Home Blog Page 2413

ਪੰਜਾਬ ‘ਚ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਰਾਜਾ ਵੜਿੰਗ

0

ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਐਕਟਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਉਪ ਨੇਤਾ ਡਾਕਟਰ ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।

ਇਸ ਮੀਟਿੰਗ ਤੋਂ ਬਾਅਦ ਰਾਜਾ ਵੜਿੰਗ ਨੇ ਕਿਹਾ ਕਿ ਨਵੀਂ ਟੀਮ ਪਾਰਟੀ ਨੂੰ ਮਜ਼ਬੂਤ ਕਰੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਟੀਮ ਅੰਦਰ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਜਰਾਤ ਤੇ ਹਿਮਾਚਲ ਦੇ ਦੌਰੇ ਛੱਡ ਕੇ ਪੰਜਾਬ ਵੱਲ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਪੰਜਾਬ ‘ਚ ਆਏ ਦਿਨ ਮੰਦਭਾਗੀ ਘਟਨਾਵਾਂ ਵਾਪਰ ਰਹੀਆਂ ਹਨ।

ਦੁਨੀਆ ਦੀ ਛੇਵੀਂ ਸਭ ਤੋਂ ਵੱਡੀ ਏਅਰਲਾਈਨ ਬਣੀ ਇੰਡੀਗੋ

0

ਦੇਸ਼ ਦੀ ਪ੍ਰਮੁੱਖ ਏਅਰਲਾਈਨ ਕੰਪਨੀ ਇੰਡੀਗੋ ਯਾਤਰੀਆਂ ਨੂੰ ਉਨ੍ਹਾਂ ਦੇ ਟਿਕਾਣਿਆਂ ਤੱਕ ਪਹੁੰਚਾਉਣ ਵਾਲੀ ਦੁਨੀਆ ਦੀ ਛੇਵੀਂ ਸਭ ਤੋਂ ਵੱਡੀ ਏਅਰਲਾਈਨ ਕੰਪਨੀ ਬਣ ਗਈ ਹੈ। ਇਹ ਜਾਣਕਾਰੀ ਮਾਰਚ 2022 ਲਈ ਓਏਜੀ ਫ੍ਰੀਕੁਐਂਸੀ ਅਤੇ ਸਮਰੱਥਾ ਅੰਕੜਿਆਂ ਦੀ ਰਿਪੋਰਟ ਵਿੱਚ ਦਿੱਤੀ ਗਈ ਹੈ। ਰਿਪੋਰਟ ਦੇ ਅਨੁਸਾਰ 28 ਮਾਰਚ 2022 ਤੱਕ ਪ੍ਰਾਪਤ ਅੰਕੜਿਆਂ ਦੇ ਅਨੁਸਾਰ, ਇੰਡੀਗੋ ਨੇ 20.2 ਲੱਖ ਤੋਂ ਵੱਧ ਯਾਤਰੀਆਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਾਇਆ ਸੀ, ਜੋ ਕਿ ਏਸ਼ੀਆ ਵਿੱਚ ਕਿਸੇ ਵੀ ਏਅਰਲਾਈਨ ਲਈ ਸਭ ਤੋਂ ਵੱਧ ਹੈ।

ਓਏਜੀ ਨੇ ਇੰਡੀਗੋ ਨੂੰ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਏਅਰਲਾਈਨ ਵਜੋਂ ਸੂਚੀਬੱਧ ਕੀਤਾ ਹੈ। ਜਿਸ ਵਿੱਚ ਮੁਸਾਫਰਾਂ ਨੂੰ ਮੰਜ਼ਿਲ ਤੱਕ ਲਿਜਾਣ ਵਿੱਚ 41.3% ਦਾ ਵਾਧਾ ਹੋਇਆ ਹੈ। ਇਸ ਸਾਲ 28 ਮਾਰਚ ਤੱਕ ਉਪਲਬਧ ਅੰਕੜਿਆਂ ਦੇ ਆਧਾਰ ‘ਤੇ, ਕੰਪਨੀ ਨੇ 20.1 ਲੱਖ ਯਾਤਰੀਆਂ ਨੂੰ ਮੰਜ਼ਿਲ ਤੱਕ ਪਹੁੰਚਾਇਆ ਹੈ। ਇੰਡੀਗੋ ਯਾਤਰੀਆਂ ਲਈ ਉਪਲਬਧ ਸੀਟਾਂ ਦੇ ਮਾਮਲੇ ਵਿੱਚ ਦੁਨੀਆ ਦੀਆਂ ਦਸ ਸਭ ਤੋਂ ਵੱਡੀਆਂ ਏਅਰਲਾਈਨਾਂ ਵਿੱਚੋਂ ਇੱਕ ਹੈ।

