Home Blog Page 2137

ਅੱਜ ਸਵੇਰੇ 11 ਵਜੇ ਹੋਵੇਗਾ ਭਗਵੰਤ ਮਾਨ ਦੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਅੱਜ ਸ਼ਨੀਵਾਰ ਸਵੇਰੇ 11 ਵਜੇ ਹੋਵੇਗਾ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਇਸ ਤੋਂ ਪਹਿਲਾਂ ਭਗਵੰਤ ਮਾਨ ਨੇ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।

ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਮਜ਼ਦ ਕੀਤੇ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ- ਮੈਨੂੰ ਇਤਿਹਾਸਕ 16ਵੀਂ ਪੰਜਾਬ ਵਿਧਾਨ ਸਭਾ ਦਾ ਸਪੀਕਰ ਨਾਮਜ਼ਦ ਕਰਕੇ ਮੇਰੇ ਵਿੱਚ ਵਿਸ਼ਵਾਸ ਜਤਾਉਣ ਲਈ ਮੇਰੇ ਆਗੂ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਮੇਰੇ ਮੁੱਖ ਮੰਤਰੀ ਭਗਵੰਤ ਮਾਨ ਜੀ ਦਾ ਤਹਿ ਦਿਲੋਂ ਧੰਨਵਾਦ।

ਭਗਵੰਤ ਮਾਨ ਦੇ ਨਵੇਂ ਮੰਤਰੀ ਮੰਡਲ ਵਿੱਚ ਹਰਪਾਲ ਸਿੰਘ ਚੀਮਾ, ਮਲੋਟ ਤੋਂ ਡਾ. ਬਲਜੀਤ ਕੌਰ, ਜੰਡਾਲਾ ਤੋਂ ਹਰਭਜਨ ਸਿੰਘ ਈਟੀਰ, ਮਾਨਸਾ ਤੋਂ ਡਾ. ਵਿਜੈ ਸਿੰਗਲਾ, ਬੋਆ ਤੋਂ ਲਾਲ ਚੰਦ ਕਟਾਰੁਚੱਕ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ, ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਪੱਟੀ ਤੋਂ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਤੋਂ ਬ੍ਰਮ ਸ਼ੰਕਰ ਜਿੰਪਾ ਅਤੇ ਆਨੰਦਪੁਰ ਸਾਹਿਬ ਤੋਂ ਹਰਜੋਤ ਸਿੰਘ ਬੈਂਸ ਸ਼ਾਮਲ ਹੋਣਗੇ।

ਬੀਤੇ ਦਿਨੀ ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਜਾਰੀ ਕੀਤਾ ਸੀ ਕਿ ਪੰਜਾਬ ਦਾ ਨਵਾਂ ਮੰਤਰੀ ਮੰਡਲ ਕੱਲ੍ਹ ਸਹੁੰ ਚੁੱਕੇਗਾ। ਪੰਜਾਬ ਦੇ ਹੋਣ ਵਾਲੇ ਸਾਰੇ ਮੰਤਰੀਆਂ ਨੂੰ ਬਹੁਤ-ਬਹੁਤ ਮੁਬਾਰਕਾਂ। ਪੰਜਾਬ ਦੇ ਲੋਕਾਂ ਨੇ ਸਾਨੂੰ ਸਾਰਿਆਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਅਸੀਂ ਦਿਨ-ਰਾਤ ਮਿਹਨਤ ਕਰਕੇ ਲੋਕਾਂ ਦੀ ਸੇਵਾ ਕਰਨੀ ਹੈ ਅਤੇ ਇੱਕ ਇਮਾਨਦਾਰ ਸਰਕਾਰ ਦੇਣੀ ਹੈ।

ਭਗਵੰਤ ਮਾਨ ਨੇ ਸੂਚੀ ‘ਚ 10 ਮੰਤਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ ਜਦਕਿ ਅਜੇ ਮਹਿਕਮਿਆਂ ਦੀ ਵੰਡ ਹੋਣੀ ਬਾਕੀ ਹੈ।

ਸ. ਸੁਲੱਖਣ ਸਿੰਘ ਭੰਗਾਲੀ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਸੰਭਾਲੀ ਸੇਵਾ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਅਹਿਮ ਪ੍ਰਬੰਧਕੀ ਫੈਸਲਾ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਵਜੋਂ ਕਾਰਜਸ਼ੀਲ ਸ. ਸੁਲੱਖਣ ਸਿੰਘ ਭੰਗਾਲੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦਾ ਮੁੱਖ ਮੈਨੇਜਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਸ. ਗੁਰਿੰਦਰ ਸਿੰਘ ਦੀ ਥਾਂ ਲਗਾਇਆ ਗਿਆ ਹੈ, ਜਦਕਿ ਸ. ਗੁਰਿੰਦਰ ਸਿੰਘ ਦੀ ਤਬਦੀਲੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਵਜੋਂ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁਝ ਪ੍ਰਬੰਧਕੀ ਤਬਦੀਲੀਆਂ ਸਬੰਧੀ ਆਦੇਸ਼ ਜਾਰੀ ਕੀਤਾ ਹੈ, ਜਿਸ ਤਹਿਤ ਸ. ਸੁਲੱਖਣ ਸਿੰਘ ਭੰਗਾਲੀ ਨੂੰ ਸ੍ਰੀ ਦਰਬਾਰ ਸਾਹਿਬ ਦਾ ਮੈਨੇਜਰ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੀਤੀਆਂ ਗਈਆਂ ਹੋਰ ਤਬਦੀਲੀਆਂ ਵਿਚ ਫਲਾਇੰਗ ਵਿਭਾਗ ਦੇ ਇੰਚਾਰਜ ਸ. ਸਤਨਾਮ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਤਾਇਨਾਤ ਕੀਤਾ ਗਿਆ ਹੈ। ਇਸ ਤਰ੍ਹਾਂ ਸ. ਸੁਖਬੀਰ ਸਿੰਘ ਇੰਚਾਰਜ ਅਮਲਾ ਧਰਮ ਪ੍ਰਚਾਰ ਕਮੇਟੀ ਨੂੰ ਇੰਚਾਰਜ ਫਲਾਇੰਗ ਵਿਭਾਗ ਅਤੇ ਸ. ਬਲਵਿੰਦਰ ਸਿੰਘ ਇੰਚਾਰਜ ਆਰ.ਟੀ.ਆਈ. ਨੂੰ ਧਰਮ ਪ੍ਰਚਾਰ ਕਮੇਟੀ ਦੇ ਅਮਲਾ ਵਿਭਾਗ ਦਾ ਕੰਮ ਦਿੱਤਾ ਗਿਆ ਹੈ।

