Home Blog Page 2571

ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲਾਂ ਦਾ ਨਾਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ

0

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਲਾਹ ਮਸ਼ਵਰੇ ਉਪਰੰਤ ਸਕੂਲ ਸਿੱਖਿਆ ਮੰਤਰੀ ਨੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਸਜਦਾ ਕਰਨ ਲਈ ਦਿੱਤੀ ਸਹਿਮਤੀ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਬਣਦਾ ਸਨਮਾਨ ਦੇਣ ਲਈ ਸੰਗਰੂਰ, ਜਲੰਧਰ, ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ, ਐਸ.ਬੀ.ਐਸ. ਨਗਰ, ਤਰਨ ਤਾਰਨ, ਅੰਮ੍ਰਿਤਸਰ, ਐਸ.ਏ.ਐਸ ਨਗਰ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ 17 ਸਰਕਾਰੀ ਸਕੂਲਾਂ ਦਾ ਨਾਂ ਉਹਨਾਂ ਦੇ ਨਾਮ ‘ਤੇ ਰੱਖਿਆ ਗਿਆ ਹੈ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਸਕੂਲ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਇਨ੍ਹਾਂ ਸਕੂਲਾਂ ਦਾ ਨਾਂ ਬਦਲਣ ਦਾ ਫੈਸਲਾ ਲਿਆ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਚਾਰ ਸਕੂਲਾਂ ਦੇ ਨਾਂ ਬਦਲ ਕੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਂ ‘ਤੇ ਰੱਖੇ ਗਏ ਹਨ ਜਿਨ੍ਹਾਂ ‘ਚ ਸਰਕਾਰੀ ਹਾਈ ਸਮਾਰਟ ਸਕੂਲ ਧੂਰਾ ਦਾ ਨਾਂ ਬਦਲ ਕੇ ਗ਼ਦਰੀ ਬਾਬਾ ਠਾਕੁਰ ਦਾਸ ਜੀ ਸਰਕਾਰੀ ਹਾਈ ਸਮਾਰਟ ਸਕੂਲ ਧੂਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਦਾ ਨਾਂ ਸ਼ਹੀਦ ਸਿਪਾਹੀ ਸ. ਮੁਕੰਦ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ, ਸਰਕਾਰੀ ਮਿਡਲ ਸਕੂਲ ਕਲੌਦੀ ਦਾ ਨਾਂ ਬਦਲ ਕੇ ਆਜ਼ਾਦੀ ਘੁਲਾਟੀਆ ਸ. ਬਾਜਾ ਸਿੰਘ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਹੜ ਦਾਂ ਨਾਂ ਬਦਲ ਕੇ ਆਜ਼ਾਦੀ ਘੁਲਾਟੀਆ ਹਰਨਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਹੜ ਰੱਖਿਆ ਗਿਆ ਹੈ।

ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਜਲੰਧਰ ਜ਼ਿਲ੍ਹੇ ‘ਚ ਵੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਦਾ ਨਾਂ ਲੇਟ ਲਾਲਾ ਜਗਤ ਨਰਾਇਣ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਕੰਡਾਲਾ ਜ਼ਿਲ੍ਹਾ ਐਸ.ਏ.ਐਸ ਨਗਰ ਦਾ ਨਾਂ ਸ਼ਹੀਦ ਨਾਇਕ ਗੱਜਣ ਸਿੰਘ ਸਰਕਾਰੀ ਹਾਈ ਸਕੂਲ ਕੰਡਾਲਾ ਰੱਖਣ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਇਸ ਤਰ੍ਹਾਂ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਾਂਸ ਕਲਾਂ ਦਾ ਨਾਂ ਸ਼ਹੀਦ ਉੱਤਮ ਸਿੰਘ ਹਾਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਂਸ ਕਲਾਂ ਤੇ ਲੁਧਿਆਣਾ ਜ਼ਿਲ੍ਹੇ ਦੇ ਹੀ ਸਰਕਾਰੀ ਮਿਡਲ ਸਕੂਲ ਬੱਦੋਵਾਲ ਦਾ ਨਾਂ ਬਦਲ ਕੇ ਸ਼ਹੀਦ ਸਿਪਾਹੀ ਸੁਖਦੇਵ ਸਿੰਘ ਸਰਕਾਰੀ ਮਿਡਲ ਸਕੂਲ ਬੱਦੋਵਾਲ ਰੱਖਿਆ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਕਲਿਹਾਣਾ ਜ਼ਿਲ੍ਹਾ ਪਟਿਆਲਾ ਦਾ ਨਾਂ ਆਜ਼ਾਦੀ ਘੁਲਾਟੀਆ ਬੰਤਾ ਸਿੰਘ ਧਾਲੀਵਾਲ ਸਰਕਾਰੀ ਐਲੀਮੈਂਟਰੀ ਸਕੂਲ ਕਲਿਹਾਣਾ, ਸਰਕਾਰੀ ਪ੍ਰਾਇਮਰੀ ਸਕੂਲ ਬਿਲਾਸਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਸ਼ਹੀਦ ਅਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਬਿਲਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਗੋਬਿੰਦਪੁਰਾ ਜ਼ਿਲ੍ਹਾ ਐਸ.ਬੀ.ਐਸ. ਨਗਰ ਦਾ ਨਾਂ ਦੇਸ਼ ਭਗਤ ਮਾਸਟਰ ਕਾਬਲ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰਾ ਤੇ ਐਸ.ਬੀ.ਐਸ. ਨਗਰ ਦੇ ਹੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੋਸਲ ਦਾ ਨਾਂ ਬਦਲ ਕੇ ਬੱਬਰ ਦਲੀਪ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰੱਖਿਆ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਚੋਹਲਾ ਸਾਹਿਬ ਜ਼ਿਲ੍ਹਾ ਤਰਨ ਤਾਰਨ ਦਾ ਨਾਂ ਲਾਂਸ ਨਾਈਕ ਸ਼ਹੀਦ ਸ਼ਿੰਗਾਰਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਚੋਹਲਾ ਸਾਹਿਬ ਰੱਖਿਆ ਗਿਆ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਭਕਨਾ ਕਲਾਂ ਦਾ ਨਾਂ ਸ਼ਹੀਦ ਗੁਰਸਾਹਿਬ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ ਅੰਮ੍ਰਿਤਸਰ ਦਾ ਨਾਂ ਸ਼ਹੀਦ ਭਾਈ ਮੇਵਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ, ਸਰਕਾਰੀ ਮਿਡਲ ਸਕੂਲ ਮੌੜੇ ਅੰਮ੍ਰਿਤਸਰ ਦਾ ਨਾਂ ਨਾਮਧਾਰੀ ਸ਼ਹੀਦ ਹਾਕਮ ਸਿੰਘ ਸਰਕਾਰੀ ਮਿਡਲ ਸਕੂਲ ਮੌੜੇ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਅਜਨੇਰ ਨੂੰ ਸ਼ਹੀਦ ਤਾਰਾ ਸਿੰਘ ਸਰਕਾਰੀ ਹਾਈ ਸਕੂਲ ਅਜਨੇਰ ਰੱਖਿਆ ਗਿਆ ਹੈ। ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ, “ਵੱਖ-ਵੱਖ ਜ਼ਿਲ੍ਹਿਆਂ ਦੇ ਕਈ ਹੋਰ ਸਕੂਲਾਂ ਦਾ ਨਾਂ ਵੀ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਂ ‘ਤੇ ਰੱਖਿਆ ਗਿਆ ਹੈ ਜਿਹਨਾਂ ਨੇ ਦੇਸ਼ ਦੀ ਖ਼ਾਤਿਰ ਅਸਧਾਰਨ ਬਹਾਦਰੀ ਵਿਖਾਈ ਹੈ।”

