Home Blog Page 591

ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਦਾ ਏਰੀਆ “ਨੋ ਫਲਾਇੰਗ ਜ਼ੋਨ” ਘੋਸ਼ਿਤ

0
Drone Sights

ਐਸ ਏ ਐਸ ਨਗਰ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਏਰੀਆ ਵਿੱਚ ਨੂੰ ਨੋ-ਡਰੋਨ ਅਤੇ ਨੋ ਫਲਾਈ ਜ਼ੋਨ ਘੋਸ਼ਿਤ ਕਰਦਿਆਂ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ਵਿੱਚ 29 ਮਈ 2025 ਤੋਂ 30 ਮਈ 2025 ਤੱਕ ਉਕਤ ਏਰੀਏ ਵਿੱਚ ਲਾਗੂ ਰਹਿਣਗੇ।

ਦੱਸ ਦਈਏ ਕਿ ਮਹਾਰਾਜਾ ਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ, ਮੁੱਲਾਂਪੁਰ, ਨਿਊ ਚੰਡੀਗੜ੍ਹ, ਐਸ.ਏ.ਐਸ ਨਗਰ ਵਿੱਚ 29 ਅਤੇ 30 ਮਈ ਨੂੰ ਖੇਡੇ ਜਾ ਰਹੇ ਮੈਚਾਂ ਦੇ ਸਬੰਧ ਵਿੱਚ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੋਮਲ ਮਿੱਤਲ ਨੇ ਕ੍ਰਿਕਟ ਮੈਚ ਦੇ ਪ੍ਰਬੰਧਾਂ ਵਿੱਚ ਕੋਈ ਵੀ ਘਾਟ ਨਾ ਆਉਣ ਦੇਣ ਦੀ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਪੂਰੀ ਮੁਸਤੈਦੀ ਨਾਲ ਸੁਰੱਖਿਆ ਤੇ ਟ੍ਰੈਫਿਕ ਪ੍ਰਬੰਧ ਕਰਨ ਲਈ ਆਖਿਆ।

ਉਨ੍ਹਾਂ ਨੇ ਮੈਚਾਂ ਦੌਰਾਨ ਅਮਨ ਅਤੇ ਕਾਨੂੰਨ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾਲ ਸਖਤੀ ਨਾਲ ਨਿਪਟਣ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਟ੍ਰੈਫਿਕ ਨੂੰ ਪੂਰੀ ਤਰ੍ਹਾਂ ਸਚਾਰੂ ਬਨਾਉਣ ਅਤੇ ਉਨ੍ਹਾਂ ਕਿਹਾ ਕਿ ਮੈਚਾਂ ਦੌਰਾਨ ਪਾਰਕਿੰਗ ਦੀ ਕੋਈ ਸਮੱਸਿਆਂ ਨਹੀਂ ਹੋਣੀ ਚਾਹੀਦੀ ਅਤੇ ਲੋਕਾਂ ਨੂੰ ਪਾਰਕਿੰਗ ਸਬੰਘੀ ਗਾਈਡ ਕੀਤਾ ਜਾਵੇ। ਲੋਕਾਂ ਨੂੰ ਆਉਣ ਜਾਣ ਵੇਲੇ ਪੂਰੀ ਸਹੂਲਤ ਮੁਹੱਈਆ ਕਰਵਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਸ ਮੌਕੇ ਸ਼ਾਂਤੀ ਬਣਾਈ ਰੱਖਣਾ ਮੁੱਖ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ।

ਦੇਸ਼ ‘ਚ ਲਗਾਤਾਰ ਪੈਰ ਪਸਾਰ ਰਿਹਾ ਕੋਰੋਨਾ; Active ਮਾਮਲਿਆਂ ਦੀ ਵਧੀ ਗਿਣਤੀ

0

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸਰਗਰਮ ਮਾਮਲਿਆਂ ਦੀ ਗਿਣਤੀ 1252 ਤੱਕ ਪਹੁੰਚ ਗਈ ਹੈ। ਸਭ ਤੋਂ ਵੱਧ 430 ਮਾਮਲੇ ਕੇਰਲ ਤੋਂ ਸਾਹਮਣੇ ਆਏ ਹਨ। ਐਕਟਿਵ ਮਾਮਲਿਆਂ ਦੇ ਮਾਮਲੇ ਵਿੱਚ ਮਹਾਰਾਸ਼ਟਰ ਦੂਜੇ ਸਥਾਨ ‘ਤੇ ਹੈ। ਇੱਥੇ 325 ਮਰੀਜ਼ ਹਨ। ਇਨ੍ਹਾਂ ਵਿੱਚੋਂ 316 ਮਰੀਜ਼ ਇਕੱਲੇ ਮੁੰਬਈ ਵਿੱਚ ਹਨ। ਇਸ ਤੋਂ ਇਲਾਵਾ ਮਹਾਰਾਸ਼ਟਰ, ਰਾਜਸਥਾਨ, ਪੱਛਮੀ ਬੰਗਾਲ, ਕਰਨਾਟਕ ਅਤੇ ਮੱਧ ਪ੍ਰਦੇਸ਼ ਵਿੱਚ ਕੁੱਲ 11 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਦਿੱਲੀ ਵਿੱਚ ਕੋਰੋਨਾ ਦੇ ਮਾਮਲੇ 100 ਨੂੰ ਪਾਰ ਕਰ ਗਏ ਹਨ। ਛੱਤੀਸਗੜ੍ਹ ਅਤੇ ਗੋਆ ਵਿੱਚ ਵੀ 1-1 ਸਰਗਰਮ ਕੇਸ ਹੈ।