ਇਸ ਦੌਰਾਨ ਸ. ਸੁਲੱਖਣ ਸਿੰਘ ਭੰਗਾਲੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋਂ ਸੇਵਾ ਸੰਭਾਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਸੰਗਤ ਅਤੇ ਪ੍ਰਬੰਧਕੀ ਅਮਲੇ ਦੇ ਸਹਿਯੋਗ ਨਾਲ ਗੁਰੂ ਸਾਹਿਬ ਦੀ ਭੈਅ ਭਾਵਨੀ ਵਿਚ ਰਹਿੰਦਿਆਂ ਸੇਵਾ ਨਿਭਾਉਣ ਦਾ ਯਤਨ ਕਰਨਗੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਕੱਤਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਨਿਰਮਲ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਂਏ ਆਦਿ ਹਾਜ਼ਰ ਸਨ।

ਸ਼੍ਰੋਮਣੀ ਕਮੇਟੀ ਦੇ ਇਤਰਾਜ਼ ਮਗਰੋਂ ਪਾਕਿਸਤਾਨ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਹੋਣ ਵਾਲਾ ਪ੍ਰੋਗਰਾਮ ਜਸ਼ਨ-ਏ-ਬਹਾਰਾਂ ਕੀਤਾ ਰੱਦ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਇਤਰਾਜ਼ ਮਗਰੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਨੇੜੇ ਪਾਕਿਸਤਾਨ ਸਰਕਾਰ ਵੱਲੋਂ 23 ਤੋਂ 27 ਮਾਰਚ ਤੱਕ ਕੀਤਾ ਜਾਣ ਵਾਲਾ ਪ੍ਰੋਗਰਾਮ ਜਸ਼ਨ-ਏ-ਬਹਾਰਾਂ ਰੱਦ ਕਰ ਦਿੱਤਾ ਗਿਆ ਹੈ। ਪ੍ਰੋਗਰਾਮ ਬਾਰੇ ਸੂਚਨਾਂ ਮਿਲਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਸੀ ਅਤੇ ਉਨ੍ਹਾਂ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਵੱਲੋਂ ਸ੍ਰੀ ਕਰਤਾਰਪੁਰ ਲਾਂਘੇ ਸਬੰਧੀ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਦੇ ਮੁੱਖ ਕਾਰਜਕਾਰੀ ਅਫਸਰ ਮੁਹੰਮਦ ਲਾਤੀਫ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਮੀਰ ਸਿੰਘ ਅਤੇ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਪੱਤਰ ਲਿਖ ਕੇ ਪ੍ਰੋਗਰਾਮ ਦੇ ਰੋਕ ਲਗਾਉਣ ਦੀ ਮੰਗ ਕੀਤੀ ਸੀ।

ਬੀਤੇ ਕੱਲ੍ਹ ਦੇਰ ਸ਼ਾਮ ਪਾਕਿਸਤਾਨ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਪੱਤਰ ’ਤੇ ਗੌਰ ਕਰਦਿਆਂ ਪ੍ਰੋਗਰਾਮ ਦੇ ਆਯੋਜਨ ’ਤੇ ਰੋਕ ਲਗਾ ਦਿੱਤੀ ਗਈ ਹੈ। ਜਿਸ ਦੀ ਸੂਚਨਾ ਸ਼੍ਰੋਮਣੀ ਕਮੇਟੀ ਨੂੰ ਈਮੇਲ ਰਾਹੀਂ ਪੁੱਜੀ ਹੈ। ਪਾਕਿਸਤਾਨ ਸਰਕਾਰ ਵੱਲੋਂ ਪ੍ਰੋਗਰਾਮ ’ਤੇ ਰੋਕ ਲਗਾਉਣ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਅਜਿਹੀ ਗਲਤੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪੱਤਰ ਨੂੰ ਸੰਜੀਦਗੀ ਨਾਲ ਲੈ ਕੇ ਕਰਤਾਰਪੁਰ ਲਾਂਘੇ ਸਬੰਧੀ ਮੈਨੇਜਮੈਂਟ ਵੱਲੋਂ ਪ੍ਰੋਗਰਾਮ ਦੇ ਰੋਕ ਦਾ ਫੈਸਲਾ ਲੈਣਾ ਗੁਰ ਅਸਥਾਨ ਦੇ ਇਤਿਹਾਸਿਕ ਮਹੱਤਵ ਅਤੇ ਗੁਰੂ ਘਰ ਦੀ ਮਰਿਯਾਦਾ ਦੇ ਹੱਕ ਵਿਚ ਹੈ। ਜਿਸ ਲਈ ਅਸੀਂ ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਔਕਾਫ ਬੋਰਡ ਦਾ ਧੰਨਵਾਦ ਕਰਦੇ ਹਾਂ।

