Home Blog Page 602

ਅਰੁਣਾਚਲ ਪ੍ਰਦੇਸ਼ ਦੇ ਤਵਾਂਗ ‘ਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ

0

ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਵਿੱਚ ਸ਼ੁੱਕਰਵਾਰ ਸਵੇਰੇ 1:10 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 2.8 ਦਰਜ ਕੀਤੀ ਗਈ।

ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਫਿਲਹਾਲ ਕਿਸੇ ਵੀ ਜਾਨੀ – ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਲੱਦਾਖ ਦੇ ਲੇਹ ਵਿੱਚ 3.5 ਤੀਬਰਤਾ ਦਾ ਭੂਚਾਲ ਆਇਆ ਸੀ। ਐਨਸੀਐਸ ਦੇ ਅਨੁਸਾਰ ਭੂਚਾਲ ਦੇ ਝਟਕੇ ਰਾਤ 11:46 ਵਜੇ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਸਨ।

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 23-5-2025

0

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਸ਼ੁੱਕਰਵਾਰ, ੧੦ ਜੇਠ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੬੯੬)

ਪੰਜਾਬੀ ਵਿਆਖਿਆ

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਫਿਰੋਜ਼ਪੁਰ ਵਿੱਚ 12.07 ਕਿਲੋਗ੍ਰਾਮ ਹੈਰੋਇਨ ਅਤੇ 25.12 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ

0

ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨਾਰਕੋ-ਹਵਾਲਾ ਗਠਜੋੜ ’ਤੇ ਇੱਕ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਤਿੰਨ ਵਿਅਕਤੀਆਂ, ਨੂੰ 12.07 ਕਿਲੋਗ੍ਰਾਮ ਹੈਰੋਇਨ ਅਤੇ 25.12 ਲੱਖ ਰੁਪਏ ਡਰੱਗ-ਹਵਾਲਾ ਮਨੀ ਸਮੇਤ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਕੁਮਾਰ ਉਰਫ਼ ਘੰਨੀ (22), ਰੋਹਿਤ ਭੱਟੀ (24), ਅਤੇ ਆਕਾਸ਼ਦੀਪ ਉਰਫ਼ ਆਕਾਸ਼ (24)- ਸਾਰੇ ਵਾਸੀ ਫਿਰੋਜ਼ਪੁਰ ਦੇ ਬੁੱਕਣ ਖਾਨ ਵਾਲਾ, ਵਜੋਂ ਹੋਈ ਹੈ। ਦੋਸ਼ੀ ਕਰਨ ਕੁਮਾਰ ਅਤੇ ਆਕਾਸ਼ਦੀਪ ਵਿਰੁੱਧ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਅਪਰਾਧਿਕ ਮਾਮਲੇ ਦਰਜ ਹਨ।

ਦੱਸ ਦਈਏ ਕਿ ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਅਰਟੀਗਾ ਕਾਰ, ਜਿਸਦਾ ਰਜਿਸਟਰੇਸ਼ਨ ਨੰਬਰ ਪੀਬੀ-01-ਐਫ-1618 ਸੀ, ਨੂੰ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਲਈ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਐਨਡੀਪੀਐਸ ਐਕਟ ਤਹਿਤ ਥਾਣਾ ਘੱਲ ਖੁਰਦ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਹਰਮਨਬੀਰ ਸਿੰਘ ਗਿੱਲ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਖ਼ਤ ਨਿਗਰਾਨੀ ਅਤੇ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਜੋਧੀਆ ਨਹਿਰਾ ਪੁਲ ਦੇ ਨੇੜਿਓਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੀ ਕਾਰ ਵਿੱਚੋਂ 2.07 ਕਿਲੋ ਹੈਰੋਇਨ ਅਤੇ 25.12 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਮੁਲਜ਼ਮ ਕਰਨ ਦੇ ਖੁਲਾਸੇ ਤੋਂ ਬਾਅਦ, ਪੁਲਿਸ ਟੀਮਾਂ ਨੇ ਫਿਰੋਜ਼ਪੁਰ ਦੀ ਰਿਖੀ ਕਲੋਨੀ ਵਿਖੇ ਸਥਿਤ ਉਸ ਦੇ ਕਿਰਾਏ ਦੇ ਮਕਾਨ ਵਿੱਚ ਟਾਇਲਟ ਸੀਟ ਦੇ ਪਿੱਛੇ ਛੁਪਾਈ ਗਈ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਉਨ੍ਹਾਂ ਦੀ, ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦਾ ਸੰਕੇਤ ਮਿਲਦਾ ਹੈ, ਜਿਸ ਵਿੱਚ ਪਾਕਿਸਤਾਨ-ਅਧਾਰਤ ਸੰਚਾਲਕਾਂ ਨਾਲ ਸਬੰਧ ਹੋਣ ਦਾ ਸ਼ੱਕ ਹੈ, ਜੋ ਡਿਲੀਵਰੀ ਲਈ ਡਰੋਨ ਦੀ ਵਰਤੋਂ ਕਰਦੇ ਸਨ। ਉਨ੍ਹਾਂ ਅੱਗੇ ਕਿਹਾ, ‘‘ਜ਼ਬਤ ਕੀਤੀ ਗਈ ਖੇਪ ਪੰਜਾਬ ਭਰ ਵਿੱਚ ਵੰਡੀ ਜਾਣੀ ਸੀ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ,’’।