ਭਾਰਤ ਦੇ ਕਈ ਰਾਜਾਂ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਦੇ ਵਿਚਕਾਰ ਦੇਸ਼ ਵਿੱਚ ਚਾਰ ਨਵੇਂ ਰੂਪ ਪਾਏ ਗਏ ਹਨ। ਆਈਸੀਐਮਆਰ ਦੇ ਡਾਇਰੈਕਟਰ ਡਾ. ਰਾਜੀਵ ਬਹਿਲ ਨੇ ਕਿਹਾ ਕਿ ਦੱਖਣ ਅਤੇ ਪੱਛਮੀ ਭਾਰਤ ਤੋਂ ਕ੍ਰਮਬੱਧ ਕੀਤੇ ਗਏ ਰੂਪ LF.7, XFG, JN.1 ਅਤੇ NB.1.8.1 ਲੜੀ ਦੇ ਹਨ। ਹੋਰ ਥਾਵਾਂ ਤੋਂ ਨਮੂਨੇ ਲਏ ਜਾ ਰਹੇ ਹਨ ਅਤੇ ਸੀਕੁਐਂਸਿੰਗ ਕੀਤੀ ਜਾ ਰਹੀ ਹੈ ਤਾਂ ਜੋ ਨਵੇਂ ਰੂਪਾਂ ਦਾ ਪਤਾ ਲਗਾਇਆ ਜਾ ਸਕੇ। ਮਾਮਲੇ ਬਹੁਤ ਗੰਭੀਰ ਨਹੀਂ ਹਨ ਅਤੇ ਲੋਕਾਂ ਨੂੰ ਚਿੰਤਾ ਨਹੀਂ ਕਰਨੀ ਚਾਹੀਦੀ, ਬਸ ਸੁਚੇਤ ਰਹਿਣਾ ਚਾਹੀਦਾ ਹੈ।

ਪੰਜਾਬ ਅਤੇ ਬੈਂਗਲੁਰੂ ਵਿਚਾਲੇ ਪਹਿਲਾ ਕੁਆਲੀਫਾਇਰ ਅੱਜ: ਜਿੱਤਣ ਵਾਲੀ ਟੀਮ ਜਾਵੇਗੀ ਫਾਈਨਲ ‘ਚ

0

ਮੋਹਾਲੀ, 29 ਮਈ 2025 – ਆਈਪੀਐਲ 2025 ਦਾ ਕੁਆਲੀਫਾਇਰ-1 ਅੱਜ ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਮਹਾਰਾਜਾ ਯਾਦਵਿੰਦਰਾ ਸਿੰਘ ਇੰਟਰਨੈਸ਼ਨਲ ਸਟੇਡੀਅਮ, ਮੁੱਲਾਂਪੁਰ ਵਿਖੇ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਦੋਵੇਂ ਟੀਮਾਂ ਆਈਪੀਐਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਪਲੇਆਫ ਮੈਚ ਵਿੱਚ ਆਹਮੋ-ਸਾਹਮਣੇ ਹੋਣਗੀਆਂ।

ਦੋਵੇਂ ਟੀਮਾਂ ਇਸ ਸੀਜ਼ਨ ਵਿੱਚ ਤੀਜੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਪਹਿਲਾਂ ਜਦੋਂ ਦੋ ਮੈਚ ਖੇਡੇ ਗਏ ਸਨ, ਦੋਵਾਂ ਨੇ ਇੱਕ-ਇੱਕ ਜਿੱਤਿਆ ਸੀ। ਆਈਪੀਐਲ ਦੇ ਇਤਿਹਾਸ ਵਿੱਚ ਹੁਣ ਤੱਕ ਆਰਸੀਬੀ ਅਤੇ ਪੀਬੀਕੇਐਸ ਵਿਚਕਾਰ 35 ਮੈਚ ਖੇਡੇ ਜਾ ਚੁੱਕੇ ਹਨ। ਇਸ ਵਿੱਚ, ਪੀਬੀਕੇਐਸ ਨੇ 18 ਮੈਚ ਜਿੱਤੇ ਹਨ ਅਤੇ ਆਰਸੀਬੀ ਨੇ 17 ਮੈਚ ਜਿੱਤੇ ਹਨ। ਦੋਵੇਂ ਟੀਮਾਂ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰਾ ਸਿੰਘ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਪਿਛਲੇ ਮੈਚ ਵਿੱਚ, ਬੰਗਲੁਰੂ ਨੇ 7 ਵਿਕਟਾਂ ਨਾਲ ਜਿੱਤ ਪ੍ਰਾਪਤ ਕੀਤੀ ਸੀ।