‘ਦਿ ਕਸ਼ਮੀਰ ਫਾਈਲਜ਼’ ਦੇ ਡਾਇਰੈਕਟਰ ਵਿਵੇਕ ਅਗਨੀਹੋਤਰੀ ਨੂੰ ਦਿੱਤੀ ਗਈ ‘Y’ ਕੈਟੇਗਰੀ ਦੀ ਸੁਰੱਖਿਆ

0

ਡਾਇਰੈਕਟਰ ਵਿਵੇਕ ਰੰਜਨ ਅਗਨੀਹੋਤਰੀ ਦੀ ਫਿਲਮ ‘ਦਿ ਕਸ਼ਮੀਰ ਫਾਈਲਸ’ ਲਗਾਤਾਰ ਚਰਚਾ ‘ਚ ਬਣੀ ਹੋਈ ਹੈ। ਅਜਿਹੇ ‘ਚ ਫੈਨਜ਼ ਨਾਲ ਕਈ ਬਾਲੀਵੁੱਡ ਅਦਾਕਾਰ ਵੀ ਇਸ ਫਿਲਮ ਨੂੰ ਲੈ ਕੇ 2 ਧਿਰਾਂ ‘ਚ ਨਜ਼ਰ ਆ ਰਹੇ ਹਨ। ਇਹੀ ਨਹੀਂ ਦਿ ਕਸ਼ਮੀਰ ਫਾਈਲਸ ਨੂੰ ਲੈ ਕੇ ਸਿਆਸਤ ਵੀ ਤੇਜ਼ ਹੋ ਗਈ ਹੈ। ਇਸੇ ਕ੍ਰਮ ‘ਚ ਜਿੱਥੇ ਕੁਝ ਸੂਬਿਆਂ ‘ਚ ਇਹ ਫਿਲਮ ਟੈਕਸ ਫ੍ਰੀ ਹੋ ਗਈ ਹੈ ਤਾਂ ਉੱਥੇ ਹੀ ਕੁਝ ਇਸ ਨੂੰ ਲੈ ਕੇ ਸਵਾਲ ਖੜ੍ਹੇ ਕਰ ਰਹੇ ਹਨ। ਜਾਣਕਾਰੀ ਅਨੁਸਾਰ ਵਿਵੇਕ ਅਗਨੀਹੋਤਰੀ ਨੂੰ ਪੂਰੇ ਭਾਰਤ ‘ਚ ਸੀ.ਆਰ.ਪੀ.ਐੱਫ. ਕਵਰ ਨਾਲ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ।

ਦੱਸਣਯੋਗ ਹੈ ਕਿ ਵਿਵੇਕ ਰੰਜਨ ਅਗਨੀਹੋਤਰੀ ਵਲੋਂ ਨਿਰਦੇਸ਼ਿਤ ਫਿਲਮ ‘ਦਿ ਕਸ਼ਮੀਰ ਫਾਈਲਸ’ ਜੰਮੂ ਕਸ਼ਮੀਰ ‘ਚ 90 ਦੇ ਦਹਾਕਿਆਂ ‘ਚ ਕਸ਼ਮੀਰੀ ਪੰਡਿਤਾਂ ‘ਤੇ ਹੋਏ ਅੱਤਿਆਚਾਰ ਅਤੇ ਘਾਟੀ ਤੋਂ ਉਨ੍ਹਾਂ ਦੇ ਦਰਦਨਾਕ ਪਲਾਇਨ ‘ਤੇ ਆਧਾਰਤ ਹੈ। ਜਦੋਂ ਤੋਂ ਇਹ ਫਿਲਮ ਰਿਲੀਜ਼ ਹੋਈ ਹੈ, ਉਦੋਂ ਤੋਂ ਇਹ ਵਿਵਾਦਾਂ ‘ਚ ਘਿਰੀ ਹੋਈ ਹੈ। ਅਜਿਹੇ ‘ਚ ਸੋਸ਼ਲ ਮੀਡੀਆ ਤੋਂ ਲੈ ਕੇ ਟੀ.ਵੀ. ਤੱਕ ਇਸ ‘ਤੇ ਖੂਬ ਬਹਿਸਬਾਜ਼ੀ ਦੇਖਣ ਨੂੰ ਮਿਲ ਰਹੀ ਹੈ। ਦੱਸ ਦੇਈਏ ਕਿ ਇਸ ਫਿਲਮ ‘ਚ ਬਾਲੀਵੁੱਡ ਦੇ ਦਿੱਗਜ ਅਭਿਨੇਤਾ ਅਨੁਪਮ ਖੇਰ ਅਤੇ ਮਿਥੁਨ ਚੱਕਰਵਰਤੀ ਤੋਂ ਇਲਾਵਾ ਦਰਸ਼ਨ ਕੁਮਾਰ ਅਤੇ ਪਲਵੀ ਜੋਸ਼ੀ ਨੇ ਅਭਿਨੈ ਕੀਤਾ ਹੈ। 11 ਮਾਰਚ ਨੂੰ ਫਿਲਮ ‘ਦਿ ਕਸ਼ਮੀਰ ਫਾਈਲਸ’ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਸੀ। ਫਿਲਮ ਦੇ ਲੇਖਕ ਸੌਰਭ ਐੱਮ. ਪਾਂਡੇ ਦਾ ਕਹਿਣਾ ਹੈ ਕਿ ਇਸ ‘ਚ ਸਿਰਫ਼ 5 ਫੀਸਦੀ ਹੀ ਦਿਖਾਇਆ ਗਿਆ ਹੈ ਬਾਕੀ ਨਾ ਦਿਖਾਇਆ ਜਾ ਸਕਦਾ ਹੈ ਅਤੇ ਨਾ ਹੀ ਦੇਖਿਆ ਜਾ ਸਕਦਾ ਹੈ। ਸੌਰਭ ਪਾਂਡੇ ਨੇ ਕਿਹਾ ਕਿ ਫਿਲਮ ਨੂੰ ਲੈ ਕੇ ਰਿਸਰਚ ਕਰਨ ਅਤੇ ਇਸ ਦੀ ਕਹਾਣੀ ਲਿਖਣ ‘ਚ 3 ਸਾਲ ਦਾ ਸਮਾਂ ਲੱਗ ਗਿਆ।

