ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 31-8-2024

0
42

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 31-8-2024


ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
ਸ਼ਨਿਚਰਵਾਰ, ੧੬ ਭਾਦੋਂ (ਸੰਮਤ ੫੫੬ ਨਾਨਕਸ਼ਾਹੀ) ੩੧ ਅਗਸਤ, ੨੦੨੪ (ਅੰਗ: ੭੦੬)

ਪੰਜਾਬੀ ਵਿਆਖਿਆ:
ਸਲੋਕ ॥
ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।੩।

 

LEAVE A REPLY

Please enter your comment!
Please enter your name here