ਇੰਡੀਗੋ ਦੇ ਹੋਲ ਟਾਈਮ ਡਾਇਰੈਕਟਰ ਅਤੇ ਸੀਈਓ ਰੋਨੋਜੋਏ ਦੱਤਾ ਨੇ ਕਿਹਾ, “ਇੰਡੀਗੋ ਦਾ ਦੁਨੀਆ ਦੀਆਂ ਸਭ ਤੋਂ ਵੱਡੀਆਂ ਏਅਰਲਾਈਨਾਂ ਵਿੱਚੋਂ ਇੱਕ ਹੋਣਾ ਬਹੁਤ ਖੁਸ਼ੀ ਦੀ ਗੱਲ ਹੈ। ਇਹ ਭਾਰਤ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਖੇਤਰ ਵਿੱਚ ਮਹਾਂਮਾਰੀ ਤੋਂ ਬਾਅਦ ਦੇਸ਼ ਦਾ ਮਜ਼ਬੂਤ ​​ਹੋ ਕੇ ਉਭਰਨਾ ਇੱਕ ਚੰਗਾ ਸੰਕੇਤ ਹੈ। ਅਸੀਂ ਦੁਨੀਆ ਭਰ ਵਿੱਚ ਕੋਰੋਨਾ ਪਾਬੰਦੀਆਂ ਨੂੰ ਘੱਟ ਕਰਨ ਦੇ ਨਾਲ ਨਵੇਂ ਰੂਟਾਂ ‘ਤੇ ਸੇਵਾ ਪ੍ਰਦਾਨ ਕਰਨ ਅਤੇ ਉਡਾਣਾਂ ਦੀ ਗਿਣਤੀ ਵਧਾਉਣ ਲਈ ਵਚਨਬੱਧ ਹਾਂ।”

ਇੰਡੀਗੋ ਨੇ ਅਪ੍ਰੈਲ ਵਿੱਚ ਦੇਸ਼ ਦੇ ਵੱਖ-ਵੱਖ ਹਵਾਈ ਅੱਡਿਆਂ ਤੋਂ 150 ਤੋਂ ਵੱਧ ਅੰਤਰਰਾਸ਼ਟਰੀ ਉਡਾਣਾਂ ਦੇ ਅਨੁਸੂਚਿਤ ਸੰਚਾਲਨ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਕੰਪਨੀ ਨੇ ਆਪਣੇ ਘਰੇਲੂ ਨੈੱਟਵਰਕ ‘ਚ ਕਈ ਨਵੇਂ ਰੂਟਾਂ ‘ਤੇ ਸੇਵਾ ਸ਼ੁਰੂ ਕੀਤੀ ਹੈ।

ਪੰਜਾਬ ਪੁਲਿਸ ਨੇ ਪੰਜਾਬੀ ਯੂਨੀਵਰਸਿਟੀ ਦੇ ਨੇੜੇ PGs ਦੀ ਅਚਨਚੇਤ ਕੀਤੀ ਚੈਕਿੰਗ

0

DSP ਮੋਹਿਤ ਅਗਰਵਾਲ ਦੀ ਅਗਵਾਈ ਹੇਠ ਤੜਕਸਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇੜੇ ਦੇ ਸਾਰੇ PGs ਦੀ ਅਚਨਚੇਤ ਚੈਕਿੰਗ ਕੀਤੀ ਗਈ। PGs ਦੇ ਮਾਲਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ ਤੇ ਰਹਿਣ ਵਾਲੇ ਵਿਦਿਆਰਥੀਆਂ ਤੋਂ ਵੀ ਪੁੱਛਗਿੱਛ ਕੀਤੀ ਗਈ। ਇਸ ਦੇ ਨਾਲ ਹੀ PGs ਦੀ ਰਜਿਸਟਰੇਸ਼ਨ ਵੀ ਚੈੱਕ ਕੀਤੀਆਂ ਗਈਆਂ।

ਜਿਕਰਯੋਗ ਹੈ ਕਿ 5 ਅਪ੍ਰੈਲ ਨੂੰ ਯੂਨੀਵਰਸਿਟੀ ਦੇ ਸਾਹਮਣੇ ਕਬੱਡੀ ਕਲੱਬ ਦੇ ਪ੍ਰਧਾਨ ਧਰਮਿੰਦਰ ਭਿੰਦੇ ਦਾ ਗੋਲੀਆ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਜਿਸਤੋਂ ਬਾਅਦ ਭਾਵੇਂ ਪੁਲਿਸ ਨੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ। ਇਸ ਦੇ ਨਾਲ ਹੀ ਪੁਲਿਸ ਨੇ ਮੁਸਤੈਦੀ ਵੀ ਵਧਾ ਦਿੱਤੀ ਕਿਉਂਕਿ ਆਏ ਦਿਨ ਪੰਜਾਬ ਅੰਦਰ ਕਤਲ ਦੀਆਂ ਵਾਰਦਾਤਾਂ ਚ ਵਾਧਾ ਹੁੰਦਾ ਜਾ ਰਿਹਾ। ਇਸਦੇ ਚਲਦਿਆਂ ਹੀ ਪੁਲਿਸ ਵੱਲੋਂ ਸਖਤ ਰੁੱਖ ਇਖਤਿਆਰ ਕੀਤਾ ਜਾ ਰਿਹਾ ਤਾਂ ਜੋ ਅਜਿਹੀਆਂ ਵਾਰਦਾਤਾਂ ਨੂੰ ਠੱਲ੍ਹ ਪਾਈ ਜਾ ਸਕੇ