ਭਾਰਤੀ ਜਨਤਾ ਪਾਰਟੀ ਨੇ ਵਿਵੇਕ ਅਗਨੀਹੋਤਰੀ ਦੀ ਫਿਲਮ ਦਾ ਖੁੱਲ੍ਹ ਕੇ ਸਮਰਥਨ ਕੀਤਾ ਹੈ। ਜਿਨ੍ਹਾਂ ਰਾਜਾਂ ਵਿੱਚ ਭਾਜਪਾ ਦੀਆਂ ਸਰਕਾਰਾਂ ਹਨ, ਉੱਥੇ ਇਸ ਫਿਲਮ ਨੂੰ ਟੈਕਸ ਮੁਕਤ ਕਰ ਦਿੱਤਾ ਗਿਆ ਹੈ।

SYL ਨਹਿਰ ’ਤੇ ਹੁਣ ਪੰਜਾਬ ਦੀ ਦੋਹਰੀ ਜਵਾਬਦੇਹੀ : ਮਨੋਹਰ ਲਾਲ ਖੱਟੜ

0

SYL ਨਹਿਰ ‘ਤੇ ਮੁੱਦਾ ਕਾਫੀ ਗਰਮਾਇਆ ਹੋਇਆ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪੰਜਾਬ ’ਚ ਨਵੀਂ ਸਰਕਾਰ ਬਣਨ ’ਤੇ ਸਤਲੁਜ- ਯਮੁਨਾ ਲਿੰਕ ਨਹਿਰ ਦਾ ਮਾਮਲਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨਵੀਂ ਸਰਕਾਰ ਦੀ ਹੁਣ ਦੋਹਰੀ ਜਵਾਬਦੇਹੀ ਹੈ, ਕਿਉਂਕਿ ਅਸੀਂ ਪੰਜਾਬ ਤੋਂ ਪਾਣੀ ਲੈਣਾ ਹੈ ਤੇ ਦਿੱਲੀ ਨੂੰ ਪਾਣੀ ਦੇਣਾ ਹੈ । ਅਜਿਹੇ ’ਚ ਐੱਸ.ਵਾਈ.ਐੱਲ. ਲਈ ਪਾਣੀ ਦੇਣ ਦੀ ਉਨ੍ਹਾਂ ਦੀ ਜਵਾਬਦੇਹੀ ਜ਼ਿਆਦਾ ਹੈ, ਕਿਉਂਕਿ ਹੁਣ ਦੋਵਾਂ ਰਾਜਾਂ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਮੁੱਖ ਮੰਤਰੀ ਮਨੋਹਰ ਲਾਲ ਹਰਿਆਣਾ ਨਿਵਾਸ ’ਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਬੋਲ ਰਹੇ ਸਨ।

ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਹੁਣ ਸੋਚਣਾ ਪਵੇਗਾ ਜਦੋਂ ਕੁਝ ਦਿਨਾਂ ’ਚ ਉਨ੍ਹਾਂ ਦੇ ਸੂਬੇ ਦਾ ਬਜਟ ਪੇਸ਼ ਹੋਵੇਗਾ। ਉਨ੍ਹਾਂ ਦੇ ਸੂਬੇ ਦਾ ਡੈਬਿਟ ਟੂ ਜੀ.ਐੱਸ.ਡੀ.ਪੀ. ਅਨੁਪਾਤ 48 ਫ਼ੀਸਦੀ ਹੈ, ਜਦ ਕਿ ਹਰਿਆਣਾ ਦਾ ਸਿਰਫ਼ 24.98 ਫੀਸਦੀ ਹੈ। ਆਮ ਆਦਮੀ ਪਾਰਟੀ ਵੱਲੋਂ ਹਰਿਆਣਾ ’ਚ ਅੱਗੇ ਵਧਣ ਦੇ ਸਵਾਲ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਉੱਥੋਂ ਅੱਗੇ ਵਧਾਂਗੇ । ਉਨ੍ਹਾਂ ‘ਆਪ’ ’ਤੇ ਤੰਜ ਕੱਸਦਿਆਂ ਕਿਹਾ ਕਿ ਅਸੀਂ ਮੁਫਤ ਦੀ ਗੱਲ ਨਹੀਂ ਕਰਦੇ, ਲੋਕਾਂ ਨੂੰ ਆਪਣੇ ਪੈਰਾਂ ’ਤੇ ਖਡ਼੍ਹਾ ਕਰਦੇ ਹਾਂ ਤਾਂ ਕਿ ਉਹ ਆਪਣੇ ਬਲਬੂਤੇ ’ਤੇ ਅੱਗੇ ਵਧਣ।

ਦਿੱਲੀ ਦੇ ਮੁੱਖ ਮੰਤਰੀ ਅਲੱਗ-ਅਲੱਗ ਗੱਲਾਂ ਦੀ ਸ਼ੇਖੀ ਮਾਰਦੇ ਹਨ, ਦਿੱਲੀ ਦੀ ਹਰਿਆਣਾ ਨਾਲ ਤੁਲਨਾ ਨਹੀਂ ਹੋ ਸਕਦੀ। ਦਿੱਲੀ ’ਚ ਲੱਗਭੱਗ 1100 ਸਰਕਾਰੀ ਸਕੂਲ ਹੋਣਗੇ ਪਰ ਹਰਿਆਣਾ ’ਚ 15 ਹਜ਼ਾਰ ਸਰਕਾਰੀ ਸਕੂਲ ਹਨ। ਉਨ੍ਹਾਂ ਦੇ ਇੱਥੇ ਖੇਤੀ ਦੀ ਜ਼ਮੀਨ ਹਰਿਆਣਾ ਦੀ ਤੁਲਨਾ ’ਚ ਬੇਹੱਦ ਘੱਟ ਹੈ, ਜਦਕਿ ਹਰਿਆਣਾ ’ਚ 80 ਲੱਖ ਏਕਡ਼ ਖੇਤੀਬਾੜੀ ਜ਼ਮੀਨ ਹੈ। ਇਸੇ ਤਰ੍ਹਾਂ ਵੱਖ-ਵੱਖ ਖੇਤਰਾਂ ਦੀ ਵੀ ਇਹੀ ਹਾਲਤ ਹੈ। ਇਸ ਲਈ ਦਿੱਲੀ ਦੀ ਤੁਲਨਾ ਹਰਿਆਣਾ ਨਾਲ ਨਹੀਂ ਕੀਤੀ ਜਾ ਸਕਦੀ, ਸਗੋਂ ਹਰਿਆਣਾ ਦੀ ਤੁਲਨਾ ਪੰਜਾਬ ਨਾਲ ਜ਼ਰੂਰ ਕੀਤੀ ਜਾ ਸਕਦੀ ਹੈ।

ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਅਤੇ ਮੈਡੀਕਲ ਸੁਪਰਡੈਂਟਾਂ ਨੂੰ ਨਵੇਂ ਨਿਰਦੇਸ਼ ਕੀਤੇ ਜਾਰੀ

0

ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ ਤੇ ਉਨ੍ਹਾਂ ਦੀ ਪਾਰਟੀ ਨੇ ਚੋਣਾਂ ਦੌਰਾਨ ਜੋ ਵਾਅਦੇ ਪੂਰੇ ਕੀਤੇ ਸਨ ਉਹ ਲਾਗੂ ਹੁੰਦੇ ਨਜ਼ਰ ਆ ਰਹੇ ਹਨ। ਭਗਵੰਤ ਮਾਨ ਨੇ ਸਰਕਾਰੀ ਹਸਪਤਾਲਾਂ ਨੂੰ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ  ਦੇ ਸਰਕਾਰੀ ਹਸਪਤਾਲਾਂ ਦੇ ਸਰਜਨ ਅਤੇ ਮੈਡੀਕਲ ਸੁਪਰਡੈਂਟਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਹਸਪਤਾਲ ’ਚ ਸਾਰੇ ਪੁਖਤਾ ਪ੍ਰਬੰਧ ਹੋਣੇ ਚਾਹੀਦੇ ਹਨ ਤਾਂ ਜੋ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਨਾਲ ਹੀ ਹਸਪਤਾਲਾਂ ਦੇ ਸਟਾਫ਼ ਨੂੰ ਕਿਹਾ ਕਿ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਬਹੁਤ ਹੀ ਨਰਮੀ ਨਾਲ ਪੇਸ਼ ਆਇਆ ਜਾਵੇ ਅਤੇ ਉਨ੍ਹਾਂ ਨਾਲ ਵਧੀਆ ਸਲੂਕ ਕੀਤਾ ਜਾਵੇ।

ਭਗਵੰਤ ਮਾਨ ਨੇ ਅੱਗੇ ਬੋਲਦਿਆਂ ਕਿਹਾ ਕਿ ਹਸਪਤਾਲ ਦੇ ਸਾਰੇ ਸਟਾਫ ਅਤੇ ਕਰਮਚਾਰੀ ਵਰਦੀ ’ਚ ਹੋਣੇ ਚਾਹੀਦੇ ਹਨ। ਇਸ ਦੇ ਨਾਲ ਹੀ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਐਪਰਨ ਜਾਂ ਲੈਬ ਕੋਟ ਸਮੇਤ ਨਿਰਧਾਰਤ ਚਿੱਟੇ ਕੋਟ ਪਹਿਨਣੇ ਹੋਣਗੇ ਤੇ ਹਰੇਕ ਸਟਾਫ ਮੈਂਬਰ ਕੋਲ ਸ਼ਨਾਖਤ ਕਾਰਡ ਹੋਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਦਾ ਸਾਰਾ ਸਟਾਫ ਡਾਕਟਰਾਂ ਸਮੇਤ ਡਿਊਟੀ ਦਾ ਪਾਬੰਦ ਹੋਣਾ ਚਾਹੀਦਾ ਹੈ, ਜੇਕਰ ਕੋਈ ਵੀ ਡਿਊਟੀ ਦੌਰਾਨ ਗੈਰ ਹਾਜ਼ਰ ਹੋਇਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਮਾਨ ਨੇ ਹਸਪਤਾਲ ’ਚ ਸਫ਼ਾਈ ਦਾ ਖ਼ਾਸ ਧਿਆਨ ਦੇਣ ਨੂੰ ਵੀ ਕਿਹਾ ਹੈ।

ਦੱਸ ਦੇਈਏ ਕਿ ‘ਆਪ’ ਨੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਪੰਜਾਬ ’ਚ ਮੈਡੀਕਲ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਰੱਖਿਆ ਜਾਵੇਗਾ ਅਤੇ ਦਿੱਲੀ ਵਰਗੇ ਹਸਪਤਾਲ ਅਤੇ ਮੁਹੱਲਾ ਕਲੀਨਿਕ ਪੰਜਾਬ ’ਚ ਵੀ ਬਣਾਏ ਜਾਣਗੇ।

ਸ਼੍ਰੋਮਣੀ ਕਮੇਟੀ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਪ੍ਰਾਜੈਕਟ ਦੇ CEO ਤੇ ਪਾਕਿਸਤਾਨ ਕਮੇਟੀ ਦੇ ਪ੍ਰਧਾਨ ਨੂੰ ਲਿਖਿਆ ਪੱਤਰ

0

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਕਿਸਤਾਨ ਸਥਿਤ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਨਜ਼ਦੀਕ ਪਾਕਿਸਤਾਨ ਸਰਕਾਰ ਵੱਲੋਂ ‘ਜਸ਼ਨ-ਏ-ਬਹਾਰਾਂ’ ਨਾਂ ਹੇਠ ਕਰਵਾਏ ਜਾ ਰਹੇ ਪ੍ਰੋਗਰਾਮ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਨੇ ਇਸ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਮੁਹੰਮਦ ਲਤੀਫ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਅਤੇ ਦਿੱਲੀ ਸਥਿਤ ਪਾਕਿਸਤਾਨ ਦੂਤਘਰ ਨੂੰ ਪੱਤਰ ਲਿਖ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਜ਼ਦੀਕ ਕੀਤੇ ਜਾਣ ਵਾਲੇ ਪ੍ਰੋਗਰਾਮ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।

ਇਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਉਲੀਕਿਆ ਪ੍ਰੋਗਰਾਮ ਗੁਰੂ ਘਰ ਦੀ ਮਰਿਆਦਾ ਤੇ ਸਤਿਕਾਰ ਦੇ ਵਿਰੁੱਧ ਹੈ, ਇਸ ਲਈ ਇਹ ਨਹੀਂ ਹੋਣਾ ਚਾਹੀਦਾ। ਉਨ੍ਹਾਂ ਪਾਕਿਸਤਾਨ ਸਰਕਾਰ ਵੱਲੋਂ ਕੀਤਾ ਜਾਣ ਵਾਲਾ ‘ਜਸ਼ਨ-ਏ-ਬਹਾਰਾਂ’ ਪ੍ਰੋਗਰਾਮ ਗੁਰਮਤਿ ਵਿਰੁੱਧ ਕਰਾਰ ਦਿੱਤਾ ਅਤੇ ਇਸ ਨੂੰ ਬੰਦ ਕਰਵਾਉਣ ਲਈ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਿਸ਼ੇਸ਼ ਤੌਰ ’ਤੇ ਆਖਿਆ। ਉਨ੍ਹਾਂ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੂੰ ਕਿਹਾ ਕਿ ਇਸ ਸੰਜੀਦਾ ਮਾਮਲੇ ਸਬੰਧੀ ਪਾਕਿਸਤਾਨ ਸਰਕਾਰ ਨਾਲ ਗੱਲ ਕਰਨ ਤਾਂ ਜੋ ਗੁਰਮਤਿ ਵਿਰੁੱਧ ਇਹ ਗਤੀਵਿਧੀ ਰੁਕ ਸਕੇ।

ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖ ਕੌਮ ਦੇ ਧਰਮ ਪ੍ਰਚਾਰ ਦੇ ਕੇਂਦਰ ਹਨ, ਜਿਥੋਂ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਦਾ ਸੁਨੇਹਾ ਪੂਰੀ ਮਾਨਵਤਾ ਨੂੰ ਦਿੱਤਾ ਜਾਂਦਾ ਹੈ। ਗੁਰਦੁਆਰਾ ਸਾਹਿਬਾਨ ਦੇ ਆਲੇ-ਦੁਆਲੇ ਦਾ ਮਾਹੌਲ ਸਿੱਖ ਮਰਿਆਦਾ ਅਨੁਸਾਰ ਲਾਜ਼ਮੀ ਹੁੰਦਾ ਹੈ ਪਰ ਪਾਕਿਸਤਾਨ ਸਰਕਾਰ ਵੱਲੋਂ ਤੈਅ ਪ੍ਰੋਗਰਾਮ ਗੁਰਮਤਿ ਅਨੁਕੂਲ ਨਹੀਂ ਹੈ। ਇਸ ਪ੍ਰੋਗਰਾਮ ਸਬੰਧੀ ਜਾਰੀ ਕੀਤੇ ਕਾਰਡ ਅਨੁਸਾਰ ਇਥੇ ਡਾਂਸ, ਕਵਾਲੀਆਂ, ਭੰਗੜਾ ਤੇ ਗਾਇਕੀ ਆਦਿ ਸਬੰਧੀ ਪ੍ਰੋਗਰਾਮ ਕੀਤੇ ਜਾਣੇ ਹਨ, ਜਿਨ੍ਹਾਂ ਨਾਲ ਗੁਰਮਤਿ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਕਮਰਸ਼ੀਅਲ ਪੱਖ ਤੋਂ ਅੱਗੇ ਵਧਾਉਣਾ ਠੀਕ ਨਹੀਂ ਹੈ ਅਤੇ ਇਥੇ ਕੇਵਲ ਗੁਰਮਤਿ ਸਮਾਗਮ ਹੀ ਸੱਜਣੇ ਚਾਹੀਦੇ ਹਨ। ਜੇਕਰ ਇਹ ਪ੍ਰੋਗਰਾਮ ਹੁੰਦਾ ਹੈ ਤਾਂ ਇਸ ਨਾਲ ਗੁਰੂ ਘਰਾਂ ਦੇ ਸਰੋਕਾਰਾਂ ਤੇ ਮਰਿਆਦਾ ਨੂੰ ਸੱਟ ਵੱਜਣ ਦੇ ਨਾਲ-ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪੁੱਜੇਗੀ।

ਨਵੀਂ ਬਣੀ ਭਗਵੰਤ ਮਾਨ ਸਰਕਾਰ ਨੇ ਖ਼ਰਾਬ ਹੋਈ ਨਰਮੇ ਦੀ ਫ਼ਸਲ ਲਈ ਕਰੋੜਾਂ ਦਾ ਮੁਆਵਜ਼ਾ ਕੀਤਾ ਜਾਰੀ

0

ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਮਗਰੋਂ ਕਿਸਾਨਾਂ ਲਈ ਹੋਲੀ ਦੇ ਤਿਉਹਾਰ ਦੇ ਮੌਕੇ ’ਤੇ ਵੱਡਾ ਐਲਾਨ ਕੀਤਾ ਹੈ। ਕਿਸਾਨਾਂ ਲਈ ਵੱਡਾ ਫ਼ੈਸਲਾ ਲੈਂਦੇ ਹੋਏ ਭਗਵੰਤ ਮਾਨ ਨੇ ਕਿਸਾਨਾਂ ਦੀ ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਰਹਿੰਦਾ ਕਰੋੜਾਂ ਦਾ ਮੁਆਵਜ਼ਾ ਜਾਰੀ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਮਾਨਸਾ ਤੋਂ ਵਿਧਾਇਕ ਵਿਜੇ ਸਿੰਗਲਾ ਨੇ ਦਿੱਤੀ ਹੈ।

ਉਨ੍ਹਾਂ ਨੇ ਸੋਸ਼ਲ ਮੀਡੀਆ ਫੇਸਬੁੱਕ ਪੇਜ਼ ’ਤੇ ਇਕ ਪੋਸਟ ਪਾਉਂਦੇ ਲਿਖਿਆ ਹੈ ਕਿ ਸਰਕਾਰ ਨੇ ਪਹਿਲੇ ਹੀ ਦਿਨ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਫ਼ਸਲ ਦਾ ਮਾਨਸਾ ਜ਼ਿਲ੍ਹੇ ਨੂੰ ਇਕ ਅਰਬ, ਇਕ ਕਰੋੜ, 39 ਲੱਖ 45 ਹਜ਼ਾਰ 87 ਰੁਪਏ ਮੁਆਵਜ਼ਾ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮਜ਼ਦੂਰਾਂ ਲਈ ਵੀ ਖ਼ੁਸ਼ਖ਼ਬਰੀ ਹੈ, ਜੋ ਨਰਮੇ ਦੀ ਫ਼ਸਲ ਦੀ ਚੁਗਾਈ ਕਰਦੇ ਹਨ। ਉਨ੍ਹਾਂ ਅੱਗੇ ਲਿਖਿਆ ਕਿ ਮੈਂ ਜਨਤਾ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਭਵਿੱਖ ’ਚ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਇਥੇ ਦੱਸਣਯੋਗ ਹੈ ਕਿ ਕਿਸਾਨਾਂ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਲੈਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰਦਿਆਂ ਸਰਕਾਰ ਨੂੰ ਗੁਹਾਰ ਲਗਾ ਰਹੇ ਸਨ ਕਿ ਉਨ੍ਹਾਂ ਦੀ ਫ਼ਸਲ ਤਬਾਹ ਹੋ ਚੁੱਕੀ ਹੈ ਪਰ ਅਜੇ ਤੱਕ ਸਰਕਾਰ ਵੱਲੋਂ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਭਗਵੰਤ ਮਾਨ ਨੇ ਕਿਸਾਨਾਂ ਲਈ ਵੱਡਾ ਫ਼ੈਸਲਾ ਲੈਂਦੇ ਹੋਏ ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਮਾਨਸਾ ਜ਼ਿਲ੍ਹੇ ਨੂੰ ਕਰੋੜਾਂ ਦਾ ਮੁਆਵਜ਼ਾ ਜਾਰੀ ਕੀਤਾ ਹੈ।

 

SYL ਮੁੱਦੇ ‘ਤੇ ਸੁਖਬੀਰ ਬਾਦਲ ਨੇ CM ਭਗਵੰਤ ਮਾਨ ਨੂੰ ਕੀਤੀ ਇਹ ਅਪੀਲ

0

ਸਤਲੁਜ-ਯਮੁਨਾ ਲਿੰਕ ਨਹਿਰ ਪੰਜਾਬ ਅਤੇ ਹਰਿਆਣਾ ਵਿਚਾਲੇ ਸਿਆਸੀ ਮੁੱਦਾ ਬਣ ਗਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ CM ਭਗਵੰਤ ਮਾਨ ਨੂੰ ਬੇਨਤੀ ਕੀਤੀ ਕਿ ਹਰਿਆਣਾ ਅਤੇ ਦਿੱਲੀ ਦੇ CM ਨੂੰ ਸਖ਼ਤੀ ਨਾਲ ਕਿਹਾ ਜਾਵੇ ਕਿ ਉਨ੍ਹਾਂ (ਮਾਨ) ਨੂੰ ਐਸ.ਵਾਈ.ਐਲ ਨਹਿਰ ਬਣਾਉਣ ਅਤੇ ਸਾਡੇ ਦਰਿਆ ਦਾ ਪਾਣੀ ਦਿੱਲੀ ਹਰਿਆਣਾ ਨੂੰ ਦੇਣ ਲਈ ਕਹਿਣਾ ਬੰਦ ਕਰੇ। ਇਸ ਵਿਸ਼ੇ ‘ਤੇ CM ਭਗਵੰਤ ਮਾਨ ਦੀ ਚੁੱਪ ਪੰਜਾਬੀਆਂ ਲਈ ਬੇਹੱਦ ਚਿੰਤਾਜਨਕ ਹੈ।

ਸੁਖਬੀਰ ਬਾਦਲ ਨੇ ਅਸਤੀਫੇ ਦੀ ਕੀਤੀ ਪੇਸ਼ਕਸ਼, ਪਾਰਟੀ ਲੀਡਰਸ਼ਿਪ ਨੇ ਦਿੱਤਾ ਇਹ ਜਵਾਬ

0

ਪੰਜਾਬ ਵਿੱਚ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਹਾਲਾਂਕਿ ਉਨ੍ਹਾਂ ਦੇ ਅਸਤੀਫੇ ਦੀ ਪੇਸ਼ਕਸ਼ ਨੂੰ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਸੀਨੀਅਰ ਆਗੂਆਂ ਨੇ ਠੁਕਰਾ ਦਿੱਤਾ ਹੈ। ਖ਼ਬਰ ਇਹ ਵੀ ਹੈ ਕਿ ਪਾਰਟੀ ਨੇ ਚੋਣ ਹਾਰ ਬਾਰੇ ਆਪਣੇ ਆਗੂਆਂ ਦੇ ਨਾਲ-ਨਾਲ ਲੋਕਾਂ ਤੋਂ ਫੀਡਬੈਕ ਲੈਣ ਲਈ ਉੱਚ ਪੱਧਰੀ ਪੈਨਲ ਬਣਾਉਣ ਦਾ ਵੀ ਫੈਸਲਾ ਕੀਤਾ ਹੈ। ਸੂਬੇ ‘ਚ ਆਮ ਆਦਮੀ ਪਾਰਟੀ ਨੇ 117 ਵਿਧਾਨ ਸਭਾ ਸੀਟਾਂ ‘ਚੋਂ 92 ਸੀਟਾਂ ਜਿੱਤ ਕੇ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਆਮ ਆਦਮੀ ਪਾਰਟੀ ਦੀ ਅਜਿਹੀ ਹਵਾ ਸੀ ਕਿ ਮੁੜ ਸੱਤਾ ਵਿੱਚ ਆਉਣ ਦੀ ਆਸ ਲਾਈ ਬੈਠੀ ਕਾਂਗਰਸ ਨੂੰ ਵੱਡਾ ਝਟਕਾ ਲੱਗਾ।

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਹੁਣ ਤੱਕ ਦਾ ਸਭ ਤੋਂ ਮਾੜਾ ਪ੍ਰਦਰਸ਼ਨ ਰਿਹਾ ਹੈ। ਪਾਰਟੀ ਸਿਰਫ਼ ਤਿੰਨ ਸੀਟਾਂ ਹੀ ਜਿੱਤ ਸਕੀ। ਸੁਖਬੀਰ ਬਾਦਲ ਖੁਦ ਜਲਾਲਾਬਾਦ ਤੋਂ ਚੋਣ ਹਾਰ ਗਏ ਹਨ ਜਦਕਿ ਉਨ੍ਹਾਂ ਦੇ ਪਿਤਾ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਚੋਣ ਹਾਰ ਗਏ ਹਨ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਸੀਨੀਅਰ ਲੀਡਰਸ਼ਿਪ ਨਾਲ ਗੱਲਬਾਤ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਅਤੇ ਇਸ ਦੀ ਭਲਾਈ ਮੇਰੇ ਲਈ ਸਭ ਤੋਂ ਵੱਧ ਹੈ। ਮੈਂ ਹਮੇਸ਼ਾ ਪਾਰਟੀ ਦੇ ਹਿੱਤ ਵਿੱਚ ਕੰਮ ਕੀਤਾ ਹੈ। ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਮੇਰੀ ਹੈ ਅਤੇ ਪਦ ਛੱਡਣ ਲਈ ਤਿਆਰ ਹਾਂ। ਬਿਆਨ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਲੀਡਰਸ਼ਿਪ ਸਮੇਤ ਕਈ ਜ਼ਿਲ੍ਹਾ ਪ੍ਰਧਾਨਾਂ ਨੇ ਉਨ੍ਹਾਂ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ।