Home Blog Page 2251

ਭਾਰਤ ਬਾਇਓਟੇਕ ਕੰਪਨੀ ਵੱਲੋਂ ਕੋਵੈਕਸੀਨ ਦਾ ਨਿਰਯਾਤ ਹੋਇਆ ਸ਼ੁਰੂ

0

ਭਾਰਤ ਬਾਇਓਟੇਕ ਕੰਪਨੀ ਨੇ ਕੋਵੈਕਸੀਨ ਦਾ ਨਿਰਯਾਤ ਸ਼ੁਰੂ ਕਰ ਦਿੱਤਾ ਹੈ। ਕੰਪਨੀ ਦਾ ਕਹਿਣਾ ਹੈ ਕਿ ਉਸ ਨੇ ਨਵੰਬਰ ’ਚ ਲੰਬੇ ਸਮੇਂ ਤੋਂ ਪੈਂਡਿੰਗ ਨਿਰਯਾਤ ਆਰਡਰ ਨਿਪਟਾਏ ਹਨ। ਭਾਰਤ ਬਾਇਓਟੇਕ ਨੇ ਬੀਤੇ ਦਿਨੀ ਟਵੀਟ ਕੀਤਾ,‘‘ਨਵੰਬਰ ’ਚ ਲੰਬੇ ਸਮੇਂ ਤੋਂ ਪੈਂਡਿੰਗ ਨਿਰਯਾਤ ਆਰਡਰਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਆਉਣ ਵਾਲੇ ਮਹੀਨਿਆਂ ’ਚ ਨਿਰਯਾਤ ਨੂੰ ਹੋਰ ਤੇਜ਼ੀ ਨਾਲ ਵਧਾਇਆ ਜਾਵੇਗਾ। ਇਸ ਦੇ ਨਾਲ ਹੀ ਇਹ ਜਾਣਕਾਰੀ ਸਾਂਝੀ ਕੀਤੀ ਗਈ ਕਿ ਵੱਡੀ ਗਿਣਤੀ ’ਚ ਦੇਸ਼ਾਂ’ਚ ਕੋਵੈਕਸੀਨ ਦੇ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ ਮਿਲ ਚੁੱਕੀ ਹੈ। ਅਜਿਹੇ ’ਚ ਦਸੰਬਰ ’ਚ ਕੁਝ ਹੋਰ ਦੇਸ਼ਾਂ ਨੂੰ ਟੀਕੇ ਦਾ ਨਿਰਯਾਤ ਸ਼ੁਰੂ ਕੀਤਾ ਜਾਵੇਗਾ।’’

ਪਰ ਕੰਪਨੀ ਨੇ ਇਹ ਨਹੀਂ ਦੱਸਿਆ ਕਿ ਉਹ ਦਸੰਬਰ ਤੋਂ ਕਿਹੜੇ ਹੋਰ ਦੇਸ਼ਾਂ ਨੂੰ ਟੀਕੇ ਦਾ ਨਿਰਯਾਤ ਸ਼ੁਰੂ ਕਰੇਗੀ। ਟਵੀਟ ’ਚ ਕੰਪਨੀ ਨੇ ਨਿਰਯਾਤ ਦੀ ਮਨਜ਼ੂਰੀ ਦੇਣ ਲਈ ਭਾਰਤ ਸਰਕਾਰ ਦਾ ਆਭਾਰ ਜਤਾਇਆ ਹੈ। ਕੰਪਨੀ ਨੇ ਕਿਹਾ,‘‘ਕੋਵੈਕਸੀਨ ਮਹਾਮਾਰੀ ਵਿਰੁੱਧ ਲੜਾਈ ਦਾ ਇਕ ਅਭਿੰਨ ਹਿੱਸਾ ਬਣ ਗਈ ਹੈ।’’ ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਸੀਰਮ ਇੰਸਟੀਚਿਊਟ ਆਫ਼ ਇੰਡੀਆ (ਐੱਸ.ਆਈ.ਆਈ.) ਨੇ ਦੱਸਿਆ ਸੀ ਕਿ ਉਸ ਨੇ ਆਪਣੇ ਟੀਕੇ ਕੋਵੀਸ਼ੀਲਡ ਦਾ ਨਿਰਯਾਤ ਸ਼ੁਰੂ ਕਰ ਦਿੱਤਾ ਹੈ।

ਮੁੱਖ ਮੰਤਰੀ ਵੱਲੋਂ ਮਾਸਟਰ ਕਾਡਰ ਵਿੱਚ 10,000 ਤੋਂ ਵੱਧ ਭਰਤੀਆਂ ਕਰਨ ਦਾ ਐਲਾਨ

0

ਸਿਹਤ ਵਿਭਾਗ ਵਿੱਚ ਤਕਰੀਬਨ 3400 ਅਸਾਮੀਆਂ ਲਈ ਜਾਰੀ ਕੀਤਾ ਜਾਵੇਗਾ ਇਸ਼ਤਿਹਾਰ

ਚੰਡੀਗੜ੍ਹ: ਸੂਬੇ ਵਿੱਚ ਵਿੱਦਿਅਕ ਢਾਂਚੇ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਨਾਲ ਸਬੰਧਤ ਖਾਲੀ ਪਈਆਂ 10,880 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਵੱਖ-ਵੱਖ ਵਿਭਾਗਾਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਿੱਖਿਆ ਨੂੰ ਮੁੱਖ ਖੇਤਰ ਦੱਸਿਆ ਜਿਸ ਦੀ ਕਾਰਵਾਈ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਪ੍ਰਾਇਮਰੀ ਸਕੂਲਾਂ ਵਿੱਚ 2000 ਸਰੀਰਕ ਸਿੱਖਿਆ ਅਧਿਆਪਕ ਭਰਤੀ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਅਕਾਦਮਿਕ ਪਹਿਲੂ `ਤੇ ਧਿਆਨ ਕੇਂਦਰਿਤ ਕਰਨ ਦੇ ਨਾਲ ਨਾਲ ਸਕੂਲੀ ਵਿਦਿਆਰਥੀਆਂ ਦੀ ਨਰੋਈ ਸਿਹਤ ਨੂੰ ਵੀ ਯਕੀਨੀ ਬਣਾਇਆ ਜਾ ਸਕੇ।

ਹਰੇਕ ਪਿੰਡ ਵਿੱਚ ਕਲੱਸਟਰ ਬਣਾਉਣ ਦੀ ਵਕਾਲਤ ਕਰਦਿਆਂ ਜਿਸ ਤਹਿਤ ਪ੍ਰਾਇਮਰੀ, ਮਿਡਲ ਅਤੇ ਹਾਈ ਸਕੂਲ ਵਾਲਾ ਪਿੰਡ ਹੀ ਇੱਕ ਸਰੀਰਕ ਸਿੱਖਿਆ ਟਰੇਨਰ ਦੀਆਂ ਸੇਵਾਵਾਂ ਲੈ ਸਕੇਗਾ, ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਇਸ ਪ੍ਰਸਤਾਵ `ਤੇ ਸਰਗਰਮੀ ਨਾਲ ਵਿਚਾਰ ਕਰਨ ਲਈ ਆਖਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਵੱਖ-ਵੱਖ ਯੂਨੀਅਨਾਂ ਨਾਲ ਸਬੰਧਤ ਮੁੱਦਿਆਂ `ਤੇ ਵਿਚਾਰ ਵਟਾਂਦਰਾ ਕੀਤਾ ਅਤੇ ਹਦਾਇਤ ਕੀਤੀ ਕਿ ਵਿਭਾਗ ਇਸ ਬਾਰੇ ਵਿਚਾਰ ਵਟਾਂਦਰਾ ਕਰ ਸਕਦਾ ਹੈ ਅਤੇ ਉਨ੍ਹਾਂ ਦੀ ਮੰਗ ਨੂੰ ਘੋਖਣ ਤੋਂ ਬਾਅਦ ਵਿੱਤ ਵਿਭਾਗ ਕੋਲ ਮਾਮਲਾ ਉਠਾ ਸਕਦਾ ਹੈ। ਰਮਸਾ ਅਧੀਨ ਭਰਤੀ ਕੀਤੇ ਗਏ ਲਗਭਗ 1000 ਹੈੱਡਮਾਸਟਰਾਂ ਅਤੇ ਅਧਿਆਪਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਤਨਖ਼ਾਹਾਂ ਲਈ ਸੂਬੇ ਦਾ ਬਣਦਾ ਹਿੱਸਾ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਜਿਸ `ਤੇ ਭਾਰਤ ਸਰਕਾਰ (2016 ਵਿੱਚ) ਦੁਆਰਾ ਲਗਾਈ ਗਈ ਉੱਪਰਲੀ ਸੀਮਾ ਕਰਕੇ ਕੱਟ ਲਗਾਇਆ ਗਿਆ ਸੀ। ਇਸ ਨਾਲ ਸਰਕਾਰੀ ਖਜ਼ਾਨੇ `ਤੇ ਲਗਭਗ 3.2 ਕਰੋੜ ਰੁਪਏ ਦਾ ਬੋਝ ਪਵੇਗਾ।

ਇੱਕ ਹੋਰ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਨੇ ਸਿਹਤ ਵਿਭਾਗ ਵਿੱਚ ਲਗਭਗ 3400 ਵੱਖ-ਵੱਖ ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਆਯੂਸ਼ਮਾਨ ਭਾਰਤ ਸਕੀਮ ਅਧੀਨ ਆਂਗਣਵਾੜੀ/ਆਸ਼ਾ ਵਰਕਰਾਂ ਅਤੇ ਹੋਰ ਸਿਹਤ ਵਰਕਰਾਂ ਨੂੰ ਸ਼ਾਮਲ ਕਰਨ ਸਬੰਧੀ ਪ੍ਰਸਤਾਵ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆਉਣ ਦੇ ਹੁਕਮ ਦਿੱਤੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਹ ਜਲਦੀ ਹੀ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਰੱਖਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੰਗਰੂਰ ਵਿੱਚ 100 ਫੀਸਦੀ ਸਰਕਾਰੀ ਫੰਡਿੰਗ ਨਾਲ ਨਵਾਂ ਮੈਡੀਕਲ ਕਾਲਜ ਬਣਾਇਆ ਜਾਵੇਗਾ। ਇਹ ਨਵੇਂ ਮੈਡੀਕਲ ਕਾਲਜ ਰਾਜ ਵਿੱਚ ਮੈਡੀਕਲ ਸਿੱਖਿਆ ਅਤੇ ਖੋਜ ਨੂੰ ਹੁਲਾਰਾ ਦੇਣ ਵਿੱਚ ਮਦਦ ਕਰਨਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਓ.ਪੀ.ਸੋਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੈਡੀਕਲ ਸਿੱਖਿਆ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਸਿੱਖਿਆ ਮੰਤਰੀ ਪਰਗਟ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ, ਸਕੱਤਰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਰਾਜੀ ਪੀ. ਸ਼੍ਰੀਵਾਸਤਵ ਅਤੇ ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਆਲੋਕ ਸ਼ੇਖਰ ਮੌਜੂਦ ਸਨ।

ਉੱਪ ਮੁੱਖ ਮੰਤਰੀ Op Soni ਨੇ ਕੋਵਿਡ-19 ਦੇ ਮੱਦੇਨਜ਼ਰ ਤਿਆਰੀਆਂ ਦਾ ਲਿਆ ਜਾਇਜ਼ਾ

0

ਦੁਨੀਆਂ ਦੇ ਕੁੱਝ ਦੇਸ਼ਾਂ ਵਿੱਚ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਰਾਜ ਦੇ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਇੱਥੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਤਿਆਰੀਆਂ ਦਾ ਜਾਇਜਾ ਲਿਆ।

ਉਨ੍ਹਾਂ ਨੇ ਅੱਜ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਜ਼ਿਨ੍ਹਾਂ ਵਿੱਚ ਵਿਕਾਸ ਗਰਗ ਸਕੱਤਰ ਸਿਹਤ ਵਿਭਾਗ, ਕੁਮਾਰ ਰਾਹੁਲ ਐਮ.ਡੀ. ਐਨ.ਐਚ.ਐਮ., ਭੁਪਿੰਦਰ ਸਿੰਘ ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾ. ਅੰਦੇਸ਼ ਕੰਗ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਡਾ. ਓ.ਪੀ. ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ ਸਮੇਤ ਕਈ ਹੋਰਾਂ ਨਾਲ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸੰਭਾਵਾ ਖਤਰੇ ਤੋਂ ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਚਰਚਾ ਕੀਤੀ।

ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਹੁਣ ਤੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਜਾਣ ਅਤੇ ਇਸ ਸਬੰਧੀ ਲੋੜੀਂਦੀਆਂ ਦਵਾਈਆਂ ਅਤੇ ਸਾਜੋ-ਸਮਾਨ ਦੀ ਖਰੀਦ ਲਈ ਵੀ ਕਾਰਵਾਈ ਆਰੰਭ ਕਰ ਦਿੱਤੀ ਜਾਵੇ।

ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੱਖਣੀ ਅਫ਼ਰੀਕਾ, ਬ੍ਰਾਜ਼ੀਲ, ਬੰਗਲਾ ਦੇਸ਼, ਬੋਤਸਵਾਨਾ, ਚੀਨ, ਮਾਰੀਸ਼ਿਅਸ, ਨਿਊਜ਼ੀਲੈਂਡ, ਜਿੰਮਬਾਵੇ, ਸਿੰਘਾਪੁਰ, ਹਾਂਗਕਾਂਗ ਅਤੇ ਇਜ਼ਰਾਈਲ ਤੋਂ ਆਉਣ ਵਾਲੇ ਯਾਤਰੀਆਂ ਦਾ ਪੰਜਾਬ ਵਿੱਚ ਆਉਣ ਤੇ ਵਧੇਰੇ ਚੌਕਸੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਹੇਠਲੇ ਪੱਧਰ ਤੱਕ ਹਦਾਇਤਾਂ ਜਾਰੀ ਕੀਤੀਆਂ ਜਾਣ ਕਿਉਂਕਿ ਇਹਨਾਂ ਮੁਲਕਾਂ ਵਿੱਚ ਨਵੇਂ ਵਾਇਰਸ ਦੇ ਕੇਸ ਵੱਡੇ ਪੱਧਰ ‘ਤੇ ਸਾਹਮਣੇ ਆਏ ਹਨ।

ਵਿਭਾਗ ਦੇ ਸਕੱਤਰ ਵਿਕਾਸ ਗਰਗ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਵੱਲੋਂ ਦੂਜੇ ਮੁਲਕਾਂ ਤੋਂ ਆ ਰਹੇ ਯਾਤਰੀਆਂ ਦਾ ਪੰਜਾਬ ਵਿੱਚ ਪ੍ਰਵੇਸ਼ ਹੋਣ ‘ਤੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਾਂਚਿਆ ਜਾ ਰਿਹਾ ਹੈ ਅਤੇ ਇਨ੍ਹਾਂ ਮੁਲਕਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਕੋਵਿਡ ਰਿਪੋਰਟ ਨੈਗੇਟਿਵ ਆਉਣ ਦੇ ਬਾਵਜੂਦ 7 ਦਿਨ ਲਈ ਇਕਾਂਤਵਾਸ ਰੱਖਣ ਤੋਂ ਇਲਾਵਾ ਅੱਠਵੇਂ ਦਿਨ ਮੁੜ ਕੋਵਿਡ ਟੈਸਟ ਕਰਵਾਉਣਾ ਪਵੇਗਾ ਅਤੇ ਅੱਠਵੇਂ ਦਿਨ ਕਰਵਾਏ ਟੈਸਟ ਵਿੱਚ ਰਿਪੋਰਟ ਮੁੜ ਨੈਗੇਟਿਵ ਆਉਣ ‘ਤੇ ਵੀ ਅਗਲੇ 7 ਦਿਨ ਲਈ ਆਪਣੀ ਨਿਗਰਾਨੀ ਖੁਦ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਸੰਸਦ ‘ਚ ਸੱਚ ਦਾ ਸਾਹਮਣਾ ਕਰਨ ਤੋਂ ਭੱਜੀ ਮੋਦੀ ਸਰਕਾਰ: ਭਗਵੰਤ ਮਾਨ

0

ਸੰਸਦ ਦੇ ਦੋਵਾਂ ਸਦਨਾਂ ’ਚ ਖੇਤੀ ਬਾਰੇ ਤਿੰਨ ਵਿਵਾਦਿਤ ਕਾਨੂੰਨ ਵਾਪਸ ਲਏ ਜਾਣ ਉਪਰੰਤ ਸੰਸਦ ਦੇ ਬਾਹਰ ਮੀਡੀਆ ਸਾਹਮਣੇ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਨੇ ਕਿਹਾ ਕਿ ਤਾਨਾਸ਼ਾਹੀ ਤਰੀਕੇ ਨਾਲ ਖੇਤੀ ਬਾਰੇ ਤਿੰਨ ਖੇਤੀ ਕਾਨੂੰਨ ਥੋਪਣ ਲਈ ਮੋਦੀ ਸਰਕਾਰ ਨੇ ਕਾਨੂੰਨ ਵਾਪਸ (ਰੀਪੀਲ) ਲੈਣ ਵੇਲੇ ਵੀ ਕੋਈ ਚਰਚਾ ਨਹੀਂ ਕਰਵਾਈ, ਕਿਉਂਕਿ ਕੇਂਦਰ ਸਰਕਾਰ ਸੰਸਦ ‘ਚ ਸਾਹਮਣਾ ਕਰਨ ਦੀ ਹਿੰਮਤ ਨਹੀਂ ਰੱਖਦੀ। ਮਾਨ ਨੇ ਕਿਹਾ ਕਿ ਖੇਤੀ ਕਾਨੂੰਨ ਵਾਪਸ ਲੈਣ ਸਮੇਂ ਸੰਸਦ ਦੇ ਦੋਵਾਂ ਸਦਨਾਂ ‘ਚ ਠਰ੍ਹੰਮੇ ਨਾਲ ਬਹਿਸ-ਵਿਚਾਰਾਂ ਹੋਣੀਆਂ ਜ਼ਰੂਰੀ ਸਨ, ਪਰੰਤੂ ਸਰਕਾਰ ਇੱਕ ਪਾਸੇ ਧੱਕੇ ਨਾਲ ਖੇਤੀ ਕਾਨੂੰਨ ਥੋਪੇ ਜਾਣ ਬਾਰੇ ਗ਼ਲਤੀ ਮੰਨ ਰਹੀ ਹੈ ਪਰ ਸਦਨ ‘ਚ ਇਸ ਗ਼ਲਤੀ ਅਤੇ ਇਸ ਦੇ ਮਾੜੇ ਨਤੀਜਿਆਂ ਬਾਰੇ ਵਿਰੋਧੀ ਧਿਰ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਹੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਵਾਲਾਂ ਦਾ ਜਵਾਬ ਸਦਨ ‘ਚ ਦਿੱਤੇ ਜਾਣਾ ਬਣਦਾ ਸੀ ਕਿ ਸੰਘਰਸ਼ ਦੌਰਾਨ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ-ਮਜ਼ਦੂਰਾਂ ਦੇ ਜਾਨੀ ਨੁਕਸਾਨ ਲਈ ਕੌਣ ਜ਼ਿੰਮੇਵਾਰ ਹੈ? ਸਾਰੀਆਂ ਫ਼ਸਲਾਂ ਦੀ ਐਮ.ਐਸ.ਪੀ ਉੱਤੇ ਖ਼ਰੀਦ ਲਈ ਬਿੱਲ ਕਦੋਂ ਲਿਆਂਦਾ ਜਾਵੇਗਾ?

ਲਖੀਮਪੁਰ ਖੀਰੀ ਘਟਨਾ ਦੇ ਜ਼ਿੰਮੇਵਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਿਉਂ ਨਹੀਂ ਕੀਤਾ ਗਿਆ? ਅੰਨਦਾਤਾ ਵਿਰੁੱਧ ਆਵਾ-ਤਵਾ ਬੋਲਣ ਵਾਲੇ ਭਾਜਪਾ ਆਗੂ ਕਦੋਂ ਮੁਆਫ਼ੀ ਮੰਗਣਗੇ? ਇਸ ਦੌਰਾਨ ਹੋਏ ਵਿੱਤੀ ਨੁਕਸਾਨ ਦਾ ਹਿਸਾਬ ਕੌਣ ਦੇਵੇਗਾ? ਪਰੰਤੂ ਸਦਨ ‘ਚ ਭਾਜਪਾ ਇਨ੍ਹਾਂ ਸਵਾਲਾਂ ਦਾ ਜਵਾਬ ਦੇਣੋਂ ਭੱਜ ਗਈ, ਹਾਲਾਂਕਿ ਪ੍ਰਧਾਨ ਮੰਤਰੀ ਮੋਦੀ ਨੇ ਸਦਨ ਦੇ ਬਾਹਰ ਭਰੋਸਾ ਦਿੱਤਾ ਕਿ ਸਰਕਾਰ ਚਰਚਾ ਲਈ ਤਿਆਰ ਹੈ।

ਭਗਵੰਤ ਮਾਨ ਨੇ ਕਿਹਾ, ‘‘ਤਿੰਨ ਕਾਲ਼ੇ ਖੇਤੀ ਕਾਨੂੰਨ ਰੱਦ ਹੋਣਾ ਕੇਵਲ ਤੇ ਕੇਵਲ ਕਿਸਾਨਾਂ ਅਤੇ ਕਿਰਤੀਆਂ ਦੀ ਜਿੱਤ ਹੈ। ਧਰਤੀ ਦੇ ਇਹਨਾਂ ਜਾਇਆ ਨੇ ਮੋਦੀ ਸਰਕਾਰ ਦੇ ਹੰਕਾਰ, ਅੱਤਿਆਚਾਰ ਅਤੇ ਗਰਦ ਸਰਦ ਰੁੱਤਾਂ ਦੀ ਮਾਰ ਸਹਿ ਕੇ ਵੀ ਆਪਣੇ ਸੰਘਰਸ਼ ਜਾਰੀ ਰੱਖਿਆ। ਕਿਸੇ ਵੀ ਸਿਆਸੀ ਪਾਰਟੀ ਜਾਂ ਵਿਅਕਤੀ ਵਿਸ਼ੇਸ਼ ਨੂੰ ਕਾਲ਼ੇ ਕਾਨੂੰਨ ਰੱਦ ਕਰਾਏ ਜਾਣ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੀ ਦੌੜ ’ਚ ਨਹੀਂ ਪੈਣਾ ਚਾਹੀਦਾ। ਅੰਤ ਨੂੰ ਜਿੱਤ ਦਾ ਪਰਚਮ ਲਹਿਰਾਇਆ।

ਪਾਰਟੀ ਜਾਂ ਕੋਈ ਵਿਅਕਤੀ ਕਾਲ਼ੇ ਕਾਨੂੰਨ ਰੱਦ ਦਾ ਦਾਅਵੇਦਾਰ ਨਹੀਂ। ਕੇਵਲ ਤਿੰਨ ਕਾਲ਼ੇ ਕਾਨੂੰਨ ਵਾਪਸ ਲੈਣ ਨਾਲ ਨਹੀਂ ਸਰਨਾ। ਕੇਂਦਰ ਸਰਕਾਰ ਸਾਰੀਆਂ ਫ਼ਸਲਾਂ ’ਤੇ ਐਮ.ਐਸ.ਪੀ ਨੂੰ ਕਾਨੂੰਨੀ ਗਰੰਟੀ ਅਤੇ ਖ਼ਰੀਦ ਯਕੀਨੀ ਬਣਾਵੇ। ਪ੍ਰਸਤਾਵਿਤ ਬਿਜਲੀ ਬਿੱਲ ਰੱਦ ਕਰੇ। ਸੰਘਰਸ਼ ਦੌਰਾਨ ਸ਼ਹੀਦ ਹੋਏ 700- 750 ਕਿਸਾਨਾਂ ਦੇ ਜਾਨੀ ਘਾਟੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਨਤਕ ਮੁਆਫ਼ੀ ਮੰਗਣ ਅਤੇ ਪੀੜਤ ਪਰਿਵਾਰਾਂ ਨੂੰ ਉਚਿੱਤ ਮੁਆਵਜ਼ਾ ਦਿੱਤਾ ਜਾਵੇ। ਜ਼ਰੂਰੀ ਹੈ ਕਿ ਲਖੀਮਪੁਰ ਖੀਰੀ ਘਟਨਾ ਲਈ ਜ਼ਿੰਮੇਵਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਮੰਤਰੀ ਮੰਡਲ ’ਚੋਂ ਬਾਹਰ ਕੀਤਾ ਜਾਵੇ।’’

ਭਗਵੰਤ ਮਾਨ ਨੇ ਕਿਹਾ, ‘‘ਉਤਰ ਪ੍ਰਦੇਸ਼ ਦੇ ਰੁਦਰਪੁਰ, ਉਧਮਪੁਰ ਆਦਿ ਜੰਗਲਾਂ ਨੂੰ ਖੇਤੀਯੋਗ ਬਣਾਉਣ ਸਮੇਂ ਸ਼ੇਰਾਂ ਨਾਲ ਲੜਨ ਵਾਲੀ ਕੌਮ ਨਾਲ ਕੇਂਦਰ ਸਰਕਾਰ ਨੂੰ ਲੜਨਾ ਨਹੀਂ ਚਾਹੀਦਾ ਸੀ। ਨਤੀਜਾ ਸਭ ਦੇ ਸਾਹਮਣੇ ਹੈ। ਆਖ਼ਰ ਕਿਸਾਨਾਂ ਦੀ ਜਿੱਤ ਹੋਈ ਹੈ।’’ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਸਦ ਵਿੱਚ ਕਿਸਾਨਾਂ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਤਿੰਨ ਕਾਲ਼ੇ ਖੇਤੀ ਕਾਨੂੰਨ ਜ਼ਬਰਦਸਤੀ ਲਾਗੂ ਕੀਤੇ ਗਏ ਸਨ, ਜਿਹੜੇ ਕਿ ਪੰਜਾਬ ਸਮੇਤ ਦੇਸ਼ ਦੇ ਕਿਸਾਨਾਂ ਦੇ ਸੰਘਰਸ਼ ਕਾਰਨ ਇਹ ਕਾਲ਼ੇ ਕਾਨੂੰਨ ਮੋਦੀ ਸਰਕਾਰ ਨੂੰ ਵਾਪਸ ਲੈਣੇ ਪੈ ਰਹੇ ਹਨ।

ਉਨ੍ਹਾਂ ਕਿਹਾ ਕਿ ਸੰਰਘਸ ਦੌਰਾਨ ਸ਼ਹੀਦ ਹੋਏ 700- 750 ਕਿਸਾਨਾਂ ਲਈ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਦਾ ਹੰਕਾਰ ਜ਼ਿੰਮੇਵਾਰ ਹੈ। ਜਿਸ ਲਈ ਪੀੜਤ ਪਰਿਵਾਰਾਂ ਅਤੇ ਜ਼ਖ਼ਮੀ ਹੋਏ ਕਿਸਾਨਾਂ ਕੋਲੋਂ ਪ੍ਰਧਾਨ ਮੰਤਰੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀ ਮੰਗ ਅਨੁਸਾਰ ਕਿਸਾਨੀ ਸੰਘਰਸ਼ ਦੀ ਉਚਿੱਤ ਯਾਦਗਾਰ ਉਸਾਰਨ ਲਈ ਥਾਂ ਅਤੇ ਫ਼ੰਡ ਵੀ ਕੇਂਦਰ ਸਰਕਾਰ ਦੇਵੇ।

ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚ ਸੰਘਰਸ਼ਸ਼ੀਲ ਕਿਸਾਨਾਂ- ਮਜ਼ਦੂਰਾਂ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਹਨ। ਇਸ ਲਈ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਸਾਰੇ ਸੂਬਿਆਂ ਨੂੰ ਕਿਸਾਨਾਂ ਖ਼ਿਲਾਫ਼ ਦਰਜ ਪਰਚੇ ਰੱਦ ਕਰਨ ਦੇ ਹੁਕਮ ਜਾਰੀ ਕਰੇ। ਐਮ.ਐਸ.ਪੀ ਉੱਤੇ ਸਾਰੀਆਂ ਫ਼ਸਲਾਂ ਦੀ ਖ਼ਰੀਦ ਦੀ ਕਾਨੂੰਨੀ ਗਰੰਟੀ ਦੀ ਵਕਾਲਤ ਕਰਦਿਆਂ ਭਗਵੰਤ ਮਾਨ ਨੇ ਕਿਹਾ, ‘‘ਦੇਸ਼ ਵਿੱਚ ਕਿਸਾਨਾਂ ਵੱਲੋਂ ਪੈਦਾ ਕੀਤੀਆਂ ਜਾਂਦੀਆਂ ਸਾਰੀਆਂ ਹੀ ਫ਼ਸਲਾਂ ਦੀ ਖ਼ਰੀਦ ਲਈ ਸਰਕਾਰ ਵੱਲੋਂ ਘਟੋਂ ਘੱਟ ਸਮਰਥਨ ਮੁੱਲ (ਐਮ.ਐਸ.ਪੀ) ਨਿਸ਼ਚਿਤ ਹੋਣਾ ਚਾਹੀਦਾ ਹੈ। ਪੂਰੇ ਦੇਸ਼ ਦੇ ਅੰਨਦਾਤਾ ਨੂੰ ਬਚਾਏ ਰੱਖਣ ਲਈ ਨਿਰਧਾਰਿਤ ਮੁੱਲ ’ਤੇ ਹੀ ਫ਼ਸਲਾਂ ਦੀ ਯਕੀਨਨ ਖ਼ਰੀਦ ਹੋਣੀ ਚਾਹੀਦੀ ਹੈ। ਇਸ ਸਮੁੱਚੀ ਪ੍ਰਤੀਕਿਰਿਆ ਨੂੰ ਕਾਨੂੰਨੀ ਗਰੰਟੀ ਦੇ ਦਾਇਰੇ ’ਚ ਲਿਆਉਣਾ ਅਤਿ ਜ਼ਰੂਰੀ ਹੈ। ਐਮ.ਐਸ.ਪੀ ਦੀ ਪ੍ਰਤੀਕਿਰਿਆ ਵਿੱਚ ਕਰੀਬ 16- 17 ਲੱਖ ਕਰੋੜ ਦਾ ਬਜਟ ਆਵੇਗਾ ਅਤੇ ਕੇਂਦਰ ਸਰਕਾਰ ਐਮ.ਐਸ.ਪੀ ਦੀ ਪ੍ਰਤੀਕਿਰਿਆ ਨੂੰ ਆਸਾਨੀ ਨਾਲ ਚਾਲੂ ਰੱਖ ਸਕਦੀ ਹੈ।’’

ਭਗਵੰਤ ਮਾਨ ਨੇ ਕਿਹਾ ਕਿ ਬਿਨਾਂ ਸ਼ੱਕ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕਾਲ਼ੇ ਖੇਤੀ ਕਾਨੂੰਨ ਲਿਆਉਣ ਲਈ ਜ਼ਿੰਮੇਵਾਰ ਹੈ। ਪਰ ਇਸ ਲਈ ਅਕਾਲੀ ਦਲ ਬਾਦਲ ਅਤੇ ਕਾਂਗਰਸ ਵੀ ਬਰਾਬਰ ਦੇ ਦੋਸ਼ੀ ਹਨ। ਜਦੋਂ 5 ਜੂਨ 2020 ਨੂੰ ਮੋਦੀ ਸਰਕਾਰ ਨੇ ਕਾਲ਼ੇ ਕਾਨੂੰਨ ਆਰਡੀਨੈਂਸ ਰਾਹੀਂ ਲਾਗੂ ਕੀਤੇ ਸਨ ਤਾਂ ਅਕਾਲੀ ਦਲ ਵੱਲੋਂ ਹਰਸਿਮਰਤ ਕੌਰ ਬਾਦਲ ਕੇਂਦਰੀ ਮੰਤਰੀ ਮੰਡਲ ਵਿੱਚ ਕੈਬਨਿਟ ਮੰਤਰੀ ਸਨ ਅਤੇ ਬਤੌਰ ਮੰਤਰੀ ਉਨ੍ਹਾਂ ਹਰਸਿਮਰਤ ਬਾਦਲ ਨੇ ਬਿੱਲਾਂ ’ਤੇ ਦਸਤਖ਼ਤ ਵੀ ਕੀਤੇ।

ਐਨਾ ਹੀ ਨਹੀਂ ਅਗਲੇ ਕਈ ਮਹੀਨੇ ਹਰਸਿਮਰਤ ਕੌਰ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਕਾਲ਼ੇ ਖੇਤੀ ਕਾਨੂੰਨਾਂ ਦੇ ਗੁਣ ਗਾਉਂਦੇ ਰਹੇ। ਪ੍ਰੰਤੂ ਜਦੋਂ ਤਿੱਖੇ ਵਿਰੋਧ ਕਾਰਨ ਇਹਨਾਂ ਵਿਰੁੱਧ ਪਿੰਡਾਂ- ਸ਼ਹਿਰਾਂ ’ਚ ‘ਐਂਟਰੀ ਬੈਨ’ ਦੇ ਬੋਰਡ ਲੱਗਣੇ ਸ਼ੁਰੂ ਹੋ ਗਏ ਤਾਂ ਦਬਾਅ ਵਿੱਚ ਆ ਕੇ ਹਰਸਿਮਰਤ ਕੌਰ ਬਾਦਲ ਨੂੰ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣਾ ਪਿਆ ਅਤੇ ਲੋਕ ਦਿਖਾਵੇ ਵਜੋਂ ਅਕਾਲੀ ਦਲ ਬਾਦਲ ਨੇ ਭਾਜਪਾ ਨਾਲੋਂ ਰਾਜਨੀਤਿਕ ਗੱਠਜੋੜ ਤੋੜ ਲਿਆ। ਅਸਲ ’ਚ ਅੰਦਰੋਂ- ਅੰਦਰੀਂ ਇਹ ਅੱਜ ਵੀ ਇੱਕ-ਮਿੱਕ ਹੀ ਹਨ।

ਸੱਤਾਧਾਰੀ ਪੰਜਾਬ ਕਾਂਗਰਸ ਦੀ ਅਲੋਚਨਾ ਕਰਦਿਆਂ ਮਾਨ ਨੇ ਕਿਹਾ ਕਿ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖੇਤੀ ਬਿੱਲਾਂ ਬਾਰੇ ਉੱਚ ਪੱਧਰੀ ਕਮੇਟੀ ਦੀਆਂ ਮੀਟਿੰਗਾਂ ਵਿੱਚ ਜਾਂਦੇ ਰਹੇ, ਪਰ ਉਨ੍ਹਾਂ ਪੰਜਾਬ ਦੇ ਕਿਸਾਨਾਂ ਦਾ ਵਿਰੋਧ ਕਮੇਟੀ ਵਿੱਚ ਦਰਜ ਨਹੀਂ ਕਰਾਇਆ ਅਤੇ ਨਾ ਹੀ ਪੰਜਾਬ ਦੇ ਕਿਸਾਨਾਂ ਨੂੰ ਕਾਲ਼ੇ ਖੇਤੀ ਕਾਨੂੰਨਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਲਈ ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨਾਲ ਧੋਖਾ ਕਰਦੇ ਰਹੇ, ਕਿਉਂਕਿ ਇਹ ਮੋਦੀ ਨਾਲ ਮਿਲੇ ਹੋਏ ਸਨ। ਇਹ ਭੇਤ ਅੱਜ ਜੱਗ ਜ਼ਾਹਿਰ ਹੋ ਚੁੱਕਾ ਹੈ। ਮਾਨ ਮੁਤਾਬਿਕ ਸਿਆਸੀ ਧਿਰਾਂ ’ਚੋਂ ਆਮ ਆਦਮੀ ਪਾਰਟੀ ਹੀ ਪਹਿਲੇ ਦਿਨ ਤੋਂ ਕਾਲ਼ੇ ਖੇਤੀ ਕਾਨੂੰਨਾਂ ਦਾ ਵਿਰੁੱਧ ਕਰਦੀ ਰਹੀ ਹੈ ਅਤੇ ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ਵੱਲੋਂ ਦਿੱਤੇ ਦਿਸ਼ਾ- ਨਿਰਦੇਸ਼ਾਂ ਦੀ ਪਾਲਣਾ ਕਰਦੀ ਰਹੀ ਹੈ।

ਮਾਨ ਨੇ ਕਿਹਾ, ‘‘ਪੰਜਾਬ ਦੀ ਕਾਂਗਰਸ ਸਰਕਾਰ ਕੋਲ ਖੇਤੀਬਾੜੀ ਦੇ ਵਿਕਾਸ ਲਈ ਕੋਈ ਵੀ ਨੀਤੀ ਨਹੀਂ ਹੈ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਖੇਤੀਬਾੜੀ ਦੀ ਤਰੱਕੀ ਲਈ ਨੀਤੀ ਬਣਾਈ ਜਾਵੇਗੀ, ਸਹਿਕਾਰੀ ਸੁਸਾਇਟੀਆਂ ਨੂੰ ਜਿੰਦਾ ਕੀਤਾ ਜਾਵੇਗਾ, ਕਿਸਾਨਾਂ ਨੂੰ ਕਣਕ- ਝੋਨੇ ਦੇ ਚੱਕਰ ਤੋਂ ਕੱਢਣ ਲਈ ਹੋਰਨਾਂ ਫ਼ਸਲਾਂ ਦਾ ਉਚਿੱਤ ਮੁੱਲ ਦਿੱਤਾ ਜਾਵੇਗਾ ਅਤੇ ਪੰਜਾਬ ਦੀ ਤਰੱਕੀ ਲਈ ਵਿਸ਼ੇਸ਼ ਰੋਡ ਮੈਪ ਲਾਗੂ ਕੀਤਾ ਜਾਵੇਗਾ।’’

ਕੇਜਰੀਵਾਲ ਦੀ ਇੱਕ ਹਜ਼ਾਰ ਰੁਪਏ ਦੀ ਗਰੰਟੀ ‘ਤੇ ਸਾਰੇ ਜ਼ਿਲ੍ਹਿਆਂ ‘ਚ ਕੱਢਿਆ ‘ਧੰਨਵਾਦ ਮਾਰਚ’

0

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੇ ਐਲਾਨ ਦਾ ਸੋਮਵਾਰ ਨੂੰ ਮਹਿਲਾ ਵਿੰਗ ਦੀ ਅਗਵਾਈ ਵਿੱਚ ਪੰਜਾਬ ਦੇ ਸਮੂਹ ਲੋਕਾਂ ਨੇ ਸਵਾਗਤ ਜ਼ਿਲ੍ਹਿਆਂ ਵਿੱਚ ਧੰਨਵਾਦ ਕੇਜਰੀਵਾਲ ਮਾਰਚ ਕੱਢਿਆ ਗਿਆ।

ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਦੀ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਨੇ ਦੱਸਿਆ ਕਿ ਮੁਹਾਲੀ (ਐਸ.ਏ.ਐਸ. ਨਗਰ), ਪਟਿਆਲਾ, ਸੰਗਰੂਰ, ਬਰਨਾਲਾ, ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਤਰਨਤਾਰਨ, ਅੰਮ੍ਰਿਤਸਰ, ਜਲੰਧਰ, ਪਠਾਨਕੋਟ, ਗੁਰਦਾਸਪੁਰ ‘ਧੰਨਵਾਦ ਕੇਜਰੀਵਾਲ ਮਾਰਚ’ ਨਵਾਂਸ਼ਹਿਰ, ਰੋਪੜ ਅਤੇ ਹੋਰ ਸਾਰੇ ਜ਼ਿਲ੍ਹਿਆਂ ‘ਚ ਕੱਢਿਆ ਗਿਆ। ਇਸ ਧੰਨਵਾਦੀ ਮਾਰਚ ਦੌਰਾਨ ਅਰਵਿੰਦ ਕੇਜਰੀਵਾਲ ਵੱਲੋਂ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਤੀਜੀ ਗਰੰਟੀ ਬਾਰੇ ਜਾਗਰੂਕ ਕੀਤਾ ਗਿਆ।

ਸਰਬਜੀਤ ਕੌਰ ਮਾਣੂੰਕੇ ਨੇ ਦੱਸਿਆ ਕਿ ਸਾਰੀਆਂ ਔਰਤਾਂ ਅਰਵਿੰਦ ਕੇਜਰੀਵਾਲ ਦਾ ਇੱਕ ਹਜ਼ਾਰ ਰੁਪਏ ਮਹੀਨਾ ਸਨਮਾਨ ਵਜੋਂ ਲੈ ਰਹੀਆਂ ਹਨ। ਇਸੇ ਕਾਰਨ ਪੰਜਾਬ ਦੀ ਨਾਰੀ ਸ਼ਕਤੀ ਹੁਣ ਤਰੱਕੀ ਦੇ ਰਾਹ ‘ਤੇ ਅੱਗੇ ਵਧਣ ਲਈ ਰਵਾਇਤੀ ਸਿਆਸੀ ਪਿੱਠਭੂਮੀ ਨੂੰ ਬਦਲ ਕੇ ‘ਕੰਮ’ ਦੀ ਰਾਜਨੀਤੀ ਲਈ ਅਰਵਿੰਦ ਕੇਜਰੀਵਾਲ ਨੂੰ ‘ਇੱਕ ਮੌਕਾ’ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਇਸ ਐਲਾਨ ਤੋਂ ਬਾਅਦ ਕਾਂਗਰਸ, ਅਕਾਲੀ ਦਲ ਬਾਦਲ, ਬਸਪਾ ਅਤੇ ਭਾਜਪਾ ਦੇ ਆਗੂਆਂ ਦੀ ਨੀਂਦ ਉੱਡ ਗਈ ਹੈ। ਇਸ ਕਹਿਰ ਕਾਰਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਖੋਖਲੇ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ। ਉਧਰ, ਉਨ੍ਹਾਂ ਦੀ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖੋਖਲੇ ਐਲਾਨਾਂ ‘ਤੇ ਸਵਾਲ ਖੜ੍ਹੇ ਕੀਤੇ ਹਨ।

ਸਰਬਜੀਤ ਕੌਰ ਮਾਣੂੰਕੇ, ਪ੍ਰੋ. ਬਲਜਿੰਦਰ ਕੌਰ ਅਤੇ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਦਾ ਪੱਕਾ ਇਰਾਦਾ ਹੈ ਕਿ ਅਕਾਲੀ ਦਲ, ਬਸਪਾ, ਭਾਜਪਾ ਅਤੇ ਕਾਂਗਰਸ ਦੇ ਆਗੂਆਂ ਨੇ ਸਾਲਾਂਬੱਧੀ ਉਨ੍ਹਾਂ ਨਾਲ ਧੋਖਾ ਕਰਕੇ ਉਨ੍ਹਾਂ ਨੂੰ ਕਰਜ਼ੇ ਵਿੱਚ ਦਬਾਇਆ। ਇੱਥੋਂ ਤੱਕ ਕਿ ਪੰਜਾਬ ਭਰ ਵਿੱਚ ਲੱਖਾਂ ਨੌਜਵਾਨ ਰੁਜ਼ਗਾਰ ਲਈ ਕਾਂਗਰਸ ਸਰਕਾਰ ਖ਼ਿਲਾਫ਼ ਧਰਨੇ ਦੇਣ ਲਈ ਮਜਬੂਰ ਹਨ। ਪਰ ਅੱਜ ਤੱਕ ਸਰਕਾਰਾਂ ਨੇ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਨੂੰ ਲੁੱਟਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।

ATM ਧੋਖਾਧੜੀ ਤੋਂ ਬਚਣ ਲਈ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਖਿਆਲ

0

ਪਿਛਲੇ ਕੁੱਝ ਸਾਲਾਂ ਤੋਂ ਏਟੀਐਮ ਧੋਖਾਧੜੀ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਸਾਈਬਰ ਠੱਗ ਨਵੇਂ-ਨਵੇਂ ਤਰੀਕਿਆਂ ਨਾਲ ਧੋਖਾਧੜੀ ਕਰਦੇ ਹਨ। ਠੱਗਾਂ ਵੱਲੋਂ ਏਟੀਐਮ ਪਿੰਨ ਚੋਰੀ ਕੀਤੇ ਜਾਣ ਤੇ ਏਟੀਐਮ ਨੂੰ ਕਲੋਨ ਕਰਨ ਨਾਲ ਗਾਹਕ ਦਾ ਖਾਤਾ ਵੀ ਖਾਲੀ ਹੋ ਜਾਂਦਾ ਹੈ। ਆਰਬੀਆਈ ਤੇ ਹੋਰ ਬੈਂਕ ਵੀ ਅਕਸਰ ਗਾਹਕਾਂ ਨੂੰ ਸਾਵਧਾਨ ਕਰਨ ਲਈ ਸਮੇਂ-ਸਮੇਂ ’ਤੇ ਅਲਰਟ ਜਾਰੀ ਕਰਦੇ ਰਹਿੰਦੇ ਹਨ।ਇਸ ਲਈ ਏਟੀਐਮ ਦੀ ਵਰਤੋਂ ਕਰਦੇ ਸਮੇਂ ਕੁੱਝ ਸਾਵਧਾਨੀਆਂ ਵਰਤਣ ਨਾਲ, ਧੋਖਾਧੜੀ ਦਾ ਸ਼ਿਕਾਰ ਹੋਣ ਤੋਂ ਬਚਿਆ ਜਾ ਸਕਦਾ ਹੈ।

ਧੋਖਾਧੜੀ ਦਾ ਸ਼ਿਕਾਰ ਹੋਣ ਤੋਂ ਬਚਣ ਲਈ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
ਏਟੀਐਮ ਮਸ਼ੀਨ ਤੋਂ ਪੈਸੇ ਕਢਵਾਉਂਦੇ ਸਮੇਂ, ਤੁਹਾਨੂੰ ਉਸ ਜਗ੍ਹਾ ਦੀ ਜਾਂਚ ਕਰਨੀ ਚਾਹੀਦੀ ਹੈ, ਜਿੱਥੇ ਮਸ਼ੀਨ ਵਿੱਚ ਕਾਰਡ ਪਾਇਆ ਜਾਂਦਾ ਹੈ। ਸਾਈਬਰ ਠੱਗ ਅਕਸਰ ਇਸ ਸਥਾਨ ‘ਤੇ ਕਲੋਨਿੰਗ ਉਪਕਰਣ ਲਗਾ ਕੇ ਏਟੀਐਮ ਕਾਰਡ ਸਕੈਨ ਕਰਦੇ ਹਨ।

ਇਸ ਤੋਂ ਇਲਾਵਾ ਆਪਣਾ ਏਟੀਐਮ ਪਿੰਨ ਨੰਬਰ ਦਾਖਲ ਕਰਨ ਤੋਂ ਪਹਿਲਾਂ, ਕੀਪੈਡ ਨੂੰ ਸਹੀ ਢੰਗ ਨਾਲ ਚੈੱਕ ਕਰੋ ਇਹ ਵੇਖਣ ਲਈ ਕਿ ਉੱਥੇ ਕੋਈ ਕੈਮਰਾ ਜਾਂ ਚਿੱਪ ਤਾਂ ਨਹੀਂ ਲੱਗੀ ਹੋਈ।

ਇਸ ਦੇ ਨਾਲ ਹੀ ਆਪਣਾ ਏਟੀਐਮ ਪਿੰਨ ਨੰਬਰ ਦਰਜ ਕਰਦੇ ਸਮੇਂ ਕੀਪੈਡ ਨੂੰ ਦੂਜੇ ਹੱਥ ਨਾਲ ਢੱਕੋ।

ਜੇ ਤੁਸੀਂ ਆਪਣੇ ਕਾਰਡ ਨੂੰ ਕਿਤੇ ਸਵਾਈਪ ਕਰਦੇ ਹੋ, ਤਾਂ ਪਹਿਲਾਂ ਜਾਂਚ ਕਰੋ ਕਿ ਪੀਓਐਸ ਮਸ਼ੀਨ ਕਿਸ ਬੈਂਕ ਨਾਲ ਸਬੰਧਤ ਹੈ। ਇਸ ਦੇ ਨਾਲ ਹੀ ਸਵਾਈਪ ਏਰੀਆ ਤੇ ਕੀਪੈਡ ਦੀ ਵੀ ਜਾਂਚ ਕਰੋ।

ਚੁੰਬਕੀ ਕਾਰਡ ਦੀ ਬਜਾਏ ਈਐਮਵੀ ਚਿੱਪ ਅਧਾਰਤ ਕਾਰਡ ਦੀ ਵਰਤੋਂ ਕਰੋ ਕਿਉਂਕਿ ਜਦੋਂ ਕਾਰਡ ਸਕੈਨ ਜਾਂ ਕਲੋਨ ਕੀਤਾ ਜਾਂਦਾ ਹੈ ਤਾਂ ਇਹ ਐਨਕ੍ਰਿਪਟਡ ਜਾਣਕਾਰੀ ਪ੍ਰਾਪਤ ਕਰੇਗਾ।

ਆਪਣੇ ਕਾਰਡ ਦੇ ਵੇਰਵੇ ਕਿਸੇ ਹੋਰ ਈ-ਵਾਲੇਟ ਵਿੱਚ ਨਾ ਸੰਭਾਲੋ। ਇਸ ਤੋਂ ਇਲਾਵਾ, ਜੇ ਪੀਓਸੀ ਮਸ਼ੀਨ ਖਰੀਦਦਾਰੀ ਦੇ ਸਮੇਂ ਬਿਨਾ ਓਟੀਪੀ ਦੇ ਟ੍ਰਾਂਜੈਕਸ਼ਨ ਕਰਦੀ ਹੈ, ਤਾਂ ਬੈਂਕ ਤੋਂ ਓਟੀਪੀ ਦੁਆਰਾ ਟ੍ਰਾਂਜੈਕਸ਼ਨ ਦੇ ਨਾਲ ਜਾਰੀ ਕੀਤਾ ਕਾਰਡ ਪ੍ਰਾਪਤ ਕਰੋ।

ਪੈਸੇ ਕਢਵਾਉਣ ਲਈ ਤੁਹਾਨੂੰ ਜਿੰਨਾ ਸੰਭਵ ਹੋ ਸਕੇ, ਇੱਕ ਸੁਰੱਖਿਅਤ ਏਟੀਐਮ ਦੀ ਵਰਤੋਂ ਕਰਨੀ ਚਾਹੀਦੀ ਹੈ।

ਐਡਵੋਕੇਟ ਹਰਪ੍ਰੀਤ ਸੰਧੂ ਨੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

0

ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਅੱਜ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਉਦਯੋਗ ਮੰਤਰੀ ਗੁਰਕੀਰਤ ਸਿੰਘ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਦੀ ਹਾਜ਼ਰੀ ਵਿੱਚ ਉਦਯੋਗ ਭਵਨ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ। ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਡਵੋਕੇਟ ਸੰਧੂ ਨੂੰ ਸਿਰੋਪਾਓ ਭੇਂਟ ਕੀਤਾ ਅਤੇ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਐਡਵੋਕੇਟ ਸੰਧੂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਆਸ ਪ੍ਰਗਟਾਈ ਕਿ ਪੰਜਾਬ ਇਨਫੋਟੈਕ ਨਵੇਂ ਚੇਅਰਮੈਨ ਦੀ ਰਹਿਨੁਮਾਈ ਹੇਠ ਨਵੀਆਂ ਉਚਾਈਆਂ ਹਾਸਲ ਕਰੇਗਾ। ਉਨ੍ਹਾਂ ਨਵੇਂ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੰਦਿਆਂ ਐਡਵੋਕੇਟ ਸੰਧੂ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਉੱਘੇ ਵਕੀਲ ਹਰਪ੍ਰੀਤ ਸਿੰਘ ਸੰਧੂ, ਜੋ ਇੱਕ ਲੇਖਕ ਅਤੇ ਨੇਚਰ ਆਰਟਿਸਟ ਵੀ ਹਨ, ਨੇ ਕਿਹਾ ਕਿ ਇਸ ਆਈ.ਟੀ. ਯੁੱਗ ਵਿੱਚ ਤਕਨਾਲੋਜੀ ਸੇਵਾਵਾਂ ਨੂੰ ਦੇਖਦਿਆਂ ਅੱਜ ਸਮੇਂ ਦੀ ਲੋੜ ਹੈ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਅਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਦੇ ਮਾਰਗਦਰਸ਼ਨ ਹੇਠ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਉਣ ਵਾਲੇ ਦਿਨਾਂ ਵਿੱਚ ਅਸੀਂ ਪੰਜਾਬ ਦੀ ਧਰਤੀ ‘ਤੇ ਆਈ ਟੀ ਉਦਯੋਗ ਨੂੰ ਪ੍ਰਫੁਲਤ ਕਰਨ ਲਈ ਹੋਰ ਉਪਰਾਲੇ ਕਰੀਏ।

ਲੋਕਪਾਲ ਪੰਜਾਬ ਜਸਟਿਸ ਵੀ.ਕੇ.ਸ਼ਰਮਾ, ਪ੍ਰਮੁੱਖ ਸਕੱਤਰ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਤੇਜਵੀਰ ਸਿੰਘ, ਏਡੀਜੀਪੀ ਜੇਲ੍ਹਾਂ ਪ੍ਰਵੀਨ ਸਿਨਹਾ, ਮੁੱਖ ਕਾਰਜਕਾਰੀ ਅਫ਼ਸਰ (ਸੀਈਓ) ਇਨਵੈਸਟ ਪੰਜਾਬ ਰਜਤ ਅਗਰਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਚਾਰਜ ਸੰਭਾਲਣ ਦੀ ਰਸਮ ਵਿੱਚ ਸ਼ਿਰਕਤ ਕੀਤੀ।

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ACP, ASP ਤੇ DSP ਰੈਂਕ ਦੇ 59 ਅਧਿਕਾਰੀਆਂ ਦੇ ਤਬਾਦਲੇ

0

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ ਹੋਇਆ ਹੈ। ACP, ASP ਤੇ DSP ਰੈਂਕ ਦੇ 59 ਅਧਿਕਾਰੀਆਂ ਦੇ ਤਬਾਦਲੇ ਹੋਏ ਹਨ।

 

 

 

ਨੀਂਦ ਨਾ ਆਉਣ ‘ਤੇ ਦੁੱਧ ‘ਚ ਮਿਲਾ ਕੇ ਇਨ੍ਹਾਂ ਚੀਜ਼ਾਂ ਦਾ ਕਰੋ ਸੇਵਨ, ਮਿਲੇਗੀ ਇਸ ਸਮੱਸਿਆ ਤੋਂ ਰਾਹਤ

0

ਦਾਲਚੀਨੀ ਸਿਹਤ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦੀ ਹੈ। ਇਸ ਦੇ ਸੇਵਨ ਨਾਲ ਨੀਂਦ ਨਾ ਆਉਣ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਇਸ ‘ਚ ਬਹੁਤ ਸਾਰੇ ਐਂਟੀਆਕਸੀਡੈਂਟ, ਵਿਟਾਮਿਨ ਅਤੇ ਮਿਨਰਲ ਪਾਏ ਜਾਂਦੇ ਹਨ। ਸਿਹਤ ਅਤੇ ਖੂਬਸੂਰਤੀ ਦੋਵਾਂ ਲਈ ਦਾਲਚੀਨੀ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਦਾਲਚੀਨੀ ਵਿੱਚ ਪਾਏ ਜਾਣ ਵਾਲੇ ਕੰਪਾਊਂਡ ਵਿਚ ਕਈ ਦਵਾਈਆਂ ਦੇ ਗੁਣ ਹੁੰਦੇ ਹਨ, ਜਿਸ ਨਾਲ ਸਰੀਰ ਦੀਆਂ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ। ਦਾਲਚੀਨੀ ਨੂੰ ਦੁੱਧ ਵਿਚ ਮਿਲਾ ਕੇ ਪੀਣ ਨਾਲ ਸਿਹਤ ਨੂੰ ਦੁੱਗਣੇ ਫ਼ਾਇਦੇ ਹੁੰਦੇ ਹਨ।

ਇੰਝ ਬਣਾਓ ਦਾਲਚੀਨੀ ਵਾਲਾ ਦੁੱਧ
ਦਾਲਚੀਨੀ ਵਾਲੇ ਦੁੱਧ ਨੂੰ ਸੌਖੇ ਨਾਲ ਬਣਾਇਆ ਜਾ ਸਕਦਾ ਹੈ। ਇਸ ਲਈ ਪਹਿਲਾਂ 1 ਕੱਪ ਦੁੱਧ ਵਿੱਚ 1 ਚੌਥਾਈ ਚਮਚ ਦਾਲਚੀਨੀ ਮਿਲਾ ਕੇ ਚੰਗੀ ਤਰ੍ਹਾਂ ਉਬਾਲ ਲਓ। ਤੁਸੀਂ ਚਾਹੋ ਤਾਂ ਇਸ ‘ਚ ਸ਼ਹਿਦ ਵੀ ਮਿਲਾ ਸਕਦੇ ਹੋ। ਸ਼ਹਿਦ ਨੂੰ ਦੁੱਧ ਗਰਮ ਕਰਨ ਤੋਂ ਬਾਅਦ ਮਿਲਾਉਣਾ ਹੈ ਪਹਿਲਾਂ ਨਹੀਂ। ਫਿਰ ਉਸ ਨੂੰ ਥੋੜਾ ਠੰਡਾ ਹੋਣ ਤੱਕ ਪੀ ਲਓ। ਇਸੇ ਲਈ ਅੱਜ ਅਸੀਂ ਤੁਹਾਨੂੰ ਦਾਲਚੀਨੀ ਵਾਲਾ ਦੁੱਧ ਪੀਣ ਨਾਲ ਕਿਹੜੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ, ਉਸ ਬਾਰੇ ਦੱਸਾਂਗੇ

ਭਾਰ ਘਟਾਉਣ ਲਈ ਸਹਾਇਕ
ਦਾਲਚੀਨੀ ਵਾਲਾ ਦੁੱਧ ਪੀਣ ਨਾਲ ਭਾਰ ਘਟਾਉਣ ‘ਚ ਮਦਦ ਮਿਲਦੀ ਹੈ, ਕਿਉਂਕਿ ਇਹ ਸਰੀਰ ਦਾ ਮੈਟਾਬਲੀਜ਼ਮ ਵਧਾ ਦਿੰਦਾ ਹੈ। ਇਸ ਤੋਂ ਇਲਾਵਾ ਇਹ ਚਰਬੀ ਨੂੰ ਵੀ ਘਟਾਉਂਦਾ ਹੈ।

ਬਲੱਡ ਸ਼ੂਗਰ ਕੰਟਰੋਲ ਕਰੇ
ਦਾਲਚੀਨੀ ਵਿੱਚ ਬਹੁਤ ਸਾਰੇ ਕੰਪਾਊਂਡਸ ਪਾਏ ਜਾਂਦੇ ਹਨ, ਜੋ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ। ਦਾਲਚੀਨੀ ਵਾਲਾ ਦੁੱਧ ਖ਼ਾਸ ਤੌਰ ’ਤੇ ਟਾਈਪ-2 ਡਾਇਬਟੀਜ਼ ਵਾਲੇ ਮਰੀਜ਼ਾਂ ਲਈ ਫ਼ਾਇਦੇਮੰਦ ਹੁੰਦਾ ਹੈ ।

ਇਮਿਊਨ ਸਿਸਟਮ
ਦਾਲਚੀਨੀ ਵਾਲਾ ਦੁੱਧ ਪੀਣ ਨਾਲ ਇਮਿਊਨ ਸਿਸਟਮ ਮਜ਼ਬੂਤ ਹੋ ਜਾਂਦਾ ਹੈ। ਇਸ ਨਾਲ ਤੁਸੀਂ ਜਲਦੀ ਬੀਮਾਰ ਨਹੀਂ ਹੁੰਦੇ। ਤੁਹਾਡੇ ਸਰੀਰ ‘ਚ ਕੀਟਾਣੂ ਜਲਦੀ ਅਸਰ ਨਹੀਂ ਕਰ ਪਾਉਂਦੇ। ਇਹ ਸਰੀਰ ਦੀ ਥਕਾਵਟ ਨੂੰ ਵੀ ਦੂਰ ਕਰ ਦਿੰਦਾ ਹੈ।

ਦਿਲ ਦੀ ਸਮੱਸਿਆ
ਦਾਲਚੀਨੀ ਵਾਲਾ ਦੁੱਧ ਬਲੱਡ ਪ੍ਰੈਸ਼ਰ ਨੂੰ ਨਿਯੰਤਰਣ ਕਰਦਾ ਹੈ। ਇਹ ਧਮਨੀਆਂ ‘ਚ ਹੋਣ ਵਾਲੇ ਰੁਕਾਵਟ ਨੂੰ ਦੂਰ ਕਰਦਾ ਹੈ ਅਤੇ ਕੋਲੇਸਟ੍ਰੋਲ ਪੱਧਰ ਨੂੰ ਵੀ ਘੱਟ ਕਰਨ ਵਿਚ ਮਦਦ ਕਰਦਾ ਹੈ।ਇਸ ਨਾਲ ਦਿਲ ਦਾ ਦੌਰਾ ਪੈਣ ਦੀ ਸੰਭਾਵਨਾ ਨਹੀਂ ਰਹਿੰਦੀ।

ਖੂਬਸੂਰਤ ਵਾਲ ਅਤੇ ਚਮੜੀ ਲਈ ਫ਼ਾਇਦੇਮੰਦ
ਜੇਕਰ ਤੁਹਾਨੂੰ ਵੀ ਕਿਸੇ ਵੀ ਤਰ੍ਹਾਂ ਦੀ ਬਾਲ ਅਤੇ ਚਮੜੀ ਦੀ ਕੋਈ ਵੀ ਸਮੱਸਿਆ ਰਹਿੰਦੀ ਹੈ, ਤਾਂ ਦੁੱਧ ਵਿਚ ਦਾਲਚੀਨੀ ਮਿਲਾ ਕੇ ਜ਼ਰੂਰ ਪੀਓ। ਇਸ ਵਿੱਚ ਐਂਟੀ ਬੈਕਟੀਰੀਅਲ ਗੁਣ ਚਮੜੀ ਅਤੇ ਵਾਲਾਂ ਦੀ ਇਨਫੈਕਸ਼ਨ ਤੋਂ ਮਦਦ ਕਰਦੇ ਹਨ।

ਨੀਂਦ ਨਾਂ ਆਉਣ ਦੀ ਸਮੱਸਿਆ
ਜੇਕਰ ਤੁਹਾਨੂੰ ਰਾਤ ਨੂੰ ਨੀਂਦ ਨਹੀਂ ਆਉਂਦੀ ਤਾਂ ਰਾਤ ਦੇ ਸਮੇਂ ਤੁਸੀਂ ਦਾਲਚੀਨੀ ਵਾਲਾ ਦੁੱਧ ਪੀ ਸਕਦੇ ਹੋ। ਰਾਤ ਨੂੰ ਸੌਣ ਤੋਂ ਪਹਿਲਾਂ 1 ਕੱਪ ਦੁੱਧ ਵਿੱਚ ਚੁਟਕੀ ਭਰ ਦਾਲਚੀਨੀ ਮਿਲਾ ਕੇ ਜ਼ਰੂਰ ਪੀਓ। ਇਸ ਨਾਲ ਨੀਂਦ ਨਾ ਆਉਣ ਦੀ ਸਮੱਸਿਆ ਦੂਰ ਹੋ ਜਾਵੇਗੀ ।

ਪਾਚਨ ਦੀ ਸਮੱਸਿਆ ਠੀਕ ਕਰੇ
ਜੇਕਰ ਤੁਹਾਡੀ ਪਾਚਣ ਕਿਰਿਆ ਠੀਕ ਨਹੀਂ ਅਤੇ ਤੁਹਾਨੂੰ ਹਮੇਸ਼ਾ ਬਦਹਜ਼ਮੀ ਅਤੇ ਗੈਸ ਦੀ ਸਮੱਸਿਆ ਰਹਿੰਦੀ ਹੈ, ਤਾਂ ਦਾਲਚੀਨੀ ਵਾਲਾ ਦੁੱਧ ਪੀਣਾ ਤੁਹਾਡੇ ਲਈ ਬਹੁਤ ਫ਼ਾਇਦੇਮੰਦ ਹੈ। ਇਸ ਨਾਲ ਗੈਸ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ ।

ਮਜ਼ਬੂਤ ਹੱਡੀਆਂ
ਜੇਕਰ ਤੁਸੀਂ ਰੋਜ਼ਾਨਾ ਦੁੱਧ ਵਿਚ ਚੁਟਕੀ ਭਰ ਦਾਲਚੀਨੀ ਮਿਲਾ ਕੇ ਪੀਂਦੇ ਹੋ ਤਾਂ ਤੁਹਾਨੂੰ ਕਦੇ ਵੀ ਬੁਢਾਪੇ ਵਿੱਚ ਹੱਡੀਆਂ ਅਤੇ ਜੋੜਾਂ ਦੇ ਦਰਦ ਦੀ ਸਮੱਸਿਆ ਨਹੀਂ ਹੋਵੇਗੀ। ਇਸ ਦੁੱਧ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ।

ਸੁਖਬੀਰ ਬਾਦਲ ਨੇ ਦੋ ਹੋਰ ਉਮੀਦਵਾਰ ਐਲਾਨੇ

0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਭੁਲੱਥ ਹਲਕੇ ਤੋਂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਜੀਠਾ ਹਲਕੇ ਤੋ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ।

ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦਿੱਤੀ। ਪਾਰਟੀ ਦੇ ਹੁਣ ਤੱਕ 89 ਉਮੀਦਵਾਰ ਐਲਾਨੇ ਜਾ ਚੁੱਕੇ ਹਨ।