਅਪ੍ਰੈਲ ‘ਚ ਗਰਮੀ ‘ਚ ਹੋਰ ਵੀ ਵਾਧਾ ਹੋ ਰਿਹਾ ਹੈ। ਪਾਰਾ ਤੇਜ਼ੀ ਨਾਲ ਉੱਪਰ ਜਾ ਰਿਹਾ ਹੈ। ਇੰਡੀਆ ਮੋਟਰਲਾਜੀਕਲ ਸੈਂਟਰ ਚੰਡੀਗੜ੍ਹ ਅਨੁਸਾਰ ਐਤਵਾਰ ਨੂੰ ਮੋਹਾਲੀ ਤੇ ਬਰਨਾਲਾ ‘ਚ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ ਹੈ। ਦੋਵਾਂ ਸ਼ਹਿਰਾਂ ‘ਚ ਪਾਰਾ 41 ਡਿਗਰੀ ਸੈਲਸੀਅਸ ਪਹੁੰਚ ਗਿਆ, ਜੋ ਕਿ ਆਮ ਤੋਂ ਵੱਧ ਰਿਹਾ ਹੈ। ਬਠਿੰਡੇ ‘ਚ ਪਾਰਾ 40.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜੋ ਕਿ ਆਮ ਤੋਂ ਸੱਤ ਡਿਗਰੀ ਜ਼ਿਆਦਾ ਸੀ।

ਪਟਿਆਲਾ ‘ਚ 39.6 ਡਿਗਰੀ, ਪਾਠਾਨਕੋਟ ਵਿੱਚ ਪਾਰਾ 39.5 ਡਿਗਰੀ, ਮੁਕਤਸਰ ਅਤੇ ਚੰਡੀਗੜ੍ਹ ਵਿੱਚ ਪਾਰਾ 39.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਲੁਧਿਆਣਾ ਵਿੱਚ ਦਿਨ ਦਾ ਤਾਪਮਾਨ 37.6 ਡਿਗਰੀ ਸੈਲਸੀਅਸ ਰਿਕਾਰਡ ਹੋਇਆ। ਵਿਗਿਆਨੀਆਂ ਦੇ ਅਨੁਸਾਰ ਇਸ ਹਫ਼ਤੇ ਵੀ ਪੰਜਾਬ ਵਿੱਚ ਦਿਨ ‘ਚ ਤਾਪਮਾਨ ਵਧੇਗਾ ਤੇ ਰਾਤ ਨੂੰ ਇਸ ‘ਚ ਥੋੜ੍ਹੀ ਕਮੀ ਦੇਖੀ ਜਾ ਸਕੇਗੀ। ਬਾਰਿਸ਼ ਦੇ ਅਜੇ ਆਸਾਰ ਨਹੀਂ ਹਨ। ਗਰਮੀ ਦੀ ਹਵਾ ਵਧਣ ਨਾਲ ਲੋਕਾਂ ਨੂੰ ਪਰੇਸ਼ਾਨੀ ਹੋ ਸਕਦੀ ਹੈ।

ਬਿਕਰਮ ਮਜੀਠੀਆ ਦੀ ਡਰੱਗਜ਼ ਕੇਸ ‘ਚ ਅੱਜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ

0

ਬਿਕਰਮ ਸਿੰਘ ਮਜੀਠੀਆ ‘ਤੇ ਦਰਜ ਡਰੱਗਜ਼ ਕੇਸ ਦੀ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਮਜੀਠੀਆ ਨੇ ਪਿਛਲੇ ਹਫ਼ਤੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ ਕਿ ਮੁਹਾਲੀ ਕੋਰਟ ‘ਚ ਉਨ੍ਹਾਂ ਖਿਲਾਫ ਦਰਜ ਡਰੱਗਜ਼ ਕੇਸ ਨੂੰ ਰੱਦ ਕੀਤਾ ਜਾਵੇ। ਮਜੀਠੀਆ ਨੂੰ 5 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿੱਚ ਰੱਖਿਆ ਹੋਇਆ ਹੈ। ਉਹ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ।

ਜਦੋਂ ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਹੋਇਆ ਤਾਂ ਉਸ ਨੇ ਪਹਿਲਾਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ। ਮੁਹਾਲੀ ਅਦਾਲਤ ਤੋਂ ਬਾਅਦ ਇਸ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਨਿਸ਼ਚਿਤ ਤੌਰ ‘ਤੇ ਉਸ ਨੂੰ ਚੋਣ ਲੜਨ ਤੱਕ ਰਾਹਤ ਦਿੱਤੀ ਸੀ। ਇਸ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਜਿੱਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਉਸ ਨੇ ਬਕਾਇਦਾ ਜ਼ਮਾਨਤ ਦੀ ਮੰਗ ਕੀਤੀ ਪਰ ਕੇਸ ਵਿੱਚ ਧਾਰਾਵਾਂ ਲੱਗਣ ਕਾਰਨ ਹੇਠਲੀ ਅਦਾਲਤ ਤੋਂ ਜ਼ਮਾਨਤ ਨਹੀਂ ਮਿਲ ਸਕੀ।

ਪੰਜਾਬ ‘ਚ ਸੱਤਾ ‘ਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਇਸ ਮਾਮਲੇ ਦੀ ਵਿਸ਼ੇਸ਼ ਜਾਂਚ ਟੀਮ ਨੂੰ ਬਦਲ ਦਿੱਤਾ ਹੈ। ਨਵੀਂ ਟੀਮ ਆਈਜੀ ਗੁਰਸ਼ਰਨ ਸਿੰਘ ਸੰਧੂ ਦੀ ਨਿਗਰਾਨੀ ਹੇਠ ਕੰਮ ਕਰ ਰਹੀ ਹੈ। ਇਸ ਐਸਆਈਟੀ ਦੇ ਮੁਖੀ ਆਈਪੀਐਸ ਅਧਿਕਾਰੀ ਐਸ. ਰਾਹੁਲ ਨੂੰ ਬਣਾਇਆ ਗਿਆ ਹੈ।

ਟੀਮ ਵਿੱਚ ਏਆਈਜੀ ਰਣਜੀਤ ਸਿੰਘ ਢਿੱਲੋਂ, ਡੀਐਸਪੀ ਰਘੁਵੀਰ ਸਿੰਘ ਅਤੇ ਡੀਐਸਪੀ ਅਮਰਪ੍ਰੀਤ ਸਿੰਘ ਸ਼ਾਮਲ ਹਨ। ਪਿਛਲੀ ਐਸਆਈਟੀ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿੱਚ ਬਣਾਈ ਗਈ ਸੀ।

ਕਤਰ ਏਅਰਵੇਜ਼ ਦੀ ਦੋਹਾ-ਅੰਮ੍ਰਿਤਸਰ ਸਿੱਧੀ ਉਡਾਣ ਮੁੜ ਹੋਈ ਸ਼ੁਰੂ

0

ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਦੁਨੀਆ ਦੀਆਂ ਸਭ ਤੋਂ ਵੱਡੀਆਂ ਏਅਰਲਾਈਨ ਵਿੱਚੋਂ ਇੱਕ ਕਤਰ ਏਅਰਵੇਜ਼ ਦੁਆਰਾ ਅੰਮ੍ਰਿਤਸਰ ਅਤੇ ਦੋਹਾ ਵਿਚਕਾਰ ਰੋਜ਼ਾਨਾ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰਨ ਦਾ ਸਵਾਗਤ ਕੀਤਾ ਹੈ। ਭਾਰਤ ਦੁਆਰਾ 27 ਮਾਰਚ ਤੋਂ ਅੰਤਰਰਾਸ਼ਟਰੀ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਅਤੇ ਅਸਥਾਈ ਏਅਰ ਬੱਬਲ ਸਮਝੌਤਿਆਂ ਨੂੰ ਰੱਦ ਕਰਨ ਦੇ ਐਲਾਨ ਨਾਲ, ਕਤਰ ਨੇ 1 ਅਪ੍ਰੈਲ ਤੋਂ ਆਪਣੀ ਅੰਮ੍ਰਿਤਸਰ ਲਈ ਹਵਾਈ ਸੇਵਾ ਮੁੜ ਸ਼ੁਰੂ ਕਰ ਦਿੱਤੀ ਹੈ। ਕੋਵਿਡ ਦੋਰਾਨ ਕਤਰ ਏਅਰ ਬਬਲ ਸਮਝੌਤਿਆਂ ਦੇ ਤਹਿਤ 3-ਹਫਤਾਵਾਰੀ ਉਡਾਣਾਂ ਦਾ ਸੰਚਾਲਨ ਕਰ ਰਹੀ ਸੀ, ਪਰ ਅਚਾਨਕ, ਇਹ ਉਡਾਣਾਂ ਪਿਛਲੇ ਸਾਲ 18 ਦਸੰਬਰ ਤੋਂ ਮੁਅੱਤਲ ਕਰ ਦਿੱਤੀਆਂ ਗਈਆਂ ਸਨ।

ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਵਿਦੇਸ਼ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ “ਕਤਰ ਏਅਰਵੇਜ਼ ਅੰਮ੍ਰਿਤਸਰ ਨੂੰ ਪਿਛਲੇ 12 ਸਾਲਾਂ ਤੋਂ ਦੋਹਾਂ ਰਾਹੀਂ ਬਹੁਤ ਹੀ ਸੁਵਿਧਾਜਨਕ ਸੰਪਰਕ ਨਾਲ ਦੁਨੀਆਂ ਭਰ ਦੇ 140 ਤੋਂ ਵੀ ਵੱਧ ਸ਼ਹਿਰਾਂ ਨਾਲ ਜੋੜਦੀ ਰਹੀ ਹੈ ਜਿਸ ਵਿੱਚ ਯੂਰਪ, ਅਮਰੀਕਾ, ਕੈਨੇਡਾ, ਆਸਟਰੇਲੀਆ, ਅਫਰੀਕਾ ਆਦਿ ਮੁਲਕਾਂ ਦੇ ਹਵਾਈ ਅੱਡੇ ਸ਼ਾਮਲ ਹਨ। ਦੁਨੀਆਂ ਭਰ ਵਿੱਚ ਵਸਦੇ ਪੰਜਾਬੀ ਦਿੱਲੀ ਦੀ ਬਜਾਏ ਦੋਹਾ ਰਾਹੀਂ ਅੰਮ੍ਰਿਤਸਰ ਲਈ ਉਡਾਣਾਂ ਨੂੰ ਤਰਜੀਹ ਦਿੰਦੇ ਹਨ ਕਿਉਂਕਿ ਦਿੱਲੀ ਦੇ ਰਸਤੇ ਯਾਤਰਾ ਕਰਨ ਵਿੱਚ ਬਹੁਤ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਵਿੱਚ ਦਿੱਲੀ ਵਿਖੇ ਇਮੀਗ੍ਰੇਸ਼ਨ, ਲੰਬੇ ਸਮੇਂ ਤੱਕ ਅੰਮ੍ਰਿਤਸਰ ਲਈ ਉਡਾਣ ਦਾ ਇੰਤਜ਼ਾਰ ਕਰਨਾ ਅਤੇ ਸਮਾਨ ਦਾ ਮੁੜ ਜਮਾਂ ਕਰਵਾਉਣਾ ਹੈ।”

ਗੁਮਟਾਲਾ ਨੇ ਦੱਸਿਆ ਕਿ ਪੰਜਾਬੀ ਇਹ ਉਡਾਣਾਂ ਲੈਣੀਆਂ ਪਸੰਦ ਕਰਦੇ ਹਨ ਜਿਸ ਕਾਰਣ ਇਹਨਾਂ ਦੀਆਂ ਟਿਕਟਾਂ ਮਿਲਈਆਂ ਕਈ ਵਾਰ ਬਹੁਤ ਹੀ ਮੁਸ਼ਕਲ ਹੁੰਦੀਆਂ ਹਨ। ਕਤਰ ਏਅਰ ਇਹਨਾਂ ਦੀ ਗਿਣਤੀ ਵੀ ਨਹੀਂ ਵਧਾ ਸਕਦੀ ਕਿਉਂਕਿ ਭਾਰਤ ਵਲੋਂ ਹਵਾਈ ਸਮਝੌਤਿਆਂ ਵਿੱਚ ਕਤਰ ਨੂੰ ਅੰਮ੍ਰਿਤਸਰ ਆਉਣ-ਜਾਣ ਲਈ ਵੱਧ ਤੋਂ ਵੱਧ 7 ਉਡਾਣਾਂ ਅਤੇ 1239 ਸੀਟਾਂ ਪ੍ਰਤੀ ਹਫਤੇ ਦੀ ਸੀਮਾ ਦਿੱਤੀ ਗਈ ਹੈ। ਇਹ ਬਹੁਤ ਹੀ ਹੈਰਾਨੀਜਨਕ ਹੈ ਕਿ ਦਿੱਲੀ ਜਿੱਥੇ ਹਰ ਹਫਤੇ ਦੁਨੀਆਂ ਦੀਆਂ ਹਜ਼ਾਰਾਂ ਉਡਾਣਾਂ ਆਉਂਦੀਆਂ ਹਨ, ਉੱਥੇ ਕਤਰ ਦੀਆਂ 300 ਤੋਂ ਵੱਧ ਸਵਾਰੀਆਂ ਵਾਲੇ ਵੱਡੇ ਜਹਾਜ਼ ਵਾਲੀਆਂ ਹਫਤੇ ਵਿੱਚ 14 ਉਡਾਣਾਂ ਇਸ ਸਮੇਂ ਚਲਦੀਆਂ ਹਨ।

ਗੁਮਟਾਲਾ ਨੇ ਭਾਰਤ ਸਰਕਾਰ ਅਤੇ ਹਵਾਬਾਜ਼ੀ ਮੰਤਰੀ ਜਯੋਤੀਰਾਦਿਤੀਆਂ ਨੂੰ ਅਪੀਲ ਕੀਤੀ ਕਿ ਜੇਕਰ ਭਾਰਤ ਦੀਆਂ ਏਅਰਲਾਈਨਾਂ ਅੰਮ੍ਰਿਤਸਰ ਤੋਂ ਦੋਹਾ, ਮਸਕਟ, ਬਹਿਰੇਨ, ਇਟਲੀ ਅਤੇ ਹੋਰਨਾਂ ਮੁਲਕਾਂ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਚਲਾਉਣ ਤੋਂ ਅਸਮਰਥ ਹਨ, ਤਾਂ ਵਿਦੇਸ਼ੀ ਹਵਾਈ ਕੰਪਨੀਆਂ ਲਈ ਉਡਾਣਾਂ ਨੂੰ ਸੀਮਤ ਕਰਨ ਜਾਂ ਇਜਾਜ਼ਤ ਨਾ ਦੇਣ ਦੀ ਬਜਾਏ, ਸਰਕਾਰ ਨੂੰ ਉਨ੍ਹਾਂ ਨੂੰ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਚਲਾਉਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ ਤਾਂ ਜੋ ਯਾਤਰੀ ਦਿੱਲੀ ਤੋਂ ਸਫਰ ਕਰਨ ਦੀ ਅਸੁਵਿਧਾ ਤੋਂ ਬੱਚ ਸਕਣ। ਇਹ ਦਿੱਲੀ ਹਵਾਈ ਅੱਡੇ ਦੀ ਭੀੜ ਨੂੰ ਘੱਟ ਕਰਨ ਵਿੱਚ ਵੀ ਮਦਦ ਕਰੇਗਾ। ਇਸ ਤੋਂ ਇਲਾਵਾ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧੀਨ ਚੱਲ ਰਹੇ ਅੰਮ੍ਰਿਤਸਰ ਹਵਾਈ ਅੱਡੇ ਨੂੰ ਵਧੇਰੇ ਆਮਦਨ ਹੋਵੇਗੀ।

ਕਤਰ ਅੰਮ੍ਰਿਤਸਰ ਨੂੰ ਦੋਹਾਂ ਰਾਹੀਂ ਸਿਰਫ਼ 2-4 ਘੰਟੇ ਦੇ ਥੋੜ੍ਹੇ ਸਮੇਂ ਵਿੱਚ ਹੀ ਅਮਰੀਕਾ ਅਤੇ ਕੈਨੇਡਾ ਦੇ 14 ਸ਼ਹਿਰਾਂ ਜਿਸ ਵਿੱ ਨਿਊਯਾਰਕ, ਸੈਨ ਫਰਾਂਸਿਸਕੋ, ਸਿਆਟਲ, ਸ਼ਿਕਾਗੋ, ਟੋਰਾਂਟੋ ਅਤੇ ਮੌਨਟਰੀਅਲ ਸ਼ਾਮਲ ਹਨ। ਉਥੋਂ ਯਾਤਰੀ ਕਤਰ ਏਅਰ ਦੀਆਂ ਭਾਈਵਾਲੀ ਵਾਲੀਆਂ ਅਮਰੀਕਨ, ਏਅਰ ਕੈਨੇਡਾ ਅਤੇ ਅਲਾਸਕਾ ਏਅਰਲਾਈਨ ਆਪਣੀਆਂ ਉਡਾਣਾਂ ‘ਤੇ ਉੱਤਰੀ ਅਮਰੀਕਾ ਦੇ ਹੋਰਨਾਂ ਸ਼ਹਿਰਾਂ ਨਾਲ ਯਾਤਰੀਆਂ ਨੂੰ ਜੋੜਦੀਆਂ ਹਨ। ਯੂਰਪ ਵਿੱਚ, ਇਸਦੇ ਕੁਝ ਪ੍ਰਮੁੱਖ ਸਥਾਨਾਂ ਵਿੱਚ ਪੈਰਿਸ, ਫਰੈਂਕਫਰਟ, ਰੋਮ, ਲੰਡਨ ਅਤੇ ਆਸਟਰੇਲੀਆ ਵਿੱਚ ਮੈਲਬੌਰਨ, ਸਿਡਨੀ, ਪਰਥ, ਐਡੀਲੇਡ, ਬ੍ਰਿਸਬੇਨ ਸ਼ਾਮਲ ਹਨ।