ਵੈਕਸੀਨ ਦੀ ਘਾਟ ਨੂੰ ਲੈ ਕੇ ਰਾਹੁਲ ਨੇ ਸਰਕਾਰ ‘ਤੇ ਕੀਤਾ ਤਿੱਖਾ ਵਾਰ, ਟਵੀਟ ਕਰ ਕਹੀ ਇਹ ਗੱਲ

0

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੋਰੋਨਾ ਵੈਕਸੀਨ ਦੀ ਸਪਲਾਈ ਨੂੰ ਲੈ ਕੇ ਸਰਕਾਰ ‘ਤੇ ਸ਼ੁੱਕਰਵਾਰ ਨੂੰ ਫਿਰ ਤੋਂ ਤੰਜ ਕਸਿਆ ਹੈ। ਉਨ੍ਹਾਂ ਨੇ ਕਿਹਾ ਕਿ ਜੂਨ ਮਹੀਨੇ ‘ਚ ਟੀਕਾਕਰਣ ਉਤਸਵ ਮਨਾਉਣ ਵਾਲੀ ਸਰਕਾਰ ਜੁਲਾਈ ਸ਼ੁਰੂ ਹੋਣ ਦੇ ਬਾਵਜੂਦ ਅਜੇ ਵੈਕਸੀਨ ਉਪਲੱਬਧ ਨਹੀਂ ਕਰਾ ਪਾ ਰਹੀ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ ,  ‘‘ਜੁਲਾਈ ਆ ਗਈ ਹੈ ਵੈਕਸੀਨ ਨਹੀਂ ਆਈ। ਕਿੱਥੇ ਹੈ ਵੈਕਸੀਨ।’’

ਜ਼ਿਕਰਯੋਗ ਹੈ ਕੋਰੋਨਾ ਵੈਕਸੀਨ ਦੀ ਕਮੀ ਨੂੰ ਲੈ ਕੇ ਰਾਹੁਲ ਸਰਕਾਰ ‘ਤੇ ਲਗਾਤਾਰ ਹਮਲਾ ਬੋਲ ਰਹੇ ਹਨ। ਪਹਿਲਾਂ ਉਨ੍ਹਾਂ ਨੇ 18 ਤੋਂ 45 ਸਾਲ ਦੇ ਲੋਕਾਂ ਦੇ ਟੀਕਾਕਰਣ ਦੀ ਜ਼ਿੰਮੇਵਾਰੀ ਰਾਜਾਂ ਨੂੰ ਸੌਂਪਣ ‘ਤੇ ਇਤਰਾਜ਼ ਜਤਾਇਆ। ਹੁਣ ਜਦੋਂ ਕੇਂਦਰ ਸਰਕਾਰ ਨੇ ਮੁਫ਼ਤ ਟੀਕਾਕਰਣ ਅਭਿਆਨ ਸ਼ੁਰੂ ਕੀਤਾ ਹੈ ਤਾਂ ਉਹ ਸਵਾਲ ਚੱਕ ਰਹੇ ਹਨ ਕਿ ਦਸੰਬਰ ਤੱਕ ਇਸ ਰਫਤਾਰ ਤੋਂ ਦੇਸ਼ ਦੀ ਪੂਰੀ ਆਬਾਦੀ ਦਾ ਕਿਵੇਂ ਟੀਕਾਕਰਣ ਕੀਤਾ ਜਾ ਸਕਦਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਕਿਤਾਬਚਾ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਜਾਰੀ

0

ਅੰਮ੍ਰਿਤਸਰ : ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ‘ਸ੍ਰੀ ਅਕਾਲ ਤਖ਼ਤ ਸਾਹਿਬ-ਜਾਣ ਪਛਾਣ’ ਕਿਤਾਬਚਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਜਾਰੀ ਕੀਤਾ ਗਿਆ। ਇਹ ਕਿਤਾਬਚਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਮੁਕਤ ਗ੍ਰੰਥੀ ਭਾਈ ਮੋਹਨ ਸਿੰਘ ਉਰਲਾਣਾ ਨੇ ਲਿਖਿਆ ਹੈ। ਇਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਜਾਣਕਾਰੀ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਦੇ ਮਨੋਰਥ ਅਤੇ ਸਿਰਜਣਾ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰੋਜ਼ਾਨਾ ਦੀ ਮਰਯਾਦਾ, ਨਿਸ਼ਾਨ ਸਾਹਿਬ, ਨਗਾਰਾ, ਮਨਾਰੇ, ਤਖ਼ਤ ਸਾਹਿਬ ਵਿਖੇ ਅੰਮ੍ਰਿਤ-ਸੰਚਾਰ, ਫਸੀਲ ਤੋਂ ਸਨਮਾਨ ਤੇ ਸੇਵਾ ਸੌਂਪਣਾ, ਇਮਲੀ ਦੇ ਇਤਿਹਾਸਕ ਰੁੱਖ ਅਤੇ ਪਾਵਨ ਇਤਿਹਾਸਕ ਸ਼ਸਤਰਾਂ ਆਦਿ ਬਾਰੇ ਸੰਖੇਪ ਜਾਣਕਾਰੀ ਕਿਤਾਬਚੇ ਦਾ ਹਿੱਸਾ ਹੈ। ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਛਾਪਿਆ ਗਿਆ ਇਹ ਕਿਤਾਬਚਾ ਸੰਗਤਾਂ ਤੱਕ ਭੇਟਾ ਰਹਿਤ ਪਹੁੰਚਾਇਆ ਜਾਵੇਗਾ। ਕਿਤਾਬਚਾ ਜਾਰੀ ਕਰਨ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਇਸ ਦਾ ਜਾਰੀ ਹੋਣਾ ਹੋਰ ਵੀ ਮਹੱਤਵ ਰੱਖਦਾ ਹੈ।

ਉਨ੍ਹਾਂ ਆਖਿਆ ਕਿ ਸਿੱਖ ਪੰਥ ਦੀਆਂ ਸੰਸਥਾਵਾਂ ਦੇ ਇਤਿਹਾਸ ਅਤੇ ਰਵਾਇਤਾਂ ਤੋਂ ਸੰਗਤ ਨੂੰ ਜਾਣੂ ਕਰਵਾਉਣਾ ਸਮੇਂ ਦੀ ਵੱਡੀ ਲੋੜ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਭੇਟਾ ਰਹਿਤ ਸਾਹਿਤ ਲਗਾਤਾਰ ਛਾਪ ਕੇ ਸੰਗਤ ਵਿਚ ਵੱਡੀ ਪੱਧਰ ਵਿਚ ਵੰਡਣਾ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਵੱਖ-ਵੱਖ ਇਤਿਹਾਸਕ ਕਿਤਾਬਚੇ ਪ੍ਰਕਾਸ਼ਤ ਕਰਨ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵੱਲੋਂ ਪੁਰਾਣੀਆਂ ਛਪੀਆਂ ਬੇਹਤਰੀਨ ਪੁਸਤਕਾਂ ਦੀ ਮੁੜ ਪ੍ਰਕਾਸ਼ਨਾਂ ਲਈ ਵੀ ਯਤਨ ਤੇਜ ਕੀਤੇ ਗਏ ਹਨ। ਇਸ ਤਹਿਤ ਕੁਝ ਪੁਸਤਕਾਂ ਮੁੜ ਪ੍ਰਕਾਸ਼ਤ ਕੀਤੀਆਂ ਗਈਆਂ ਹਨ ਅਤੇ ਭਵਿੱਖ ਵਿਚ ਹੋਰ ਵੀ ਅਹਿਮ ਪੁਸਤਕਾਂ ਦੁਬਾਰਾ ਛਾਪੀਆਂ ਜਾਣਗੀਆਂ। ਕਿਤਾਬਚਾ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਭਾਈ ਮਲਕੀਤ ਸਿੰਘ, ਭਾਈ ਸੁਲਤਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਨਰੇਰੀ ਸਕੱਤਰ ਸ. ਗੁਰਮੀਤ ਸਿੰਘ, ਓਐਸਡੀ. ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸਾਬਕਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਆਦਿ ਮੌਜੂਦ ਸਨ।