ਪੰਜਾਬ ਦੀ ਬੱਲੇਬਾਜ਼ੀ ਮਜ਼ਬੂਤ ​​ਹੈ। ਟੀਮ ਦੇ ਸਲਾਮੀ ਬੱਲੇਬਾਜ਼ ਵਧੀਆ ਪ੍ਰਦਰਸ਼ਨ ਕਰ ਰਹੇ ਹਨ। ਪ੍ਰਭਸਿਮਰਨ ਸਿੰਘ ਅਤੇ ਪ੍ਰਿਯਾਂਸ਼ ਆਰੀਆ ਦੀ ਜੋੜੀ ਨੇ ਇਸ ਸੀਜ਼ਨ ਵਿੱਚ 173.49 ਦੇ ਸਟ੍ਰਾਈਕ ਰੇਟ ਨਾਲ 923 ਦੌੜਾਂ ਬਣਾਈਆਂ ਹਨ। ਟਾਪ-3 ਬੱਲੇਬਾਜ਼ਾਂ ਦੀ ਗੱਲ ਕਰੀਏ ਤਾਂ ਟੀਮ ਦੇ ਟਾਪ ਆਰਡਰ ਨੇ 177.02 ਦੇ ਸਟ੍ਰਾਈਕ ਰੇਟ ਨਾਲ 1418 ਦੌੜਾਂ ਬਣਾਈਆਂ ਹਨ। ਇਨ੍ਹਾਂ ਵਿੱਚ ਇੱਕ ਸੈਂਕੜਾ ਅਤੇ 11 ਅਰਧ ਸੈਂਕੜੇ ਸ਼ਾਮਲ ਸਨ। ਨੇਹਲ ਵਢੇਰਾ ਅਤੇ ਸ਼ਸ਼ਾਂਕ ਸਿੰਘ ਨੇ ਕਈ ਮਹੱਤਵਪੂਰਨ ਪਾਰੀਆਂ ਖੇਡੀਆਂ ਹਨ। ਪੰਜਾਬ ਦੇ ਕਪਤਾਨ ਸ਼੍ਰੇਅਸ ਅਈਅਰ ਟੀਮ ਦੇ ਸਭ ਤੋਂ ਵੱਧ ਸਕੋਰਰ ਹਨ। ਉਸਨੇ 14 ਮੈਚਾਂ ਵਿੱਚ ਕੁੱਲ 514 ਦੌੜਾਂ ਬਣਾਈਆਂ ਹਨ। ਇਸ ਸੀਜ਼ਨ ਵਿੱਚ ਉਸਦਾ ਸਭ ਤੋਂ ਵਧੀਆ ਸਕੋਰ 97 ਦੌੜਾਂ ਨਾਬਾਦ ਹੈ। ਜਦੋਂ ਕਿ ਗੇਂਦਬਾਜ਼ੀ ਵਿੱਚ, ਅਰਸ਼ਦੀਪ ਸਿੰਘ ਟੀਮ ਲਈ ਸਭ ਤੋਂ ਵੱਧ ਵਿਕਟਾਂ ਲੈਣ ਵਾਲਾ ਗੇਂਦਬਾਜ਼ ਹੈ। ਉਸਨੇ 14 ਮੈਚਾਂ ਵਿੱਚ 18 ਵਿਕਟਾਂ ਲਈਆਂ ਹਨ।

ਬੰਗਲੌਰ ਲਈ ਸਭ ਤੋਂ ਚੰਗੀ ਗੱਲ ਇਹ ਹੈ ਕਿ ਵਿਰਾਟ ਕੋਹਲੀ ਚੰਗੀ ਫਾਰਮ ਵਿੱਚ ਦਿਖਾਈ ਦੇ ਰਿਹਾ ਹੈ। ਉਸਨੇ ਮੌਜੂਦਾ ਸੀਜ਼ਨ ਦੇ 13 ਮੈਚਾਂ ਵਿੱਚ 60.20 ਦੀ ਔਸਤ ਅਤੇ 147.51 ਦੇ ਸਟ੍ਰਾਈਕ ਰੇਟ ਨਾਲ 602 ਦੌੜਾਂ ਬਣਾਈਆਂ ਹਨ। ਇਨ੍ਹਾਂ ਵਿੱਚ 8 ਅਰਧ ਸੈਂਕੜੇ ਸ਼ਾਮਲ ਹਨ। ਕੋਹਲੀ ਟੀਮ ਲਈ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਖਿਡਾਰੀ ਹੈ। ਟੀਮ ਦੇ ਜੋਸ਼ ਹੇਜ਼ਲਵੁੱਡ ਵਿਕਟ ਲੈਣ ਵਾਲਿਆਂ ਵਿੱਚ ਸਿਖਰ ‘ਤੇ ਹਨ। ਉਸਨੇ 10 ਮੈਚਾਂ ਵਿੱਚ ਕੁੱਲ 18 ਵਿਕਟਾਂ ਲਈਆਂ ਹਨ।

ਪਿੱਚ ਰਿਪੋਰਟ ਮਹਾਰਾਜਾ ਯਾਦਵਿੰਦਰਾ ਸਿੰਘ ਅੰਤਰਰਾਸ਼ਟਰੀ ਸਟੇਡੀਅਮ ਦੀ ਪਿੱਚ ਬੱਲੇਬਾਜ਼ੀ ਲਈ ਅਨੁਕੂਲ ਹੈ। ਇੱਥੇ ਹਾਈ ਸਕੋਰਿੰਗ ਮੈਚ ਦੇਖੇ ਜਾ ਸਕਦੇ ਹਨ। ਹੁਣ ਤੱਕ ਇੱਥੇ 9 ਆਈਪੀਐਲ ਮੈਚ ਖੇਡੇ ਜਾ ਚੁੱਕੇ ਹਨ। ਪਹਿਲੀ ਪਾਰੀ ਵਿੱਚ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 5 ਮੈਚਾਂ ਵਿੱਚ ਜਿੱਤ ਪ੍ਰਾਪਤ ਕੀਤੀ ਹੈ ਅਤੇ ਪਹਿਲਾਂ ਪਿੱਛਾ ਕਰਨ ਵਾਲੀ ਟੀਮ ਨੇ 4 ਮੈਚਾਂ ਵਿੱਚ ਜਿੱਤ ਪ੍ਰਾਪਤ ਕੀਤੀ ਹੈ। ਇੱਥੇ ਸਭ ਤੋਂ ਵੱਧ ਟੀਮ ਸਕੋਰ 219/6 ਹੈ, ਜੋ ਪੰਜਾਬ ਨੇ ਇਸ ਸੀਜ਼ਨ ਵਿੱਚ ਚੇਨਈ ਸੁਪਰ ਕਿੰਗਜ਼ ਵਿਰੁੱਧ ਬਣਾਇਆ ਸੀ।

ਮੁੱਲਾਂਪੁਰ ਵਿੱਚ ਵੀਰਵਾਰ ਨੂੰ ਮੌਸਮ ਬਹੁਤ ਗਰਮ ਰਹੇਗਾ। ਅੱਜ ਇੱਥੇ ਬਹੁਤ ਧੁੱਪ ਰਹੇਗੀ। ਮੀਂਹ ਪੈਣ ਦੀ ਕੋਈ ਖਾਸ ਸੰਭਾਵਨਾ ਨਹੀਂ ਹੈ। ਤਾਪਮਾਨ 24 ਤੋਂ 39 ਡਿਗਰੀ ਸੈਲਸੀਅਸ ਤੱਕ ਹੋ ਸਕਦਾ ਹੈ। ਹਵਾ ਦੀ ਗਤੀ 17 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ।

ਐਲਨ ਮਸਕ ਨੇ ਡੋਨਾਲਡ ਟਰੰਪ ਦਾ ਸਾਥ ਛੱਡਿਆ, DOGE ਵਿਭਾਗ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ

0

ਅਮਰੀਕੀ ਅਰਬਪਤੀ ਉਦਯੋਗਪਤੀ ਐਲਨ ਮਸਕ ਨੇ ਡੋਨਾਲਡ ਟਰੰਪ ਦੇ ਸਲਾਹਕਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮਸਕ ਨੇ X ‘ਤੇ ਇੱਕ ਪੋਸਟ ਰਾਹੀਂ ਰਾਸ਼ਟਰਪਤੀ ਟਰੰਪ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਉਸਨੂੰ ਅਮਰੀਕੀ ਪ੍ਰਸ਼ਾਸਨ ਵਿੱਚ ਯੋਗਦਾਨ ਪਾਉਣ ਦਾ ਮੌਕਾ ਦਿੱਤਾ। ਮਸਕ ਨੇ ਕਿਹਾ ਕਿ ਉਹ ਇੱਕ ਪ੍ਰਮੁੱਖ ਸਲਾਹਕਾਰ ਵਜੋਂ ਆਪਣੀ ਸਰਕਾਰੀ ਭੂਮਿਕਾ ਛੱਡ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਰਾਸ਼ਟਰਪਤੀ ਦਾ ਧੰਨਵਾਦ ਕਰਨਾ ਚਾਹੁੰਦੇ ਹਨ ਕਿ ਉਨ੍ਹਾਂ ਨੇ ਉਨ੍ਹਾਂ ਨੂੰ ਸੰਘੀ ਨੌਕਰਸ਼ਾਹੀ ਨੂੰ ਘਟਾਉਣ ਅਤੇ ਸੁਧਾਰ ਕਰਨ ਦਾ ਮੌਕਾ ਦਿੱਤਾ।