ਇਸ ਸਬੰਧੀ ਥਾਣਾ ਘੱਲ ਖੁਰਦ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਐਫਆਈਆਰ ਨੰਬਰ 59 ਮਿਤੀ 21-05-2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

1,05,000 ਰੁਪਏ ਰਿਸ਼ਵਤ ਲੈਂਦਾ ਏ.ਐਨ.ਟੀ.ਐਫ. ਦਾ ਏ.ਐਸ.ਆਈ. ਅਤੇ ਉਸਦਾ ਡਰਾਈਵਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਠਿੰਡਾ ਰੇਂਜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ 1,05,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ-ਮੁੱਖ ਮੰਤਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਸਰਦੂਲਗੜ੍ਹ ਦੇ ਪਿੰਡ ਰਾਏਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀਆਂ ਗਈਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਏ.ਐਨ.ਟੀ.ਐਫ., ਮਾਨਸਾ ਦੀ ਟੀਮ ਨੇ ਉਸਦੇ ਪੁੱਤਰ ਅਤੇ ਹੋਰਨਾਂ ਵਿਰੁੱਧ ਮੋਹਾਲੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਸੀ। ਇਸ ਮਾਮਲੇ ਦੀ ਜਾਂਚ ਦੌਰਾਨ, ਏ.ਐਸ.ਆਈ. ਮੇਜਰ ਸਿੰਘ ਉਸਦੀ ਦੁਕਾਨ ‘ਤੇ ਆਇਆ ਅਤੇ ਉਸਨੂੰ ਕਿਹਾ ਕਿ ਉਹ ਉਸਦੇ ਪੁੱਤਰ ਦੀ ਗ੍ਰਿਫ਼ਤਾਰੀ ਦੌਰਾਨ ਉਸਦੀ ਤਲਾਸ਼ੀ ਸਮੇਂ ਪੁਲਿਸ ਕੋਲ ਰੱਖਿਆ ਸੋਨਾ ਛੱਡ ਦੇਵੇਗਾ ਅਤੇ ਇਸ ਕੰਮ ਦੇ ਬਦਲੇ ਉਸ ਨੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਰਿਸ਼ਵਤ ਦੀ ਰਕਮ ਘੱਟ ਕਰਨ ਦੀ ਬੇਨਤੀ ਕਰਨ ‘ਤੇ ਉਕਤ ਡਰਾਈਵਰ ਰਾਮ ਸਿੰਘ ਨੇ ਆਪਣੇ ਲਈ 5,000 ਰੁਪਏ ਅਤੇ ਆਪਣੇ ਬੌਸ (ਏ.ਐਸ.ਆਈ.) ਲਈ ਡੇਢ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਮੁਲਜ਼ਮ ਵੱਲੋਂ ਰਿਸ਼ਵਤ ਮੰਗਣ ਦੌਰਾਨ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਕੋਲ ਪੇਸ਼ ਕੀਤਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਏ.ਐਸ.ਆਈ. ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,05,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ-ਮੁੱਖ ਮੰਤਰੀ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਨਾ ਹੈ।

ਮੁੱਖ ਮੰਤਰੀ ਵੱਲੋਂ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਮਿਸਾਲ ਕਾਇਮ ਕਰਨ ਵਾਲੀਆਂ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ
ਅੱਜ ਇੱਥੇ ਭੁੱਲਰਹੇੜੀ, ਭਲਵਾਨ, ਧੂਰਾ, ਭੱਦਲਵੱਡ ਅਤੇ ਪਲਾਸੌਰ ਪਿੰਡਾਂ ਦੀਆਂ ਪੰਚਾਇਤਾਂ ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਇਲਾਕੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵਿਆਪਕ ਕਾਰਜ ਆਮ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਤ ਤੌਰ ‘ਤੇ ਨਿਗਰਾਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੰਮ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਸਬੰਧੀ ਸੂਬਾ ਸਰਕਾਰ ਦੇ ਠੋਸ ਯਤਨਾਂ ਨੂੰ ਉਨ੍ਹਾਂ ਦੀ ਸਹਾਇਤਾ ਅਤੇ ਮਾਰਗਦਰਸ਼ਨ ਨਾਲ ਸਫਲ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂ ਕਰਵਾਉਣ ਲਈ ਵਾਰ-ਵਾਰ ਖੇਤਰੀ ਦੌਰੇ ਕਰਨ ਲਈ ਵੀ ਕਿਹਾ ਤਾਂ ਜੋ ਪਿੰਡਾਂ ਦੇ ਵਿਕਾਸ ਨੂੰ ਵਿਆਪਕ ਪੱਧਰ ‘ਤੇ ਹੁਲਾਰਾ ਦਿੱਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਬਹੁਗਿਣਤੀ ਪਿੰਡਾਂ ਵਿੱਚ ਰਹਿੰਦੀ ਹੈ, ਇਸ ਲਈ ਸੂਬਾ ਸਰਕਾਰ ਪਿੰਡਾਂ ਵਿੱਚ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਲੋਕਾਂ ਲਈ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਪਿੰਡ ਵਾਸੀਆਂ ਨਾਲ ਅਜਿਹੀਆਂ ਲੋਕ ਮਿਲਣੀਆਂ ਕਰਵਾਉਣ ਦੀ ਖੇਚਲ ਨਹੀਂ ਕੀਤੀ ਕਿਉਂਕਿ ਉਹ ਉਨ੍ਹਾਂ ਲੋਕਾਂ ਨੂੰ ਮਿਲਣਾ ਹੀ ਨਹੀਂ ਚਾਹੁੰਦੇ ਸਨ ਜਿਨ੍ਹਾਂ ਨੇ ਉਨ੍ਹਾਂ ਨੂੰ ਸੱਤਾ ਵਿੱਚ ਲਿਆਂਦਾ ਸੀ।
ਇਸਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਮਾਗਮ ਕਰਵਾਉਣ ਦਾ ਇੱਕੋ-ਇੱਕ ਉਦੇਸ਼ ਸੂਬੇ ਅਤੇ ਖਾਸ ਕਰਕੇ ਪਿੰਡਾਂ ਦੇ ਚੱਲ ਰਹੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਰੂਪ-ਰੇਖਾ ਤਿਆਰ ਕਰਨਾ ਹੈ। ਪੇਂਡੂ ਖੇਤਰਾਂ ਦੇ ਵਿਆਪਕ ਵਿਕਾਸ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਕਾਰਜ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਕਈ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਾਸਤੇ ਆਮ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ।
ਦੱਸ ਦਈਏ ਕਿ ਮੁੱਖ ਮੰਤਰੀ ਨੇ ਕਿਹਾ ਕਿ ਧੂਰੀ ਬਲਾਕ ਦੇ ਪੰਜ ਪਿੰਡਾਂ ਭੁੱਲਰਹੇੜੀ, ਭਲਵਾਨ, ਪਲਾਸੌਰ, ਧੂਰਾ ਅਤੇ ਭੱਦਲਵੱਡ ਵਿੱਚ ਕੁੱਲ 196 ਵਿਕਾਸ ਕਾਰਜਾਂ ਲਈ 15.61 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ 9.90 ਕਰੋੜ ਰੁਪਏ ਦੀ ਲਾਗਤ ਵਾਲੇ 115 ਕੰਮ ਮੁਕੰਮਲ ਹੋ ਚੁੱਕੇ ਹਨ, ਜਦੋਂ ਕਿ 5.71 ਕਰੋੜ ਰੁਪਏ ਦੀ ਲਾਗਤ ਵਾਲੇ 81 ਕੰਮ ਪ੍ਰਗਤੀ ਅਧੀਨ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਪੰਜ ਪੰਚਾਇਤਾਂ ਦੀ ਮੰਗ ਦੇ ਆਧਾਰ ‘ਤੇ 24 ਹੋਰ ਵਿਕਾਸ ਕਾਰਜਾਂ ਲਈ 15.65 ਕਰੋੜ ਰੁਪਏ ਦੀ ਹੋਰ ਗ੍ਰਾਂਟ ਜਾਰੀ ਕੀਤੀ ਗਈ ਹੈ।

ਮੁੱਖ ਮੰਤਰੀ ਵੱਲੋਂ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਮਿਸਾਲ ਕਾਇਮ ਕਰਨ ਵਾਲੀਆਂ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ।

ਜ਼ਿਕਰਯੋਗ ਹੈ ਕਿ ਅੰਤਰਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਨੇ 99% ਤੋਂ ਵੱਧ ਕਰਜ਼ਿਆਂ ਦੀ ਵਸੂਲੀ ਕਰਕੇ ਨਵੇਂ ਦਿਸਹੱਦੇ ਕਾਇਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੁਸਾਇਟੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਤਾਂ ਕਿ ਦੂਜਿਆਂ ਨੂੰ ਵੀ ਪ੍ਰੇਰਨਾ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਇਨ੍ਹਾਂ ਸੁਸਾਇਟੀਆਂ ਨੇ ਉਸ ਵੇਲੇ ਇਹ ਸ਼ਾਨਦਾਰ ਕੰਮ ਕੀਤਾ ਹੈ, ਜਦੋਂ ਸੂਬੇ ਭਰ ਦੀਆਂ ਬਹੁਤੀਆਂ ਸੁਸਾਇਟੀਆਂ ਆਪਣੇ ਬਕਾਇਆ ਕਰਜ਼ੇ ਦੀ ਵਸੂਲੀ ਕਰਨ ਵਿੱਚ ਅਸਫਲ ਰਹੀਆਂ ਹਨ।
ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਕਿਉਂਕਿ ਇਹ ਕਿਸਾਨਾਂ ਅਤੇ ਹੋਰ ਭਾਈਵਾਲਾਂ ਦੇ ਲਾਭ ਨੂੰ ਯਕੀਨੀ ਬਣਾਏਗਾ। ਉਨ੍ਹਾਂ ਨੇ ਕਿਸਾਨਾਂ ਅਤੇ ਹੋਰਾਂ ਨੂੰ ਸਹਿਕਾਰੀ ਬੈਂਕਾਂ ਵਿੱਚ ਆਪਣੇ ਖਾਤੇ ਖੁੱਲ੍ਹਵਾਉਣ ਦੀ ਅਪੀਲ ਕੀਤੀ ਜੋ ਦੂਜੇ ਬੈਂਕਾਂ ਨਾਲੋਂ ਕਰਜ਼ਿਆਂ ‘ਤੇ 3% ਘੱਟ ਵਿਆਜ ਦੀ ਪੇਸ਼ਕਸ਼ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਹਿਕਾਰੀ ਬੈਂਕਾਂ ਬਾਰੇ ਕਈ ਗਲਤਫਹਿਮੀਆਂ ਹਨ ਅਤੇ ਕਿਸਾਨਾਂ ਨੂੰ ਇਸ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ।
ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਬੈਂਕਾਂ ਦੀ ਕਾਰਜਕੁਸ਼ਲਤਾ ਨੂੰ ਹੋਰ ਅਸਰਦਾਰ ਬਣਾਉਣ ਲਈ ਬੈਂਕਿੰਗ ਖੇਤਰਾਂ ਦੇ ਮਾਹਿਰਾਂ ਦੀਆਂ ਸੇਵਾਵਾਂ ਵੀ ਲੈ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਕਿਸਾਨ ਇਨ੍ਹਾਂ ਬੈਂਕਾਂ ਵਿੱਚ ਆਪਣੇ ਖਾਤੇ ਖੋਲ੍ਹਣ ਤਾਂ ਜੋ ਬੈਂਕਾਂ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲ ਸਕੇ। ਸੂਬੇ ਵਿੱਚ ਵੱਡੇ ਤੇ ਖਰਚੀਲੇ ਵਿਆਹਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਆਮ ਕਿਸਾਨਾਂ ਦੀਆਂ ਜੇਬਾਂ ‘ਤੇ ਵੱਡਾ ਬੋਝ ਪਾ ਰਹੇ ਹਨ।
ਮੁੱਖ ਮੰਤਰੀ ਨੇ ਸਾਦੇ ਵਿਆਹਾਂ ਦੀ ਵਕਾਲਤ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਬਹੁਤ ਵੱਡੀ ਲੋੜ ਹੈ ਤਾਂ ਜੋ ਕਿਸਾਨਾਂ ਨੂੰ ਕਰਜ਼ੇ ਦੇ ਚੱਕਰ ਵਿੱਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਖਰਚੀਲੇ ਵਿਆਹਾਂ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਸੂਬੇ ਦੇ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਥੱਲ੍ਹੇ ਦੱਬ ਦਿੰਦੇ ਹਨ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਗੰਭੀਰ ਨਤੀਜੇ ਭੁਗਤਣੇ ਪੈਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਇਕ-ਦੂਜੇ ਦੀ ਦੇਖਾ-ਦੇਖੀ ਫਜ਼ੂਲ ਪੈਸੇ ਖਰਚਣ ਦੀ ਅੰਨ੍ਹੀ ਦੌੜ ਤੋਂ ਬਚਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਤੋਂ ਖੇਤੀ ਸੰਦ ਕਿਰਾਏ ‘ਤੇ ਲੈ ਕੇ ਵਰਤਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਲ ਖੇਤੀ ‘ਤੇ ਹੋਣ ਵਾਲੇ ਖਰਚ ਨੂੰ ਘਟਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਸਹਿਕਾਰੀ ਸਭਾਵਾਂ ਨੂੰ ਅਜਿਹੇ ਸੰਦਾਂ ਦੀ ਖਰੀਦ ਲਈ ਸਬਸਿਡੀ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਰੋਤਾਂ ਦੀ ਵਰਤੋਂ ਸਮਝਦਾਰੀ ਨਾਲ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਖੇਤੀਬਾੜੀ ਨੂੰ ਲਾਭਦਾਇਕ ਕਿੱਤਾ ਬਣਾਇਆ ਜਾ ਸਕੇ ਅਤੇ ਇਸ ‘ਤੇ ਹੋਣ ਵਾਲੇ ਖਰਚੇ ਨੂੰ ਘਟਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਬਹੁਤ ਜ਼ੋਰ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸਹਿਕਾਰੀ ਖੇਤਰ ਦੇਸ਼ ਦੀ ਜੀਵਨ ਰੇਖਾ ਹੈ, ਜਿਸ ਨੇ ਆਜ਼ਾਦੀ ਤੋਂ ਬਾਅਦ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸਹਿਕਾਰਤਾ ਲਹਿਰ ਨੇ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਕਿਸਾਨ ਭਾਈਚਾਰੇ ਨੂੰ ਬਹੁਤ ਲਾਭ ਪਹੁੰਚਾਇਆ ਹੈ, ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਇਕ ਵਾਰ ਫਿਰ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਨਤੀਜੇ ਪੰਜਾਬ ਵਿੱਚ ਮਿਆਰੀ ਸਿੱਖਿਆ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਨੂੰ ਦਰਸਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਸੁਹਿਰਦ ਯਤਨਾਂ ਦਾ ਲੜਕੀਆਂ ਨੂੰ ਬਹੁਤ ਫਾਇਦਾ ਹੋਇਆ ਹੈ ਜਿਸ ਨਾਲ ਸਿੱਖਿਆ ਦੇ ਖੇਤਰ ਵਿੱਚ ਸਿਖਰਲੀਆਂ ਪੁਜੀਸ਼ਨਾਂ ਪ੍ਰਾਪਤ ਕਰਕੇ ਉਨ੍ਹਾਂ ਦੇ ਸਸ਼ਕਤੀਕਰਨ ਦਾ ਰਾਹ ਪੱਧਰਾ ਹੋਇਆ ਹੈ। ਮੁੱਖ ਮੰਤਰੀ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸ਼ਾਨਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਲੜਕੀਆਂ ਆਪਣੀ ਸਖ਼ਤ ਮਿਹਨਤ ਤੇ ਲਗਨ ਨਾਲ ਬੁਲੰਦੀਆਂ ਛੂਹਣ ਦੇ ਸਮਰੱਥ ਹੋਈਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਇਸ ਪ੍ਰਾਪਤੀ ਲਈ ਸ਼ਲਾਘਾ ਦੇ ਹੱਕਦਾਰ ਹਨ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥਣਾਂ, ਦੂਜੇ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੀਆਂ ਅਤੇ ਉੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਸਿਖਰਲੇ ਸਥਾਨ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ, ਖਾਸ ਕਰਕੇ ਲੜਕੀਆਂ ਲਈ ਸਕੂਲ ਸਿੱਖਿਆ ਦਾ ਸਭ ਤੋਂ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫਲ ਹੋ ਸਕਣ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇਕਰ ਸੂਬਾ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦਾ ਹੈ ਤਾਂ ਉਹ ਸੂਬੇ ਦੇ ਪਾਣੀਆਂ ਦੀ ਵੀ ਰਾਖੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਲਗਦੀ 532 ਕਿਲੋਮੀਟਰ ਲੰਬੀ ਸਰਹੱਦ ਦੀ ਰਾਖੀ ਲਈ ਮਹਾਨ ਕੁਰਬਾਨੀਆਂ ਦੇਣ ਦਾ ਪੰਜਾਬ ਦਾ ਸ਼ਾਨਦਾਰ ਇਤਿਹਾਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਾਰ ਪੰਜਾਬੀ ਪਾਕਿਸਤਾਨੀ ਫੌਜ ਨੂੰ ਮੂੰਹ ਤੋੜ ਜਵਾਬ ਦੇਣ ਵਿੱਚ ਵੀ ਸਭ ਤੋਂ ਮੋਹਰੀ ਸਨ ਅਤੇ ਦੂਜੇ ਪਾਸੇ ਉਨ੍ਹਾਂ ਨੇ ਆਪਣੇ ਹਿੱਸੇ ਦਾ ਪਾਣੀ ਬਚਾਉਣ ਲਈ ਵੀ ਮੂਹਰੇ ਹੋ ਕੇ ਲੜਾਈ ਲੜੀ।
ਮੁੱਖ ਮੰਤਰੀ ਨੇ ਕਿਹਾ ਕਿ ਲਗਪਗ 20 ਦਿਨਾਂ ਤੱਕ ਸੂਬੇ ਦੇ ਮਿਹਨਤੀ ਅਤੇ ਸੁਚੇਤ ਲੋਕਾਂ ਨੇ ਹਰਿਆਣਾ ਅਤੇ ਕੇਂਦਰ ਨੂੰ ਪੰਜਾਬ ਤੋਂ ਇੱਕ ਵੀ ਬੂੰਦ ਪਾਣੀ ਚੋਰੀ ਨਹੀਂ ਕਰਨ ਦਿੱਤੀ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਬੀ.ਬੀ.ਐਮ.ਬੀ. ਰਾਹੀਂ ਪੰਜਾਬ ਦੇ ਪਾਣੀ ਨੂੰ ਦੂਜੇ ਸੂਬਿਆਂ ਨੂੰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀਆਂ ਅਤੇ ਭਾਜਪਾ ਦੇ ਹੱਥ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਪਾਣੀ ਦੇ ਅਧਿਕਾਰਾਂ ਨੂੰ ਨਜ਼ਰਅੰਦਾਜ਼ ਕਰਕੇ ਉਨ੍ਹਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਪਿਛਲੇ ਆਗੂਆਂ ਨੇ ਕਈ ਮੁੱਦਿਆਂ ‘ਤੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਹਿੱਤਾਂ ਨੂੰ ਮਹੱਤਵ ਦੇ ਕੇ ਲੋਕਾਂ ਨਾਲ ਗੱਦਾਰੀ ਕੀਤੀ ਹੈ।
ਇਸ ਮੌਕੇ ਰਜਿਸਟਰਾਰ ਸਹਿਕਾਰੀ ਸਭਾਵਾਂ ਵਿਮਲ ਕੁਮਾਰ ਸੇਤੀਆ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

‘‘ਯੁੱਧ ਨਸ਼ਿਆਂ ਵਿਰੁੱਧ’ ਦਾ 82ਵਾਂ ਦਿਨ: 15.9 ਕਿਲੋਗ੍ਰਾਮ ਹੈਰੋਇਨ, 25.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਕਾਬੂ

0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ 82ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15.9 ਕਿਲੋ ਹੈਰੋਇਨ, 102 ਕਿਲੋ ਭੁੱਕੀ ਅਤੇ 25.52 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ, 82 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 12,650 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 460 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 79 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 497 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 109 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

ਰਾਸ਼ਟਰਪਤੀ ਨੇ ਜਵਾਨਾਂ ਨੂੰ ਦਿੱਤੇ ਬਹਾਦਰੀ ਪੁਰਸਕਾਰ

0

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਰੱਖਿਆ ਨਿਵੇਸ਼ ਸਮਾਰੋਹ-I ਵਿੱਚ ਬਹਾਦਰੀ ਪੁਰਸਕਾਰ ਪ੍ਰਦਾਨ ਕੀਤੇ। ਇਹ ਪੁਰਸਕਾਰ ਉਨ੍ਹਾਂ ਲੋਕਾਂ ਨੂੰ ਮਾਨਤਾ ਦੇਣ ਲਈ ਦਿੱਤੇ ਗਏ ਜਿਨ੍ਹਾਂ ਨੇ ਡਿਊਟੀ ਦੌਰਾਨ ਅਸਾਧਾਰਨ ਬਹਾਦਰੀ, ਸਮਰਪਣ ਅਤੇ ਕੁਰਬਾਨੀ ਦਿਖਾਈ।

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਨੇ ਪਨਬਸ ਸੁਪਰਡੈਂਟ ਨੂੰ 20,000 ਰੁਪਏ ਰਿਸ਼ਵਤ ਲੈਂਦੇ ਕੀਤਾ ਕਾਬੂ
ਪਹਿਲੇ ਪੜਾਅ ਵਿੱਚ ਦਿੱਤੇ ਗਏ ਬਹਾਦਰੀ ਪੁਰਸਕਾਰਾਂ ਲਈ ਰਾਸ਼ਟਰਪਤੀ ਭਵਨ ਦੇ ਗਣਤੰਤਰ ਮੰਡਪ ਵਿੱਚ ਪ੍ਰਧਾਨ ਮੰਤਰੀ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਰੱਖਿਆ ਮੰਤਰੀ ਰਾਜਨਾਥ ਸਿੰਘ ਮੌਜੂਦ ਸਨ।

ਦੱਸ ਦਈਏ ਕਿ ਸ਼ੌਰਿਆ ਚੱਕਰ ਪ੍ਰਾਪਤ ਕਰਨ ਵਾਲਿਆਂ ਵਿੱਚ ਸਕੁਐਡਰਨ ਲੀਡਰ ਦੀਪਕ ਕੁਮਾਰ, ਰਾਜਪੂਤ ਰੈਜੀਮੈਂਟ 44ਵੀਂ ਬਟਾਲੀਅਨ ਨੈਸ਼ਨਲ ਰਾਈਫਲਜ਼ ਦੇ ਮੇਜਰ ਵਿਜੇ ਵਰਮਾ, ਡਿਪਟੀ ਕਮਾਂਡੈਂਟ ਵਿਕਰਾਂਤ ਕੁਮਾਰ, ਸੀਆਰਪੀਐਫ ਦੇ ਜੈਫਰੀ ਹਾਮਿੰਗਚੂਲੋ, ਇੰਸਪੈਕਟਰ (ਜੀਡੀ), ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਪੁਲਿਸ ਅਧਿਕਾਰੀ ਅਬਦੁਲ ਲਤੀਫ, ਪੈਰਾਸ਼ੂਟ ਰੈਜੀਮੈਂਟ ਦੇ ਲੈਫਟੀਨੈਂਟ ਕਰਨਲ ਸੀਵੀਐਸ ਨਿਖਿਲ, ਆਰਮੀ ਸਰਵਿਸ ਕੋਰ ਦੇ ਮੇਜਰ ਤ੍ਰਿਪਤਪ੍ਰੀਤ ਸਿੰਘ ਸ਼ਾਮਲ ਹਨ।

ਇਸ ਤੋਂ ਇਲਾਵਾ, ਜੰਮੂ-ਕਸ਼ਮੀਰ ਰਾਈਫਲਜ਼ ਦੀ 5ਵੀਂ ਬਟਾਲੀਅਨ ਦੇ ਸੂਬੇਦਾਰ ਸੰਜੀਵ ਸਿੰਘ ਜਸਰੋਟੀਆ, ਲੈਫਟੀਨੈਂਟ ਕਮਾਂਡਰ ਕਪਿਲ ਯਾਦਵ, ਕਰਨਲ ਪਵਨ ਸਿੰਘ, 666 ਆਰਮੀ ਏਵੀਏਸ਼ਨ ਸਕੁਐਡਰਨ, ਵਿੰਗ ਕਮਾਂਡਰ ਵਰਨਨ ਡੇਸਮੰਡ ਕੀਨ, ਸਕੁਐਡਰਨ ਲੀਡਰ ਦੀਪਕ ਕੁਮਾਰ, ਆਰਟਿਲਰੀ ਰੈਜੀਮੈਂਟ ਦੇ ਸੂਬੇਦਾਰ ਪੀ. ਪੁਬਿਨ ਸਿੰਘਾ, ਮੇਜਰ ਸਾਹਿਲ ਰੰਧਾਵਾ ਨੂੰ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਸਿੱਖ ਲਾਈਟ ਇਨਫੈਂਟਰੀ ਦੇ 19 ਰਾਸ਼ਟਰੀ ਰਾਈਫਲਜ਼ ਦੇ ਮੇਜਰ ਆਸ਼ੀਸ਼ ਧੋਂਚਕ (ਫੌਜ ਮੈਡਲ) ਅਤੇ ਸਿਪਾਹੀ ਪ੍ਰਦੀਪ ਸਿੰਘ ਨੂੰ ਮਰਨ ਉਪਰੰਤ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ। ਲੈਫਟੀਨੈਂਟ ਕਮਾਂਡਰ ਕਪਿਲ ਯਾਦਵ, ਏਈਓ ਆਈਐਨਐਸ ਵਿਸ਼ਾਖਾਪਟਨਮ ਨੂੰ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਹੈ। ਆਰਮੀ ਸਰਵਿਸ ਕੋਰ 34 ਨੈਸ਼ਨਲ ਰਾਈਫਲਜ਼ ਦੇ ਮੇਜਰ ਤ੍ਰਿਪਤਪ੍ਰੀਤ ਸਿੰਘ ਨੂੰ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ।

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਨੇ ਪਨਬਸ ਸੁਪਰਡੈਂਟ ਨੂੰ 20,000 ਰੁਪਏ ਰਿਸ਼ਵਤ ਲੈਂਦੇ ਕੀਤਾ ਕਾਬੂ

0

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਸੈਕਟਰ 17, ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਸੁਪਰਡੈਂਟ ਨੂੰ ਇੱਕ ਨਿੱਜੀ ਟਰਾਂਸਪੋਰਟਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਧਾਰੜ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਦੱਸ ਦਈਏ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ , ਵਿਭਾਗ ਕੋਲ ਸ਼ਿਕਾਇਤਕਰਤਾ ਦੀ 2 ਲੱਖ ਰੁਪਏ ਦੀ ਸੁਰੱਖਿਆ ਜਮ੍ਹਾਂ ਰਾਸ਼ੀ ਜਾਰੀ ਕਰਨ ਬਦਲੇ ਉਸ ਤੋਂ ਪ੍ਰਤੀ ਬੱਸ 5,000 ਰੁਪਏ (ਕੁੱਲ 20,000 ਰੁਪਏ) ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੇ ਅਟੱਲ ਸਬੂਤ ਵਜੋਂ ਮੁਲਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤ ਅਨੁਸਾਰ ਇਹ ਰਿਫੰਡ ਸ਼ਿਕਾਇਤਕਰਤਾ ਦੀਆਂ ਚਾਰ ਬੱਸਾਂ, ਜੋ 2014 ਤੋਂ 2020 ਦੌਰਾਨ ਕਿਲੋਮੀਟਰ ਸਕੀਮ ਅਧੀਨ ਪਨਬੱਸ ਨੂੰ ਕਿਰਾਏ ’ਤੇ ਦਿੱਤੀਆਂ ਸਨ , ਨਾਲ ਸਬੰਧਤ ਹੈ । ਮਈ 2023 ਵਿੱਚ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਾਉਣ ਅਤੇ ਡਿਪੂ ਮੈਨੇਜਰ, ਅੰਮ੍ਰਿਤਸਰ ਤੋਂ ਇਤਰਾਜ਼ ਹੀਣਤਾ ਸਰਟੀਫਿਕੇਟ (ਐਨਓਸੀ) ਪ੍ਰਾਪਤ ਕਰਨ ਦੇ ਬਾਵਜੂਦ, ਉਸਦੀ ਫਾਈਲ ਨੂੰ ਜਾਣਬੁੱਝ ਕੇ ਤਿੰਨ ਸਾਲਾਂ ਲਈ ਬੇਤੁਕੇ ਬਹਾਨਿਆਂ ਹੇਠ ਠੰਡੇ ਬਸਤੇ ਪਾ ਦਿੱਤੀ ਗਈ ।

ਇਸਤੋਂ ਇਲਾਵਾ ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੇ ਉਡਣ ਦਸਤੇ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਸੁਪਰਡੈਂਟ ਨੂੰ ਉਸਦੇ ਦਫ਼ਤਰ ਦੇ ਬਾਹਰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਦੋਸ਼ੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਉੱਚ ਅਧਿਕਾਰੀਆਂ ਦੀ ਸ਼ਮੂਲੀਅਤ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ । ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ੀਰੋ-ਸ਼ਹਿਣਸ਼ੀਲਤਾ ਨੀਤੀ ਨੂੰ ਦੁਹਰਾਇਆ ਹੈ ਅਤੇ ਨਾਗਰਿਕਾਂ ਨੂੰ ਹੈਲਪਲਾਈਨ ਨੰਬਰਾਂ ਰਾਹੀਂ ਭ੍ਰਿਸ਼ਟਾਚਾਰ ਦੀ ਸੂਚਨਾ ਦੇਣ ਦੀ ਅਪੀਲ ਕੀਤੀ ਹੈ।

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

ਨਾਲ ਹੀ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਸਾਲ 2019-2024 ਤੱਕ ਪਿੰਡ ਸ਼ਾਹਪੁਰ ਦੀ ਸਰਪੰਚ ਰਹੀ ਸੀ। ਉਸ ਦੇ ਕਾਰਜਕਾਲ ਦੌਰਾਨ ਪੰਚਾਇਤ ਫੰਡਾਂ ਦੇ ਗਬਨ ਅਤੇ ਜਾਅਲੀ ਜੌਬ ਕਾਰਡ ਬਣਾਉਣ ਦੇ ਦੋਸ਼ ਲੱਗੇ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਬੀ.ਡੀ.ਪੀ.ਓ. ਨੇ ਜਾਂਚ ਅਧਿਕਾਰੀ ਹੋਣ ਦੇ ਨਾਤੇ, ਉਕਤ ਮਾਮਲੇ ਨੂੰ ਨਿਪਟਾਉਣ ਬਦਲੇ ਉਸ ਤੋਂ ਇੱਕ ਲੱਖ ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਘੱਟ ਕਰਨ ਦੀ ਬੇਨਤੀ ਕੀਤੀ ਪਰ ਅਧਿਕਾਰੀ ਰਿਸ਼ਵਤ ਦੀ ਉਕਤ ਰਕਮ ‘ਤੇ ਅੜਿਆ ਰਿਹਾ।

ਜਾਣਕਾਰੀ ਦਿੰਦਿਆਂ ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਬੀ.ਡੀ.ਪੀ.ਓ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 40000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।