ਐਲੋਨ ਮਸਕ ਟਵਿਟਰ ਬੋਰਡ ‘ਚ ਨਹੀਂ ਹੋਣਗੇ ਸ਼ਾਮਲ : CEO ਪਰਾਗ ਅਗਰਵਾਲ

0

ਟੇਸਲਾ ਕੰਪਨੀ ਦੇ ਸੀਈਓ ਅਤੇ ਅਨੁਭਵੀ ਕਾਰੋਬਾਰੀ ਐਲੋਨ ਮਸਕ ਨੇ ਟਵਿੱਟਰ ਬੋਰਡ ਦੀ ਮੈਂਬਰਸ਼ਿਪ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਟਵਿਟਰ ਦੇ ਸੀਈਓ ਪਰਾਗ ਅਗਰਵਾਲ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਐਲੋਨ ਮਸਕ ਨੇ ਫੈਸਲਾ ਕੀਤਾ ਹੈ ਕਿ ਉਹ ਸਾਡੇ ਬੋਰਡ ਦਾ ਹਿੱਸਾ ਨਹੀਂ ਹੋਣਗੇ। ਇਸ ਮਾਮਲੇ ‘ਚ ਪਰਾਗ ਅਗਰਵਾਲ ਨੇ ਟਵਿੱਟਰ ‘ਤੇ ਇਕ ਚਿੱਠੀ ਵੀ ਸ਼ੇਅਰ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਐਲੋਨ ਮਸਕ ਨੇ ਹਾਲ ਹੀ ‘ਚ ਟਵਿਟਰ ਪਲੇਟਫਾਰਮ ‘ਚ 9.2 ਫੀਸਦੀ ਹਿੱਸੇਦਾਰੀ ਖਰੀਦੀ ਹੈ, ਜਿਸ ਨਾਲ ਉਹ ਟਵਿਟਰ ਦਾ ਸਭ ਤੋਂ ਵੱਡਾ ਸਟੇਕਹੋਲਡਰ ਬਣ ਗਿਆ ਹੈ। ਇਸ ਕਾਰਨ ਟਵਿੱਟਰ ਦੀ ਤਰਫੋਂ ਐਲੋਨ ਮਸਕ ਨੂੰ ਟਵਿਟਰ ਬੋਰਡ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ ਗਈ ਸੀ, ਜਿਸ ਨੂੰ ਐਲੋਨ ਮਸਕ ਨੇ ਠੁਕਰਾ ਦਿੱਤਾ ਹੈ। ਹਾਲਾਂਕਿ, ਐਲੋਨ ਮਸਕ ਦੇ ਟਵਿੱਟਰ ਬੋਰਡ ਵਿੱਚ ਸ਼ਾਮਲ ਨਾ ਹੋਣ ਦਾ ਕਾਰਨ ਪਤਾ ਨਹੀਂ ਹੈ। ਪਰ ਸੀਈਓ ਪਰਾਗ ਅਗਰਵਾਲ ਨੇ ਕਿਹਾ ਕਿ ਟਵਿੱਟਰ ਬੋਰਡ ਵਿੱਚ ਸ਼ਾਮਲ ਨਾ ਹੋਣ ਦੇ ਬਾਵਜੂਦ ਕੰਪਨੀ ਐਲੋਨ ਮਸਕ ਦੇ ਸੁਝਾਅ ‘ਤੇ ਗੰਭੀਰਤਾ ਨਾਲ ਵਿਚਾਰ ਕਰੇਗੀ।

ਬੋਰਡ ਰੂਮ ਕਿਸੇ ਕੰਪਨੀ ਦਾ ਅਹਿਮ ਹਿੱਸਾ ਹੁੰਦਾ ਹੈ, ਜਿੱਥੇ ਕੰਪਨੀ ਦੇ ਸਾਬਕਾ ਸਟੇਕਹੋਲਡਰ, ਸੀਈਓ ਸਮੇਤ ਕਈ ਕਰਮਚਾਰੀ ਸ਼ਾਮਲ ਹੁੰਦੇ ਹਨ। ਇਸ ਬੋਰਡ ਰੂਮ ਮੀਟਿੰਗ ਵਿੱਚ ਕੰਪਨੀ ਨਾਲ ਸਬੰਧਤ ਵੱਡੇ ਫੈਸਲੇ ਲਏ ਜਾਂਦੇ ਹਨ। ਕੰਪਨੀ ਵਿੱਚ ਕੀ ਬਦਲਾਅ ਕੀਤੇ ਜਾਣੇ ਹਨ? ਜਿਸ ਤਰ੍ਹਾਂ ਦੇ ਬਦਲਾਅ ਕੀਤੇ ਜਾਣੇ ਹਨ, ਇਹ ਸਾਰੇ ਫੈਸਲੇ ਬੋਰਡ ਰੂਮ ਵਿੱਚ ਲਏ ਜਾਂਦੇ ਹਨ। ਇਸ ਦੇ ਨਾਲ ਹੀ ਜੇਕਰ ਬੋਰਡ ਰੂਮ ਦੇ ਮੈਂਬਰ ਚਾਹੁਣ ਤਾਂ ਉਹ ਉਸ ਮੋਸ਼ਨ ਨੂੰ ਰੋਕਣ ਲਈ ਆਪਣੇ ਵੀਟੋ ਦੀ ਵਰਤੋਂ ਕਰ ਸਕਦੇ ਹਨ।

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹੀਟ ਵੇਵ ਦੀ ਬਣੀ ਸਥਿਤੀ, ਕਈ ਸ਼ਹਿਰਾਂ ‘ਚ 43 ਡਿਗਰੀ ਤੋਂ ਪਾਰ ਹੋਇਆ ਪਾਰਾ

0

ਗਰਮੀ ਆਪਣੇ ਸਿਖ਼ਰ ਵੱਲ ਵਧਣੀ ਸ਼ੁਰੂ ਹੋ ਗਈ ਹੈ। ਪੰਜਾਬ ਦੇ 9 ਜ਼ਿਲ੍ਹਿਆਂ ‘ਚ ਪਿਛਲੇ ਤਿੰਨ ਦਿਨਾਂ ਤੋਂ ਹੀਟ ਵੇਵ ਦੀ ਸਥਿਤੀ ਬਣੀ ਹੋਈ ਹੈ। ਐਤਵਾਰ ਨੂੰ ਲਗਪਗ ਸਾਰੇ ਜ਼ਿਲ੍ਹਿਆਂ ‘ਚ ਹੀਟ ਵੇਵ ਸ਼ੁਰੂ ਹੋ ਗਈ। ਐਤਵਾਰ ਨੂੰ ਵੀ ਅੰਮ੍ਰਿਤਸਰ, ਮੋਗਾ, ਤਰਨਤਾਰਨ, ਜਲੰਧਰ, ਕਪੂਰਥਲਾ, ਐਸਏਐਸ ਨਗਰ ‘ਚ ਗਰਮੀ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ। ਇਸ ਕਾਰਨ ਇਨ੍ਹਾਂ ਜ਼ਿਲ੍ਹਿਆਂ ‘ਚ ਦਿਨ ਦਾ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਇਸ ਤੋਂ ਪਹਿਲਾਂ ਫਿਰੋਜ਼ਪੁਰ, ਪਟਿਆਲਾ, ਲੁਧਿਆਣਾ, ਬਰਨਾਲਾ, ਮਾਨਸਾ, ਬਠਿੰਡਾ, ਸੰਗਰੂਰ, ਫਤਿਹਗੜ੍ਹ ਸਾਹਿਬ, ਮੁਕਤਸਰ, ਫਾਜ਼ਿਲਕਾ, ਫਰੀਦਾਕੇਟ ‘ਚ ਹੀਟਵੇਵ ਚੱਲ ਰਹੀ ਸੀ। ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ ਲਗਾਤਾਰ ਤੀਜੇ ਦਿਨ 40 ਡਿਗਰੀ ਤੋਂ ਉਪਰ ਰਿਹਾ। 11 ਸਾਲਾਂ ‘ਚ ਇਹ ਪਹਿਲੀ ਵਾਰ ਹੈ ਕਿ ਅਪ੍ਰੈਲ ਦੇ ਦੂਜੇ ਹਫਤੇ ਹੀ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ।

ਮੌਸਮ ਵਿਭਾਗ ਨੇ 11 ਅਪ੍ਰੈਲ ਨੂੰ ਜਲੰਧਰ ‘ਚ 42 ਡਿਗਰੀ ਸੈਲਸੀਅਸ ਤੇ 12 ਅਪ੍ਰੈਲ ਨੂੰ 43 ਡਿਗਰੀ ਸੈਲਸੀਅਸ ਤਾਪਮਾਨ ਹੋਣ ਦਾ ਅਨੁਮਾਨ ਜਾਰੀ ਕੀਤਾ ਹੈ। ਮੌਸਮ ਵਿਭਾਗ ਚੰਡੀਗੜ੍ਹ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਨੂੰ ਬਰਨਾਲਾ ‘ਚ ਦਿਨ ਦਾ ਤਾਪਮਾਨ 43.1, ਮੁਕਤਸਰ ‘ਚ 43.1 ਡਿਗਰੀ ਸੈਲਸੀਅਸ ਰਿਹਾ। 43.0 ਡਿਗਰੀ ਸੈਲਸੀਅਸ, ਬਠਿੰਡਾ 42.4 ਡਿਗਰੀ ਸੈਲਸੀਅਸ, ਪਟਿਆਲਾ 41.8 ਡਿਗਰੀ ਸੈਲਸੀਅਸ, ਮੋਗਾ 40.5 ਡਿਗਰੀ ਸੈਲਸੀਅਸ, ਲੁਧਿਆਣਾ 40.7, ਅੰਮ੍ਰਿਤਸਰ 40.5 ਅਤੇ ਜਲੰਧਰ 40.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਕੇਂਦਰ ਦੇ ਨਿਰਦੇਸ਼ਕ ਡਾ: ਮਨਮੋਹਨ ਸਿੰਘ ਅਨੁਸਾਰ ਸੋਮਵਾਰ ਤੇ ਮੰਗਲਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਦਿਨ ਵੇਲੇ ਗਰਮ ਹਵਾਵਾਂ ਚੱਲਣਗੀਆਂ। ਗਰਮੀ ਦਾ ਕਹਿਰ ਲੋਕਾਂ ਨੂੰ ਝੁਲਸਣ ‘ਚ ਕੋਈ ਕਸਰ ਬਾਕੀ ਨਹੀਂ ਛੱਡੇਗਾ। ਅਜਿਹੇ ‘ਚ ਲੋਕਾਂ ਨੂੰ ਸੁਰੱਖਿਅਤ ਰਹਿਣਾ ਚਾਹੀਦਾ ਹੈ। 13 ਅਪ੍ਰੈਲ ਤੋਂ ਹਿਮਾਚਲ ਦੇ ਉਪਰਲੇ ਇਲਾਕਿਆਂ ‘ਚ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਜਿਸ ਕਾਰਨ ਹਿਮਾਚਲ ‘ਚ ਬੱਦਲਵਾਈ ਰਹਿ ਸਕਦੀ ਹੈ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦਾ ਅਸਰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਤੇ ਵੀ ਪਵੇਗਾ। ਹਿਮਾਚਲ ਦੀ ਬਾਰਿਸ਼ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਨੂੰ ਇੱਕ-ਦੋ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲੇਗੀ।

ਰਾਹੁਲ ਗਾਂਧੀ ਅੱਜ ਕਰਨਗੇ ਪੰਜਾਬ ਕਾਂਗਰਸ ਦੀ ਨਵੀਂ ਟੀਮ ਨਾਲ ਮੁਲਾਕਾਤ

0

ਰਾਹੁਲ ਗਾਂਧੀ ਅੱਜ ਪੰਜਾਬ ਕਾਂਗਰਸ ਦੀ ਨਵੀਂ ਚੁਣੀ ਟੀਮ ਨਾਲ ਮੁਲਾਕਾਤ ਕਰਨਗੇ।ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਡਿਪਟੀ ਸੀਐੱਲਪੀ ਲੀਡਰ ਡਾ: ਰਾਜਕੁਮਾਰ ਚੱਬੇਵਾਲ ਇਸ ਮੀਟਿੰਗ ‘ਚ ਸ਼ਾਮਲ ਹੋਣਗੇ।

ਕਾਂਗਰਸ ਹਾਈਕਮਾਨ ਪੰਜਾਬ ਵਿੱਚ ਹੁਣ ਨਵਾਂ ਪ੍ਰਯੋਗ ਕਰ ਰਹੀ ਹੈ। ਇਸ ਤਹਿਤ ਪੰਜਾਬ ਕਾਂਗਰਸ ਦੀ ਕਮਾਨ ਰਾਜਾ ਵੜਿੰਗ ਨੂੰ ਸੌਂਪ ਕੇ ਕਾਂਗਰਸ ਹਾਈਕਮਾਂਡ ਨੇ ਸਿੱਧੂ ਪੱਖੀ ਤੇ ਸਿੱਧੂ ਵਿਰੋਧੀ ਧੜੇ ਵਿੱਚ ਵੰਡੀ ਸੂਬਾ ਇਕਾਈ ਨੂੰ ਨਵੀਂ ਦਿਸ਼ਾ ਵਿੱਚ ਲਿਜਾਣ ਦੀ ਕੋਸ਼ਿਸ਼ ਕੀਤੀ ਹੈ।ਦੇਖਦੇ ਹਾਂ ਕਿ ਇਹ ਫੈਸਲਾ ਕਾਂਗਰਸ ਨੂੰ ਇੱਕਜੁੱਟ ਕਰਨ ਵਿੱਚ ਕਿੰਨਾ ਕੁ ਸਫਲ ਰਹਿੰਦਾ ਹੈ।

ਦੂਜੇ ਪਾਸੇ ਵਿਧਾਨ ਸਭਾ ਚੋਣਾਂ ‘ਚ ਹਾਰ ਤੋਂ ਕਰੀਬ ਇੱਕ ਮਹੀਨਾ ਬਾਅਦ ਹਾਈਕਮਾਨ ਦੇ ਇਸ ਫੈਸਲੇ ਨੇ ਨਵਜੋਤ ਸਿੱਧੂ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਵੱਡਾ ਝਟਕਾ ਦਿੱਤਾ ਹੈ ਕਿਉਂਕਿ ਸੋਨੀਆ ਗਾਂਧੀ ਵੱਲੋਂ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਲੈਣ ਤੋਂ ਬਾਅਦ ਵੀ ਸਿੱਧੂ ਇਨ੍ਹੀਂ ਦਿਨੀਂ ਮੁੜ ਪ੍ਰਧਾਨਗੀ ਹਾਸਲ ਕਰਨ ਲਈ ਕੋਸ਼ਿਸ਼ ਕਰ ਰਹੇ ਸਨ।

PM ਮੋਦੀ ਅੱਜ ਜੋਅ ਬਾਇਡਨ ਨਾਲ ਕਰਨਗੇ ਵਰਚੁਅਲ ਮੀਟਿੰਗ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

0

ਪੀਐੱਮ ਮੋਦੀ ਅੱਜ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਆਨਲਾਈਨ ਮੁਲਾਕਾਤ ਕਰਨਗੇ। ਇਸ ਦੌਰਾਨ ਦੋਵੇਂ ਨੇਤਾ ਮੌਜੂਦਾ ਦੁਵੱਲੇ ਸਹਿਯੋਗ ਦੀ ਸਮੀਖਿਆ ਕਰਨਗੇ ਤੇ ਨਾਲ ਹੀ ਦੱਖਣੀ ਏਸ਼ੀਆ, ਇੰਡੋ-ਪੈਸੀਫਿਕ ਤੇ ਆਪਸੀ ਹਿੱਤਾਂ ਦੇ ਗਲੋਬਲ ਮੁੱਦਿਆਂ ‘ਤੇ ਹਾਲ ਹੀ ਦੇ ਘਟਨਾਕ੍ਰਮ ‘ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨਗੇ।

ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਦੋਵੇਂ ਧਿਰਾਂ ਵਰਚੁਅਲ ਮੀਟਿੰਗ ਰਾਹੀਂ ਨਿਯਮਤ ਤੇ ਉੱਚ ਪੱਧਰੀ ਸੰਪਰਕ ਜਾਰੀ ਰੱਖਣਗੀਆਂ। ਇਸ ਦਾ ਉਦੇਸ਼ ਦੁਵੱਲੀ ਤੇ ਗਲੋਬਲ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨਾ ਹੈ।

ਦੂਜੇ ਪਾਸੇ ਵਾਸ਼ਿੰਗਟਨ ‘ਚ ਵ੍ਹਾਈਟ ਹਾਊਸ ਦੇ ਬੁਲਾਰੇ ਜੇਨ ਸਾਕੀ ਨੇ ਕਿਹਾ ਕਿ ਬੈਠਕ ਦੌਰਾਨ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ, ਅਰਥਵਿਵਸਥਾ ਤੇ ਆਮ ਲੋਕਾਂ ਵਿਚਾਲੇ ਸਬੰਧਾਂ ਨੂੰ ਵਧਾਉਣ ‘ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੀਟਿੰਗ ‘ਚ ਕਈ ਮੁੱਦੇ ਉਠਾਏ ਜਾਣਗੇ। ਇਨ੍ਹਾਂ ‘ਚ ਕੋਵਿਡ ਮਹਾਂਮਾਰੀ ਦੇ ਖਾਤਮੇ, ਜਲਵਾਯੂ ਸੰਕਟ ਨਾਲ ਨਜਿੱਠਣ, ਵਿਸ਼ਵ ਅਰਥਵਿਵਸਥਾ ਨੂੰ ਮਜ਼ਬੂਤ ​​ਕਰਨ ਤੇ ਇੰਡੋ-ਪੈਸੀਫਿਕ ਖੇਤਰ ਦੀ ਖੁਸ਼ਹਾਲੀ ਬਾਰੇ ਵਿਚਾਰਾਂ ਦਾ ਆਦਾਨ-ਪ੍ਰਦਾਨ ਸ਼ਾਮਲ ਹੋਵੇਗਾ। ਸਾਕੀ ਨੇ ਕਿਹਾ ਕਿ ਦੋਵੇਂ ਨੇਤਾ ਇੰਡੋ-ਪੈਸੀਫਿਕ ਆਰਥਿਕ ਬੁਨਿਆਦੀ ਢਾਂਚੇ ਤੇ ਉੱਚ ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਦੇ ਵਿਕਾਸ ਬਾਰੇ ਚੱਲ ਰਹੀ ਗੱਲਬਾਤ ਨੂੰ ਅੱਗੇ ਵਧਾਉਣਗੇ।

ਸੰਯੁਕਤ ਕਿਸਾਨ ਮੋਰਚੇ ਨੇ ਅੱਜ ਤੋਂ ਮੁੜ ਲਗਾਇਆ ਕੇਂਦਰ ਸਰਕਾਰ ਖਿਲਾਫ਼ ਮੋਰਚਾ

0

ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਕਾਨੂੰਨੀ ਗਾਰੰਟੀ ਦੀ ਮੰਗ ਲਈ ਦਬਾਅ ਪਾਉਣ ਲਈ 11 ਤੋਂ 17 ਅਪ੍ਰੈਲ ਤੱਕ ‘ਐੱਮਐੱਸਪੀ ਗਾਰੰਟੀ ਹਫ਼ਤਾ’ ਮਨਾਏਗਾ। ਇਸ ਲਈ ਇਹ ਅੰਦੋਲਨ ਅੱਜ ਤੋਂ ਸ਼ੁਰੂ ਹੈ। ਐਸਕੇਐਮ ਨੇ ਐਤਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਇਸ ਹਫ਼ਤੇ ਦੌਰਾਨ ਕਿਸਾਨ ਸੰਗਠਨ ਦੇਸ਼ ਭਰ ਵਿੱਚ ਪ੍ਰਦਰਸ਼ਨ ਅਤੇ ਸੈਮੀਨਾਰ ਕਰਨਗੇ। ਪ੍ਰੋਗਰਾਮ ਦਾ ਐਲਾਨ ਸਭ ਤੋਂ ਪਹਿਲਾਂ 14 ਮਾਰਚ ਨੂੰ ਕੀਤਾ ਗਿਆ ਸੀ।

SKM ਨੇ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਇੱਕ ਸਾਲ ਲੰਬੇ ਪ੍ਰਦਰਸ਼ਨ ਦੀ ਅਗਵਾਈ ਕੀਤੀ ਸੀ। ਇਸ ਨੇ ਸਰਕਾਰ ਨੂੰ ਛੇ ਹੋਰ ਮੰਗਾਂ ‘ਤੇ ਵਿਚਾਰ ਕਰਨ ਲਈ ਕਿਹਾ, ਜਿਨ੍ਹਾਂ ‘ਚ ਵਿਵਾਦਤ ਕਾਨੂੰਨਾਂ ਨੂੰ ਰੱਦ ਕਰਨ ਅਤੇ ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਕੇਸ ਵਾਪਸ ਲੈਣ, ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਅਤੇ ਧਰਨੇ ਦੌਰਾਨ ਮਾਰੇ ਗਏ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਣ ਸਮੇਤ ਹੋਰ 6 ਮੰਗਾਂ ‘ਤੇ ਸਹਿਮਤੀ ਪ੍ਰਗਟਾਏ ਜਾਣ ਤੋਂ ਬਾਅਦ ਅੰਦੋਲਨ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

ਬਿਆਨ ਵਿੱਚ ਕਿਹਾ ਗਿਆ ਹੈ ਕਿ 11 ਤੋਂ 17 ਅਪ੍ਰੈਲ ਤੱਕ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ‘ਐਮਐਸਪੀ ਗਰੰਟੀ ਹਫ਼ਤਾ’ ਮਨਾਉਣਗੀਆਂ। ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਹਾ ਗਿਆ ਹੈ ਕਿ ਇਸ ਪ੍ਰੋਗਰਾਮ ਤਹਿਤ ਘੱਟੋ-ਘੱਟ ਸਮਰਥਨ ਮੁੱਲ ਨੂੰ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਥਾਵਾਂ ‘ਤੇ ਧਰਨੇ-ਪ੍ਰਦਰਸ਼ਨ ਅਤੇ ਸੈਮੀਨਾਰਾਂ ਰਾਹੀਂ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।

ਬਿਆਨ ਵਿਚ ਕਿਹਾ ਗਿਆ ਹੈ ਕਿ ਪਿਛਲੇ ਸਾਲ ਨਵੰਬਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਨਾਲ-ਨਾਲ ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੁੱਦਿਆਂ ‘ਤੇ ਇੱਕ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਸੀ। ਇਸ ‘ਚ ਕਿਹਾ ਗਿਆ ਕਿ, ”ਸਰਕਾਰ ਦੇ 9 ਦਸੰਬਰ ਦੇ ਭਰੋਸੇ ਪੱਤਰ ‘ਚ ਵੀ ਇਸ ਦਾ ਜ਼ਿਕਰ ਕੀਤਾ ਗਿਆ ਸੀ। ਪਰ ਅੱਜ ਚਾਰ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਨੇ ਇਸ ਕਮੇਟੀ ਦਾ ਗਠਨ ਨਹੀਂ ਕੀਤਾ।

ਐਸਕੇਐਮ ਨੇ ਦੇਸ਼ ਭਰ ਦੇ ਕਿਸਾਨਾਂ ਅਤੇ ਖੇਤੀਬਾੜੀ ਸੰਗਠਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਘੱਟੋ-ਘੱਟ ਸਮਰਥਨ ਮੁੱਲ ਦੇ ਸਵਾਲ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਤਿਆਰੀ ਸ਼ੁਰੂ ਕਰਨ ਲਈ 11 ਤੋਂ 17 ਅਪ੍ਰੈਲ ਤੱਕ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਇੱਕ ਪ੍ਰੋਗਰਾਮ ਦਾ ਆਯੋਜਨ ਕਰਨ।

ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੇ ਮਸਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਾਂਝੀ ਕਮੇਟੀ ਬਣਾਉਣ ਦੀ ਕੀਤੀ ਅਪੀਲ

0

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ-ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ (ਉਤਰਾਖੰਡ) ਦੇ ਮਸਲੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਕਮੇਟੀ ਨੇ ਇਕੱਤਰਤਾ ’ਚ ਵਿਚਾਰ-ਵਟਾਂਦਰੇ ਮਗਰੋਂ ਗੁਰਦੁਆਰਾ ਸਾਹਿਬ ਦੇ ਮਸਲੇ ਦੇ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਕ ਸਾਂਝੀ ਕਮੇਟੀ ਗਠਿਤ ਕਰਨ ਦੀ ਅਪੀਲ ਕੀਤੀ ਹੈ।

ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਚੰਡੀਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿਚ ਹੋਈ ਸਬ-ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਗੁਰਮੀਤ ਸਿੰਘ ਸ਼੍ਰੈਣੀ ਮੱਧ ਪ੍ਰਦੇਸ਼, ਬਾਬਾ ਤਰਸੇਮ ਸਿੰਘ ਨਾਨਕਮਤਾ, ਬਾਬਾ ਗੁਰਵਿੰਦਰ ਸਿੰਘ ਕਾਰਸੇਵਾ ਵਾਲੇ, ਸ. ਹਰਜੀਤ ਸਿੰਘ ਧੂਆ, ਸ. ਗੁਰਦੀਪ ਸਿੰਘ ਸਹੋਤਾ ਤੇ ਸ. ਜਗਜੀਤ ਸਿੰਘ ਨੇ ਸ਼ਿਰਕਤ ਕੀਤੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਸਬ ਕਮੇਟੀ ਦੀ ਇਕੱਤਰਤਾ ਦੌਰਾਨ ਵੱਖ-ਵੱਖ ਮੈਂਬਰਾਂ ਨੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੇ ਕਾਰਜ ਲਈ ਵੱਖੋ-ਵੱਖ ਯਤਨਾਂ ਦੀ ਥਾਂ ਸਾਂਝੇ ਉਪਰਾਲੇ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਇਕਜੁਟਤਾ ਨਾਲ ਅੱਗੇ ਵਧਣ ਦੀ ਜ਼ਰੂਰਤ ਹੈ, ਜਿਸ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿਚ ਸਾਂਝੀ ਕਮੇਟੀ ਸਥਾਪਿਤ ਕਰਨ। ਜਥੇਦਾਰ ਪੰਜੋਲੀ ਨੇ ਕਿਹਾ ਕਿ ਸਰਕਾਰਾਂ ਅਤੇ ਅਫ਼ਸਰਸ਼ਾਹੀ ਨਾਲ ਗੱਲ ਕਰਨ ਲਈ ਵੱਖ-ਵੱਖ ਸੰਸਥਾਵਾਂ, ਗੁਰਦੁਆਰਾ ਕਮੇਟੀਆਂ, ਸੰਪ੍ਰਦਾਵਾਂ ਤੇ ਨਿੱਜੀ ਵਿਅਕਤੀਆਂ ਦੇ ਯਤਨ ਪ੍ਰਸ਼ੰਸਾਯੋਗ ਹਨ, ਪਰੰਤੂ ਇਕਜੁਟ ਹੋ ਕੇ ਉਪਰਾਲਾ ਜ਼ਿਆਦਾ ਲਾਹੇਵੰਦ ਸਾਬਤ ਹੋ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਮਾਮਲਾ ਵਿਚਾਰਨ ਲਈ ਬਣਾਈ ਗਈ ਸਬ-ਕਮੇਟੀ ਨੇ ਦੋ ਇਕੱਤਰਤਾਵਾਂ ਕੀਤੀਆਂ ਹਨ, ਜਿਸ ਦੌਰਾਨ ਸਾਂਝੀ ਰਾਏ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਾਲੀ ਸਾਂਝੀ ਕਮੇਟੀ ਸਥਾਪਿਤ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਜਾਣ ਵਾਲੀ ਸਾਂਝੀ ਕਮੇਟੀ ਸਬੰਧਤ ਸਰਕਾਰਾਂ ਕੋਲ ਸਿੱਖ ਪੰਥ ਦਾ ਪੱਖ ਰੱਖੇਗੀ ਅਤੇ ਲੋੜ ਅਨੁਸਾਰ ਹਰ ਤਰ੍ਹਾਂ ਦੀ ਕਾਰਵਾਈ ਲਈ ਰੂਪ ਰੇਖਾ ਵੀ ਨਿਰਧਾਰਤ ਕਰੇਗੀ।