ਮਸਕ ਨੇ ਲਿਖਿਆ ਕਿ ਭਾਵੇਂ ਇੱਕ ਵਿਸ਼ੇਸ਼ ਸਰਕਾਰੀ ਕਰਮਚਾਰੀ ਵਜੋਂ ਉਸਦਾ ਸਮਾਂ ਖਤਮ ਹੋ ਰਿਹਾ ਹੈ, ਪਰ DOGE ਵਿੱਚ ਆਪਣੇ ਸਮੇਂ ਦੌਰਾਨ ਉਸਨੂੰ ਦੇਸ਼ ਵਿੱਚ ਫਜ਼ੂਲ ਖਰਚ ਨੂੰ ਘਟਾਉਣ ਦਾ ਮੌਕਾ ਮਿਲਿਆ। DOGE ਮਿਸ਼ਨ ਸਮੇਂ ਦੇ ਨਾਲ ਹੋਰ ਮਜ਼ਬੂਤ ​​ਹੋਵੇਗਾ ਕਿਉਂਕਿ ਇਹ ਸਰਕਾਰ ਦੇ ਸਾਰੇ ਵਿਭਾਗਾਂ ਵਿੱਚ ਜੀਵਨ ਦਾ ਇੱਕ ਤਰੀਕਾ ਬਣ ਜਾਵੇਗਾ।”

ਦੱਸ ਦਈਏ ਕਿ ਨਵੰਬਰ 2024 ਵਿੱਚ ਚੋਣ ਜਿੱਤਣ ਤੋਂ ਬਾਅਦ, ਡੋਨਾਲਡ ਟਰੰਪ ਨੇ ਡਿਪਾਰਟਮੈਂਟ ਆਫ਼ ਗਵਰਨਮੈਂਟ ਐਫੀਸ਼ੀਐਂਸੀ (DoGE) ਨਾਮਕ ਇੱਕ ਨਵਾਂ ਵਿਭਾਗ ਬਣਾਉਣ ਦਾ ਐਲਾਨ ਕੀਤਾ। ਇਹ ਸਰਕਾਰ ਨੂੰ ਬਾਹਰੀ ਸਲਾਹ ਪ੍ਰਦਾਨ ਕਰਨ ਲਈ ਬਣਾਇਆ ਗਿਆ ਸੀ। ਡੋਨਾਲਡ ਟਰੰਪ ਨੇ ਇਸਦੀ ਕਮਾਨ ਐਲੋਨ ਮਸਕ ਅਤੇ ਭਾਰਤੀ ਮੂਲ ਦੇ ਕਾਰੋਬਾਰੀ ਵਿਵੇਕ ਰਾਮਾਸਵਾਮੀ ਨੂੰ ਸੌਪੀ ਸੀ। ਬਾਅਦ ਵਿੱਚ ਵਿਵੇਕ ਰਾਮਾਸਵਾਮੀ ਨੂੰ ਇਸ ਵਿੱਚੋਂ ਹਟਾ ਦਿੱਤਾ ਗਿਆ।

ਪੰਜਾਬ ਸਰਕਾਰ ਵੱਲੋਂ ਗੁਰਮੀਤ ਸਿੰਘ ਨੂੰ ਲਾਇਆ ਗਿਆ ਫਾਜ਼ਿਲਕਾ ਦਾ ਨਵਾਂ SSP

0

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਗੁਰਮੀਤ ਸਿੰਘ ਨੂੰ ਫਾਜ਼ਿਲਕਾ ਦਾ ਐਸਐਸਪੀ ਲਗਾਇਆ ਗਿਆ ਹੈ।

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਬੀਤੇ ਦਿਨ ਫਾਜ਼ਿਲਕਾ ਜ਼ਿਲ੍ਹੇ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕਰ ਦਿੱਤਾ ਸੀ। ਸਰਕਾਰ ਦਾ ਕਹਿਣਾ ਹੈ ਕਿ ਉਸਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਨਹੀਂ ਕੀਤੀ। ਜਿਸ ਕਾਰਨ ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕੀਤਾ ਗਿਆ ।

ਪੰਜਾਬ ਸਣੇ ਛੇ ਸੂਬਿਆਂ ‘ਚ ਅੱਜ ਹੋਣ ਵਾਲੀ ਮੌਕ ਡ੍ਰਿਲ ਮੁਲਤਵੀ

0

ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਛੇ ਰਾਜਾਂ ਵਿੱਚ ਅੱਜ ਹੋਣ ਵਾਲੀ ਮੌਕ ਡ੍ਰਿਲ ਮੁਲਤਵੀ ਕਰ ਦਿੱਤੀ ਗਈ ਹੈ। ਇਨ੍ਹਾਂ ਵਿੱਚ ਜੰਮੂ-ਕਸ਼ਮੀਰ, ਪੰਜਾਬ, ਰਾਜਸਥਾਨ, ਗੁਜਰਾਤ, ਹਰਿਆਣਾ ਅਤੇ ਚੰਡੀਗੜ੍ਹ ਸ਼ਾਮਲ ਸਨ। ਇਸਨੂੰ ਆਪ੍ਰੇਸ਼ਨ ਸ਼ੀਲਡ ਦਾ ਨਾਮ ਦਿੱਤਾ ਗਿਆ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਹੁਣ 3 ਜੂਨ ਨੂੰ ਮੌਕ ਡ੍ਰਿਲ ਹੋਵੇਗੀ। ਇਹ ਮੌਕ ਡਰਿੱਲ ਪੰਜਾਬ ਦੇ ਛੇ ਜ਼ਿਲ੍ਹਿਆਂ – ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ 3 ਜੂਨ ਨੂੰ ਸ਼ਾਮ 7 ਵਜੇ ਆਯੋਜਿਤ ਕੀਤੀ ਜਾਵੇਗੀ। ਬਾਕੀ ਸੂਬਿਆਂ ਲਈ ਜਲਦੀ ਹੀ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ 29 ਮਈ ਨੂੰ ਹੋਣ ਵਾਲੀ ਮੌਕ ਡ੍ਰਿਲ ਅਤੇ ਬਲੈਕਆਊਟ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਕੇਂਦਰ ਦੇ ਫੈਸਲੇ ਤੋਂ ਬਾਅਦ ਮੌਕ ਡ੍ਰਿਲ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਹੁਣ ਮੌਕ ਡਰਿੱਲ ਬਾਅਦ ਵਿੱਚ ਹੋਵੇਗੀ, ਜਿਸਦੀ ਮਿਤੀ ਕੇਂਦਰ ਵੱਲੋਂ ਵੱਖਰੇ ਤੌਰ ‘ਤੇ ਐਲਾਨੀ ਜਾਵੇਗੀ।

ਮੋਹਾਲੀ ਪੁਲਿਸ ਵੱਲੋਂ ਸੀਨੀਅਰ ਕਾਂਸਟੇਬਲ ਅਤੇ ਸਾਥੀ ‘ਤੇ 20,000 ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ, ਦੋਵੇਂ ਮੁਲਜ਼ਮ ਗ੍ਰਿਫ਼ਤਾਰ

0

ਐਸ ਏ ਐਸ ਨਗਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਆਪਣੀ ਵਚਨਬੱਧਤਾ ਦੀ ਪ੍ਰਗਟਾਉਂਦੇ ਹੋਏ, ਐਸ ਏ ਐਸ ਨਗਰ ਪੁਲਿਸ ਨੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੇ ਤਹਿਤ ਇੱਕ ਸੀਨੀਅਰ ਕਾਂਸਟੇਬਲ ਅਤੇ ਉਸਦੇ ਸਾਥੀ ‘ਤੇ ਮਾਮਲਾ ਦਰਜ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ ਐਸ ਪੀ) ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਖਰੜ ਸਿਟੀ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸੀਨੀਅਰ ਕਾਂਸਟੇਬਲ ਕੁਲਦੀਪ ਸਿੰਘ ਅਤੇ ਉਸਦੀ ਸਾਥੀ ਸੰਗੀਤਾ ਬਵੇਜਾ, ਜੋ ਕਿ ਨਵਾਂਗਾਓਂ ਦੀ ਰਹਿਣ ਵਾਲੀ ਹੈ, ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7A ਦੇ ਤਹਿਤ ਐਫ ਆਈ ਆਰ ਨੰਬਰ 57 ਮਿਤੀ 28/05/2025 ਦਰਜ ਕੀਤੀ ਗਈ ਹੈ।

ਇਹ ਮਾਮਲਾ ਜੁਲਾਈ 2024 ਵਿੱਚ ਵਾਪਰੀ ਇੱਕ ਰਿਸ਼ਵਤ ਲੈਣ ਦੀ ਘਟਨਾ ਨਾਲ ਸਬੰਧਤ ਹੈ। ਉਸ ਸਮੇਂ, ਇੱਕ ਸ਼ਿਕਾਇਤਕਰਤਾ, ਏ ਐਸ ਆਈ ਹਰੀਸ਼ ਨੇ ਆਪਣੇ ਨਾਲ 6,70,000 ਰੁਪਏ ਦੀ ਧੋਖਾਧੜੀ ਹੋਣ ਦੀ ਸ਼ਿਕਾਇਤ ਕੀਤੀ ਸੀ, ਜਿਸ ਵਿੱਚ ਉਸਦੇ ਨੌਕਰ, ਜੋਸਫ਼ ਅਲੈਗਜ਼ੈਂਡਰ, ਨੇ ਕਥਿਤ ਤੌਰ ‘ਤੇ ਇੱਕ ਬੈਂਕ ਖਾਤੇ ਨਾਲ ਜੁੜਿਆ ਉਸਦਾ ਸਿਮ ਕਾਰਡ ਚੋਰੀ ਕਰ ਲਿਆ ਸੀ ਅਤੇ ਪੈਸੇ ਕਢਵਾ ਲਏ ਸੀ। ਇਸ ਸ਼ਿਕਾਇਤ ਦੇ ਆਧਾਰ ‘ਤੇ, ਉਕਤ ਨੌਕਰ ਵਿਰੁੱਧ ਥਾਣਾ ਨਯਾਗਾਓਂ ਵਿੱਚ ਐੱਫ ਆਈ ਆਰ ਨੰਬਰ 58/2024 ਦਰਜ ਕੀਤੀ ਗਈ ਸੀ।

ਮਾਮਲਾ ਦਰਜ ਹੋਣ ਤੋਂ ਪਹਿਲਾਂ, ਕੁਲਦੀਪ ਸਿੰਘ, ਜੋ ਉਸ ਸਮੇਂ ਥਾਣਾ ਨਯਾਗਾਓਂ ਵਿਖੇ ਮੁੱਖ ਮੁਣਸ਼ੀ ਵਜੋਂ ਤਾਇਨਾਤ ਸੀ, ਨੇ ਸ਼ਿਕਾਇਤ ਕਰਤਾ ਏ ਐਸ ਆਈ ਹਰੀਸ਼ ਤੋਂ ਕੇਸ ਦੇ ਨਿਪਟਾਰੇ ਦੀ ਸਹੂਲਤ ਦੇ ਬਦਲੇ 20,000 ਰੁਪਏ ਦੀ ਰਿਸ਼ਵਤ ਮੰਗੀ ਅਤੇ ਹਾਸਲ ਕੀਤੀ, ਜਿਸ ਵਿਚੋਂ 10,000 ਨਕਦ ਅਤੇ 10,000 ਗੂਗਲ ਪੇ ਰਾਹੀਂ ਕੁਲਦੀਪ ਸਿੰਘ ਦੇ ਨਿਰਦੇਸ਼ਾਂ ‘ਤੇ ਉਸਦੀ ਸਾਥੀ ਸੰਗੀਤਾ ਬਾਵੇਜਾ ਦੇ ਖਾਤੇ ਵਿੱਚ ਔਨਲਾਈਨ ਲੈਣ-ਦੇਣ ਕੀਤਾ ਗਿਆ ਸੀ। ਐਸ ਐਸ ਪੀ ਹੰਸ ਨੇ ਪੁਸ਼ਟੀ ਕੀਤੀ ਕਿ ਮਾਮਲੇ ਦੇ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲੈਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

0

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ, ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਟਾਊਨ ਪਲੈਨਰ (ਏ.ਟੀ.ਪੀ.) ਚਰਨਜੀਤ ਸਿੰਘ ਨੂੰ ਇੱਕ ਸਥਾਨਕ ਆਰਕੀਟੈਕਟ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਦੀਨਾਨਗਰ ਦੇ ਪਿੰਡ ਆਨੰਦਪੁਰ ਦੇ ਰਹਿਣ ਵਾਲੇ ਇੱਕ ਆਰਕੀਟੈਕਟ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਉਪਰੰਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਗੁਰਦਾਸਪੁਰ ਸ਼ਹਿਰ ਵਿੱਚ ਆਪਣੇ ਪ੍ਰੋਜੈਕਟ ਲਈ ਐਨ.ਓ.ਸੀ. ਲਈ ਅਰਜ਼ੀ ਦਿੱਤੀ ਸੀ ਅਤੇ ਇਸ ਸਬੰਧੀ ਫਾਈਲ ਨੂੰ ਸ਼ੁਰੂ ਵਿੱਚ ਬਿਲਡਿੰਗ ਇੰਸਪੈਕਟਰ ਅਤੇ ਡਰਾਫਟਸਮੈਨ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਸੀ ਪਰ ਬਾਅਦ ਵਿੱਚ ਅੰਤਿਮ ਪ੍ਰਵਾਨਗੀ ਲਈ ਉਕਤ ਏ.ਟੀ.ਪੀ. ਕੋਲ ਭੇਜ ਦਿੱਤਾ ਗਿਆ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਜਾਣਬੁੱਝ ਕੇ ਬੇਲੋੜੇ ਇਤਰਾਜ਼ ਉਠਾਏ ਅਤੇ ਫਾਈਲ ਨੂੰ ਮਨਜ਼ੂਰੀ ਦੇਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏ.ਟੀ.ਪੀ. ਚਰਨਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : 15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

0

ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ, ਹਰਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕੁਲਦੀਪ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਰੋਬਿਨ ਕੁਮਾਰ ਵਾਸੀ ਪਿੰਡ ਘਗਿਆਲ, ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਥਾਣੇ ਵਿੱਚ ਉਸ ਵਿਰੁੱਧ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ ਅਤੇ ਕੇਸ ਦੀ ਤਫਤੀਸ਼ ਏ.ਐਸ.ਆਈ. ਕੁਲਦੀਪ ਸਿੰਘ ਨੂੰ ਸੌਂਪੀ ਗਈ ਸੀ। ਪਰ ਇਹ ਐਫ.ਆਈ.ਆਰ. ਦਰਜ ਕਰਨ ਤੋਂ ਪਹਿਲਾਂ ਉਕਤ ਏ.ਐਸ.ਆਈ. ਕੁਲਦੀਪ ਸਿੰਘ ਨੇ ਕਥਿਤ ਤੌਰ ‘ਤੇ ਵਿਰੋਧੀ ਧਿਰ ਨਾਲ ਮਿਲੀਭੁਗਤ ਕਰਕੇ ਉਕਤ ਸ਼ਿਕਾਇਤਕਰਤਾ, ਉਸਦੀ ਮਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਵਿਰੁੱਧ ਜਵਾਬੀ ਕੇਸ ਦਰਜ ਕਰ ਦਿੱਤਾ।

ਇਸ ਉਪਰੰਤ ਏ.ਐਸ.ਆਈ. ਕੁਲਦੀਪ ਸਿੰਘ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਸਦੀ ਮਾਂ ਨੂੰ ਸੋਨੇ ਦੀ ਚੇਨ ਚੋਰੀ ਕਰਨ ਦੇ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਵੱਲੋਂ ਵਾਰ-ਵਾਰ ਬੇਨਤੀਆਂ ਕਰਨ ‘ਤੇ ਸੌਦਾ 30,000 ਰੁਪਏ ਵਿੱਚ ਤੈਅ ਹੋ ਗਿਆ ਅਤੇ ਏ.ਐਸ.ਆਈ. ਨੇ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈ ਲਏ। ਸ਼ਿਕਾਇਤ ਮੁਤਾਬਕ ਮੁਲਜ਼ਮ ਏ.ਐਸ.ਆਈ. ਨੇ ਰਿਸ਼ਵਤ ਦੇ ਬਾਕੀ 20000 ਰੁਪਏ ਦੀ ਮੰਗ ਕੀਤੀ ਅਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਲੈ ਲਏ। ਸ਼ਿਕਾਇਤਕਰਤਾ ਨੇ ਆਪਣੇ ਮੋਬਾਈਲ ਫੋਨ ‘ਤੇ ਗੈਰ-ਕਾਨੂੰਨੀ ਤੌਰ ‘ਤੇ ਰਿਸ਼ਵਤ ਦੀ ਬਾਕੀ ਰਕਮ ਮੰਗਣ ਸਮੇਂ ਹੋਈ ਗੱਲਬਾਤ ਰਿਕਾਰਡ ਕਰ ਲਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏ.ਐਸ.ਆਈ. ਕੁਲਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਤੀਜੀ ਕਿਸ਼ਤ ਵਜੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 29-5-2025

0

ਵੀਰਵਾਰ, ੧੬ ਜੇਠ (ਸੰਮਤ ੫੫੭ ਨਾਨਕਸ਼ਾਹੀ)

ਸੂਹੀ ਮਹਲਾ ੪ ਘਰੁ ੭

ੴ ਸਤਿਗੁਰ ਪ੍ਰਸਾਦਿ॥

ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥

(ਅੰਗ: ੭੩੫)

 

ਪੰਜਾਬੀ ਵਿਆਖਿਆ

ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧। ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ।੧। ਰਹਾਉ। ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨। ਹੇ ਮੇਰੇ ਮਨ! ਵੇਖ, ਪਾਣੀ ਦੇ ਵਿਚ ਹੀ ਧਰਤੀ ਹੈ, ਧਰਤੀ ਦੇ ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, ਮਾਲਕ-ਪ੍ਰਭੂ ਨੇ, ਮਾਨੋ ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਭਰਮ ਦੂਰ ਕਰ ਲਿਆ ਕਰ।੩। ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੑਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਉਂਦਾ ਹੈ, ਜਿੰਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ ਮਨੁੱਖ ਦੇ ਪੈਰਾਂ ਹੇਠੋਂ ਮੌਤ ਆਉਣ ਤੇ ਉਸ ਦੇ ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨।